ਯੈੱਸ ਪੰਜਾਬ
ਚੰਡੀਗੜ੍ਹ, 26 ਜੂਨ, 2024
ਮਹਿਲਾ ਕੈਦੀਆਂ ਦੇ ਜੀਵਨ ਵਿੱਚ ਸੁਧਾਰ ਲਿਆਉਣ ਦੇ ਉਦੇਸ਼ ਨਾਲ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਮੰਗਲਵਾਰ ਨੂੰ ਜ਼ਿਲ੍ਹਾ ਰੂਪਨਗਰ ਦੀ ਜੇਲ੍ਹ ਦਾ ਦੌਰਾ ਕੀਤਾ। ਇਹ ਪਹਿਲਕਦਮੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਔਰਤਾਂ ਦੀ ਭਲਾਈ ਪ੍ਰਤੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦੀ ਹੈ।
ਆਪਣੇ ਦੌਰੇ ਦੌਰਾਨ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਮਹਿਲਾ ਕੈਦੀਆਂ ਲਈ ਜ਼ਰੂਰੀ ਸਹੂਲਤਾਂ ਪ੍ਰਦਾਨ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਮਹਿਲਾ ਕੈਦੀਆਂ ਨੂੰ ਦਰਪੇਸ਼ ਮੁਸ਼ਕਿਲਾਂ ਬਾਰੇ ਗੌਰ ਨਾਲ ਸੁਣਿਆ ਅਤੇ ਉਹਨਾਂ ਦੇ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਮਹਿਲਾ ਕਮਿਸ਼ਨ ਔਰਤਾਂ ਦੇ ਅਧਿਕਾਰਾਂ ਦੀ ਰਾਖੀ ਅਤੇ ਉਨ੍ਹਾਂ ਨੂੰ ਸਮਾਜ ਵਿੱਚ ਬਣਦਾ ਮਾਣ-ਸਨਮਾਨ ਦਿਵਾਉਣ ਲਈ ਲਗਾਤਾਰ ਯਤਨਸ਼ੀਲ ਹੈ।
ਸੱਭਿਆਚਾਰਕ ਸਮਾਗਮ ਦੌਰਾਨ ਮਹਿਲਾ ਕੈਦੀਆਂ ਨੂੰ ਸੰਬੋਧਨ ਕਰਦਿਆਂ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਉਨ੍ਹਾਂ ਨੂੰ ਕਾਨੂੰਨੀ, ਮੈਡੀਕਲ ਅਤੇ ਵਿੱਦਿਅਕ ਸਹਾਇਤਾ ਪ੍ਰਦਾਨ ਕਰਨ ਲਈ ਕਮਿਸ਼ਨ ਦੇ ਯਤਨਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਤੁਹਾਡੀਆਂ ਚੁਣੌਤੀਆਂ ਨਾਲ ਨਜਿੱਠਣ ਅਤੇ ਤੁਹਾਡੇ ਵੱਲੋਂ ਆਪਣੀ ਜ਼ਿੰਦਗੀ ਦੀ ਨਵੇਂ ਸਿਰਿਓਂ ਸ਼ੁਰੂਆਤ ਵਿੱਚ ਤੁਹਾਡੀ ਮਦਦ ਲਈ ਹਰ ਸਮੇਂ ਹਾਜ਼ਰ ਹਾਂ।
ਚੇਅਰਪਰਸਨ ਰਾਜ ਲਾਲੀ ਗਿੱਲ ਨੇ ਵੱਖ-ਵੱਖ ਚੁਣੌਤੀਆਂ ਦੇ ਬਾਵਜੂਦ ਮਹਿਲਾ ਕੈਦੀਆਂ ਦੀ ਸਕਾਰਾਤਮਕ ਸੋਚ ਦੀ ਸ਼ਲਾਘਾ ਕੀਤੀ।