ਯੈੱਸ ਪੰਜਾਬ
ਚੰਡੀਗੜ੍ਹ, 27 ਦਸੰਬਰ, 2024
ਪੰਜਾਬ ਵਿਧਾਨ ਸਭਾ ਸਪੀਕਰ Kultar Singh Sandhwan ਨੇ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ Dr Manmohan Singh ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਅੱਜ ਇੱਥੋਂ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ Dr Manmohan Singh ਨੂੰ ਸ਼ਰਧਾਂਜਲੀ ਦਿੰਦਿਆਂ ਸ. Sandhwan ਨੇ ਕਿਹਾ ਕਿ ਉਹ ਇੱਕ ਮਹਾਨ ਭਾਰਤੀ ਸਿਆਸਤਦਾਨ, ਮਹਾਨ ਅਰਥ ਸ਼ਾਸਤਰੀ, ਸਿੱਖਿਆ ਸ਼ਾਸਤਰੀ, ਨੌਕਰਸ਼ਾਹ, ਦੂਰ-ਅੰਦੇਸ਼, ਦੇਸ਼ ਪ੍ਰਤੀ ਸਮਰਪਿਤ, ਯੋਗ ਅਗਵਾਈ ਦੇਣ ਵਾਲੇ ਨੇਤਾ ਸਨ, ਜਿਨ੍ਹਾਂ ਨੇ ਲਗਾਤਾਰ 10 ਸਾਲ ਤੱਕ ਭਾਰਤ ਦੇ ਪ੍ਰਧਾਨ ਮੰਤਰੀ ਵਜੋਂ ਸੇਵਾ ਕੀਤੀ। ਉਨ੍ਹਾਂ ਕਿਹਾ ਕਿ ਦੇਸ਼ ਇੱਕ ਮਹਾਨ ਨੇਤਾ ਤੋਂ ਵਾਂਝਾ ਹੋ ਗਿਆ ਹੈ।
Dr Manmohan Singh ਵੱਲੋਂ ਦੇਸ਼ ਪ੍ਰਤੀ ਨਿਭਾਈਆਂ ਮਿਸਾਲੀ ਸੇਵਾਵਾਂ ਨੂੰ ਯਾਦ ਕਰਦਿਆਂ ਸ. ਸੰਧਵਾਂ ਨੇ ਕਿਹਾ ਕਿ 26 ਸਤੰਬਰ, 1932 ਨੂੰ ਪਾਕਿਸਤਾਨ ਦੇ ਪਿੰਡ ਗਾਹ ਵਿਖੇ ਜਨਮੇ ਡਾ. ਮਨਮੋਹਨ ਸਿੰਘ, ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਪ੍ਰੋਫੈਸਰ, ਭਾਰਤੀ ਯੋਜਨਾ ਕਮਿਸ਼ਨ ਦੇ ਮੁਖੀ, ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ, ਭਾਰਤ ਦੇ ਵਿੱਤ ਮੰਤਰੀ, ਰਾਜ ਸਭਾ ‘ਚ ਵਿਰੋਧੀ ਦੇ ਨੇਤਾ ਅਤੇ ਸਾਲ 2004-2014 ਤੱਕ ਭਾਰਤ ਦੇ ਪ੍ਰਧਾਨ ਮੰਤਰੀ ਰਹੇ। ਉਨ੍ਹਾਂ ਕਿਹਾ ਕਿ ਬਟਵਾਰੇ ਦੌਰਾਨ ਉਨ੍ਹਾਂ ਦਾ ਪਰਿਵਾਰ ਪਾਕਿਸਤਾਨ ਛੱਡ ਕੇ ਅੰਮ੍ਰਿਤਸਰ ‘ਚ ਆ ਵੱਸਿਆ ਸੀ। ਉਨ੍ਹਾਂ ਕਿਹਾ ਕਿ ਡਾ. ਮਨਮੋਹਨ ਸਿੰਘ ਨੂੰ ਸਾਲ 1987 ‘ਚ ਪਦਮ ਵਿਭੂਸ਼ਣ ਨਾਲ ਸਨਮਾਨਿਤ ਕੀਤਾ ਗਿਆ ਸੀ।
ਸਪੀਕਰ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।