ਯੈੱਸ ਪੰਜਾਬ
ਚੰਡੀਗੜ੍ਹ, 22 ਅਕਤੂਬਰ, 2024
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਲਾਂ ਨੂੰ ਲੈ ਕੇ ਭਾਜਪਾ ਦੀ ਸਖ਼ਤ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਜਾਣਬੁੱਝ ਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਇਹ ਭਾਜਪਾ ਦੀ ਪੰਜਾਬ ਪ੍ਰਤੀ ਨਫ਼ਰਤ ਨੂੰ ਦਰਸਾਉਂਦਾ ਹੈ।
ਕੰਗ ਨੇ ਕਿਹਾ ਕਿ ਅਸਲ ਵਿੱਚ ਭਾਜਪਾ ਕਿਸਾਨ ਅੰਦੋਲਨ ਨੂੰ ਅਜੇ ਤੱਕ ਹਜ਼ਮ ਨਹੀਂ ਕਰ ਸਕੀ ਹੈ। ਇਸ ਦਾ ਬਦਲਾ ਉਹ ਪੰਜਾਬ ਦੇ ਕਿਸਾਨਾਂ ਤੋਂ ਲੈ ਰਹੀ ਹੈ। ਭਾਜਪਾ ਦੀ ਕੇਂਦਰ ਸਰਕਾਰ ਅਕਸਰ ਕਿਸੇ ਨਾ ਕਿਸੇ ਬਹਾਨੇ ਪੰਜਾਬ ਦੇ ਕਿਸਾਨਾਂ ਨੂੰ ਪ੍ਰੇਸ਼ਾਨ ਕਰਨ ਦੀ ਕੋਸ਼ਿਸ਼ ਕਰਦੀ ਹੈ। ਇਸ ਵਾਰ ਵੀ ਉਹ ਅਜਿਹਾ ਹੀ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਬੜੀ ਹੈਰਾਨੀ ਦੀ ਗੱਲ ਹੈ ਕਿ ਇੱਕ ਸਾਲ ਵਿੱਚ ਗੁਦਾਮ ਖਾਲੀ ਨਹੀਂ ਹੋਏ, ਜਦਕਿ ਮੰਤਰੀ ਅਤੇ ਮੁੱਖ ਮੰਤਰੀ ਨੇ ਖੁਦ ਕੇਂਦਰੀ ਮੰਤਰੀ ਨਾਲ ਮੁਲਾਕਾਤ ਕੀਤੀ ਸੀ। ਅਧਿਕਾਰੀਆਂ ਨੇ ਕਈ ਵਾਰ ਪੱਤਰ ਲਿਖੇ ਪਰ ਕੋਈ ਕਾਰਵਾਈ ਨਹੀਂ ਹੋਈ।
ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਅਨਾਜ ਦੀ ਆਮਦ ਹੋਣ ਦੇ ਬਾਵਜੂਦ ਅਨਾਜ ਦੀ ਬਹੁਤ ਹੌਲੀ ਲਿਫਟਿੰਗ ਭਾਜਪਾ ਦਾ ਪੰਜਾਬ ਪ੍ਰਤੀ ਗਲਤ ਅਤੇ ਮਾੜੇ ਇਰਾਦਿਆਂ ਨੂੰ ਉਜਾਗਰ ਕਰਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੂੰ ਪੰਜਾਬ ਦੇ ਕਿਸਾਨਾਂ ਨਾਲ ਇੰਨੀ ਪ੍ਰੇਸ਼ਾਨੀ ਹੈ, ਤਾਂ ਉਹ ਛੇ ਮਹੀਨੇ ਪਹਿਲਾਂ ਹੀ ਉਨ੍ਹਾਂ ਨੂੰ ਸੂਚਿਤ ਕਰ ਦਿੰਦੀ ਤਾਂ ਕਿਸਾਨ ਫ਼ਸਲ ਹੀ ਨਾ ਬੀਜਦੇ। ਇਹ ਬਹੁਤ ਮਾੜੀ ਰਾਜਨੀਤੀ ਹੈ, ਇਸਦੀ ਨਿੰਦਾ ਨਹੀਂ ਕੀਤੀ ਜਾ ਸਕਦੀ।
ਕੰਗ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਸਰਕਾਰ ਤੁਹਾਡੇ ਨਾਲ ਖੜ੍ਹੀ ਹੈ। ਤੁਹਾਡੀ ਫ਼ਸਲ ਦਾ ਹਰ ਦਾਣਾ ਚੁੱਕਿਆ ਜਾਵੇਗਾ। ਸਰਕਾਰ ਤੁਹਾਨੂੰ ਕਿਸੇ ਕਿਸਮ ਦਾ ਨੁਕਸਾਨ ਨਹੀਂ ਹੋਣ ਦੇਵੇਗੀ।