ਯੈੱਸ ਪੰਜਾਬ
ਅੰਮ੍ਰਿਤਸਰ, 16 ਜੂਨ, 2025
Shiromani Gurdwara Parbandhak Committee ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਅੱਜ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਬੰਧ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ ਹੋਇਆ।
ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਹਜੂਰੀ ਰਾਗੀ ਭਾਈ ਭੁਪਿੰਦਰ ਸਿੰਘ ਦੇ ਜਥੇ ਨੇ ਪੁਰਾਤਨ ਤੰਤੀ ਸਾਜ਼ਾਂ ਨਾਲ ਗੁਰਬਾਣੀ ਕੀਰਤਨ ਨਾਲ ਸੰਗਤ ਨੂੰ ਜੋੜਿਆ।
ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਨੇ ਸਰਵਨ ਕਰਵਾਇਆ। ਗਿਆਨੀ ਪਰਵਿੰਦਰਪਾਲ ਸਿੰਘ ਨੇ ਸੰਗਤਾਂ ਨਾਲ ਅੱਜ ਦੇ ਇਤਿਹਾਸ ਦੀ ਸਾਂਝ ਪਾਉਂਦਿਆਂ ਕਿਹਾ ਕਿ ਛੇਵੇਂ ਪਾਤਸ਼ਾਹ ਜੀ ਨੇ ਸ੍ਰੀ ਅਕਾਲ ਤਖਤ ਸਾਹਿਬ ਦੀ ਸਿਰਜਨਾ ਕਰਕੇ ਮੀਰੀ ਪੀਰੀ ਦਾ ਸਿਧਾਂਤ ਦਿੱਤਾ।
ਜੁਲਮ ਨਾਲ ਟੱਕਰ ਲੈਣ ਲਈ ਸਿੱਖਾਂ ਨੂੰ ਸ਼ਸਤਰ ਵਿਦਿਆ ਦਾ ਅਭਿਆਸ ਕਰਵਾ ਕੇ ਕੌਮ ਅੰਦਰ ਬੀਰਰੱਸ ਦੀ ਭਾਵਨਾ ਭਰੀ। ਗੁਰੂ ਸਾਹਿਬ ਨੇ ਤਖਤ ਤੇ ਬਿਰਾਜਮਾਨ ਹੋ ਕੇ ਸਿੱਖ ਸੂਰਮਿਆਂ ਵਿੱਚ ਜੋਸ਼ ਭਰਨ ਲਈ ਢਾਡੀ ਵਾਰਾਂ ਸ਼ੁਰੂ ਕਰਵਾਈਆਂ। ਇਹ ਸਿੱਖ ਇਤਿਹਾਸ ਦਾ ਉਹ ਪੰਨਾ ਹੈ, ਜਿਸ ਨੇ ਕੌਮ ਅੰਦਰ ਅਣਖ, ਜਜ਼ਬਾ ਤੇ ਦ੍ਰਿੜ੍ਹਤਾ ਪੈਦਾ ਕੀਤੀ।
ਇਸ ਮੌਕੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਦੀ ਕੌਮ ਨੂੰ ਵਧਾਈ ਦਿੰਦਿਆਂ ਆਖਿਆ ਕਿ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਹਮਣੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਥਾਪਨਾ ਇਸ ਲਈ ਕੀਤੀ ਕਿ ਰਾਜਨੀਤੀ ਧਰਮ ਦੇ ਮੁਤਾਬਕ ਹੋਵੇ, ਜਿਸ ਨਾਲ ਰੱਬ ਦੇ ਨਿਆਂ ਵਾਲੇ ਸਮਾਜ ਦੀ ਸਿਰਜਣਾ ਹੋਵੇ।
ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਅਕਾਲ ਪੁਰਖ ਦਾ ਤਖਤ ਹੈ, ਜਿਸ ਨੂੰ ਗੁਰੂ ਸਾਹਿਬ ਨੇ ਆਪ ਸਿਰਜਿਆ। ਉਨ੍ਹਾਂ ਕਿਹਾ ਕਿ ਸਿੱਖ ਹਮੇਸ਼ਾਂ ਸ੍ਰੀ ਅਕਾਲ ਤਖਤ ਸਾਹਿਬ ਨੂੰ ਸਮਰਪਿਤ ਰਿਹਾ ਹੈ ਅਤੇ ਸਦਾ ਸਮਰਪਿਤ ਰਹੇਗਾ।
18ਵੀਂ ਸਦੀ ਵਿਚ ਜਦੋਂ ਹਕੂਮਤਾਂ ਨੇ ਸਿੱਖਾਂ ਦਾ ਖੁਰਾਖੋਜ ਮਿਟਾਉਣ ਦਾ ਐਲਾਨ ਕੀਤਾ, ਤਾਂ ਕੌਮ ਨੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਅਗਵਾਈ ਲੈ ਅਬਦਾਲੀ ਨੂੰ ਗਜਨੀ ਤੱਕ ਭਜਾਇਆ। ਉਨ੍ਹਾਂ ਸਿੱਖ ਜਵਾਨੀ ਨੂੰ ਖਾਸ ਤੌਰ ਤੇ ਅਪੀਲ ਕੀਤੀ ਕਿ ਅੱਜ ਸਾਨੂੰ ਗੁਰੂ ਨਾਲੋਂ ਤੋੜਨ ਲਈ ਲਚਰਤਾ ਫੈਲਾਈ ਜਾ ਰਹੀ ਹੈ, ਜਿਸ ਦਾ ਮੁਕਾਬਲਾ ਸੁਚੇਤ ਤੇ ਚੇਤੰਨ ਰੂਪ ਵਿਚ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਸਾਰੇ ਆਪਣੀ ਜ਼ੁੰਮੇਵਾਰੀ ਸਮਝੀਏ ਅਤੇ ਅਜਿਹੇ ਮਾੜੇ ਪ੍ਰਭਾਵਾਂ ਤੋਂ ਬਚਾਉਣ ਲਈ ਬੱਚਿਆਂ ਨੂੰ ਧਰਮ ਨਾਲ ਜੋੜੀਏ। ਉਨ੍ਹਾਂ ਸਮੁੱਚੀ ਕੌਮ ਨੂੰ ਖੁਆਰੀਆਂ ਵਿਚੋਂ ਨਿਕਲਣ ਲਈ ਗੁਰੂ ਸਿਧਾਂਤਾਂ ’ਤੇ ਪਹਿਰਾ ਦਿੰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਛਤਰ ਸਾਇਆ ਹੇਠ ਇਕੱਤਰ ਹੋਣ ਦੀ ਲੋੜ ’ਤੇ ਜ਼ੋਰ ਦਿੱਤਾ।
ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, ਵਧੀਕ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਬਿਜੈ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਪ੍ਰੋ. ਸੁਖਦੇਵ ਸਿੰਘ, ਸ. ਕੁਲਦੀਪ ਸਿੰਘ ਰੋਡੇ, ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਹਰਭਜਨ ਸਿੰਘ ਵਕਤਾ, ਸੁਪ੍ਰਿਟੈਂਡੈਂਟ ਸ. ਨਿਸ਼ਾਨ ਸਿੰਘ ਤੇ ਸ. ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸ. ਨਰਿੰਦਰ ਸਿੰਘ, ਸ. ਜਸਪਾਲ ਸਿੰਘ ਢੱਡੇ, ਮੀਤ ਮੈਨੇਜਰ ਸ. ਗੁਰਤਿੰਦਰਪਾਲ ਸਿੰਘ ਅਤੇ ਸੰਗਤਾਂ ਮੌਜੂਦ ਸਨ।