ਯੈੱਸ ਪੰਜਾਬ
ਹੁਸ਼ਿਆਰਪੁਰ, 6 ਫਰਵਰੀ, 2025
Punjab ਦੇ ਸਥਾਨਕ ਸਰਕਾਰਾਂ ਮੰਤਰੀ Dr. Ravjot Singh ਨੇ ਅੱਜ ਨਗਰ ਨਿਗਮ Hoshiarpur ਦੇ ਅਧਿਕਾਰੀਆਂ ਅਤੇ ਸਫ਼ਾਈ ਕਰਮਚਾਰੀ ਯੂਨੀਅਨ ਦੇ ਪ੍ਰਤੀਨਿੱਧੀਆਂ ਨਾਲ ਮਹੱਤਵਪੂਰਨ ਮੀਟਿੰਗ ਕੀਤੀ। ਇਸ ਮੀਟਿੰਗ ਵਿਚ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਮੀਟਿੰਗ ਦਾ ਮੰਤਵ ਸਫ਼ਾਈ ਕਰਮਚਾਰੀਆਂ ਵਿਸ਼ੇਸ਼ ਕਰਕੇ ਸੀਵਰਮੈਨਾਂ ਨੂੰ ਪੱਕਾ ਕਰਨ ਦੇ ਵਿਸ਼ੇ ’ਤੇ ਵਿਚਾਰ ਵਟਾਂਦਰਾ ਕਰਨਾ ਅਤੇ ਉਨ੍ਹਾਂ ਦੇ ਹੱਲ ਦੀ ਦਿਸ਼ਾ ਵਿਚ ਠੋਸ ਕਦਮ ਉਠਾਉਣਾ ਸੀ।
Dr. Ravjot Singh ਨੇ ਯੂਨੀਅਨ ਦੇ ਪ੍ਰਤੀਨਿੱਧੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਸੀਵਰਮੈਨਾਂ ਨੂੰ ਪੱਕਾ ਕਰਨ ਦੇ ਮੁੱਦੇ ’ਤੇ ਜਲਦ ਹੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਨਗਰ ਨਿਗਮ ਹੁਸ਼ਿਆਰਪੁਰ ਵਲੋਂ ਇਕ ਪ੍ਰਸਤਾਵ ਸਥਾਨਕ ਸਰਕਾਰਾਂ ਵਿਭਾਗ ਨੂੰ ਭੇਜਿਆ ਗਿਆ ਹੈ ਜਿਸ ਵਿਚ ਨਿਗਮ ਨੇ ਸੀਵਰਮੈਨਾਂ ਦੀ ਸੇਲਰੀ ਦਾ ਖਰਚਾ ਉਠਾਉਣ ਦੀ ਜ਼ਿੰਮੇਵਾਰੀ ਲਈ ਹੈ। ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸਫ਼ਾਈ ਕਰਮਚਾਰੀਆਂ ਦੀ ਹਰ ਜਾਇਜ਼ ਮੰਗ ਨੂੰ ਪੂਰਾ ਕਰਨ ਲਈ ਵਚਨਬੱਧ ਹੈ।
ਡਾ. ਰਵਜੋਤ ਸਿੰਘ ਨੇ ਕਿਹਾ ਕਿ ਸਫ਼ਾਈ ਕਰਮਚਾਰੀ ਸਮਾਜ ਲਈ ਇਕ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ ਅਤੇ ਉਨ੍ਹਾਂ ਦਾ ਸਨਮਾਨ ਅਤੇ ਭਲਾਈ ਨੂੰ ਯਕੀਨੀ ਬਣਾਉਣਾ ਸਾਡਾ ਨੈਤਿਕ ਅਤੇ ਸਮਾਜਿਕ ਕਰਤੱਵ ਹੈ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਇਸ ਦਿਸ਼ਾ ਵਿਚ ਤੇਜ਼ੀ ਨਾਲ ਕੰਮ ਕਰਨ ਤਾਂ ਜੋ ਕਰਮਚਾਰੀਆਂ ਨੂੰ ਜਲਦ ਤੋਂ ਜਲਦ ਰਾਹਤ ਮਿਲ ਸਕੇ।
ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕੈਬਨਿਟ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾ ਨੂੰ ਪੂਰਾ ਵਿਸ਼ਵਾਸ ਹੈ ਕਿ ਸੀਵਰਮੈਨਾਂ ਦੀਆਂ ਮੰਗਾਂ ਦਾ ਹੱਲ ਜਲਦ ਨਿਕਲੇਗਾ। ਉਨ੍ਹਾਂ ਇਹ ਵੀ ਆਸ ਪ੍ਰਗਟਾਈ ਕਿ ਸਥਾਨਕ ਸਰਕਾਰਾਂ ਮੰਤਰੀ ਹੁਸ਼ਿਆਰਪੁਰ ਸ਼ਹਿਰ ਦੇ ਵਿਕਾਸ ਲਈ ਨਗਰ ਨਿਗਮ ਨੂੰ ਜ਼ਰੂਰੀ ਫੰਡ ਉਪਲੱਬਧ ਕਰਵਾਉਣਗੇ।
ਮੀਟਿੰਗ ਵਿਚ ਮੇਅਰ ਸੁਰਿੰਦਰ ਕੁਮਾਰ, ਕਮਿਸ਼ਨਰ ਡਾ. ਅਮਨਦੀਪ ਕੌਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ, ਐਸ.ਡੀ.ਐਮ. ਸੰਜੀਵ ਸ਼ਰਮਾ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਬਿੰਦਰ ਸਿੰਘ ਪਾਬਲਾ ਤੋਂ ਇਲਾਵਾ ਹੋਰ ਅਧਿਕਾਰੀ ਅਤੇ ਯੂਨੀਅਨ ਦੇ ਪ੍ਰਤੀਨਿੱਧੀ ਮੌਜੂਦ ਸਨ।