ਕਰਤਾਰਪੁਰ ਸਾਹਿਬ ਲਾਂਘੇ ਦਾ ਉਦਘਾਟਨ 9 ਨਵੰਬਰ ਨੂੰ ਕੀਤਾ ਜਾਵੇਗਾ : ਤ੍ਰਿਪਤ ਰਜਿੰਦਰ ਸਿੰਘ ਬਾਜਵਾ

ਮਾਨਸਾ, 04 ਅਕਤੂਬਰ, 2019 –

ਸ਼੍ਰੀ ਕਰਤਾਰਪੁਰ ਸਾਹਿਬ ਲਾਂਘੇ ਦਾ ਉਦਘਾਟਨ 9 ਨਵਬੰਰ ਨੂੰ ਕੀਤਾ ਜਾਵੇਗਾ ਅਤੇ ਸ਼੍ਰੀ ਨਨਕਾਣਾ ਸਾਹਿਬ ਜਾਣ ਲਈ ਕਿਸੇ ਵੀ ਸ਼ਰਧਾਲੂ ਨੂੰ ਵੀਜ਼ਾ ਲਈ 30 ਦਿਨ ਪਹਿਲਾਂ ਆਪਣਾ ਬਿਨੈ ਪੱਤਰ ਦੇਣਾ ਪਵੇਗਾ ਤੇ ਯਾਤਰਾ ਤੋਂ 10 ਦਿਨ ਪਹਿਲਾ ਸ਼ਰਧਾਲੂਆਂ ਨੂੰ ਉਨ੍ਹਾਂ ਦੀ ਯਾਤਰਾ ਦੀ ਮਿਤੀ ਤੇ ਸਮੇਂ ਬਾਰੇ ਦੱਸਿਆ ਜਾਵੇਗਾ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪੇਂਡੂ ਵਿਕਾਸ ਤੇ ਪੰਚਾਇਤਾਂ, ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਤੇ ਉਚੇਰੀ ਸਿੱਖਿਆ ਮੰਤਰੀ ਪੰਜਾਬ ਸ਼੍ਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਮਾਨਸਾ ਵਿਖੇ ਆਪਣੇ ਦੌਰੇ ਦੌਰਾਨ ਕੀਤਾ।

ਕੈਬਨਿਟ ਮੰਤਰੀ ਸ਼੍ਰੀ ਬਾਜਵਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਹਾੜੇ ਮੌਕੇ ਪੂਰੇ ਸਾਲ ਭਰ ਵੱਖ-ਵੱਖ ਵਿਕਾਸ ਕਾਰਜ ਅਤੇ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਯਤਨਾਂ ਸਦਕਾ ਕੋਈ ਵੀ ਭਾਰਤਵਾਸੀ ਸ਼੍ਰੀ ਨਨਕਾਣਾ ਸਾਹਿਬ ਵਿਖੇ ਦਰਸ਼ਨ ਲਈ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਰੋਜ਼ਾਨਾ 5000 ਯਾਤਰੀਆਂ ਨੂੰ ਜਾਣ ਦੀ ਪ੍ਰਵਾਨਗੀ ਮਿਲੇਗੀ।

ਸ਼੍ਰੀ ਬਾਜਵਾ ਅੱਜ ਜ਼ਿਲ੍ਹਾ ਪ੍ਰੀਸ਼ਦ ਮਾਨਸਾ ਵਿਖੇ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਸ਼੍ਰੀ ਬਿਕਰਮ ਸਿੰਘ ਮੋਫਰ, ਚੇਅਰਮੈਨ ਪੰਚਾਇਤ ਸੰਮਤੀ ਸ਼੍ਰੀ ਜਗਚਾਨਣ ਸਿੰਘ ਅਤੇ ਵਾਈਸ ਚੇਅਰਮੈਨ ਪੰਚਾਇਤ ਸੰਮਤੀ ਸ਼੍ਰੀਮਤੀ ਪਰਮਜੀਤ ਕੌਰ ਦੇ ਅਹੁੱਦਾ ਸਾਂਭਣ ਮੌਕੇ ਹੋਣ ਵਾਲੇ ਸਮਾਗਮ ਦੌਰਾਨ ਪਹੁੰਚੇ ਹੋਏ ਸਨ, ਜਿਨ੍ਹਾਂ ਦੀ ਮੌਜੂਦਗੀ ਵਿੱਚ ਤਿੰਨੋਂ ਅਹੁਦੇਦਾਰਾਂ ਨੇ ਆਪਣਾ-ਆਪਣਾ ਅਹੁਦਾ ਸੰਭਾਲਿਆ। ਉਨ੍ਹਾਂ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ, ਪੰਚਾਇਤ ਸੰਮਤੀ ਚੇਅਰਮੈਨ ਅਤੇ ਉਪ ਚੇਅਰਮੈਨ ਨੂੰ ਅਹੁੱਦਾ ਸੰਭਾਲਣ ‘ਤੇ ਵਧਾਈ ਵੀ ਦਿੱਤੀ।

ਇਸ ਮੌਕੇ ਸ਼੍ਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਮਾਨਸਾ ਜ਼ਿਲ੍ਹਾ ਨਿਵਾਸੀਆਂ ਨੂੰ ਕਿਹਾ ਕਿ ਵੱਧ ਤੋਂ ਵੱਧ ਲੋਕ ਆਪਣਾ ਪਾਸਪੋਰਟ ਬਣਵਾਉਣ ਅਤੇ ਪਾਕਿਸਤਾਨ ਵਿਖੇ ਨਨਕਾਣਾ ਸਾਹਿਬ ਗੁਰੂਦੁਆਰਾ ਵਿਖੇ ਜ਼ਰੂਰ ਜਾ ਕੇ ਆਉਣ। ਉਨ੍ਹਾਂ ਕਿਹਾ ਕਿ ਪਾਸਪੋਰਟ ਬਣਵਾਉਣ ਸਬੰਧੀ ਮਾਨਸਾ ਵਿਖੇ ਕੈਂਪ ਵੀ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਰੋਜ਼ਾਨਾਂ 5000 ਯਾਤਰੀਆਂ ਨੂੰ ਨਨਕਾਣਾ ਸਾਹਿਬ ਵਿਖੇ ਜਾਣ ਲਈ ਪ੍ਰਵਾਨਗੀ ਦਿੱਤੀ ਜਾਵੇਗੀ।

ਸਮਾਗਮ ਦੌਰਾਨ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਸ਼੍ਰੀ ਬਿਕਰਮ ਸਿੰਘ ਮੋਫ਼ਰ ਨੇ ਕਿਹਾ ਕਿ ਉਹ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਲਗਨ ਨਾਲ ਨਿਭਾਉਣਗੇ ਅਤੇ ਜੋ ਵੀ ਸਕੀਮਾਂ ਜਾਂ ਫੰਡਜ਼ ਆਉਣਗੇ, ਉਨ੍ਹਾਂ ਦੀ ਸੁਚੱਜੇ ਢੰਗ ਨਾਲ ਲੋਕ ਹਿੱਤ ਲਈ ਵਰਤੋਂ ਕੀਤੀ ਜਾਵੇਗੀ।

ਇਸ ਮੌਕੇ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀਮਤੀ ਅਪਨੀਤ ਰਿਆਤ, ਐਸ.ਐਸ.ਪੀ. ਮਾਨਸਾ ਡਾ. ਨਰਿੰਦਰ ਭਾਰਗਵ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਗੁਰਮੀਤ ਸਿੰਘ ਸਿੱਧੂ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ਼੍ਰੀ ਦਿਨੇਸ਼ ਵਸ਼ਿਸ਼ਟ, ਜ਼ਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ ਡਾ. ਮਨੋਜ ਬਾਲਾ, ਸੀਨੀਅਰ ਕਾਂਗਰਸੀ ਆਗੂ ਸ਼੍ਰੀਮਤੀ ਗੁਰਪ੍ਰੀਤ ਕੌਰ ਗਾਗੋਵਾਲ ਅਤੇ ਵਾਈਸ ਚੇਅਰਮੈਨ ਸਫਾਈ ਕਰਮਚਾਰੀ ਯੁਨੀਅਨ ਪੰਜਾਬ ਸ਼੍ਰੀ ਰਾਮ ਸਿੰਘ ਤੋਂ ਇਲਾਵਾ ਹੋਰ ਵੀ ਸਖ਼ਸ਼ੀਅਤਾਂ ਮੌਜੂਦ ਸਨ।

Share News / Article

Yes Punjab - TOP STORIES