Monday, July 1, 2024
spot_img
spot_img
spot_img

ਜੈ ਇੰਦਰ ਕੌਰ ਨੇ ਪਟਿਆਲਾ ਦੀ ਵੱਡੀ ਅਤੇ ਛੋਟੀ ਨਦੀ ਦਾ ਦੌਰਾ ਕੀਤਾ, ਮਾਨਸੂਨ ਦੀ ਤਿਆਰੀ ਦੀ ਕਮੀ ‘ਤੇ ਪ੍ਰਗਟਾਈ ਚਿੰਤਾ

ਯੈੱਸ ਪੰਜਾਬ
ਪਟਿਆਲਾ, 28 ਜੂਨ, 2024

ਸੀਨੀਅਰ ਭਾਜਪਾ ਆਗੂ ਅਤੇ ਮਹਿਲਾ ਮੋਰਚਾ ਪੰਜਾਬ ਦੀ ਪ੍ਰਧਾਨ ਜੈ ਇੰਦਰ ਕੌਰ ਨੇ ਅੱਜ ਪਟਿਆਲਾ ਦੀ ਵੱਡੀ ਅਤੇ ਛੋਟੀ ਨਦੀ ਦਾ ਦੌਰਾ ਕਰਕੇ ਬਰਸਾਤਾਂ ਦੇ ਮੌਸਮ ਤੋਂ ਪਹਿਲਾਂ ਕੀਤੇ ਗਏ ਸਫਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਆਗਾਮੀ ਮਾਨਸੂਨ ਸੀਜ਼ਨ ਲਈ ਤਿਆਰੀਆਂ ਦੀ ਘਾਟ ‘ਤੇ ਚਿੰਤਾ ਜ਼ਾਹਰ ਕੀਤੀ, ਅਤੇ ਉਮੀਦ ਜਤਾਈ ਕਿ ਪਿਛਲੇ ਸਾਲ ਦੀਆਂ ਗਲਤੀਆਂ ਨਹੀਂ ਦੁਹਰਾਈਆਂ ਜਾਣਗੀਆਂ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਹਿਲਾ ਮੋਰਚਾ ਪ੍ਰਧਾਨ ਨੇ ਕਿਹਾ ਕਿ, “ਪਿਛਲੇ ਸਾਲ ਆਏ ਹੜ੍ਹਾਂ ਦੌਰਾਨ ਇਨ੍ਹਾਂ ਨਦੀਆਂ ਨੇ ਸ਼ਹਿਰ ਵਿੱਚ ਭਾਰੀ ਤਬਾਹੀ ਮਚਾਈ ਸੀ, ਜਿਸ ਕਾਰਨ ਜਾਇਦਾਦ, ਬੁਨਿਆਦੀ ਢਾਂਚੇ ਦਾ ਕਾਫੀ ਨੁਕਸਾਨ ਹੋਇਆ ਸੀ ਅਤੇ ਨਾਗਰਿਕਾਂ ਦਾ ਉਜਾੜਾ ਹੋਇਆ ਸੀ ਪਰ ਇਸ ਤਬਾਹੀ ਦੀਆਂ ਯਾਦਾਂ ਅੱਜ ਵੀ ਤਾਜ਼ਾ ਹਨ। ਅਤੇ ਇਹ ਅਸਵੀਕਾਰਨਯੋਗ ਹੈ ਕਿ ਪੰਜਾਬ ਸਰਕਾਰ ਨੇ ਤਬਾਹੀ ਨੂੰ ਦੁਹਰਾਉਣ ਤੋਂ ਰੋਕਣ ਲਈ ਲੋੜੀਂਦੇ ਉਪਾਅ ਨਹੀਂ ਕੀਤੇ ਹਨ।”

ਉਨ੍ਹਾਂ ਅੱਗੇ ਕਿਹਾ, “ਇਨ੍ਹਾਂ ਡਰੇਨਾਂ ਦੀ ਸਹੀ ਸਫ਼ਾਈ ਅਤੇ ਰੱਖ-ਰਖਾਅ ਦੀ ਘਾਟ ਆਉਣ ਵਾਲੇ ਬਰਸਾਤ ਦੇ ਮੌਸਮ ਵਿੱਚ ਭਿਆਨਕ ਹੜ੍ਹਾਂ ਦਾ ਕਾਰਨ ਬਣ ਸਕਦੀ ਹੈ, ਜਿਸ ਨਾਲ ਨਾਗਰਿਕਾਂ, ਖਾਸ ਤੌਰ ‘ਤੇ ਆਸ-ਪਾਸ ਦੀਆਂ ਕਲੋਨੀਆਂ ਦਾ ਨੁਕਸਾਨ ਹੋ ਸਕਦਾ ਹੈ। ਇਹ ਯਕੀਨੀ ਬਣਾਉਣਾ ਸਬੰਧਤ ਅਧਿਕਾਰੀਆਂ ਦੀ ਜ਼ਿੰਮੇਵਾਰੀ ਹੈ, ਕਿ ਪਾਣੀ ਭਰਨ ਅਤੇ ਹੜ੍ਹਾਂ ਨੂੰ ਰੋਕਣ ਲਈ ਡਰੇਨਾਂ ਨੂੰ ਸਾਰੀਆਂ ਰੁਕਾਵਟਾਂ ਅਤੇ ਮਲਬੇ ਤੋਂ ਤੁਰੰਤ ਸਾਫ਼ ਕੀਤਾ ਜਾਵੇ।”

ਭਾਜਪਾ ਆਗੂ ਨੇ ਅੱਗੇ ਕਿਹਾ, “ਮੈਂ ਮੰਗ ਕਰਦੀ ਹਾਂ ਕਿ ਅਧਿਕਾਰੀ ਡਰੇਨਾਂ ਦੀ ਸਫ਼ਾਈ ਅਤੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਤੁਰੰਤ ਕਾਰਵਾਈ ਕਰਨ। ਅਸੀਂ ਇਸ ਨਾਜ਼ੁਕ ਮੁੱਦੇ ‘ਤੇ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਨੂੰ ਬਰਦਾਸ਼ਤ ਨਹੀਂ ਕਰਾਂਗੇ, ਅਤੇ ਮੈਂ ਸਥਿਤੀ ਦੀ ਨੇੜਿਓਂ ਨਿਗਰਾਨੀ ਰੱਖਾਂਗੀ।”

ਉਨ੍ਹਾਂ ਨੇ ਅੱਗੇ ਦੱਸਿਆ ਕਿ, “ਮੈਂ ਵਧੀਕ ਡਿਪਟੀ ਕਮਿਸ਼ਨਰ (ਏ.ਡੀ.ਸੀ.) ਪਟਿਆਲਾ ਨੂੰ ਨਿੱਜੀ ਤੌਰ ‘ਤੇ ਇੱਕ ਮੰਗ ਪੱਤਰ ਵੀ ਸੌਂਪਿਆ ਹੈ, ਜਿਸ ਵਿੱਚ ਉਹਨਾਂ ਨੂੰ ਇਹਨਾਂ ਡਰੇਨਾਂ ਦੀ ਸਫਾਈ ਅਤੇ ਰੱਖ-ਰਖਾਅ ਵਿੱਚ ਤੇਜ਼ੀ ਲਿਆਉਣ ਲਈ ਬੇਨਤੀ ਕੀਤੀ ਗਈ ਹੈ। ਮੈਂ ਉਹਨਾਂ ਨੂੰ ਕਿਸੇ ਵੀ ਸੰਭਾਵੀ ਨੁਕਸਾਨ ਨੂੰ ਰੋਕਣ ਲਈ ਤੁਰੰਤ ਕਾਰਵਾਈ ਕਰਨ ਦੀ ਵੀ ਅਪੀਲ ਕੀਤੀ ਹੈ।”

ਜੈ ਇੰਦਰ ਕੌਰ ਨੇ ਇਹ ਵੀ ਅਫਸੋਸ ਜਤਾਇਆ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਵੱਲੋਂ ਕੀਤੇ ਵਾਅਦਿਆਂ ਦੇ ਬਾਵਜੂਦ ਪਿਛਲੇ ਸਾਲ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਦੇਣ ਵਿੱਚ ਨਾਕਾਮ ਰਹੀ ਹੈ। ਉਨ੍ਹਾਂ ਕਿਹਾ ਕਿ ਹੜ੍ਹ ਪੀੜਤਾਂ ਪ੍ਰਤੀ ਸਰਕਾਰ ਦੀ ਉਦਾਸੀਨਤਾ ਭਿਆਨਕ ਹੈ। ਲੋਕ ਅਜੇ ਵੀ ਉਸ ਮੁਆਵਜ਼ੇ ਦੀ ਉਡੀਕ ਕਰ ਰਹੇ ਹਨ, ਜਿਸ ਦਾ ਉਨ੍ਹਾਂ ਨਾਲ ਵਾਅਦਾ ਕੀਤਾ ਗਿਆ ਸੀ, ਪਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਕੰਨ ਹੀ ਨਹੀਂ ਮੋੜਿਆ।”

- Advertisment -

ਅਹਿਮ ਖ਼ਬਰਾਂ