ਯੈੱਸ ਪੰਜਾਬ
ਅੰਮ੍ਰਿਤਸਰ, 28 ਫ਼ਰਵਰੀ, 2020:
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਦਿੱਲੀ ਦੇ ਖ਼ਰਾਬ ਹੋਏ ਹਾਲਾਤ ਦੇ ਮੱਦੇਨਜ਼ਰ 6 ਮੈਂਬਰੀ ਸਬ ਕਮੇਟੀ ਦਾ ਗਠਨ ਕੀਤਾ ਗਿਆ ਹੈ।
ਇਹ ਕਮੇਟੀ ਪ੍ਰਭਾਵਿਤ ਇਲਾਕਿਆਂਦਾ ਦੌਰਾ ਕਰਕੇ ਹਾਲਾਤ ਦਾ ਜਾਇਜ਼ਾ ਲਏਗੀ। ਜਥੇਦਾਰ ਅਕਾਲ ਤਖ਼ਤ ਅਨੁਸਾਰ ਜਿੱਥੇ ਵੀ ਜਿਸ ਨੂੰ ਜੋ ਵੀ ਜ਼ਰੂਰਤ ਹੈ, ਪੰਥਕ ਸੰਸਥਾਵਾਂ ਤੋਂ ਸਹਿਯੋਗ ਲੈ ਕੇ ਇਹ ਕਮੇਟੀ ਪੂਰਾ ਕਰੇਗੀ ਅਤੇ ਦੋਹਾਂ ਧਿਰਾਂ ਵਿਚ ਸ਼ਾਂਤੀ ਬਣਾਈ ਰੱਖਣ ਲਈ ਉਪਰਾਲਾ ਵੀ ਕਰੇਗੀ।
ਇਸ ਤੋਂ ਇਲਾਵਾ ਇਹ ਕਮੇਟੀ ਸਿੱਖਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈ ਕੇ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਭੇਜੇਗੀ।
ਇਸ ਕਮੇਟੀ ਵਿਚ ਸ: ਮਨਜਿੰਦਰ ਸਿੰਘ ਸਿਰਸਾ, ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ; ਸ:ਹਰਵਿੰਦਰ ਸਿੰਘ ਫ਼ੂਲਕਾ, ਸੀਨੀਅਰ ਐਡਵੋਕੇਟ; ਸ: ਜਸਪਾਲ ਸਿੰਘ ਸਾਬਕਾ ਵਾਈਸ ਚਾਂਸਲਰ ਪਟਿਆਲਾ ਯੂਨੀਵਰਸਿਟੀ; ਸ: ਤਰਲੋਚਨ ਸਿੰਘ ਸਾਬਕਾ ਚੇਅਰਮੈਨ ਘੱਟ ਗਿਣਤੀਆਂ ਕਮਿਸ਼ਨ; ਬੀਬੀ ਰਣਜੀਤ ਕੌਰ, ਵਾਈਸ ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ:ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸ਼ਾਮਿਲ ਕੀਤਾ ਗਿਆ ਹੈ। ਸ: ਕਾਲਕਾ ਇਸ ਕਮੇਟੀ ਦੇ ਕੋਆਰਡੀਨੇਟਰ ਹੋਣਗੇ।