ਯੈੱਸ ਪੰਜਾਬ
ਚੰਡੀਗੜ੍ਹ, 3 ਦਸੰਬਰ, 2021:
ਪੰਜਾਬ ਦੀ ਮੁੈੱਖ ਮੰਤਰੀ ਸ: ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸਰਕਾਰ ਨੇ ਸਾਬਕਾ ਮੰਤਰੀ ਅਤੇ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ: ਜੋਗਿੰਦਰ ਸਿੰਘ ਮਾਨ ਨੂੰ ਕੈਬਨਿਟ ਰੈਂਕ ਨਾਲ ਨਿਵਾਜਿਆ ਹੈ।
ਤਿੰਨ ਵਾਰ ਫ਼ਗਵਾੜਾ ਤੋਂ ਵਿਧਾਇਕ ਰਹੇ ਸ: ਮਾਨ, ਤਿੰਨ ਮੁੱਖ ਮੰਤਰੀਆਂ – ਸ: ਬੇਅੰਤ ਸਿੰਘ, ਸ: ਹਰਚਰਨ ਸਿੰਘ ਬਰਾੜ ਅਤੇ ਕੈਪਟਨ ਅਮਰਿੰਦਰ ਸਿੰਘ – ਦੀ ਅਗਵਾਈ ਵਾਲੀਆਂ ਵਜ਼ਾਰਤਾਂ ਵਿੱਚ ਮੰਤਰੀ ਰਹੇ ਹਨ।
ਇਕ ਪੱਕੇ ਅਤੇ ਟਕਸਾਲੀ ਕਾਂਗਰਸੀ ਸ: ਮਾਨ ਜੋ ਕੈਪਟਨ ਅਮਰਿੰਦਰ ਸਿੰਘ ਨੂੰ ਗੱਦੀਉਂ ਲਾਂਭੇ ਕਰਨ ਦੇ ਯਤਨਾਂ ਦਾ ਹਿੱਸਾ ਰਹੇ, ਮੁੱਖ ਮੰਤਰੀ ਸ: ਚਰਨਜੀਤ ਸਿੰਘ ਚੰਨੀ ਅਤੇ ਪ੍ਰਦੇਸ਼ ਕਾਂਗਰਸ ਪ੍ਰਧਾਨ ਸ: ਨਵਜੋਤ ਸਿੰਘ ਸਿੱਧੂ ਦੇ ਨੇੜਲੇ ਸਾਥੀਆਂ ਵਿੱਚ ਮੰਨੇ ਜਾਂਦੇ ਹਨ। ਉਨ੍ਹਾਂ ਨੂੰ ਕੈਬਨਿਟ ਰੈਂਕ ਨਾਲ ਨਿਵਾਜੇ ਜਾਣ ਨੂੰ ਵੀ ਉਨ੍ਹਾਂ ਦੀ ਪਾਰਟੀ ਹਾਈਕਮਾਨ ਪ੍ਰਤੀ ਵਫ਼ਾਦਾਰੀ ਦੇ ਇਨਾਮ ਵਜੋਂ ਵੇਖ਼ਿਆ ਜਾ ਰਿਹਾ ਹੈ।
ਇਸੇ ਦੌਰਾਨ ਸ: ਮਾਨ ਨੇ ਮੁੱਖ ਮੰਤਰੀ ਸ: ਚਰਨਜੀਤ ਸਿੰਘ ਚੰਨੀ, ਪ੍ਰਦੇਸ਼ ਕਾਂਗਰਸ ਪ੍ਰਧਾਨ ਸ: ਨਵਜੋਤ ਸਿੰਘ ਸਿੱਧੂ, ਉਪ ਮੁੱਖ ਮੰਤਰੀ ਸ: ਸੁਖ਼ਜਿੰਦਰ ਸਿੰਘ ਰੰਧਾਵਾ, ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਅਤੇ ਸ: ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸ੍ਰੀ ਸੁਨੀਲ ਜਾਖ਼ੜ ਦਾ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਦੇਣ ਲਈ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਜ਼ਿੰਮੇਵਾਰੀ ਉਨ੍ਹਾਂ ਨੂੰ ਲੋਕਾਂ ਦੀ ਸੇਵਾ ਲਈ ਹੋਰ ਵੀ ਉਤਸ਼ਾਹਿਤ ਕਰੇਗੀ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ