ਯੈੱਸ ਪੰਜਾਬ
ਚੰਡੀਗੜ੍ਹ, ਜੁਲਾਈ 15, 2024:
ਨਰਮੇ ਦੀ ਫ਼ਸਲ ਨੂੰ ਕੀਟਾਂ ਦੇ ਹਮਲੇ ਤੋਂ ਬਚਾਉਣ ਵਾਸਤੇ ਨਿਰੰਤਰ ਨਿਗਰਾਨੀ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਦੋ ਜੁਆਇੰਟ ਡਾਇਰੈਕਟਰ ਪੱਧਰ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ 128 ਨਿਗਰਾਨ ਟੀਮਾਂ ਦਾ ਗਠਨ ਕੀਤਾ ਹੈ।
ਇਹ ਟੀਮਾਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਫਰੀਦਕੋਟ, ਮੋਗਾ, ਬਠਿੰਡਾ, ਮਾਨਸਾ, ਬਰਨਾਲਾ ਅਤੇ ਸੰਗਰੂਰ ਵਿੱਚ ਗਠਿਤ ਕੀਤੀਆਂ ਗਈਆਂ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਨ੍ਹਾਂ ਟੀਮਾਂ ਨੂੰ ਨਰਮੇ ਦੇ ਖੇਤਾਂ ਦਾ ਦੌਰਾ ਕਰਨ ਅਤੇ ਫ਼ਸਲ ‘ਤੇ ਕੀਟਾਂ ਦੇ ਹਮਲੇ ਦੀ ਨਿਗਰਾਨੀ ਦੇ ਨਾਲ-ਨਾਲ ਲੋੜ ਪੈਣ ‘ਤੇ ਕੀਟਾਂ ਦੀ ਰੋਕਥਾਮ ਸਬੰਧੀ ਉਪਾਵਾਂ ਬਾਰੇ ਕਿਸਾਨਾਂ ਨੂੰ ਸੇਧ ਦੇਣ ਦਾ ਕੰਮ ਸੌਂਪਿਆ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਖੇਤੀਬਾੜੀ ਵਿਭਾਗ ਦੀਆਂ ਟੀਮਾਂ ਨੇ ਅੱਜ ਫਾਜ਼ਿਲਕਾ ਜ਼ਿਲ੍ਹੇ ਦੇ 73 ਪਿੰਡਾਂ ‘ਚ ਨਰਮੇ ਦੇ ਖੇਤਾਂ ਦਾ ਦੌਰਾ ਕੀਤਾ ਅਤੇ ਖੂਈਆਂ ਸਰਵਰ ਬਲਾਕ ਵਿੱਚ ਤਿੰਨ ਥਾਵਾਂ ‘ਤੇ ਗੁਲਾਬੀ ਸੁੰਡੀ ਅਤੇ ਅੱਠ ਥਾਵਾਂ ‘ਤੇ ਚਿੱਟੀ ਮੱਖੀ ਦਾ ਹਮਲਾ ਵੇਖਣ ਨੂੰ ਮਿਲਿਆ।
ਇਸ ਸਬੰਧੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਆਪਣੀ ਹਾਜ਼ਰੀ ਵਿੱਚ ਸਿਫ਼ਾਰਸ਼ ਕੀਤੇ ਕੀਟਨਾਸ਼ਕਾਂ ਦੀ ਪ੍ਰਭਾਵਿਤ ਫਸਲ ਉੱਤੇ ਵਰਤੋਂ ਨੂੰ ਯਕੀਨੀ ਬਣਾਉਣ।
ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਨਰਮੇ ਦੀ ਕਾਸ਼ਤ ਦੀਆਂ ਵੱਖ-ਵੱਖ ਵਿਧੀਆਂ ਅਤੇ ਫ਼ਸਲ ‘ਤੇ ਕੀਟਾਂ ਅਤੇ ਹੋਰ ਬਿਮਾਰੀਆਂ ਦੇ ਹਮਲੇ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਨਰਮੇ ਦੀ ਜ਼ਿਆਦਾ ਕਾਸ਼ਤ ਵਾਲੇ ਜ਼ਿਲ੍ਹਿਆਂ ਦੇ 989 ਪਿੰਡਾਂ ਵਿੱਚ ਕਿਸਾਨ ਜਾਗਰੂਕਤਾ ਕੈਂਪ ਵੀ ਲਗਾਏ ਗਏ ਹਨ।
ਕਿਸਾਨਾਂ ਨੂੰ ਖੇਤੀ ਮਾਹਿਰਾਂ ਦੀ ਸਲਾਹ ਦੀ ਪਾਲਣਾ ਕਰਨ ਅਤੇ ਫਸਲ ਉੱਤੇ ਸਿਫ਼ਾਰਸ਼ ਕੀਤੇ ਕੀਟਨਾਸ਼ਕਾਂ ਦੀ ਹੀ ਵਰਤੋਂ ਕਰਨ ਦੀ ਅਪੀਲ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਅਨੁਸਾਰ ਸੂਬੇ ਦੇ ਕਿਸਾਨਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਸਾਉਣੀ ਸੀਜ਼ਨ 2024 ਦੌਰਾਨ ਫਸਲੀ ਵਿਭਿੰਨਤਾ ਯੋਜਨਾ ਤਹਿਤ ਨਰਮਾ ਪੱਟੀ ਦੇ ਜ਼ਿਲ੍ਹਿਆਂ ਵਿੱਚ 60,000 ਹੈਕਟੇਅਰ ਰਕਬੇ ਵਿੱਚ ਨਰਮੇ ਦੀਆਂ 6000 ਪ੍ਰਦਰਸ਼ਨੀਆਂ ਲਗਵਾਈਆਂ ਗਈਆਂ ਹਨ। ਉਨ੍ਹਾਂ ਅੱਗੇ ਦੱਸਿਆ ਕਿ ਨਿਯਮਾਂ ਅਨੁਸਾਰ ਇਨ੍ਹਾਂ ਪ੍ਰਦਰਸ਼ਨੀਆਂ ਲਈ ਕਿਸਾਨਾਂ ਨੂੰ ਲਾਭ ਵੀ ਦਿੱਤੇ ਜਾਣਗੇ।
ਡਾਇਰੈਕਟਰ ਖੇਤੀਬਾੜੀ ਤੇ ਕਿਸਾਨ ਭਲਾਈ ਸ੍ਰੀ ਜਸਵੰਤ ਸਿੰਘ ਨੇ ਦੱਸਿਆ ਕਿ ਵਿਭਾਗ ਦੀਆਂ ਟੀਮਾਂ ਵੱਲੋਂ ਨਰਮੇ ਦੇ ਖੇਤਾਂ ਦਾ ਦੌਰਾ ਕੀਤਾ ਜਾ ਰਿਹਾ ਹੈ।
ਮੁੱਖ ਖੇਤੀਬਾੜੀ ਅਫ਼ਸਰ ਮਾਨਸਾ ਨੇ ਦੱਸਿਆ ਹੈ ਕਿ ਵਿਭਾਗ ਦੀ ਟੀਮ ਵੱਲੋਂ ਪਿੰਡ ਸਾਹਨੇਵਾਲੀ ਵਿਖੇ ਕਿਸਾਨ ਬਲਕਾਰ ਸਿੰਘ ਦੇ ਨਰਮੇ ਦੇ ਖੇਤ ਦਾ ਦੌਰਾ ਕੀਤਾ ਗਿਆ ਅਤੇ ਖੇਤ ਵਿੱਚ ਗੁਲਾਬੀ ਸੁੰਡੀ ਦਾ ਮਾਮੂਲੀ ਹਮਲਾ ਵੇਖਣ ਨੂੰ ਮਿਲਿਆ ਅਤੇ ਕਿਸਾਨ ਨੂੰ ਸਿਫ਼ਾਰਸ਼ ਕੀਤੇ ਕੀਟਨਾਸ਼ਕਾਂ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਗਈ, ਜਿਸ ਦੇ ਚਲਦਿਆਂ ਸਥਿਤੀ ਕਾਬੂ ਹੇਠ ਹੈ।
ਪਿੰਡ ਖਿਆਲੀ ਚਹਿਲਾਂਵਾਲੀ ਵਿੱਚ ਕਿਸਾਨ ਜਗਦੇਵ ਸਿੰਘ ਪੁੱਤਰ ਧਰਮ ਸਿੰਘ ਦੇ ਖੇਤ ਦਾ ਸਰਵੇਖਣ ਕੀਤਾ ਗਿਆ ਅਤੇ ਗੁਲਾਬੀ ਸੁੰਡੀ ਦਾ ਕੋਈ ਵੀ ਹਮਲਾ ਨਹੀਂ ਪਾਇਆ ਗਿਆ ਅਤੇ ਚਿੱਟੀ ਮੱਖੀ ਦੀ ਗਿਣਤੀ ਇਕਨਾਮਿਕ ਥ੍ਰੈੱਸ਼ਹੋਲਡ ਲੈਵਲ (ਈ.ਟੀ.ਐਲ.) ਤੋਂ ਹੇਠਾਂ (ਪ੍ਰਤੀ ਪੱਤਾ 4 ਮੱਖੀਆਂ) ਵੇਖਣ ਨੂੰ ਮਿਲੀ।
ਡਾਇਰੈਕਟਰ ਖੇਤੀਬਾੜੀ ਨੇ ਦੱਸਿਆ ਕਿ ਵਿਭਾਗ ਦੇ ਅਧਿਕਾਰੀਆਂ ਵੱਲੋਂ ਪਿੰਡ ਪਟੀ ਸਦੀਕ ਦੇ ਕਿਸਾਨ ਗੁਰਪ੍ਰੀਤ ਸਿੰਘ ਪੁੱਤਰ ਅਜੈਬ ਸਿੰਘ ਦੇ ਨਰਮੇ ਦੇ ਖੇਤ ਦਾ ਵੀ ਦੌਰਾ ਕੀਤਾ ਗਿਆ ਅਤੇ ਉਨ੍ਹਾਂ ਦੱਸਿਆ ਕਿ ਫ਼ਸਲ ਚੰਗੀ ਹਾਲਤ ਵਿੱਚ ਹੈ ਅਤੇ ਗੁਲਾਬੀ ਸੁੰਡੀ, ਚਿੱਟੀ ਮੱਖੀ ਅਤੇ ਹੋਰ ਕੀਟਾਂ ਦੀ ਗਿਣਤੀ ਵੀ ਈ.ਟੀ.ਐਲ. ਪੱਧਰ ਤੋਂ ਹੇਠਾਂ ਸੀ।