ਯੈੱਸ ਪੰਜਾਬ
ਚੰਡੀਗੜ੍ਹ, 12 ਅਗਸਤ, 2022 –
ਭਾਰਤੀ ਜਨਤਾ ਪਾਰਟੀ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪੰਜਾਬ ਦੀਆਂ ਔਰਤਾਂ ਨਾਲ ਚੋਣ ਤੋਂ ਪਹਿਲਾਂ ਕੀਤੇ ਵਾਅਦੇ ਨੂੰ ਯਾਦ ਕਰਵਾਇਆ ਹੈ ਕਿ ਉਨ੍ਹਾਂ ਦੀ ਸਰਕਾਰ ਹਰ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਭੱਤਾ ਦੇਵੇਗੀ।
ਗੁਜਰਾਤ ‘ਚ ਕੇਜਰੀਵਾਲ ਦੇ ਇਸੇ ਤਰ੍ਹਾਂ ਦੇ ਐਲਾਨ ‘ਤੇ ਪ੍ਰਤੀਕਰਮ ਦਿੰਦਿਆਂ, ਪ੍ਰਦੇਸ਼ ਭਾਜਪਾ ਦੇ ਜਨਰਲ ਸਕੱਤਰ ਡਾ ਸੁਭਾਸ਼ ਸ਼ਰਮਾ ਨੇ ਕਿਹਾ ਕਿ ਸਿਆਸੀ ਨੈਤਿਕਤਾ ਮੰਗ ਕਰਦੀ ਹੈ ਕਿ ਤੁਸੀਂ ਪੰਜਾਬ ‘ਚ ਕੀਤੇ ਵਾਅਦੇ ਨੂੰ ਪੂਰਾ ਕਰੋ, ਜਿੱਥੇ ਤੁਹਾਡੀ ਪਾਰਟੀ ਦੀ ਸਰਕਾਰ ਪਹਿਲਾਂ ਹੀ ਬਣੀ ਹੋਈ ਹੈ।
ਗੁਜਰਾਤ ‘ਚ ਅਜਿਹਾ ਵਾਅਦਾ ਕਰਨ ‘ਤੇ ਕੇਜਰੀਵਾਲ ਦੀ ਜ਼ਮੀਰ ‘ਤੇ ਸਵਾਲ ਉਠਾਉਂਦੇ ਹੋਏ ਉਨ੍ਹਾਂ ਕਿਹਾ ਕਿ 5 ਮਹੀਨੇ ਬੀਤ ਚੁੱਕੇ ਹਨ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣਾ ਵਾਅਦਾ ਪੂਰਾ ਨਹੀਂ ਕੀਤਾ ਹੈ।
ਭਾਜਪਾ ਆਗੂ ਨੇ ਖੁਲਾਸਾ ਕੀਤਾ ਕਿ ਸੂਬਾ ਸਰਕਾਰ ਕੇਂਦਰ ਤੋਂ 1 ਲੱਖ ਕਰੋੜ ਰੁਪਏ ਦੀ ਸਹਾਇਤਾ ਦੀ ਮੰਗ ਕਰ ਰਹੀ ਹੈ, ਹਾਲਾਂਕਿ ਉਸਨੇ ਚੋਣਾਂ ਤੋਂ ਪਹਿਲਾਂ ਦਾਅਵਾ ਕੀਤਾ ਸੀ ਕਿ ਉਹ ਮਾਲੀਆ ਪੈਦਾ ਕਰਨਾ ਜਾਣਦੀ ਹੈ।
ਉਨ੍ਹਾਂ ਕਿਹਾ ਕਿ ਤੁਹਾਡੇ ਵੱਲੋਂ ਲੋਕਾਂ ਨੂੰ ਧੋਖਾ ਦੇਣ ਲਈ ਜੋ ਝੂਠੇ ਲਾਰੇ ਲਾਏ ਗਏ ਸਨ, ਉਹ ਪੂਰੀ ਤਰ੍ਹਾਂ ਬੇਨਕਾਬ ਹੋ ਚੁੱਕੇ ਹਨ।
ਡਾ. ਸ਼ਰਮਾ ਨੇ ਐਲਾਨ ਕੀਤਾ ਕਿ ਉਨ੍ਹਾਂ ਦੀ ਪਾਰਟੀ ਵੱਲੋਂ ਇੱਕ ਵਿਸਥਾਰਤ ਪ੍ਰੋਗਰਾਮ ਤਿਆਰ ਕੀਤਾ ਜਾ ਰਿਹਾ ਹੈ, ਜਿਸ ਤਹਿਤ ਪੰਜਾਬ ਦੇ ਆਗੂ ਹਿਮਾਚਲ ਪ੍ਰਦੇਸ਼ ਅਤੇ ਗੁਜਰਾਤ ਜਾਣਗੇ ਅਤੇ ਉੱਥੇ ‘ਆਪ’ ਦੇ ਝੂਠ ਦਾ ਪਰਦਾਫਾਸ਼ ਕਰਨਗੇ।
ਉਨ੍ਹਾਂ ਨੇ ਕਿਹਾ ਕਿ ਜੇਕਰ ਤੁਸੀਂ ਸੋਚਦੇ ਹੋ ਕਿ ਉਹ ਝੂਠ ਬੋਲ ਕੇ ਭੁੱਲ ਜਾਵੋਗੇ ਤਾਂ ਇਹ ਤੁਹਾਡੀ ਵੱਡੀ ਭੁੱਲ ਹੈ। ਉਨ੍ਹਾਂ ਕਿਹਾ ਕਿ ਲੋਕ ਭੁੱਲ ਸਕਦੇ ਹਨ, ਪਰ ਇੰਨਾ ਨਹੀਂ ਅਤੇ ਅਸੀਂ ਇਹ ਯਕੀਨੀ ਬਣਾਵਾਂਗੇ ਕਿ ਤੁਹਾਨੂੰ ਤੁਹਾਡੇ ਵਾਅਦੇ ਯਾਦ ਦਿਲਾਏ ਜਾਣ ਜੋ ਤੁਸੀਂ ਪੰਜਾਬ ਚ ਕਦੇ ਵੀ ਪੂਰੇ ਨਹੀਂ ਕੀਤੇ।
ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ