ਤਿੰਨ ਖ਼ੇਤੀ ਬਿੱਲ ਦੇਸ਼ ਦਾ ਢਿੱਡ ਭਰਨ ਵਾਲੇ ਪੰਜਾਬ ਨੂੰ ਤਬਾਹ ਕਰ ਦੇਣਗੇ: ਸੁਖਜਿੰਦਰ ਸਿੰਘ ਰੰਧਾਵਾ

ਜਲੰਧਰ, 18 ਸਤੰਬਰ, 2020 –

ਜੇਲ੍ਹਾਂ ਅਤੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਲੋਕ ਸਭਾ ਵਿੱਚ ਪਾਸ ਕੀਤੇ ਗਏ ਤਿੰਨ ਖੇਤੀ ਆਰਡੀਨੈਂਸਾਂ ਨੂੰ ਪੰਜਾਬ ਦੇ ਕਿਸਾਨਾਂ ਲਈ ‘ਕਾਲੇ ਕਾਨੂੰਨ’ ਕਰਾਰ ਦਿੰਦਿਆਂ ਕਿਹਾ ਕਿ ਇਹ ਕਾਨੂੰਨ ਪੰਜਾਬ ਨੂੰ ਤਬਾਹ ਕਰ ਦੇਣਗੇ, ਜੋ ਕਿ ਦੇਸ਼ ਦਾ ਅਨਾਜ ਭੰਡਾਰ ਹੈ ਅਤੇ ਪਿਛਲੇ ਕਈ ਦਹਾਕਿਆਂ ਤੋਂ ਪੂਰੇ ਭਾਰਤ ਨੂੰ ਢਿੱਡ ਭਰ ਰਿਹਾ ਹੈ।

ਰੰਧਾਵਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਆਨਲਾਈਨ ਕਿਸਾਨ ਮੇਲੇ ਦੇ ਉਦਘਾਟਨ ਸਮਾਰੋਹ ਵਿਚ ਜਲੰਧਰ ਤੋਂ ਹਿੱਸਾ ਲੈਂਦਿਆਂ ਕਿਹਾ ਕਿ ਇਸ ਆਰਡੀਨੈਂਸ ਰਾਹੀਂ ਖੇਤੀਬਾੜੀ ਮੰਡੀਕਰਨ ਦੇ ਖੇਤਰ ਵਿਚ ਨਿੱਜੀ ਕਾਰਪੋਰੇਟ ਘਰਾਣਿਆਂ ਦੇ ਦਾਖਲੇ ਨਾਲ ਅਨਾਜ ਉਤਪਾਦਕਾਂ ਦਾ ਬਹੁਤ ਸ਼ੋਸ਼ਣ ਹੋਵੇਗਾ।

ਉਨ੍ਹਾਂ ਕਿਹਾ ਕਿ ਘੱਟੋ ਘੱਟ ਸਮਰਥਨ ਮੁੱਲ (ਐਮਐਸਪੀ) ਪ੍ਰਣਾਲੀ ਦਾ ਪੂਰੀ ਤਰ੍ਹਾਂ ਖਾਤਮਾ ਕਰ ਦਿੱਤਾ ਜਾਵੇਗਾ ਅਤੇ ਨਿੱਜੀ ਵਪਾਰੀ ਆਪਣੇ ਵੱਲੋਂ ਨਿਰਧਾਰਤ ਰੇਟਾਂ ‘ਤੇ ਫਸਲਾਂ ਦੀ ਖਰੀਦ ਕਰਨਗੇ ਕਿਉਂਕਿ ਸਰਕਾਰ ਦਾ ਉਨ੍ਹਾਂ ‘ਤੇ ਕੋਈ ਕੰਟਰੋਲ ਨਹੀਂ ਹੋਵੇਗਾ।

ਜੇਲ੍ਹਾਂ ਅਤੇ ਸਹਿਕਾਰਤਾ ਮੰਤਰੀ ਨੇ ਕਿਹਾ ਕਿ ਇਹ ਆਰਡੀਨੈਂਸ ਕਾਰਪੋਰੇਟ ਘਰਾਣਿਆਂ ਨੂੰ ਵਧੇਰੇ ਸ਼ਕਤੀ ਦੇਵੇਗਾ ਅਤੇ ਕਿਸਾਨ ਉਨ੍ਹਾਂ ਦੀ ਇੱਛਾ ਅਨੁਸਾਰ ਕੰਮ ਕਰਨ ਲਈ ਮਜਬੂਰ ਹੋਣਗੇ, ਜਿਸ ਕਾਰਨ ਉਨ੍ਹਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਵੇਗਾ।

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਅਤੇ ਪੰਜਾਬ ਦੇ ਕਿਸਾਨਾਂ ਨੂੰ ਭੁੱਲ ਗਈ ਹੈ ਜਿਹੜੇ ਦੇਸ਼ ਦੇ ਅੰਨ ਉਤਪਾਦਨ ਅਤੇ ਆਰਥਿਕਤਾ ਵਿੱਚ ਅਹਿਮ ਰੋਲ ਅਦਾ ਕਰਦੇ ਹਨ।

ਰੰਧਾਵਾ ਨੇ ਕਿਹਾ ਕਿ ਪੰਜਾਬ ਦੇਸ਼ ਦਾ ਸਰਹੱਦੀ ਸੂਬਾ ਹੋਣ ਕਰਕੇ ਇਹ ਆਰਡੀਨੈਂਸ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਨੁਕਸਾਨ ਪਹੁੰਚਾ ਸਕਦੇ ਹਨ, ਜੋ ਦੇਸ਼ ਨੂੰ ਸੰਕਟ ਵਿੱਚ ਪਾ ਸਕਦੀ ਹੈ।

ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਆਰਡੀਨੈਂਸ ਵਾਪਸ ਲੈਣ, ਨਹੀਂ ਤਾਂ ਆਉਣ ਵਾਲੇ ਸਮੇਂ ਵਿਚ ਖੇਤੀ ਨਹੀਂ ਹੋਵੇਗੀ ਅਤੇ ਭੋਜਨ ਦੀ ਉਪਲਬਧਤਾ ਦੇ ਮਾਮਲੇ ਵਿਚ ਦੇਸ਼ ਨੂੰ ਗੰਭੀਰ ਨਤੀਜੇ ਭੁਗਤਣੇ ਪੈ ਸਕਦੇ ਹਨ।

ਮੰਤਰੀ ਨੇ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਅਸਤੀਫੇ ਨੂੰ ਵੀ ਡਰਾਮਾ ਕਰਾਰ ਦਿੱਤਾ ਅਤੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਇਸ ਗੰਭੀਰ ਮੁੱਦੇ ‘ਤੇ ਚਾਲ ਚੱਲ ਰਹੀ ਹੈ।

ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਮੁੱਖ ਮੰਤਰੀ ਸਮੁੱਚੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਦੇ ਨਾਲ ਇਨ੍ਹਾਂ ਆਰਡੀਨੈਂਸਾਂ ਦੇ ਮੁੱਦੇ ‘ਤੇ ਕੇਂਦਰ ਸਰਕਾਰ ਖ਼ਿਲਾਫ਼ ਦਿੱਲੀ ਵਿੱਚ ਰੋਸ ਪ੍ਰਦਰਸ਼ਨ ਕਰਨਗੇ। ਉਨ੍ਹਾਂ ਕਿਹਾ ਕਿ ਅਸੀਂ ਕਿਸਾਨੀ ਹਿੱਤਾਂ ਲਈ ਇਨ੍ਹਾਂ ਕਿਸਾਨ ਵਿਰੋਧੀ ਆਰਡੀਨੈਂਸਾਂ ਦਾ ਮੁਕਾਬਲਾ ਕਰਨ ਵਾਸਤੇ ਹਰ ਕਦਮ ਚੁੱਕਾਂਗੇ।

ਇਸ ਮੌਕੇ ਹਾਜ਼ਰ ਪਤਵੰਤਿਆਂ ਵਿੱਚ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ, ਰਾਜਿੰਦਰ ਬੇਰੀ, ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ, ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ, ਮੁੱਖ ਖੇਤੀਬਾੜੀ ਅਫਸਰ ਸੁਰਿੰਦਰ ਸਿੰਘ, ਜੀ.ਐਮ., ਵੇਰਕਾ ਅਸਿਤ ਸ਼ਰਮਾ, ਡੀਐਮ, ਮਾਰਕਫੈੱਡ ਸਚਿਨ, ਕਾਂਗਰਸੀ ਆਗੂ ਸੁਖਵਿੰਦਰ ਸਿੰਘ ਲਾਲੀ, ਬਲਦੇਵ ਸਿੰਘ ਦੇਵ, ਅੰਗਦ ਵੀ ਮੌਜੂਦ ਸਨ।


ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


 

ਅਹਿਮ ਖ਼ਬਰਾਂ