Sunday, June 30, 2024
spot_img
spot_img
spot_img

ਪੰਜਾਬ ਪੁਲਿਸ ਨੇ ਸੂਬੇ ਵਿੱਚ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ ਸਾਥੀਆਂ ਵੱਲੋਂ ਟਾਰਗੇਟ ਕਿਲਿੰਗ ਦੀ ਯੋਜਨਾ ਨੂੰ ਕੀਤਾ ਨਾਕਾਮ; ਤਿੰਨ ਸ਼ੂਟਰ ਗ੍ਰਿਫ਼ਤਾਰ

ਯੈੱਸ ਪੰਜਾਬ
ਚੰਡੀਗੜ੍ਹ/ਬਠਿੰਡਾ, 27 ਜੂਨ, 2024

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਬਠਿੰਡਾ ਦੀ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਨੇ ਜ਼ਿਲ੍ਹਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਨਾਲ ਸਬੰਧਤ ਤਿੰਨ ਸ਼ੂਟਰਾਂ ਨੂੰ ਗ੍ਰਿਫਤਾਰ ਕਰਕੇ ਸੂਬੇ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਦੀ ਯੋਜਨਾ ਨੂੰ ਨਾਕਾਮ ਕਰ ਦਿੱਤਾ ਹੈ।

ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਕਰਨਦੀਪ ਸਿੰਘ ਉਰਫ ਕਨੂ ਵਾਸੀ ਨਵੀਂ ਬਸਤੀ ਮੌੜ ਮੰਡੀ, ਰਘੁਵੀਰ ਸਿੰਘ ਅਤੇ ਕੁਲਵਿੰਦਰ ਸਿੰਘ ਉਰਫ ਬਿੱਟੂ ਦੋਵੇਂ ਵਾਸੀ ਪਿੰਡ ਕੋਟ ਸ਼ਮੀਰ ਬਠਿੰਡਾ ਵਜੋਂ ਹੋਈ ਹੈ।

ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ‘ਚੋਂ 3 ਪਿਸਤੌਲ, ਜਿਨ੍ਹਾਂ ਵਿੱਚ ਇੱਕ 9 ਐਮਐਮ ਪਿਸਤੌਲ ਅਤੇ ਦੋ .32 ਬੋਰ ਦੇ ਪਿਸਤੌਲ ਸ਼ਾਮਲ ਹਨ, ਸਮੇਤ ਛੇ ਜਿੰਦਾ ਕਾਰਤੂਸ ਅਤੇ ਛੇ ਮੈਗਜ਼ੀਨ ਬਰਾਮਦ ਕਰਨ ਤੋਂ ਇਲਾਵਾ ਉਨ੍ਹਾਂ ਦੀ ਹੁੰਡਈ ਵਰਨਾ ਕਾਰ ਵੀ ਜ਼ਬਤ ਕਰ ਲਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁਲਿਸ ਨੂੰ ਖੁਫ਼ੀਆ ਜਾਣਕਾਰੀ ਮਿਲੀ ਸੀ ਕਿ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ ਸਾਥੀ ਜ਼ਿਲ੍ਹਾ ਬਠਿੰਡਾ, ਮੋਹਾਲੀ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਹਨ, ਜਿਸ ‘ਤੇ ਕਾਰਵਾਈ ਕਰਦਿਆਂ ਸੀਆਈ ਬਠਿੰਡਾ ਅਤੇ ਬਠਿੰਡਾ ਪੁਲਿਸ ਦੀਆਂ ਟੀਮਾਂ ਨੇ ਸ਼ੂਟਰਾਂ ਨੂੰ ਫੜਨ ਲਈ ਸਾਂਝੇ ਅਪ੍ਰੇਸ਼ਨ ਦੌਰਾਨ ਮੌੜ ਚੌਕ ਵਿਖੇ ਨਾਕਾ ਲਗਾਇਆ।

ਉਨ੍ਹਾਂ ਦੱਸਿਆ ਕਿ ਪੁਲੀਸ ਟੀਮਾਂ ਨੇ ਤਿੰਨਾਂ ਮੁਲਜ਼ਮਾਂ ਨੂੰ ਉਸ ਵੇਲੇ ਕਾਬੂ ਕੀਤਾ ਜਦੋਂ ਉਹ ਆਪਣੀ ਹੁੰਡਈ ਵਰਨਾ ਕਾਰ ਵਿੱਚ ਮੌੜ ਤੋਂ ਬਠਿੰਡਾ ਵੱਲ ਆ ਰਹੇ ਸਨ ਅਤੇ ਉਨ੍ਹਾਂ ਦੇ ਕਬਜ਼ੇ ‘ਚੋਂ ਤਿੰਨ ਪਿਸਤੌਲਾਂ ਸਮੇਤ ਗੋਲੀ-ਸਿੱਕਾ ਬਰਾਮਦ ਕਰ ਲਿਆ।

ਡੀਜੀਪੀ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਕਰਨਦੀਪ ਕਨੂ ਸਿੱਧੇ ਤੌਰ ‘ਤੇ ਲਾਰੈਂਸ ਬਿਸ਼ਨੋਈ ਦੇ ਸੰਪਰਕ ਵਿੱਚ ਸੀ ਅਤੇ ਮੁਲਜ਼ਮਾਂ ਪਾਸੋਂ ਬਰਾਮਦ ਕੀਤੇ ਗਏ ਹਥਿਆਰਾਂ ਦੀ ਵਰਤੋਂ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਲਈ ਕੀਤੀ ਜਾਣੀ ਸੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।

ਹੋਰ ਜਾਣਕਾਰੀ ਦਿੰਦਿਆਂ ਏਆਈਜੀ ਸੀਆਈ ਬਠਿੰਡਾ ਅਵਨੀਤ ਕੌਰ ਸਿੱਧੂ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਇਸ ਮਾਡਿਊਲ ਦੇ ਦੋ ਹੋਰ ਸੰਚਾਲਕਾਂ ਦੀ ਪਛਾਣ ਕੀਤੀ ਹੈ, ਜਿਨ੍ਹਾਂ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਐਸਐਸਪੀ ਬਠਿੰਡਾ ਦੀਪਕ ਪਾਰੀਕ ਨੇ ਦੱਸਿਆ ਕਿ ਇਸ ਸਬੰਧੀ ਥਾਣਾ ਮੌੜ ਬਠਿੰਡਾ ਵਿਖੇ ਅਸਲਾ ਐਕਟ ਦੀ ਧਾਰਾ 25 ਤਹਿਤ ਐਫਆਈਆਰ ਨੰਬਰ 72 ਮਿਤੀ 27-06-2024 ਦਰਜ ਕੀਤੀ ਗਈ ਹੈ।

- Advertisment -

ਅਹਿਮ ਖ਼ਬਰਾਂ