ਯੈੱਸ ਪੰਜਾਬ
ਅੰਮ੍ਰਿਤਸਰ, 21 ਅਪ੍ਰੈਲ, 2025
Punjab ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਰਾਜ ਭਰ ਵਿੱਚ ਲੜੀ ਜਾ ਰਹੀ ਲੜਾਈ ਲਈ ਘਰ-ਘਰ ਦਾ ਸਾਥ ਲੈਣ ਵਾਸਤੇ ਆਮ ਆਦਮੀ ਪਾਰਟੀ ਵੱਲੋਂ ਸ਼ੁਰੂ ਕੀਤੇ ਗਏ ਨਸ਼ਾ ਮੁਕਤੀ ਮੋਰਚਾ ਦੇ ਮੁੱਖ ਬੁਲਾਰੇ ਸ੍ਰੀ Baltej Pannu ਨੇ ਐਲਾਨ ਕੀਤਾ ਕਿ ਇੱਕ ਮਈ ਤੋਂ ਮੋਰਚੇ ਵੱਲੋਂ ਇਹ ਮੁਹਿੰਮ Punjab ਭਰ ਵਿੱਚ ਸ਼ੁਰੂ ਕੀਤੀ ਜਾਵੇਗੀ।
ਅੱਜ ਮਾਝੇ ਦੇ ਕੋਆਰਡੀਨੇਟਰ Sonia Mann ਨਾਲ ਪ੍ਰੈਸ ਕਾਨਫਰੰਸ ਕਰਦੇ ਹੋਏ ਸ੍ਰੀ ਪੰਨੂ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਵਿਰੁੱਧ ਡਟਵੀਂ ਲੜਾਈ ਲੜ ਰਹੀ ਹੈ ਅਤੇ ਇਸ ਲਈ ਸਾਡੀ ਪਾਰਟੀ ਵੀ ਸਰਕਾਰ ਦੀ ਇਸ ਮੁਹਿੰਮ ਦਾ ਸਾਥੀ ਬਣਕੇ ਪੰਜਾਬ ਦੇ ਹਰੇਕ ਘਰ ਵਿੱਚ ਦਸਤਕ ਦੇਵੇਗੀ।
ਉਹਨਾਂ ਕਿਹਾ ਕਿ ਇਸ ਮੁਹਿੰਮ ਲਈ ਪੰਜਾਬ ਨੂੰ ਪੰਜ ਜੋਨਾਂ ਵਿੱਚ ਵੰਡਿਆ ਗਿਆ ਹੈ ਅਤੇ ਸਾਡੇ ਵਲੰਟੀਅਰ ਪੰਜਾਬ ਦੇ ਹਰੇਕ ਘਰ ਵਿੱਚ ਜਾ ਕੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕਰਨਗੇ। ਜੇਕਰ ਕੋਈ ਉਸ ਪਰਿਵਾਰ ਦਾ ਮੈਂਬਰ ਨਸ਼ਾ ਕਰਦਾ ਹੈ ਤਾਂ ਉਸ ਦਾ ਇਲਾਜ ਕਰਵਾਇਆ ਜਾਵੇਗਾ।
ਇਸ ਤੋਂ ਇਲਾਵਾ ਉਹਨਾਂ ਕੋਲੋਂ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਸਾਥ ਮੰਗਿਆ ਜਾਵੇਗਾ। ਉਹਨਾਂ ਕਿਹਾ ਕਿ ਇਹ ਮੁਹਿੰਮ ਪਹਿਲਾਂ ਪਿੰਡਾਂ ਵਿੱਚ ਚਲਾਈ ਜਾਵੇਗੀ, ਫਿਰ ਇਹ ਛੋਟੇ ਕਸਬਿਆਂ ਵਿੱਚ ਅਤੇ ਫਿਰ ਸ਼ਹਿਰਾਂ ਦੇ ਵਿੱਚ ਇਸ ਲੜੀ ਤਹਿਤ ਲੋਕਾਂ ਕੋਲੋਂ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਸਹਿਯੋਗ ਲਿਆ ਜਾਵੇਗਾ।
ਉਹਨਾਂ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੇ ਤਸਕਰਾਂ ਵਿਰੁੱਧ ਕੀਤੀ ਜਾ ਰਹੀ ਕਾਰਵਾਈ ਦੀ ਸਰਾਹਨਾ ਕਰਦੇ ਕਿਹਾ ਕਿ ਪੁਲਿਸ ਨੇ ਨਸ਼ਿਆਂ ਦੀ ਸਪਲਾਈ ਦਾ ਲੱਕ ਤੋੜ ਦਿੱਤਾ ਹੈ ਅਤੇ ਨਸ਼ਾ ਸਮਗਲਰ ਘਰ ਛੱਡ ਕੇ ਭੱਜ ਤੁਰੇ ਹਨ। ਉਹਨਾਂ ਕਿਹਾ ਕਿ ਵਿਰੋਧੀ ਦੇਸ਼ ਤੋਂ ਸਪਲਾਈ ਭਾਵੇਂ ਆ ਜਾਵੇ ਪਰ ਉਸ ਨੂੰ ਅੱਗੇ ਚੁੱਕਣ ਜਾਂ ਵੇਚਣ ਦਾ ਹੀਆ ਹੁਣ ਪੰਜਾਬ ਦੇ ਤਸਕਰ ਨਹੀਂ ਕਰਨਗੇ ।
ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਜਿਹੜੇ ਨੌਜਵਾਨ ਨਸ਼ਾ ਦੇ ਆਦੀ ਹਨ, ਉਹਨਾਂ ਬਾਰੇ ਪੁਲਿਸ ਨੂੰ ਸਖਤ ਹਦਾਇਤਾਂ ਹਨ ਕਿ ਉਹਨਾਂ ਵਿਰੁੱਧ ਕਾਰਵਾਈ ਨਹੀਂ, ਉਹਨਾਂ ਦਾ ਇਲਾਜ ਕਰਵਾਇਆ ਜਾਵੇ। ਇਸ ਲਈ ਅਸੀਂ ਨਸ਼ਾ ਛਡਾਊ ਕੇਂਦਰਾਂ ਵਿੱਚ ਉਹਨਾਂ ਦਾ ਇਲਾਜ ਕਰਵਾਉਣ ਦੇ ਪ੍ਰਬੰਧ ਕੀਤੇ ਹਨ। ਉਹਨਾਂ ਕਿਹਾ ਕਿ ਨਸ਼ੇ ਨੂੰ ਖਤਮ ਕਰਨ ਲਈ ਸਰਕਾਰ ਵੱਲੋਂ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਉੱਤੇ ਵੀ ਜ਼ੋਰ ਦਿੱਤਾ ਜਾ ਰਿਹਾ ਹੈ, ਸਰਕਾਰੀ ਨੌਕਰੀਆਂ ਵਿੱਚ ਭਰਤੀ ਚੱਲ ਰਹੀ ਹੈ।
ਇਸ ਤੋਂ ਇਲਾਵਾ ਨੌਜਵਾਨਾਂ ਨੂੰ ਹੁਨਰਬੰਦ ਸਿੱਖਿਆ ਦੇਣ ਦੇ ਪ੍ਰਬੰਧ ਵੀ ਕੀਤੇ ਜਾ ਚੁੱਕੇ ਹਨ। ਇਸ ਮੌਕੇ ਮਾਝੇ ਦੇ ਕੋਆਰਡੀਨੇਟਰ ਸ੍ਰੀਮਤੀ ਸੋਨੀਆ ਮਾਨ ਨੇ ਕਿਹਾ ਕਿ ਸਾਡੀਆਂ ਟੀਮਾਂ ਬਿਲਕੁਲ ਤਿਆਰ ਹਨ ਅਤੇ ਅਸੀਂ ਮਾਝੇ ਵਿੱਚ ਇਸ ਕਾਰਵਾਈ ਨੂੰ ਅੰਜਾਮ ਤੱਕ ਪਹੁੰਚਾਵਾਂਗੇ। ਉਹਨਾਂ ਕਿਹਾ ਕਿ ਗੁਰੂਆਂ, ਪੀਰਾਂ ਦੀ ਇਸ ਧਰਤੀ ਨੂੰ ਲੱਗੇ ਘੁਣ ਨੂੰ ਸਾਫ ਕਰਨ ਤੱਕ ਸਾਡੀ ਮੁਹਿੰਮ ਜਾਰੀ ਰਹੇਗੀ ਅਤੇ ਅਸੀਂ ਪੰਜਾਬ ਨੂੰ ਮੁੜ ਰੰਗਲਾ ਬਣਾਵਾਂਗੇ।