ਯੈੱਸ ਪੰਜਾਬ
ਚੰਡੀਗੜ੍ਹ, 22 ਅਪ੍ਰੈਲ, 2025
Shiromani Akali Dal ਨੇ ਅੱਜ ਮੰਗ ਕੀਤੀ ਕਿ ਝੱਖੜ ਤੇ ਭਾਰੀ ਬਰਸਾਤਾਂ ਕਾਰਣ ਸੂਬੇ ਵਿਚ ਕਣਕ ਦੀ ਫਸਲ ਦੇ ਹੋਏ ਨੁਕਸਾਨ ਦੇ ਜਾਇਜ਼ੇ ਲਈ ਤੁਰੰਤ ਗਿਰਦਾਵਰੀ ਕਰਵਾਈ ਜਾਵੇ ਖਾਸ ਤੌਰ ’ਤੇ ਰੋਪੜ ਤੇ ਨੂਰਪੁਰ ਬੇਦੀ ਇਲਾਕੇ ਵਿਚ ਇਸ ਗਿਰਦਾਵਰੀ ਦੀ ਬਹੁਤ ਜ਼ਰੂਰਤ ਹੈ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਪਾਰਟੀ ਦੇ ਸੀਨੀਅਰ ਆਗੂ Dr Daljit Singh Cheema ਨੇ ਕਿਹਾ ਕਿ ਖਰਾਬ ਮੌਸਮ ਦੇ ਕਾਰਣ ਕਣਕ ਦੀ ਖੜ੍ਹੀ ਫਸਲ ਦੇ ਹੋਏ ਨੁਕਸਾਨ ਦੇ ਮੁਆਵਜ਼ੇ ਤੋਂ ਇਲਾਵਾ ਜਿਹੜੇ ਕਿਸਾਨਾਂ ਦੀ ਕਣਕ ਦੀ ਫਸਲ ਦਾ ਨੁਕਸਾਨ ਅਗਜ਼ਨੀ ਦੀਆਂ ਘਟਨਾਵਾਂ ਕਾਰਣ ਹੋਇਆ, ਉਹਨਾਂ ਨੂੰ ਵੀ ਤੁਰੰਤ ਮੁਆਵਜ਼ਾ ਦਿੱਤਾ ਜਾਵੇ।
Dr Cheema ਨੇ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਬਜਾਏ ਮੌਕੇ ’ਤੇ ਕਿਸਾਨਾਂ ਦੇ ਹੱਕ ਵਿਚ ਨਿਤਰਣ ਦੇ ਆਮ ਆਦਮੀ ਪਾਰਟੀ (ਆਪ) ਸਰਕਾਰ ਹਾਲਾਤਾਂ ਪ੍ਰਤੀ ਅੱਖਾਂ ਮੀਟ ਕੇ ਬੈਠੀ ਹੈ। ਉਹਨਾਂ ਕਿਹਾ ਕਿ ਸੈਂਕੜੇ ਏਕੜ ਵਿਚ ਕਣਕ ਦੀ ਖੜ੍ਹੀ ਫਸਲ ਬਰਬਾਦ ਹੋ ਗਈ ਹੈ ਪਰ ਹਾਲੇ ਤੱਕ ਗਿਰਦਾਵਰੀ ਦੇ ਹੁਕਮ ਨਹੀਂ ਦਿੱਤੇ ਗਏ।
ਉਹਨਾਂ ਕਿਹਾ ਕਿ ਇਸੇ ਤਰੀਕੇ ਜਿਹੜੇ ਕਿਸਾਨਾਂ ਦੀ ਕਣਕ ਦੀ ਫਸਲ ਅਗਜ਼ਨੀ ਦੀਆਂ ਘਟਨਾਵਾਂ ਕਾਰਣ ਨੁਕਸਾਨੀ ਗਈ ਹੈ, ਉਹਨਾਂ ਨੂੰ ਵੀ ਆਪਣੇ ਕੇਸ ਪੇਸ਼ ਕਰਨ ਲਈ ਸਰਕਾਰੀ ਦਫਤਰਾਂ ਦੇ ਗੇੜੇ ਲਗਾਉਣੇ ਪੈ ਰਹੇ ਹਨ। ਉਹਨਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਸੂਬੇ ਵਿਚ ਸਰਕਾਰ ਨਾਂ ਦੀ ਕੋਈ ਚੀਜ਼ ਨਹੀਂ ਹੈ ਤੇ ਸਾਰੀ ਮਸ਼ੀਨਰੀ ਦੀ ਦੁਰਵਰਤੋਂ ਲੁਧਿਆਣਾ ਪੱਛਮੀ ਵਿਧਾਨ ਸਭਾ ਦੀ ਜ਼ਿਮਨੀ ਚੋਣ ਵਾਸਤੇ ਕੀਤੀ ਜਾ ਰਹੀ ਹੈ।