Sunday, July 20, 2025
HTML tutorial
spot_img
spot_img

ਨੌਵੇਂ ਪਾਤਸ਼ਾਹ ਜੀ ਦੇ ਇਤਿਹਾਸਕ ਦਿਹਾੜੇ ਮੌਕੇ ਬੰਦੀ ਸਿੰਘਾਂ ਦੀ ਰਿਹਾਈ ਦਾ ਐਲਾਨ ਕਰੇ ਕੇਂਦਰ ਸਰਕਾਰ: SGPC Chief Adv Dhami

ਯੈੱਸ ਪੰਜਾਬ
ਅੰਮ੍ਰਿਤਸਰ, 12 ਜੂਨ, 2025

Shiromani Gurdwara Parbandhak Committee  ਦੇ ਪ੍ਰਧਾਨ ਐਡਵੋਕੇਟ Harjinder Singh Dhami ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਅਤੇ ਆ ਰਹੇ ਹੋਰ ਸ਼ਤਾਬਦੀ ਦਿਹਾੜਿਆਂ ਦੇ ਸਬੰਧ ਵਿਚ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਗੁਰੂ ਸਾਹਿਬਾਨ ਨੂੰ ਸਮਰਪਿਤ ਢੁੱਕਵੀਆਂ ਯਾਦਗਾਰਾਂ ਉਸਾਰਨ ਦੀ ਪਹਿਲਕਦਮੀ ਕਰਨ।

ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀਦਾਸ ਜੀ, ਭਾਈ ਸਤੀਦਾਸ ਜੀ ਅਤੇ ਭਾਈ ਦਿਆਲਾ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਤਾਗੱਦੀ ਦਿਵਸ ਦੀ ਸ਼ਤਾਬਦੀ ਨਵੰਬਰ 2025 ਵਿਚ ਕੌਮੀ ਪੱਧਰ ’ਤੇ ਮਨਾਈ ਜਾਵੇਗੀ। ਇਸ ਸਬੰਧੀ ਵਿਸ਼ਾਲ ਪੱਧਰ ’ਤੇ ਗੁਰਮਤਿ ਸਮਾਗਮ, ਨਗਰ ਕੀਰਤਨ, ਸੈਮੀਨਾਰ ਅਤੇ ਇਤਿਹਾਸਕ ਪ੍ਰਕਾਸ਼ਨਾਵਾਂ ਕਰਨ ਦਾ ਸ਼੍ਰੋਮਣੀ ਕਮੇਟੀ ਵੱਲੋਂ ਫੈਸਲਾ ਕੀਤਾ ਗਿਆ ਹੈ।

ਇਹ ਸਮਾਗਮ ਸ਼੍ਰੋਮਣੀ ਕਮੇਟੀ ਵੱਲੋਂ ਸੰਗਤ ਅਤੇ ਜਥੇਬੰਦੀਆਂ ਦੇ ਸਹਿਯੋਗ ਨਾਲ ਕੀਤੇ ਜਾਣਗੇ, ਜਦਕਿ ਸਰਕਾਰ ਦਾ ਫ਼ਰਜ਼ ਹੈ ਕਿ ਉਹ ਆਪਣੇ ਅਧਿਕਾਰ ਖੇਤਰ ਵਾਲੀਆਂ ਸੇਵਾਵਾਂ ਨਿਭਾਉਣ।

ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਤਾਬਦੀਆਂ ਸਬੰਧੀ ਸੰਗਤ ਪਾਸੋਂ ਸੁਝਾਅ ਮੰਗੇ ਗਏ ਹਨ, ਲੇਕਿਨ ਇਹ ਕਾਰਜ ਕਰਨਾ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਦੀ ਜ਼ੁੰਮੇਵਾਰੀ ਹੈ, ਨਾ ਕਿ ਸਰਕਾਰ ਦੀ। ਸਰਕਾਰਾਂ ਦਾ ਕੰਮ ਸ਼ਤਾਬਦੀਆਂ ਮੌਕੇ ਢੁੱਕਵੀਆਂ ਯਾਦਗਾਰਾਂ ਬਣਾਉਣਾ ਅਤੇ ਗੁਰੂ ਸਾਹਿਬਾਨ ਨਾਲ ਸਬੰਧਤ ਨਗਰਾਂ ਅਤੇ ਅਸਥਾਨਾਂ ਵਿਖੇ ਵਿਕਾਸ ਦੇ ਕਾਰਜ ਕਰਨਾ ਹੈ।

ਐਡਵੋਕੇਟ ਧਾਮੀ ਨੇ ਕੇਂਦਰ ਸਰਕਾਰ ਨੂੰ ਵਿਸ਼ੇਸ਼ ਤੌਰ ’ਤੇ ਅਪੀਲ ਕੀਤੀ ਕਿ ਉਹ ਨੌਵੇਂ ਪਾਤਸ਼ਾਹ ਜੀ ਦੇ ਇਸ ਇਤਿਹਾਸਕ ਦਿਹਾੜੇ ਮੌਕੇ ਬੰਦੀ ਸਿੰਘਾਂ ਦੀ ਰਿਹਾਈ ਦਾ ਐਲਾਨ ਕਰੇ।

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਦੇ ਨਾਲ-ਨਾਲ ਉਸ ਸਮੇਂ ਹਿੰਦੂ ਧਰਮ ਨੂੰ ਬਚਾਉਣ ਲਈ ਆਪਣੀ ਸ਼ਹਾਦਤ ਦਿੱਤੀ ਸੀ, ਜੋ ਦੁਨੀਆਂ ਦੇ ਧਰਮ ਇਤਿਹਾਸ ਅੰਦਰ ਇਕ ਮਿਸਾਲ ਹੈ। ਉਨਾਂ ਕਿਹਾ ਕਿ ਕੇਂਦਰ ਸਰਕਾਰ ਦਾ ਫ਼ਰਜ਼ ਬਣਦਾ ਹੈ ਕਿ ਉਹ ਗੁਰੂ ਸਾਹਿਬ ਦੀ ਇਸ ਮਹਾਨ ਸ਼ਹਾਦਤ ਨੂੰ ਸਤਿਕਾਰ ਦਿੰਦਿਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਦਾ ਐਲਾਨ ਕਰੇ।

ਇਕੱਤਰਤਾ ਦੇ ਹੋਰ ਫੈਸਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਜਥੇਦਾਰ ਸਾਹਿਬਾਨ ਦੀ ਨਿਯੁਕਤੀ ਤੇ ਸੇਵਾਮੁਕਤੀ ਬਾਰੇ ਨਿਯਮਾਵਲੀ ਬਣਾਉਣ ਲਈ ਪੁੱਜੇ ਸੁਝਾਵਾਂ ਦੀ ਨਜ਼ਰਸਾਨੀ ਵਾਸਤੇ ਉੱਚ ਪੱਧਰੀ ਕਮੇਟੀ ਗਠਿਤ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਲੰਘੇ ਬਜਟ ਇਜਲਾਸ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ, ਜ਼ੁੰਮੇਵਾਰੀਆਂ ਤੇ ਸੇਵਾਮੁਕਤੀ ਸਬੰਧੀ ਨਿਯਮ ਬਣਾਉਣ ਲਈ ਇਕ ਮਤਾ ਪਾਸ ਕਰਕੇ ਸਿਧਾਂਤਕ ਪ੍ਰਵਾਨਗੀ ਦਿੱਤੀ ਗਈ ਸੀ, ਜਿਸ ਤਹਿਤ ਮੰਗੇ ਸੁਝਾਵਾਂ ਨੂੰ ਵਾਚ ਕੇ ਵਿਧੀ ਵਿਧਾਨ ਬਣਾਇਆ ਜਾਣਾ ਹੈ। ਇਸ ਸਬੰਧ ਵਿਚ ਅੰਤ੍ਰਿੰਗ ਕਮੇਟੀ ਵਿਚ ਵਿਚਾਰ ਕੀਤਾ ਗਿਆ ਹੈ, ਜਿਸ ਅਨੁਸਾਰ ਸਿੱਖ ਸੰਪ੍ਰਦਾਵਾਂ ਦੇ ਨੁਮਾਇੰਦਿਆਂ ਅਤੇ ਸਿੱਖ ਵਿਦਵਾਨਾਂ ਦੀ ਕਮੇਟੀ ਗਠਤ ਕਰਕੇ ਆਏ ਸੁਝਾਵਾਂ ਦੀ ਪੜਚੋਲ ਕੀਤੀ ਜਾਵੇਗੀ।

ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਪੂਰੇ ਭਾਰਤ ਅੰਦਰ ਸਿੱਖ ਮਿਸ਼ਨ ਅਤੇ ਵਿਦਿਅਕ ਸੰਸਥਾਵਾਂ ਖੋਲ੍ਹ ਕੇ ਸਿੱਖੀ ਪ੍ਰਚਾਰ ਤੇ ਵਿਦਿਅਕ ਪ੍ਰਸਾਰ ਲਈ ਮੋਹਰੀ ਹੋ ਕੇ ਕਾਰਜ ਕਰ ਰਹੀ ਹੈ।

ਪ੍ਰੰਤੂ ਦੁੱਖ ਦੀ ਗੱਲ ਹੈ ਕਿ ਸਰਕਾਰਾਂ ਦੀ ਸ਼ਹਿ ’ਤੇ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼ਾਹਬਾਦ ਮਾਰਕੰਡਾ ਵਿਖੇ ਚੱਲ ਰਹੇ ਮੀਰੀ ਪੀਰੀ ਮੈਡੀਕਲ ਕਾਲਜ ਨੂੰ ਗੈਰ-ਕਾਨੂੰਨੀ ਢੰਗ ਨਾਲ ਹਥਿਆਉਣਾ ਚਾਹੁੰਦੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਮੈਡੀਕਲ ਕਾਲਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਦੇ ਨਾਂ ’ਤੇ ਜ਼ਮੀਨ ਪੁਰ ਸਥਾਪਤ ਕੀਤਾ ਗਿਆ ਹੈ, ਨਾ ਕਿ ਕਿਸੇ ਹਰਿਆਣਾ ਸੂਬੇ ਅੰਦਰ ਸਥਿਤ ਗੁਰਦੁਆਰਾ ਸਾਹਿਬ ਦੀ ਜ਼ਮੀਨ ਪੁਰ।

ਉਨ੍ਹਾਂ ਹਰਿਆਣਾ ਕਮੇਟੀ ਨੂੰ ਕਿਹਾ ਕਿ ਉਹ ਸਿਆਸੀ ਪਹੁੰਚ ਨਾ ਅਪਣਾਏ ਅਤੇ ਸ਼੍ਰੋਮਣੀ ਕਮੇਟੀ ਦੁਆਰਾ ਮੈਡੀਕਲ ਖੇਤਰ ਵਿਚ ਕੀਤੀਆਂ ਜਾ ਰਹੀਆਂ ਸੇਵਾਵਾਂ ਵਿਚ ਅੜਿਕਾ ਨਾ ਬਣੇ।

ਅੰਤ੍ਰਿੰਗ ਕਮੇਟੀ ਨੇ ਬੀਤੇ ਦਿਨ ਬਠਿੰਡੇ ਜ਼ਿਲ੍ਹੇ ਦੇ ਰਾਮਪੁਰ ਫੂਲ ਵਿਚ ਇਕ ਗੁਰਸਿੱਖ ਬਜ਼ੁਰਗ ਅਤੇ ਸ੍ਰੀ ਮੁਕਤਸਰ ਸਾਹਿਬ ਵਿਚ ਇਕ ਸਿੱਖ ਨੌਜੁਆਨ ਦੀ ਕੁਟਮਾਰ ਕਰਨ ਅਤੇ ਕਕਾਰਾਂ ਦੀ ਬੇਅਦਬੀ ਕਰਨ ਦੀ ਕਰੜੀ ਨਿੰਦਾ ਕੀਤੀ ਹੈ। ਇਸ ਬਾਰੇ ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ’ਚ ਸਿੱਖ ਬਹੁਗਿਣਤੀ ਹੋਣ ਦੇ ਬਾਵਜੂਦ ਵੀ ਅਜਿਹਾ ਵਰਤਾਰਾ ਵੱਡੀ ਚਿੰਤਾ ਵਾਲਾ ਹੈ।

ਪੰਜਾਬ ਵਿਚ ਵੀ ਅਜਿਹੀ ਫਿਰਕਾਪ੍ਰਸਤੀ ਨੂੰ ਉਤਸ਼ਾਹਤ ਕਰਨ ਵਾਲਿਆਂ ਦੇ ਹੌਂਸਲੇ ਵੱਧ ਰਹੇ ਹਨ, ਪਰ ਸਰਕਾਰ ਮੂਕਦਰਸ਼ਕ ਬਣ ਕੇ ਤਮਾਸ਼ਾ ਵੇਖ ਰਹੀ ਹੈ। ਅੰਤ੍ਰਿੰਗ ਕਮੇਟੀ ਨੇ ਸਰਕਾਰ ਨੂੰ ਦੋਸ਼ੀਆਂ ਖਿਲਾਫ਼ ਸਖ਼ਤ ਕਰਵਾਈ ਕਰਨ ਅਤੇ ਅਜਿਹੇ ਲੋਕਾਂ ਨੂੰ ਨੱਥ ਪਾਉਣ ਲਈ ਆਖਿਆ।

ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਾਬਕਾ ਕੇਂਦਰੀ ਮੰਤਰੀ ਸ. ਸੁਖਦੇਵ ਸਿੰਘ ਢੀਂਡਸਾ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਇੰਦਰਜੀਤ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਸ. ਹਰਦਿਆਲ ਸਿੰਘ ਸੁਰਸਿੰਘ ਨਮਿਤ ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਵਿਛੜੀ ਰੂਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ।

ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ. ਸ਼ੇਰ ਸਿੰਘ ਮੰਡਵਾਲਾ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਅੰਤ੍ਰਿੰਗ ਕਮੇਟੀ ਮੈਂਬਰ ਸ. ਅਮਰੀਕ ਸਿੰਘ ਵਿਛੋਆ, ਸ. ਸੁਰਜੀਤ ਸਿੰਘ ਤੁਗਲਵਾਲ, ਸ. ਪਰਮਜੀਤ ਸਿੰਘ ਖ਼ਾਲਸਾ, ਸ. ਸੁਰਜੀਤ ਸਿੰਘ ਗੜ੍ਹੀ, ਸ. ਬਲਦੇਵ ਸਿੰਘ ਕਾਇਮਪੁਰ, ਸ. ਦਲਜੀਤ ਸਿੰਘ ਭਿੰਡਰ, ਸ. ਸੁਖਹਰਪ੍ਰੀਤ ਸਿੰਘ ਰੋਡੇ, ਸ. ਰਵਿੰਦਰ ਸਿੰਘ ਖ਼ਾਲਸਾ, ਸ. ਜਸਵੰਤ ਸਿੰਘ ਪੁੜੇਣ ਤੇ ਸ. ਪਰਮਜੀਤ ਸਿੰਘ ਰਾਏਪੁਰ, ਓਐਸਡੀ ਸ. ਸਤਬੀਰ ਸਿੰਘ, ਸਕੱਤਰ ਸ. ਪ੍ਰਤਾਪ ਸਿੰਘ, ਇੰਜੀ: ਸੁਖਮਿੰਦਰ ਸਿੰਘ, ਵਧੀਕ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਤੇਜਿੰਦਰ ਸਿੰਘ ਪੱਡਾ, ਸ. ਪ੍ਰੀਤਪਾਲ ਸਿੰਘ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਮੀਤ ਸਕੱਤਰ ਸ. ਕੁਲਦੀਪ ਸਿੰਘ ਰੋਡੇ, ਸ. ਜਸਵਿੰਦਰ ਸਿੰਘ ਜੱਸੀ, ਸ. ਗੁਰਨਾਮ ਸਿੰਘ, ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਹਰਭਜਨ ਸਿੰਘ ਵਕਤਾ, ਕਾਨੂੰਨੀ ਸਲਾਹਕਾਰ ਸ. ਅਮਨਬੀਰ ਸਿੰਘ ਸਿਆਸੀ ਤੇ ਹੋਰ ਮੌਜੂਦ ਸਨ।

Related Articles

spot_img
spot_img

Latest Articles