ਯੈੱਸ ਪੰਜਾਬ
ਨਵੀਂ ਦਿੱਲੀ, 25 ਜਨਵਰੀ, 2023-ਕਿਸਾਨ ਅੰਦੋਲਨ ਦੌਰਾਨ ਉੱਤਰ ਪ੍ਰਦੇਸ਼ ਦੇ ਲਖ਼ੀਮਪੁਰੀ ਖ਼ੀਰੀ ਵਿੱਚ ਕਿਸਾਨਾਂ ’ਤੇ ਆਪਣੀ ਥਾਰ ਗੱਡੀ ਚੜ੍ਹਾ ਦੇਣ ਦੇ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਨੂੰ ਸੁਪਰੀਮ ਕੋਰਟ ਨੇ ਵੱਡੀ ਰਾਹਤ ਦਿੱਤੀ ਹੈ।
ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੇਨੀ ਦਾ ਬੇਟਾ ਆਸ਼ੀਸ਼ ਮਿਸ਼ਰਾ ਇਸ ਵੇਲੇ ਉੱਤਰ ਪ੍ਰਦੇਸ਼ ਦੀ ਜੇਲ੍ਹ ਵਿੱਚ ਬੰਦ ਹੈ।
ਜਸਟਿਸ ਸੂਰਯਾ ਕਾਂਤ ਅਤੇ ਜਸਟਿਸ ਜੇ.ਕੇ. ਮਹੇਸ਼ਵਰੀ ’ਤੇ ਆਧਾਰਿਤ ਸੁਪਰੀਮ ਕੋਰਟ ਦੇ ਬੈਂਚ ਵੱਲੋਂ ਅੱਜ ਉਸਦੀ ਜ਼ਮਾਨਤ ਅਰਜ਼ੀ ਦੀ ਸੁਣਵਾਈ ਕਰਦਿਆਂ ਦਿੱਤੇ ਗਏ ਫ਼ੈਸਲੇ ਵਿੱਚ ਆਸ਼ੀਸ਼ ਮਿਸ਼ਰਾ ਨੂੰ 8 ਹਫ਼ਤਿਆਂ ਦੀ ਅੰਤਰਿਮ ਜ਼ਮਾਨਤ ਦਿੰਦਿਆਂ ਕੁਝ ਸ਼ਰਤਾਂ ਵੀ ਲਗਾਈਆਂ ਗਈਆਂ ਹਨ।
ਆਦੇਸ਼ ਦਿੱਤਾ ਗਿਆ ਹੈ ਕਿ ਜੇਲ੍ਹ ਵਿੱਚ ਰਿਹਾ ਹੋਣ ਤੋਂ ਇਕ ਹਫ਼ਤੇ ਦੇ ਅੰਦਰ ਅੰਦਰ ਆਸ਼ੀਸ਼ ਮਿਸ਼ਰਾ ਨੂੰ ਉੱਤਰ ਪ੍ਰਦੇਸ਼ ਤੋਂ ਬਾਹਰ ਜਾਣਾ ਹੋਵੇਗਾ। ਇਸ ਤੋਂ ਇਲਾਵਾ ਜ਼ਮਾਨਤ ਦੇ ਸਮੇਂ ਦੌਰਾਨ ਉਹ ਉੱਤਰ ਪ੍ਰਦੇਸ਼ ਅਤੇ ਦਿੱਲੀ ਵਿੱਚ ਨਹੀਂ ਰਹਿ ਸਕੇਗਾ।
ਆਸ਼ੀਸ਼ ਮਿਸ਼ਰਾ ਨੂੰ ਅਦਾਲਤ ਨੂੰ ਆਪਣੀ ਲੋਕੇਸ਼ਨ ਦੱਸਣੀ ਹੋਵੇਗੀ, ਥਾਣੇ ਵਿੱਚ ਹਾਜ਼ਰੀ ਦੇਣੀ ਹੋਵੇਗੀ ਅਤੇ ਆਪਣਾ ਪਾਸਪੋਰਟ ਜਮ੍ਹਾਂ ਕਰਵਾਉਣਾ ਹੋਵੇਗਾ। ਇਹ ਵੀ ਕਿਹਾ ਗਿਆ ਹੈ ਕਿ ਜ਼ਮਾਨਤ ਦੀਆਂ ਸ਼ਰਤਾਂ ਦੀ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਕੀਤੇ ਜਾਣ ’ਤੇ ਜ਼ਮਾਨਤ ਰੱਦ ਕੀਤੀ ਜਾ ਸਕੇਗੀ।
ਸੁਪਰੀਮ ਕੋਰਟ ਨੇ ਇਸ ਮਾਮਲੇ ਦੇ ਪ੍ਰਤੀਕਰਮ ਵਜੋਂ ਕਾਰਵਾਈ ਕਰਨ ਵਾਲੇ 4 ਕਿਸਾਨਾਂ ਨੂੰ ਵੀ ਜ਼ਮਾਨਤ ਦੇਣ ਦਾ ਹੁਕਮ ਸੁਣਾਇਆ ਹੈ। ਇਨ੍ਹਾਂ ਦੀ ਜ਼ਮਾਨਤ ਅਰਜ਼ੀ ਅਲਾਹਾਬਾਦ ਹਾਈਕੋਰਟ ਵਿੱਚ ਲੰਬਿਤ ਹੈ।