ਮਾਨਸਾ, 20 ਫਰਵਰੀ, 2020 –
ਮਾਨਸਾ ਵਿਖੇ ਸ਼੍ਰੀ ਗੁਰਪਾਲ ਸਿੰਘ ਚਾਹਲ ਨੇ ਡਿਪਟੀ ਕਮਿਸ਼ਨਰ ਵਜੋਂ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹ ਪੰਜਾਬ ਦੇ ਵਧੀਕ ਮੁੱਖ ਚੋਣ ਅਫ਼ਸਰ ਅਤੇ ਡਾਇਰੈਕਟਰ ਜੀ.ਐਸ.ਟੀ. ਪੰਜਾਬ ਵਜੋਂ ਆਪਣੀਆਂ ਸੇਵਾਵਾਂ ਨਿਭਾਅ ਰਹੇ ਸਨ। ਅਹੁਦਾ ਸੰਭਾਲਣ ਉਪਰੰਤ ਸ਼੍ਰੀ ਚਾਹਲ ਵੱਲੋਂ ਜ਼ਿਲ੍ਹੇ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਜ਼ਿਲ੍ਹੇ ਵਿੱਚ ਚੱਲ ਰਹੇ ਕੰਮਾਂ ਦਾ ਜਾਇਜ਼ਾ ਲਿਆ।
ਡਿਪਟੀ ਕਮਿਸ਼ਨਰ ਸ਼੍ਰੀ ਗੁਰਪਾਲ ਸਿੰਘ ਚਾਹਲ ਨੇ ਕਿਹਾ ਕਿ ਲੋਕਾਂ ਦੇ ਕੰਮਾਂ ਨੂੰ ਸਮਾਂ ਰਹਿੰਦਿਆਂ ਨੇਪਰੇ ਚਾੜ੍ਹਨਾ ਉਨ੍ਹਾਂ ਦੀ ਪਹਿਲੀ ਤਰਜੀਹ ਹੋਵੇਗੀ ਅਤੇ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਵਿੱਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਇਸ ਉਪਰੰਤ ਉਨ੍ਹਾਂ ਸੇਵਾ ਕੇਂਦਰ ਦਾ ਦੌਰਾ ਕੀਤਾ ਅਤੇ ਲੋਕਾਂ ਨੂੰ ਪ੍ਰਦਾਨ ਕੀਤੀਆਂ ਜਾ ਰਹੀਆਂ ਸੇਵਾਵਾਂ ਦਾ ਜਾਇਜ਼ਾ ਲਿਆ।
ਉਨ੍ਹਾਂ ਹਦਾਇਤ ਕੀਤੀ ਕਿ ਸੇਵਾਵਾਂ ਲੈਣ ਆਉਣ ਵਾਲੇ ਲੋਕਾਂ ਨੂੰ ਕੋਈ ਵੀ ਸਮੱਸਿਆ ਪੇਸ਼ ਨਹੀਂ ਆਉਣੀ ਚਾਹੀਦੀ ਅਤੇ ਮਿੱਥੇ ਸਮੇਂ ਅੰਦਰ ਹੀ ਸਾਰੀਆਂ ਸੇਵਾਵਾਂ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾਣ।
ਇਸ ਉਪਰੰਤ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਜਾ ਕੇ ਜਾਇਜ਼ਾ ਲਿਆ ਗਿਆ। ਉਨ੍ਹਾਂ ਕਿਹਾ ਕਿ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਸਬੰਧੀ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਤਾਂ ਜੋ ਪੰਜਾਬ ਸਰਕਾਰ ਦੀ ਘਰ-ਘਰ ਰੋਜ਼ਗਾਰ ਮੁਹਿੰਮ ਨੂੰ ਹੋਰ ਹੁੰਗਾਰਾ ਮਿਲ ਸਕੇ।
ਉਨ੍ਹਾਂ ਕਿਹਾ ਕਿ ਬਿਊਰੋ ਵਿਖੇ ਰਜਿਸ਼ਟ੍ਰੇਸ਼ਨ ਕਰਵਾਉਣ ਲਈ ਲੋਕਾਂ ਨੂੰ ਪ੍ਰੇਰਿਤ ਕੀਤਾ ਜਾਵੇ, ਤਾਂ ਜੋ ਲੱਗਣ ਵਾਲੇ ਰੋਜ਼ਗਾਰ ਮੇਲਿਆਂ ਅਤੇ ਕੈਂਪਾਂ ਵਿੱਚ ਵੱਧ ਤੋਂ ਵੱਧ ਬੇਰੁਜ਼ਗਾਰਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਜਾ ਸਕੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਰਾਜਦੀਪ ਸਿੰਘ ਬਰਾੜ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਗੁਰਮੀਤ ਸਿੰਘ ਸੰਧੂ, ਐਸ.ਡੀ.ਐਮ. ਬੁਢਲਾਡਾ ਸ਼੍ਰੀ ਆਦਿਤਯ ਡੇਚਲਵਾਲ, ਸਹਾਇਕ ਕਮਿਸ਼ਨਰ (ਜ) ਨਵਦੀਪ ਕੁਮਾਰ, ਐਸ.ਡੀ.ਐਮ. ਮਾਨਸਾ ਸ਼੍ਰੀਮਤੀ ਸਰਬਜੀਤ ਕੌਰ, ਐਸ.ਡੀ.ਐਮ. ਸਰਦੂਲਗੜ੍ਹ ਸ਼੍ਰੀ ਰਾਜਪਾਲ ਸਿੰਘ, ਐਸ.ਪੀ. (ਐਚ) ਸ਼੍ਰੀ ਸਤਨਾਮ ਸਿੰਘ, ਐਸ.ਪੀ. (ਡੀ) ਸ਼੍ਰੀ ਸੁਰਿੰਦਰ ਕੁਮਾਰ ਸ਼ਰਮਾ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸ਼ਰ ਸ਼੍ਰੀ ਦਿਨੇਸ਼ ਵਸ਼ਿਸ਼ਟ ਅਤੇ ਤਹਿਸੀਲਦਾਰ ਮਾਨਸਾ ਸ਼੍ਰੀ ਅਮਰਜੀਤ ਸਿੰਘ ਤੋਂ ਇਲਾਵਾ ਹੋਰ ਵੀ ਅਧਿਕਾਰੀ ਅਤੇ ਮੁਲਾਜ਼ਮ ਮੌਜੂਦ ਸਨ।