ਯੈੱਸ ਪੰਜਾਬ
ਚੰਡੀਗੜ੍ਹ, 13 ਜੂਨ, 2021:
ਬੇਅਦਬੀ ਦੀਆਂ ਘਟਨਾਵਾਂ ਤੋਂ ਬਾਅਦ 2015 ਵਿੱਚ ਕੋਟਕਪੂਰਾ ਵਿਖ਼ੇ ਪੁਲਿਸ ਵੱਲੋਂ ਕੀਤੀ ਗਈ ਗੋਲੀਬਾਰੀ ਦੇ ਸੰਬੰਧ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਆਦੇਸ਼ ’ਤੇ ਏ.ਡੀ.ਜੀ.ਪੀ. ਸ੍ਰੀ ਐਲ.ਕੇ.ਯਾਦਵ ਦੀ ਅਗਵਾਈ ਵਾਲੀ ਐਸ.ਆਈ.ਟੀ. ਵੱਲੋਂ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਤਲਬ ਕੀਤਾ ਗਿਆ ਹੈ।
ਸੂਤਰਾਂ ਅਨੁਸਾਰ ਇਸ ਮਾਮਲੇ ਦੀ ਪੁੱਛਗਿੱਛ ਦੇ ਲਈ ਸ: ਬਾਦਲ ਨੂੰ 16 ਜੂਨ ਲਈ ਸੰਮਨ ਭੇਜੇ ਗਏ ਹਨ। ਉਹਨਾਂ ਨੂੰ 16 ਜੂਨ ਸਵੇਰੇ 10.30 ਵਜੇ ਐਸ.ਆਈ.ਟੀ.ਦੇ ਸਾਹਮਣੇ ਮੋਹਾਲੀ ਦੇ ਫ਼ੇਜ਼ 8 ਵਿੱਚ ਸਥਿਤ ਪੀ.ਐਸ.ਪੀ.ਸੀ.ਐਲ. ਰੈਸਟ ਹਾਊਸ ਵਿੱਚ ਤਲਬ ਕੀਤਾ ਗਿਆ ਹੈ।
ਯਾਦ ਰਹੇ ਕਿ ਇਸ ਤੋਂ ਪਹਿਲਾਂ ਵੀ ਸੇਵਾਮੁਕਤ ਹੋ ਚੁੱਕੇ ਆਈ.ਜੀ. ਸ੍ਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਅਗਵਾਈ ਵਾਲੀ ਐਸ.ਆਈ.ਟੀ. ਵੱਲੋਂ ਪਿਛਲੇ ਸਾਲ 16 ਨਵੰਬਰ ਨੂੰ ਸ: ਬਾਦਲ ਤੋਂ ਇਸ ਮਾਮਲੇ ਵਿੱਚ ਪੁੱਛਗਿੱਛ ਕੀਤੀ ਗਈ ਸੀ।
ਜ਼ਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਸ੍ਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਵਾਲੀ ਐਸ.ਆਈ.ਟੀ.ਦੀ ਰਿਪੋਰਟ ਖ਼ਾਰਜ ਕਰਨ ਉਪਰੰਤ ਇਕ ਨਵੀਂ ਐਸ.ਆਈ.ਟੀ.ਬਣਾਉਣ ਦੇ ਆਦੇਸ਼ ਦਿੱਤੇ ਗਏ ਸਨ ਜਿਸ ਦੇ ਚੱਲਦਿਆਂ ਸ੍ਰੀ ਐਲ.ਕੇ.ਯਾਦਵ ਦੀ ਅਗਵਾਈ ਵਿੱਚ ਇਕ ਨਵੀਂ ਐਸ.ਆਈ.ਟੀ. ਦਾ ਗਠਨ ਕੀਤਾ ਗਿਆ ਸੀ ਜਿਸ ਵਿੱਚ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਸ੍ਰੀ ਰਾਕੇਸ਼ ਅੱਗਰਵਾਲ ਅਤੇ ਡੀ.ਆਈ.ਜੀ.ਫਿਰੋਜ਼ਪੁਰ ਰੇਂਜ ਸ: ਸੁਰਜੀਤ ਸਿੰਘ ਬਤੌਰ ਮੈਂਬਰ ਸ਼ਾਮਲ ਹਨ।
ਬੇਅਦਬੀ ਅਤੇ ਗੋਲੀਕਾਂਡ ਮਾਮਲੇ ਵਿੱਚ ਸਰਕਾਰ ’ਤੇ ਵਧਦੇ ਦਬਾਅ ਦੇ ਚੱਲਦਿਆਂ ਹਾਈਕੋਰਟ ਦੇ ਆਦੇਸ਼ਾਂ ’ਤੇ ਬਣੀ ਇਸ ਐਸ.ਆਈ.ਟੀ. ਨੇ ਆਪਣਾ ਕੰਮ ਤੇਜ਼ੀ ਨਾਲ ਸ਼ੁਰੂ ਕੀਤਾ ਹੋਇਆ ਹੈ ਅਤੇ ਸਾਬਕਾ ਡੀ.ਜੀ.ਪੀ. ਸ੍ਰੀ ਸੁਮੇਧ ਸੈਣੀ ਅਤੇ ਮੁਅੱਤਲ ਚੱਲ ਰਹੇ ਆਈ.ਜੀ. ਸ: ਪਰਮਰਾਜ ਸਿੰਘ ਉਮਰਾਨੰਗਲ ਤੋਂ ਇਲਾਵਾ ਹੋਰ ਦੋਸ਼ੀ ਪੁਲਿਸ ਅਫ਼ਸਰ ਅਤੇ ਕਈ ਗਵਾਹਾਂ ਤੋਂ ਪੁੱਛ ਗਿੱਛ ਕੀਤੀ ਜਾ ਚੁੱਕੀ ਹੈ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ