34.1 C
Delhi
Saturday, May 4, 2024
spot_img
spot_img

ਭਾਜਪਾ ਪੰਜਾਬ ਵੱਲੋਂ ਪੰਜਾਬ ਸਰਕਾਰ ਖਿਲਾਫ਼ ਚੰਡੀਗੜ੍ਹ ਵਿਖ਼ੇ ਜ਼ਬਰਦਸਤ ਰੋਸ ਪ੍ਰਦਰਸ਼ਨ; ਜਲ ਤੋਪਾਂ ਤੇ ਲਾਠੀਚਾਰਜ ਤੋਂ ਬਾਅਦ ਕਈ ਨੇਤਾ ਹਿਰਾਸਤ ’ਚ ਲਏ

BJP Punjab stages massive protest at Chandigarh; face water cannons, lathi charge

ਯੈੱਸ ਪੰਜਾਬ
ਚੰਡੀਗੜ੍ਹ, 9 ਮਾਰਚ, 2023:
ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਭਾਜਪਾ ਦੀ ਸਮੂਚੀ ਲੀਡਰਸ਼ਿਪ ਅਤੇ ਚੰਡੀਗੜ੍ਹ ਪੁੱਜੇ ਹਜ਼ਾਰਾਂ ਭਾਜਪਾ ਵਰਕਰਾਂ ਨੇ ਭਾਜਪਾ ਦੇ ਸੂਬਾ ਹੈੱਡਕੁਆਰਟਰ ਚੰਡੀਗੜ੍ਹ ਵਿਖੇ ਇਕੱਠੇ ਹੋ ਕੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਦਾ ਖਿਲਾਫ਼ ਜ਼ੋਰਦਾਰ ਪ੍ਰਦਰਸ਼ਨ ਕਰਦਿਆਂ ਪੰਜਾਬ ਵਿਧਾਨਸਭਾ ਦਾ ਘਿਰਾਉ ਕੀਤਾ।

ਜਿਵੇਂ ਹੀ ਇਹ ਸਾਰੇ ਭਾਜਪਾ ਆਗੂ ਤੇ ਵਰਕਰ ਇਕੱਠੇ ਹੋ ਕੇ ਅੱਗੇ ਵਧੇ ਤਾਂ ਭਾਜਪਾ ਵਰਕਰਾਂ ਦੇ ਜੋਸ਼ ਅਤੇ ਰੋਹ ਨੂੰ ਦੇਖਦਿਆਂ ਪੰਜਾਬ ਸਰਕਾਰ ਨੇ ਪੁਲੀਸ ਦੀ ਮਦਦ ਨਾਲ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਪਰ ਵਰਕਰਾਂ ਦੇ ਜੋਸ਼ ਨੂੰ ਕਾਬੂ ਕਰਨ ਵਿੱਚ ਪੂਰੀ ਤਰ੍ਹਾਂ ਨਾਕਾਮ ਰਹੀ। ਆਖ਼ਰਕਾਰ ਪੁਲਿਸ ਨੇ ਬਲ ਦੀ ਵਰਤੋਂ ਕਰਦਿਆਂ ਵਾਟਰ ਕੈਨਨ ਦੀ ਵਰਤੋਂ ਕਰਦਿਆਂ ਵਰਕਰਾਂ ‘ਤੇ ਲਾਠੀਚਾਰਜ ਕੀਤਾ, ਜਿਸ ‘ਚ ਕਈ ਭਾਜਪਾ ਆਗੂ ਤੇ ਵਰਕਰ ਗੰਭੀਰ ਜ਼ਖ਼ਮੀ ਹੋਏ।

ਆਖ਼ਰਕਾਰ ਪੁਲਿਸ ਨੇ ਆਪਣਾ ਵੱਸ ਨਾ ਚਲਦਿਆਂ ਦੇਖ ਪੁਲਿਸ ਨੇ ਭਾਜਪਾ ਆਗੂਆਂ ਅਤੇ ਵਰਕਰਾਂ ਨੂੰ ਗਿਰਫਤਾਰ ਕਰ ਲਿਆ। ਜਿਉਂ ਹੀ ਪੁਲੀਸ ਇਨ੍ਹਾਂ ਗ੍ਰਿਫ਼ਤਾਰ ਆਗੂਆਂ ਨੂੰ ਬੱਸ ਵਿੱਚ ਬਿਠਾ ਕੇ ਅੱਗੇ ਵਧੀ ਤਾਂ ਗੁੱਸੇ ‘ਚ ਭੜਕੇ ਭਾਜਪਾ ਵਰਕਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਆਗੂਆਂ ਨਾਲ ਭਰੀ ਬੱਸ ਨੂੰ ਰੋਕ ਲਿਆ, ਜਿਸ ਨੂੰ ਪੁਲੀਸ ਨੇ ਤਾਕਤ ਦੀ ਵਰਤੋਂ ਕਰਦਿਆਂ ਹਟਾਇਆ।

ਅਸ਼ਵਨੀ ਸ਼ਰਮਾ ਨੇ ਇਸ ਮੌਕੇ ਹਾਜ਼ਰ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਦੀ ਇਸ ਤੋਂ ਵੱਡੀ ਨਾਕਾਮੀ ਹੋਰ ਕੀ ਹੋ ਸਕਦੀ ਹੈ, ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਸਰਕਾਰ ਇੱਕ ਵਾਰ ਫਿਰ ਦੇਸ਼ ਵਿਰੋਧੀ ਤਾਕਤਾਂ ਅਤੇ ਵੱਖਵਾਦੀਆਂ ‘ਤੇ ਸ਼ਿਕੰਜਾ ਕੱਸਣ ‘ਚ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ।

ਇਸ ਦੀ ਅੱਜ ਦੀ ਤਾਜ਼ਾ ਮਿਸਾਲ ਅੰਮ੍ਰਿਤਸਰ ਵਿੱਚ ਸਾਹਮਣੇ ਆਈ ਹੈ, ਜਿੱਥੇ ਦੇਸ਼ ਦੀ ਰਾਸ਼ਟਰਪਤੀ ਸ੍ਰੀਮਤੀ ਦ੍ਰੋਪਦੀ ਮੁਰਮੋ ਦੀ ਫੇਰੀ ‘ਤੋਂ ਠੀਕ ਪਹਿਲਾਂ ਇੱਕ ਵਾਰ ਫਿਰ ਖਾਲਿਸਤਾਨੀ ਗੁਰਪਤਵੰਤ ਸਿੰਘ ਪੰਨੂ ਨੇ ਆਪਣੇ ਕਥਿਤ ਸਮਰਥਕਾਂ ਰਾਹੀਂ ਪੰਜਾਬ ਸਰਕਾਰ ਅਤੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਨੂੰ ਚੁਣੌਤੀ ਦਿੰਦਿਆਂ ਅੱਜ ਰਾਤ, ਅੰਮ੍ਰਿਤਸਰ ਦੀ ਗੁਰੂ ਨਾਨਕ ਦੇਵ ਯੂਨੀਵਰਸਿਟੀ, ਜਿੱਥੇ ਜੀ-20 ਕਾਨਫਰੰਸ ਹੋਣ ਵਾਲੀ ਹੈ, ਦੇ ਬਾਹਰ ਦੀਵਾਰਾਂ ‘ਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਕੇ, ਪੰਜਾਬ ਸਰਕਾਰ ਨੂੰ ਇੱਕ ਵਾਰ ਫਿਰ ਚੁਣੌਤੀ ਦਿੱਤੀ ਹੈ।

ਉਹਨਾ ਕਿਹਾ ਕਿ ਜਿਸ ਤਰਾ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਨਹਿੰਗ ਬਾਣੇ ਵਿੱਚ ਨੌਜਵਾਨ ਦਾ ਕਤਲ ਕੀਤਾ ਗਿਆ ਹੈ ਇਹ ਬਹੁਤ ਨਿੰਦਣਯੋਗ ਹੈ,ਪੰਜਾਬ ਭਾਜਪਾ ਇਸ ਦੀ ਪੁਰਜੋਰ ਨਿੰਦਾ ਕਰਦੀ ਹੋਈ ਦੋਸ਼ੀਆ ਖਿਲਾਫ ਸਖਤ ਕਾਰਵਾਈ ਦੀ ਮੰਗ ਕਰਦੀ ਹੈ।

ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਆਪਣੇ ਬੇਟੇ ਦੇ ਕਤਲ ਦਾ ਇਨਸਾਫ਼ ਲੈਣ ਲਈ ਪੰਜਾਬ ਸਰਕਾਰ ਖ਼ਿਲਾਫ਼ ਪੰਜਾਬ ਵਿਧਾਨ ਸਭਾ ਦੇ ਬਾਹਰ ਧਰਨੇ ‘ਤੇ ਬੈਠੇ ਹਨ। ਜਦਕਿ ਪੰਜਾਬ ਸਰਕਾਰ ਆਪਣੇ ਝੂਠੀ ਵਾਹਵਾਹੀ ਅਤੇ ਕੇਜਰੀਵਾਲ ਦੀ ਚਾਪਲੁਸੀ ਵਿੱਚ ਲੱਗੀ ਹੋਈ ਹੈ। ਭਗਵੰਤ ਮਾਨ ਸਰਕਾਰ ਨੂੰ ਪੰਜਾਬ ਦੇ ਲੋਕਾਂ ਦੀ ਜਾਣ-ਮਾਲ ਦੀ ਸੁਰੱਖਿਆ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਪੰਜਾਬੀਆਂ ਦੇ ਦਿਲਾਂ ਵਿੱਚ ਡਰ ਦਾ ਮਾਹੌਲ ਹੈ ਅਤੇ ਉਹ ਮਹਿਸੂਸ ਕਰਦੇ ਹਨ ਕਿ ਪੰਜਾਬ ਸਰਕਾਰ ਪੰਜਾਬ ਨੂੰ 1984 ਦੇ ਕਾਲੇ ਅੱਤਵਾਦ ਦੇ ਦੌਰ ਵਿੱਚ ਵਾਪਸ ਲਿਜਾ ਰਹੀ ਹੈ। ਪਰ ਭਾਜਪਾ ਪੰਜਾਬ ਸਰਕਾਰ ਅਤੇ ਇਨ੍ਹਾਂ ਦੇਸ਼ ਵਿਰੋਧੀ ਤਾਕਤਾਂ ਨੂੰ ਖੁਸ਼ ਕਰਨ ਦੇ ਮਨਸੂਬਿਆਂ ਨੂੰ ਕਦੇ ਵੀ ਕਾਮਯਾਬ ਨਹੀਂ ਹੋਣ ਦੇਵੇਗੀ।

ਭ੍ਰਿਸ਼ਟ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਦੇ 11 ਮਹੀਨਿਆਂ ਦੇ ਸ਼ਾਸਨ ਦੌਰਾਨ ਪੰਜਾਬ ਦੀ ਕਾਨੂੰਨ ਵਿਵਸਥਾ ਬੁਰੀ ਤਰ੍ਹਾਂ ਨਾਲ ਢਹਿ ਢੇਰੀ ਹੋ ਚੁੱਕੀ ਹੈ। ਪੰਜਾਬ ਸਰਕਾਰ ਨੇ ਸੂਬੇ ਦਾ ਮਾਹੌਲ ਖਰਾਬ ਕਰਨ ਵਾਲਿਆਂ ਨੂੰ ਖੁੱਲ੍ਹੀ ਛੁੱਟੀ ਦਿੱਤੀ ਹੋਈ ਹੈ। ਭਾਜਪਾ ਆਪਣਾ ਫਰਜ਼ ਨਿਭਾਉਂਦੀ ਰਹੇਗੀ ਅਤੇ ਅੱਜ ਅਸੀਂ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਲਈ ਸੜਕਾਂ ‘ਤੇ ਉੱਤਰੇ ਹਾਂ। ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਲਗਾਤਾਰ ਝੂਠ ਬੋਲ ਰਹੇ ਹਨ। ਜਦਕਿ ਸਭ ਨੂੰ ਪਤਾ ਹੈ ਕਿ ਪਿਛਲੇ 11 ਮਹੀਨਿਆਂ ਵਿੱਚ ਪੰਜਾਬ ਦੇ ਹਾਲਾਤ ਕਿੰਨੇ ਮਾੜੇ ਹੋ ਚੁੱਕੇ ਹਨ?

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਜੋ ਆਪਣੇ ਆਪ ਨੂੰ ਪੰਜਾਬ ਦਾ ਵਾਰਿਸ ਅਖਵਾਉਂਦਾ ਹੈ ਅਤੇ ਪੰਜਾਬ ਨੂੰ ਵੰਡਣ ਅਤੇ ਤੋੜਨ ਦੀਆਂ ਗੱਲਾਂ ਕਰਕੇ ਪੂਰੀ ਦੁਨੀਆ ਦੇ ਸਾਹਮਣੇ ਪੰਜਾਬ ਅਤੇ ਪੰਜਾਬੀਆਂ ਦਾ ਅਕਸ ਖਰਾਬ ਕਰ ਰਿਹਾ ਹੈ, ਅਜਿਹਾ ਵਿਅਕਤੀ ਪੰਜਾਬ ਦਾ ਵਾਰਸ ਕਿਵੇਂ ਹੋ ਸਕਦਾ ਹੈ? ਪੰਜਾਬ ਦੇ ਵਾਰਸ ਕਦੇ ਵੀ ਪੰਜਾਬ ਨੂੰ ਤੋੜਨ ਜਾਂ ਵੰਡਣ ਦੀ ਗੱਲ ਨਹੀਂ ਕਰਦੇ। ਪੰਜਾਬ ਦੇ ਵਾਰਸ ਸਾਡੇ ਗੁਰੂ ਅਤੇ ਉਨ੍ਹਾਂ ਦੇ ਬੱਚੇ ਹਨ, ਜਿਨ੍ਹਾਂ ਨੇ ਕੁਰਬਾਨੀਆਂ ਦਿੱਤੀਆਂ। ਸ਼ਰਮਾ ਨੇ ਅੰਮ੍ਰਿਤਪਾਲ ਸਿੰਘ ਨੂੰ ਗੁਰੂ ਸਾਹਿਬ ਅਤੇ ਉਨ੍ਹਾਂ ਦੇ ਬਹਾਦਰ ਸਾਹਿਬਜ਼ਾਦਿਆਂ ਦਾ ਕੁਰਬਾਨੀ ਇਤਿਹਾਸ ਪੜ੍ਹਨ ਦੀ ਸਲਾਹ ਦਿੰਦਿਆਂ ਕਿਹਾ ਕਿ ਉਹ ਪੰਜਾਬ ਦੇ ਅਸਲ ਵਾਰਸ ਹਨ।

`ਵਤਨ ਦੀ ਫਿਕਰ ਏ ਨਾਦਾਨ, ਮੁਸੀਬਤ ਆਨੇ ਵਾਲੀ ਹੈ,
ਤੇਰੀ ਬਰਬਾਦੀ ਕੇ ਚਰਚੇ ਹੈਂ ਮਾਨ ਅਬ ਅਸਮਾਨ ਪਰ।

ਫ਼ਲਕ ਕੀ ਜ਼ਿੱਦ ਹੈ ਬਿਜਲੀਆਂ ਗਿਰਾਣੇ ਕੀ, ਹਮੇੰ ਬੀ ਜਿੱਡ ਹੈ ਵਹੀਂ ਆਸ਼ਿਆਂ ਬਣਾਨੇ ਕੀ …. ਅਸ਼ਵਨੀ ਸ਼ਰਮਾ ਨੇ ਬੋਲੇ
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਜਦੋਂ ਤੋਂ ਪੰਜਾਬ ਵਿੱਚ ਭਗਵੰਤ ਮਾਨ ਦੀ ਸਰਕਾਰ ਬਣੀ ਹੈ, ਦੇਸ਼ ਵਿਰੋਧੀ ਤਾਕਤਾ ,ਵੱਖਵਾਦੀਆਂ ਅਤੇ ਪੰਜਾਬ ਦੀ ਭਾਈਚਾਰਕ ਸਾਂਝ ਨੂੰ ਅੱਗ ਲਾਉਣ ਵਾਲਿਆਂ ਦੀਆਂ ਕਾਰਵਾਈਆਂ ਵਿੱਚ ਭਾਰੀ ਵਾਧਾ ਹੋਇਆ ਹੈ। ਇਹ ਵੱਖਵਾਦੀ ਤਾਕਤਾਂ ਦੇਸ਼ ਅਤੇ ਭਾਈਚਾਰਕ ਸਾਂਝ ਨੂੰ ਤੋੜਨ ਦਾ ਲਗਾਤਾਰ ਪ੍ਰਚਾਰ-ਪ੍ਰਸਾਰ ਕਰ ਰਹੀਆ ਹਨ ਪਰ ਸਰਕਾਰ ਇਹਨਾਂ ਤਾਕਤਾ ਵਿਰੁੱਧ ਕੋਈ ਕਾਰਵਾਈ ਨਹੀਂ ਕਰ ਰਹੀ ਹੈ ।

ੳਹਨਾ ਕਿਹਾ ਪੰਜਾਬ ਵਿੱਚ ਨਿੱਤ ਦਿਨ ਵਾਪਰ ਰਹੀਆਂ ਕਤਲਾਂ, ਫਿਰੌਤੀ ਮੰਗਣ ਅਤੇ ਨਾ ਦੇਣ ਬਦਲੇ ਕਤਲ ਦੀਆਂ ਘਟਨਾਵਾਂ, ਪੁਲਿਸ ਦੀ ਨੱਕ ਹੇਠ ਡਕੈਤੀਆਂ, ਆਦਿ ਕਾਰਨ ਪੰਜਾਬ ਦੇ ਲੋਕ ਡਰੇ ਹੋਏ ਹਨ।ਉਹਨਾ ਕਿਹਾ ਕਿ ਜਿਸ ਤਰਾਂ ਅਜਨਾਲੇ ਥਾਣੇ ਤੇ ਕਬਜਾ ਕਰਕੇ ਪੁਲਿਸ ਤੇ ਹਮਲਾ ਕੀਤਾ ਗਿਆ ਅੱਤਵਾਦ ਦੇ ਦੌਰ ਵਿੱਚ ਵੀ ਅਜਿਹਾ ਕਦੇ ਨਹੀਂ ਸੀ ਹੋਇਆ।

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਮੈ ਇੰਨੀ ਕਮਜ਼ੋਰ ਸਰਕਾਰ ਕਦੇ ਨਹੀਂ ਦੇਖੀ, ਜਿਸ ਨੇ ਬਹਾਦਰ ਪੁਲਿਸ ਦਾ ਮਨੋਬਲ ਤੋੜ ਦਿੱਤਾ ਹੈ । ਇਸ ਲਈ ਜੇਕਰ ਕੋਈ ਦੋਸ਼ੀ ਹੈ ਤਾਂ ਉਹ ਮੁੱਖ ਮੰਤਰੀ ਭਗਵੰਤ ਮਾਨ ਹਨ, ਕਿਉਂਕਿ ਉਨ੍ਹਾਂ ਕੋਲ ਸੂਬੇ ਦੇ ਗ੍ਰਹਿ ਵਿਭਾਗ ਹੈ। ਪੰਜਾਬ ਸਰਕਾਰ ਨੇ ਹਿੰਸਾ ਕਰਨ ਵਾਲਿਆਂ ਅੱਗੇ ਗੋਡੇ ਟੇਕ ਦਿੱਤੇ ਅਤੇ ਗ੍ਰਿਫਤਾਰ ਦੋਸ਼ੀਆਂ ਦੀ ਜ਼ਮਾਨਤ ਦਾ ਸਮਰਥਨ ਕੀਤਾ। ਇੱਥੇ ਸਵਾਲ ਇਹ ਪੈਦਾ ਹੁੰਦਾ ਹੈ ਕਿ ਜੇਕਰ ਕੋਈ ਦੋਸ਼ੀ ਨਹੀਂ ਸੀ ਤਾਂ ਉਸ ਖਿਲਾਫ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਿਉਂ ਕੀਤਾ ਗਿਆ? ਜੇਕਰ ਉਹ ਦੋਸ਼ੀ ਸੀ ਤਾਂ ਦਬਾਅ ਹੇਠ ਜ਼ਮਾਨਤ ਕਿਉਂ ਦਿੱਤੀ ਗਈ?

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਡੀ.ਜੀ.ਪੀ ਨੇ ਖੁਦ ਮੀਡੀਆ ਸਾਹਮਣੇ ਮੰਨੀਆ ਹੈ ਕਿ ਲੁਟੇਰਿਆਂ ਨੇ ਹਥਿਆਰਾਂ ਦੇ ਜ਼ੋਰ ‘ਤੇ ਥਾਣੇ ‘ਤੇ ਕਬਜ਼ਾ ਕੀਤਾ ਅਤੇ ਪੁਲਸ ਦੀ ਕੁੱਟਮਾਰ ਕੀਤੀ, ਪਰ 15 ਦਿਨ ਬੀਤ ਜਾਣ ਦੇ ਬਾਵਜੂਦ ਅੱਜ ਤੱਕ ਉਨ੍ਹਾਂ ਖਿਲਾਫ ਕੋਈ ਮਾਮਲਾ ਦਰਜ ਕਿਉਂ ਨਹੀਂ ਕੀਤਾ ਗਿਆ? ਡੀਜੀਪੀ ਦੀ ਪ੍ਰੈੱਸ ਕਾਨਫਰੰਸ ਤੋਂ ਬਾਅਦ ਪੰਜਾਬ ਸਰਕਾਰ ਨੂੰ ਅੰਮ੍ਰਿਤਪਾਲ ਸਿੰਘ ਵੱਲੋਂ ਡੀਜੀਪੀ ਨੂੰ ਆਧਾਰ ਬਣਾ ਕੇ ਧਮਕੀ ਦਿੱਤੀ ਗਈ ਕਿ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕਰਕੇ ਦਿਖਾਉ ਅਤੇ ਜੇਕਰ ਅਜਿਹਾ ਕੀਤਾ ਗਿਆ ਤਾਂ ਇਹ ਸਭ ਕੁਝ ਮੁੜ ਦੁਹਰਾਇਆ ਜਾਵੇਗਾ।

ਪੰਜਾਬ ਸਰਕਾਰ ਅਜਿਹੇ ਲੋਕਾਂ ਅੱਗੇ ਗੋਡੇ ਏਕ ਚੁੱਕੀ ਹੈ। ਪੰਜਾਬੀਆਂ ਦੇ ਦਿਲਾਂ ਵਿੱਚ ਡਰ ਦਾ ਮਾਹੌਲ ਹੈ ਅਤੇ ਉਹ ਮਹਿਸੂਸ ਕਰਦੇ ਹਨ ਕਿ ਪੰਜਾਬ ਸਰਕਾਰ ਪੰਜਾਬ ਨੂੰ 1984 ਦੇ ਕਾਲੇ ਅੱਤਵਾਦ ਦੇ ਦੌਰ ਵਿੱਚ ਵਾਪਸ ਲਿਜਾ ਰਹੀ ਹੈ।ਉਹਨਾ ਕਿਹਾ ਕਿ ਜਿਸ ਤਰਾ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਨਹਿੰਗ ਬਾਣੇ ਵਿੱਚ ਨੌਜਵਾਨ ਦਾ ਕਤਲ ਕੀਤਾ ਗਿਆ ਹੈ ਇਹ ਬਹੁਤ ਨਿੰਦਣਯੋਗ ਹੈ,ਪੰਜਾਬ ਭਾਜਪਾ ਇਸ ਦੀ ਪੁਰਜੋਰ ਨਿੰਦਾ ਕਰਦੀ ਹੋਈ ਦੋਸ਼ੀਆ ਖਿਲਾਫ ਸਖਤ ਕਾਰਵਾਈ ਦੀ ਮੰਗ ਕਰਦੀ ਹੈ।ਉਹਨਾ ਕਿਹਾ ਕਿ ਪੰਜਾਬ ਵਿੱਚ ਗੈਂਗਸਟਰਾਂ ਦਾ ਬੋਲਬਾਲਾ ਹੈ।

ਪੰਜਾਬ ਦੀਆਂ ਜੇਲ੍ਹਾਂ ਵੀ ਸੁਰੱਖਿਅਤ ਨਹੀਂ ਹਨ, ਉੱਥੇ ਵੀ ਗੈਂਗ ਵਾਰ ਹੋ ਰਹੀ ਹੈ ਅਤੇ ਗੈੰਗਸਟਰ ਇੱਕ ਦੂਜੇ ਨੂੰ ਮਾਰ ਰਹੇ ਹਨ। ਸੂਬੇ ਵਿੱਚ ਅਰਾਜਕਤਾ ਦਾ ਮਾਹੌਲ ਹੈ ਅਤੇ ਅਜਿਹੇ ਸਮੇਂ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਬੰਸਰੀ ਵਜਾਉਂਦੇ ਨਜ਼ਰ ਆ ਰਹੇ ਹਨ। ਸੂਬੇ ਦੇ ਅਜਿਹੇ ਮਾਹੌਲ ਵਿੱਚ ਕੋਈ ਵੀ ਬਾਹਰੀ ਨਿਵੇਸ਼ਕ ਪੰਜਾਬ ਵਿੱਚ ਨਿਵੇਸ਼ ਕਰਨ ਦੀ ਹਿੰਮਤ ਨਹੀਂ ਕਰੇਗਾ। ਕਿਉਂਕਿ ਨਿਵੇਸ਼ਕ ਹਮੇਸ਼ਾ ਆਪਣੇ ਪੈਸੇ ਅਤੇ ਕਾਰੋਬਾਰ ਦੀ ਸੁਰੱਖਿਆ ਅਤੇ ਸ਼ਾਂਤੀ ਚਾਹੁੰਦਾ ਹੈ। ਪਰ ਅਫਸੋਸ ਦੀ ਗੱਲ ਹੈ ਕਿ ਭਗਵੰਤ ਮਾਨ ਸਰਕਾਰ ਪੰਜਾਬ ਦੀ ਪਲ ਪਲ ਦੀ ਖਬਰ ਹੋਣ ਅਤੇ ਸੂਬੇ ਦੇ ਹਾਲਾਤ ਠੀਕ ਹੋਣ ਬਾਰੇ ਸਿਰਫ ਟਵੀਟ ਕਰਕੇ ਆਪਣਾ ਪੱਲਾ ਝਾੜ ਰਹੇ ਹਨ, ਜਦੋਂ ਕਿ ਸੂਬੇ ਦੇ ਹਾਲਾਤ ਇਸ ਤੋਂ ਬਿਲਕੁਲ ਉਲਟ ਹਨ।

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਵਿੱਚ ਵਿਰੋਧੀ ਧਿਰ ਵਜੋਂ ਪੰਜਾਬ ਦੀ ਭਾਈਚਾਰਕ ਸਾਂਝ ਨੂੰ ਬਰਕਰਾਰ ਰੱਖਣ ਲਈ ਵਚਨਬੱਧ ਹੈ। ਭਾਜਪਾ ਵੱਲੋਂ ਸਿਆਸਤ ਤੋਂ ਉੱਪਰ ਉੱਠ ਕੇ ਮੁਖਮੰਤਰੀ ਭਗਵੰਤ ਮਾਨ ਨੂੰ ਪੰਜਾਬ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲਈ ਸਰਬ ਪਾਰਟੀ ਮੀਟਿੰਗ ਬੁਲਾਉਣ ਲਈ ਪੱਤਰ ਵੀ ਲਿਖਿਆ ਗਿਆ ਸੀ ।ਪੱਤਰ ਵਿੱਚ ਪੰਜਾਬ ਵਿੱਚ 11 ਮਹੀਨਿਆਂ ਵਿੱਚ ਹੋਏ ਪੰਜਾਬ ਵਿੱਚ ਹੋਏ ਸਾਰੇ ਘਟਨਾਕ੍ਰਮ ਬਾਰੇ ਜ਼ਿਕਰ ਕੀਤਾ ਗਿਆ ਹੈ। ਪਰ ਭਗਵੰਤ ਮਾਨ ਸਰਕਾਰ ਦੇ ਕੰਨਾਂ ‘ਤੇ ਜੂੰ ਨਹੀਂ ਸਰਕਦੀ।

ਪਰ ਭਗਵੰਤ ਮਾਨ ਸਰਕਾਰ ਦੇ ਕੰਨਾਂ ‘ਤੇ ਜੂੰ ਨਹੀਂ ਸਰਕੀ। ਪੰਜਾਬ ਸਰਕਾਰ ਵੱਲੋਂ ਮੀਡੀਆ ‘ਤੇ ਕੀਤੇ ਜਾ ਰਹੇ ਅੱਤਿਆਚਾਰ ‘ਤੇ ਸਵਾਲ ਚੁੱਕਦਿਆਂ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ‘ਚ ਅਜਿਹਾ ਕਦੇ ਨਹੀਂ ਹੋਇਆI ਪੰਜਾਬ ਸਰਕਾਰ ਸਿਆਸੀ ਲੋਕਾਂ, ਜਨਤਾ ਦੇ ਨਾਲ-ਨਾਲ ਜਨਤਾ ਦੀ ਆਵਾਜ਼ ਕਹੇ ਜਾਣ ਵਾਲੇ ਚੌਥੇ ਥੰਮ ਮੀਡੀਆ ਦੀ ਆਵਾਜ਼ ਨੂੰ ਦਬਾਉਣ ‘ਚ ਲੱਗੀ ਹੋਈ ਹੈ।

ਭਾਜਪਾ ਇਸ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕਰੇਗੀ। ਇਸ ਲਈ ਭਾਜਪਾ ਇਸ ਅੰਨ੍ਹੀ-ਬੋਲੀ ਅਤੇ ਸੁੱਤੀ ਹੋਈ ਪੰਜਾਬ ਸਰਕਾਰ ਨੂੰ ਸੱਚ ਦਾ ਸ਼ੀਸ਼ਾ ਦਿਖਾਉਣ, ਉਸਦੀ ਗੂੜ੍ਹੀ ਨੀਂਦ ਤੋਂ ਜਗਾਉਣ ਅਤੇ ਲੋਕਾਂ ਦੀ ਆਵਾਜ਼ ਭਗਵੰਤ ਮਾਨ ਸਰਕਾਰ ਦੇ ਕੰਨਾਂ ਤੱਕ ਪਹੁੰਚਾਉਣ ਲਈ ਸੜਕਾਂ ‘ਤੇ ਉਤਰੀ ਹੈ।

ਇਸ ਮੌਕੇ ਡਾ: ਨਰਿੰਦਰ ਸਿੰਘ ਰੈਣਾ, ਸੁਨੀਲ ਜਾਖੜ, ਹਰਜੋਤ ਸਿੰਘ ਗਰੇਵਾਲ, ਸੂਬਾ ਜਨਰਲ ਸਕੱਤਰ ਜੀਵਨ ਗੁਪਤਾ, ਬਿਕਰਮਜੀਤ ਸਿੰਘ ਚੀਮਾ, ਰਾਜੇਸ਼ ਬਾਘਾ, ਮੋਨਾ ਜੈਸਵਾਲ, ਗੁਰਪ੍ਰੀਤ ਸਿੰਘ ਕਾਂਗੜ, ਤੀਕਸ਼ਨ ਸੂਦ, ਡਾ: ਸੁਭਾਸ਼ ਸ਼ਰਮਾ, ਡਾ: ਜਗਮੋਹਨ ਸਿੰਘ ਰਾਜੂ, ਡਾ: ਰਾਜਕੁਮਾਰ ਵੇਰਕਾ, ਕੇਵਲ ਸਿੰਘ ਢਿੱਲੋਂ, ਰਾਣਾ ਗੁਰਮੀਤ ਸਿੰਘ ਸੋਢੀ, ਫਤਿਹਜੰਗ ਸਿੰਘ ਬਾਜਵਾ, ਲਖਵਿੰਦਰ ਕੌਰ ਗਰਚਾ, ਮਨਪ੍ਰੀਤ ਸਿੰਘ ਬਾਦਲ, ਜੈਸਮੀਨ ਸੰਧੇਵਾਲੀਆ, ਅਰਵਿੰਦ ਖੰਨਾ, ਪਰਮਿੰਦਰ ਬਰਾੜ, ਬਲਬੀਰ ਸਿੰਘ ਸਿੱਧੂ, ਜਗਦੀਪ ਸਿੰਘ ਨਕਈ, ਗੁਰਦੇਵ ਸ਼ਰਮਾ ਦੇਬੀ, ਅਨਿਲ ਸਰੀਨ, ਅਰਵਿੰਦ ਖੰਨਾ, ਕੰਵਰਵੀਰ ਸਿੰਘ ਟੌਹੜਾ, ਮੀਨੂੰ ਸੇਠੀ, ਐਸ.ਆਰ. ਲੱਦੜ, ਥਾਮਸ ਮਸੀਹ, ਰਜਿੰਦਰ ਬਿੱਟਾ, ਦਰਸ਼ਨ ਸਿੰਘ ਨੈਣੇਵਾਲ, ਹਰਦੇਵ ਸਿੰਘ ਉੱਭਾ ਸਮੇਤ ਪੰਜਾਬ ਭਾਜਪਾ ਦੇ ਸਮੂਹ ਲੀਡਰਸ਼ਿਪ ਅਤੇ ਵਰਕਰ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION