ਯੈੱਸ ਪੰਜਾਬ
ਚੰਡੀਗੜ੍ਹ, 19 ਜਨਵਰੀ, 2022:
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੀਨੀਅਰ ਅਕਾਲੀ ਨੇਤਾ ਅਤੇ ਸਾਬਕਾ ਕੈਬਨਿਟ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੂੰ ਦਿੱਤੀ ਅਗਾਊਂ ਜ਼ਮਾਨਤ ਦੀ ਮਿਆਦ ਵਿੱਚ ਵਾਧਾ ਕਰ ਦਿੱਤਾ ਹੈ।
ਮੰਗਲਵਾਰ ਨੂੰ ਅਦਾਲਤ ਵੱਲੋਂ ਕੀਤੇ ਹੁਕਮਾਂ ਤਹਿਤ ਸ:ਮਜੀਠੀਆ ਦੀ ਜ਼ਮਾਨਤ ਹੁਣ 24 ਜਨਵਰੀ ਤਕ ਪ੍ਰਭਾਵੀ ਰਹੇਗੀ ਭਾਵ 24 ਜਨਵਰੀ ਤਕ ਉਨ੍ਹਾਂ ਦੀ ਗ੍ਰਿਫ਼ਤਾਰੀ ’ਤੇ ਰੋਕ ਜਾਰੀ ਰਹੇਗੀ।
ਇਸ ਤੋਂ ਇਲਾਵਾ ਇਹ ਵੀ ਹੁਕਮ ਕੀਤਾ ਗਿਆ ਹੈ ਕਿ ਜੇ 24 ਜਨਵਰੀ ਨੂੰ ਕਿਸੇ ਗੱਲ ਕਰਕੇ ਸੁਣਵਾਈ ਨਹੀਂ ਹੁੰਦੀ ਤਾਂ ਸ: ਮਜੀਠੀਆ ਦੀ ਅਗਾਊਂ ਜ਼ਮਾਨਤ ਅਗਲੀ ਤਾਰੀਖ਼ ਤਕ ਪ੍ਰਭਾਵੀ ਰਹੇਗੀ।
ਮੰਗਲਵਾਰ ਨੂੰ ਹੋਈ ਸੁਣਵਾਈ ਦੌਰਾਨ ਸਰਕਾਰ ਵੱਲੋਂ ਪੇਸ਼ ਹੋਏ ਕਾਂਗਰਸ ਆਗੂ ਅਤੇ ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਸ੍ਰੀ ਪੀ. ਚਿਦਾਂਬਰਮ ਨੇ ਅਦਾਲਤ ਨੂੰ ਦੱਸਿਆ ਕਿ ਸ: ਮਜੀਠੀਆ ਜਾਂਚ ਵਿੱਚ ਸਹਿਯੋਗ ਨਹੀਂ ਦੇ ਰਹੇ ਜਿਸ ’ਤੇ ਅਦਾਲਤ ਨੇ ਸ: ਮਜੀਠੀਆ ਨੂੰ ਜਾਂਚ ਏਜੰਸੀ ਨੂੰ ਮੁੜ ਸਹਿਯੋਗ ਕਰਨ ਲਈ ਕਿਹਾ ਹੈ।
ਇਸੇ ਦੌਰਾਨ ਦੋਹਾਂ ਧਿਰਾਂ ਦੀ ਸਹਿਮਤੀ ਨਾਲ ਹੀ ਉੱਚ ਅਦਾਲਤ ਨੇ ਮਾਮਲੇ ਦੀ ਅਗਲੀ ਤਾਰੀਖ਼ 24 ਜਨਵਰੀ ਨਿਰਧਾਰਿਤ ਕੀਤੀ ਹੈ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ