ਯੈੱਸ ਪੰਜਾਬ
ਚੰਡੀਗੜ੍ਹ, 13 ਜੂਨ, 2025
Punjab Vigilance Bureau ਨੇ ਮੁੱਖ ਮੰਤਰੀ Bhagwant Singh Mann ਦੀ ਅਗਵਾਈ ਵਾਲੀ Punjab ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਐਸ.ਡੀ.ਐਮ. ਦਫ਼ਤਰ, ਜ਼ਿਲ੍ਹਾ ਰਾਏਕੋਟ, ਲੁਧਿਆਣਾ ਵਿਖੇ ਤਾਇਨਾਤ ਸਟੈਨੋ ਜਤਿੰਦਰ ਸਿੰਘ ਨੂੰ 24,06,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।
ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ Vigilance Bureau ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਪਿੰਡ ਸੁਖਾਣਾ, ਤਹਿਸੀਲ ਰਾਏਕੋਟ, ਜ਼ਿਲ੍ਹਾ ਲੁਧਿਆਣਾ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ ਐਸ.ਡੀ.ਐਮ. ਰਾਏਕੋਟ ਅਤੇ ਉਸ ਦਾ ਸਟੈਨੋ ਜਤਿੰਦਰ ਸਿੰਘ, ਵਾਸੀ ਪਿੰਡ ਨੂਰਪੁਰਾ, ਤਹਿਸੀਲ ਜਗਰਾਉਂ, ਆਮ ਲੋਕਾਂ ਦੇ ਸਰਕਾਰੀ ਕੰਮ ਕਰਨ ਬਦਲੇ ਲੋਕਾਂ ਤੋਂ ਮੋਟੀ ਰਕਮ ਵਸੂਲ ਰਹੇ ਹਨ।
ਉਨ੍ਹਾਂ ਅੱਗੇ ਦੱਸਿਆ ਕਿ ਇਸ ਜਾਣਕਾਰੀ ਦੇ ਆਧਾਰ ‘ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਮੁਲਜ਼ਮ ਸਟੈਨੋ ਜਤਿੰਦਰ ਸਿੰਘ ਤੋਂ ਪੁੱਛਗਿੱਛ ਕੀਤੀ ਅਤੇ ਉਸ ਦੇ ਦਫ਼ਤਰ ਦੀ ਤਲਾਸ਼ੀ ਦੌਰਾਨ ਇੱਕ ਅਲਮਾਰੀ ‘ਚੋਂ 24 ਲੱਖ 6 ਹਜ਼ਾਰ ਰੁਪਏ ਦੀ ਨਕਦੀ ਬਰਾਮਦ ਹੋਈ। ਮੁਲਜ਼ਮ ਇਸ ਨਕਦੀ ਦੇ ਵੇਰਵੇ ਦੱਸਣ ਵਿੱਚ ਅਸਫ਼ਲ ਰਿਹਾ ਅਤੇ ਵਿਜੀਲੈਂਸ ਬਿਊਰੋ ਦੀ ਟੀਮ ਨੇ ਉਸਨੂੰ ਗ੍ਰਿਫ਼ਤਾਰ ਕਰ ਲਿਆ।
ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਥਾਣਾ ਲੁਧਿਆਣਾ ਰੇਂਜ ਵਿਖੇ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।