ਯੈੱਸ ਪੰਜਾਬ
ਚੰਡੀਗੜ੍ਹ, 4 ਮਾਰਚ, 2021 –
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ‘ਦਾ ਟ੍ਰਿਬਿਊਨ’ ਦੇ ਸਪੈਸ਼ਲ ਕਾਰਸਪੌਡੈਂਟ ਜੁਪਿੰਦਰਜੀਤ ਸਿੰਘ ਦੇ ਪਿਤਾ ਅਤੇ ‘ਦਾ ਇੰਡੀਅਨ ਐਕਸਪ੍ਰੈਸ’ ਦੇ ਅਸਿਸਟੈਂਟ ਐਡੀਟਰ ਕੰਚਨ ਵਾਸਦੇਵ ਦੇ ਸਹੁਰਾ ਗੁਰਮੁਖ ਸਿੰਘ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਸਾਬਕਾ ਕੌਮੀ ਵਾਲੀਬਾਲ ਕੋਚ ਗੁਰਮੁਖ ਸਿੰਘ 77 ਵਰ੍ਹਿਆਂ ਦੇ ਸਨ ਜਿਨ੍ਹਾਂ ਨੇ ਸੰਖੇਪ ਬਿਮਾਰੀ ਮਗਰੋਂ ਅੱਜ ਸ਼ਾਮ ਆਪਣੀ ਰਿਹਾਇਸ਼ ‘ਤੇ ਆਖਰੀ ਸਾਹ ਲਿਆ। ਉਹ ਆਪਣੇ ਪਿੱਛੇ ਪਤਨੀ ਅਤੇ ਦੋ ਪੁੱਤਰ ਛੱਡ ਗਏ ਹਨ।
ਇਕ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਸ਼ੋਕਗ੍ਰਸਤ ਪਰਿਵਾਰਕ ਮੈਂਬਰਾਂ ਅਤੇ ਸਾਕ-ਸਬੰਧੀਆਂ ਨਾਲ ਦਿਲੀ ਹਮਦਰਦੀ ਜ਼ਾਹਰ ਕਰਦਿਆਂ ਅਕਾਲ ਪੁਰਖ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਪਿੱਛੇ ਪਰਿਵਾਰਕ ਮੈਂਬਰਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਅਰਦਾਸ ਕੀਤੀ।
ਇਸੇ ਦੌਰਾਨ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਵੀ ਗੁਰਮੁਖ ਸਿੰਘ ਦੇ ਅਕਾਲ ਚਲਾਣੇ ‘ਤੇ ਪਰਿਵਾਰ ਨਾਲ ਹਮਦਰਦੀ ਜ਼ਾਹਰ ਕੀਤੀ।