Sunday, October 6, 2024
spot_img
spot_img
spot_img
spot_img
spot_img

ਪੰਜਾਬ ਸਰਕਾਰ ਅਤੇ ਕਿਸਾਨ ਯੂਨੀਅਨਾਂ ਦਰਮਿਆਨ ਮੀਟਿੰਗ; ਮੁੱਖ ਮੁੱਦਿਆਂ ‘ਤੇ ਬਣੀ ਆਮ ਸਹਿਮਤੀ

ਯੈੱਸ ਪੰਜਾਬ
ਚੰਡੀਗੜ੍ਹ, 5 ਅਕਤੂਬਰ, 2024

ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਤਿੰਨ ਘੰਟੇ ਚੱਲੀ ਅਹਿਮ ਮੀਟਿੰਗ ਦੌਰਾਨ ਸੂਬੇ ਦੇ ਵਡੇਰੇ ਹਿੱਤਾਂ ਨੂੰ ਪਹਿਲ ਦਿੰਦੇ ਹੋਏ ਲਗਭਗ ਸਾਰੇ ਨਾਜ਼ੁਕ ਮੁੱਦਿਆਂ ‘ਤੇ ਆਮ ਸਹਿਮਤੀ ਬਣਾਈ। ਪੰਜਾਬ ਸਰਕਾਰ ਨੇ ਕਿਸਾਨ ਆਗੂਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਕਈ ਮੰਗਾਂ ਪਹਿਲਾਂ ਹੀ ਲਾਗੂ ਕੀਤੀਆਂ ਜਾ ਚੁੱਕੀਆਂ ਹਨ ਅਤੇ ਬਾਕੀ ਰਹਿੰਦੀਆਂ ਜਾਇਜ਼ ਮੰਗਾਂ ਨੂੰ ਪੂਰਾ ਕਰਨ ਲਈ ਕਾਰਵਾਈ ਕੀਤੀ ਜਾ ਰਹੀ ਹੈ।

ਪੰਜਾਬ ਭਵਨ ਵਿਖੇ ਉਸਾਰੂ ਮਾਹੌਲ ਵਿੱਚ ਹੋਈ ਇਸ ਮੀਟਿੰਗ ਵਿੱਚ ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਵੀ.ਕੇ. ਸਿੰਘ, ਵਿਸ਼ੇਸ਼ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਵਧੀਕ ਮੁੱਖ ਸਕੱਤਰ ਤੇਜਵੀਰ ਸਿੰਘ, ਪ੍ਰਮੁੱਖ ਸਕੱਤਰ, ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਕਾਸ ਗਰਗ, ਪ੍ਰਸ਼ਾਸਨਿਕ ਸਕੱਤਰ ਵਿਗਿਆਨ, ਤਕਨਾਲੋਜੀ ਅਤੇ ਵਾਤਾਵਰਣ ਪ੍ਰਿਯਾਂਕ ਭਾਰਤੀ, ਪ੍ਰਸ਼ਾਸਨਿਕ ਸਕੱਤਰ ਪੇਂਡੂ ਵਿਕਾਸ ਤੇ ਪੰਚਾਇਤ ਦਿਲਰਾਜ ਸਿੰਘ ਸੰਧਾਵਾਲੀਆ, ਏਡੀਜੀਪੀ ਇੰਟੈਲੀਜੈਂਸ ਆਰ.ਕੇ.ਜੈਸਵਾਲ, ਪੀ.ਐਸ.ਪੀ.ਸੀ.ਐਲ ਦੇ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ ਬਲਦੇਵ ਸਿੰਘ ਸਰਾਂ ਅਤੇ ਖੇਤੀਬਾੜੀ ਅਤੇ ਪਸ਼ੂ ਪਾਲਣ ਵਿਭਾਗ ਦੇ ਸੀਨੀਅਰ ਅਧਿਕਾਰੀ ਸ਼ਾਮਲ ਸਨ।

ਕਿਸਾਨ ਯੂਨੀਅਨ ਦੀ ਨੁਮਾਇੰਦਗੀ ਸਰਵਣ ਸਿੰਘ ਪੰਧੇਰ, ਕਾਕਾ ਸਿੰਘ ਕੋਟੜਾ, ਸੁਰਜੀਤ ਸਿੰਘ ਫੂਲ, ਜਸਵਿੰਦਰ ਸਿੰਘ ਲੌਂਗੋਵਾਲ, ਸਤਨਾਮ ਸਿੰਘ ਸਾਹਨੀ, ਗੁਰਵਿੰਦਰ ਸਿੰਘ ਭੰਗੂ, ਸੁਖਜੀਤ ਸਿੰਘ ਹਰਦੋ ਝੰਡੇ, ਹਰਪ੍ਰੀਤ ਸਿੰਘ ਸਿੱਧਵਾਂ, ਰਣਜੀਤ ਸਿੰਘ ਕਲੇਰ ਬਾਲਾ, ਕੰਵਰਦਲੀਪ ਸੈਦੋਲੇਹਲ, ਕੰਧਾਰ ਸਿੰਘ ਭੋਏਵਾਲ ਆਦਿ ਆਗੂਆਂ ਨੇ ਕੀਤੀ।

ਕਿਸਾਨ ਸੰਘਰਸ਼ਾਂ ਦੌਰਾਨ ਜਾਨਾਂ ਗਵਾਉਣ ਵਾਲੇ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਨੌਕਰੀ ਦੇਣ ਦਾ ਮੁੱਦਾ ਮੁੱਖ ਤੌਰ ਤੇ ਵਿਚਾਰਿਆ ਗਿਆ। ਪੰਜਾਬ ਸਰਕਾਰ ਨੇ ਕਿਸਾਨ ਆਗੂਆਂ ਨੂੰ ਭਰੋਸਾ ਦਿਵਾਇਆ ਕਿ ਅਜਿਹੇ 856 ਕਿਸਾਨਾਂ ਵਿੱਚੋਂ 99 ਫੀਸਦੀ ਦੇ ਕਰੀਬ ਪਰਿਵਾਰਾਂ ਨੂੰ ਪਹਿਲਾਂ ਹੀ ਸਰਕਾਰੀ ਨੌਕਰੀ ਅਤੇ ਸਹਾਇਤਾ ਪ੍ਰਦਾਨ ਕੀਤੀ ਜਾ ਚੁੱਕੀ ਹੈ, ਬਾਕੀ ਰਹਿੰਦੇ ਮਾਮਲੇ ਕਾਰਵਾਈ ਅਧੀਨ ਹਨ ਜਿੰਨਾਂ ਨੂੰ ਜਲਦੀ ਪੂਰਾ ਕਰਨ ਲਈ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ।

ਝੋਨੇ ਦੀ ਖਰੀਦ ਸਬੰਧੀ ਯਕੀਨ ਦਿਵਾਇਆ ਗਿਆ ਕਿ ਪੰਜਾਬ ਸਰਕਾਰ ਹਰ ਦਾਣੇ ਦੀ ਖਰੀਦ ਯਕੀਨੀ ਬਣਾਉਣ ਲਈ ਵਚਨਬੱਧ ਹੈ। ਇਸ ਸਬੰਧ ਵਿੱਚ ਆੜਤੀਆਂ ਅਤੇ ਰਾਈਸ ਮਿੱਲ ਮਾਲਕਾਂ ਨਾਲ ਮਸਲਿਆਂ ਦੇ ਹੱਲ ਲਈ ਗੱਲਬਾਤ ਜਾਰੀ ਹੈ। ਗੰਨਾ ਮਿੱਲਾਂ ਵੱਲੋਂ ਕਿਸਾਨਾਂ ਨੂੰ ਬਕਾਇਆ ਅਦਾਇਗੀਆਂ ਦੇ ਮਾਮਲੇ ‘ਤੇ ਅਧਿਕਾਰੀਆਂ ਨੇ ਪੁਸ਼ਟੀ ਕੀਤੀ ਕਿ ਫਗਵਾੜਾ ਗੰਨਾ ਮਿੱਲ ਨੂੰ ਛੱਡ ਕੇ ਬਾਕੀ ਸਾਰੀਆਂ ਅਦਾਇਗੀਆਂ ਕਰ ਦਿੱਤੀਆਂ ਗਈਆਂ ਹਨ ਅਤੇ ਭਰੋਸਾ ਦਿਵਾਇਆ ਗਿਆ ਕਿ ਇਹ ਅਦਾਇਗੀਆਂ ਵੀ ਜਲਦੀ ਹੀ ਕਰ ਦਿੱਤੀਆਂ ਜਾਣਗੀਆਂ।

ਮੀਟਿੰਗ ਦੌਰਾਨ ਦੱਸਿਆ ਗਿਆ ਕਿ ਅਵਾਰਾ ਪਸ਼ੂਆਂ ਦੇ ਮੁੱਦੇ ਨੂੰ ਸਰਕਾਰ ਜਲਦੀ ਹੀ ਹੱਲ ਕਰਨ ਜਾ ਰਹੀ ਹੈ, ਅਤੇ ਸਰਕਾਰ ਵੱਲੋਂ ਇਸ ਸਮੱਸਿਆ ਨਾਲ ਵਿਆਪਕ ਤੌਰ ‘ਤੇ ਨਜਿੱਠਣ ਲਈ ਇੱਕ ਕਮੇਟੀ ਬਣਾਈ ਜਾ ਰਹੀ ਹੈ। ਸੂਬੇ ਵਿੱਚ ਨਸ਼ਿਆਂ ਦੀ ਸਮੱਸਿਆ ਬਾਰੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਨੇ ਦੱਸਿਆ ਕਿ ਨਸ਼ਾ ਤਸਕਰੀ ਦੇ ਮਾਮਲਿਆਂ ਵਿੱਚ 26,000 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਸ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ, ਭਾਵੇਂ ਉਹ ਕਿਸੇ ਵੀ ਅਹੁਦੇ ਜਾਂ ਸਮਾਜਿਕ ਰੁਤਬੇ ਦਾ ਹੋਵੇ।

ਸਮਾਰਟ ਬਿਜਲੀ ਮੀਟਰਾਂ ਸਬੰਧੀ ਚਿੰਤਾਵਾਂ ਨੂੰ ਵੀ ਦੂਰ ਕਰਦਿਆਂ ਪੰਜਾਬ ਸਰਕਾਰ ਨੇ ਬਿਜਲੀ ਵਿਭਾਗ ਦੇ ਨਿੱਜੀਕਰਨ ਸਬੰਧੀ ਕਿਸਾਨਾਂ ਦੇ ਖਦਸ਼ੇ ਨੂੰ ਦੂਰ ਕੀਤਾ। ਪੰਜਾਬ ਸਰਕਾਰ ਨੇ ਸਪੱਸ਼ਟ ਕੀਤਾ ਕਿ ਬਿਜਲੀ ਵਿਭਾਗ ਦੇ ਨਿੱਜੀਕਰਨ ਸਬੰਧੀ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ ਅਤੇ ਨਾ ਹੀ ਅਜਿਹੀ ਕੋਈ ਯੋਜਨਾ ਪਾਈਪਲਾਈਨ ਵਿੱਚ ਹੈ।

ਇਹ ਮੀਟਿੰਗ ਲੰਮੇ ਸਮੇਂ ਤੋਂ ਲਟਕਦੇ ਆ ਰਹੇ ਮੁੱਦਿਆਂ ਨੂੰ ਹੱਲ ਕਰਨ ਅਤੇ ਪੰਜਾਬ ਵਿੱਚ ਕਿਸਾਨ ਭਾਈਚਾਰੇ ਦੀ ਭਲਾਈ ਨੂੰ ਯਕੀਨੀ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਰਹੀ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ