ਸਿਰਸਾ ਨੇ ਕਿਹਾ, ਪਾਰਟੀ ਦੀ ਮਜ਼ਬੂਤੀ ਲਈ ਰਹਾਂਗਾ ਯਤਨਸ਼ੀਲ
ਯੈੱਸ ਪੰਜਾਬ
ਨਵੀਂ ਦਿੱਲੀ, 29 ਅਗਸਤ, 2023:
ਭਾਜਪਾ ਦੇ ਸਿੱਖ ਆਗੂ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਅੱਜ ਭਾਜਪਾ ਦੇ ਕੌਮੀ ਸਕੱਤਰ ਵਜੋਂ ਨਿਯੁਕਤੀ ਲਈ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਤੇ ਭਾਜਪਾ ਦੇ ਕੌਮੀ ਪ੍ਰਧਾਨ ਸ੍ਰੀ ਜੇ ਪੀ ਨੱਢਾ ਦਾ ਧੰਨਵਾਦ ਕੀਤਾ ਤੇ ਉਹਨਾਂ ਨੂੰ ਭਰੋਸਾ ਦੁਆਇਆ ਕਿ ਉਹ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਕੀਤੇ ਰਹੇ ਕੰਮ ਨੂੰ ਮਜ਼ਬੂਤ ਕਰਨ ਵਾਸਤੇ ਪੂਰੇ ਸਮਰਪਣ ਨਾਲ ਸਖ਼ਤ ਮਿਹਨਤ ਕਰਨਗੇ।
ਇਥੇ ਜਾਰੀ ਕੀਤੇ ਇਕ ਭਾਵੁਕ ਬਿਆਨ ਵਿਚ ਸਰਦਾਰ ਸਿਰਸਾ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ, ਭਾਜਪਾ ਦੇ ਕੌਮੀ ਪ੍ਰਧਾਨ ਤੇ ਗ੍ਰਹਿ ਮੰਤਰੀ ਤੇ ਭਾਜਪਾ ਦੇ ਕਰੋੜਾਂ ਵਰਕਰਾਂ ਦੇ ਦਿਲੋਂ ਧੰਨਵਾਦੀ ਹਨ।
ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਹੁਣ ਤੱਕ ਸਿੱਖਾਂ ਦੇ ਸਭ ਤੋਂ ਨਜ਼ਦੀਕੀ ਪ੍ਰਧਾਨ ਮੰਤਰੀ ਵਜੋਂ ਕੰਮ ਕਰ ਰਹੇ ਹਨ ਜਿਹਨਾਂ ਦਾ ਸਾਰਾ ਜੀਵਨ ਭਾਰਤ ਮਾਤਾ ਦੇ ਵਿਕਾਸ ਨੂੰ ਸਮਰਪਿਤ ਹੈ। ਉਹਨਾਂ ਕਿਹਾ ਕਿ ਉਹ ਪ੍ਰਧਾਨ ਮੰਤਰੀ ਦੇ ਇਸ ਕੰਮ ਨੂੰ ਹੋਰ ਮਜ਼ਬੂਤ ਕਰਨ ਵਾਸਤੇ ਕੰਮ ਕਰਨਗੇ।
ਸਰਦਾਰ ਸਿਰਸਾ ਨੇ ਸਿੱਖ ਕੌਮ ਦਾ ਵੀ ਦਿਲੋਂ ਡਟਵੀਂ ਹਮਾਇਤ ਦੇਣ ਲਈ ਧੰਨਵਾਦ ਕੀਤਾ ਤੇ ਕਿਹਾ ਕਿ ਉਹਨਾਂ ਦੀ ਨਿਯੁਕਤੀ ਸਿੱਖ ਕੌਮ ਦੀ ਬਦੌਲਤ ਹੈ ਤੇ ਉਹਨਾਂ ਦੀ ਸੇਵਾ ਵਾਸਤੇ ਹੈ। ਉਹਨਾਂ ਕਿਹਾ ਕਿ ਇਹ ਇਕ ਵੱਡਾ ਪਲੈਟਫਾਰਮ ਹੈ ਜਿਸ ਸਦਕਾ ਹੁਣ ਉਹ ਸਿੱਖ ਕੌਮ ਦੇ ਮਸਲੇ ਹੱਲ ਕਰਵਾਉਣ ਵਾਸਤੇ ਹੋਰ ਚੰਗੇ ਢੰਗ ਨਾਲ ਕੰਮ ਕਰ ਸਕਣਗੇ ਜਿਵੇਂ ਕਿ ਬੀਤੇ ਸਮੇਂ ਵਿਚ ਮੋਦੀ ਸਰਕਾਰ ਨੇ ਕੀਤੇ ਹਨ।
ਉਹਨਾਂ ਕਿਹਾ ਕਿ ਉਹ ਸਿੱਖ ਕੌਮ ਤੇ ਦੇਸ਼ ਵਾਸਤੇ ਕੰਮ ਕਰਨਗੇ। ਉਹਨਾਂ ਕਿਹਾ ਕਿਹੁਣ ਸਿੱਖਾਂ ਦੀ ਆਵਾਜ਼ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਚੁੱਕੀ ਜਾ ਸਕੇਗੀ ਤੇ ਉਹ ਸਿੱਖ ਕੌਮ ਤੇ ਸਰਕਾਰ ਵਿਚਾਲੇ ਕੜੀ ਵਜੋਂ ਕੰਮ ਕਰਨਗੇ।
ਉਹਨਾਂ ਅੰਤ ਵਿਚ ਇਕ ਵਾਰ ਫਿਰ ਤੋਂ ਪ੍ਰਧਾਨ ਮੰਤਰੀ, ਭਾਜਪਾ ਪ੍ਰਧਾਨ ਤੇ ਗ੍ਰਹਿ ਮੰਤਰੀ ਦਾ ਧੰਨਵਾਦ ਕੀਤਾ ਜਿਹਨਾਂ ਨੇ ਉਹਨਾਂ ’ਤੇ ਵਿਸ਼ਵਾਸ ਪ੍ਰਗਟ ਕੀਤਾ ਹੈ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ