ਯੈੱਸ ਪੰਜਾਬ
ਨਵੀਂ ਦਿੱਲੀ, 2 ਮਾਰਚ, 2021 –
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰੀ ਮਨਜਿੰਦਰ ਸਿੰਘ ਸਿਰਸਾ ਨੇ ਕੁਝ ਕੱਟੜਵਾਦੀਆਂ ਵੱਲੋਂ ਕੈਨੇਡਾ ਦੇ ਬਰੈਂਪਟਨ ਸ਼ਹਿਰ ਵਿਚ ਗੁਰਦੁਆਰਾ ਸਾਹਿਬ ਦੇ ਬਾਹਰ ਪ੍ਰਦਰਸ਼ਨ ਕਰਨ ਦਾ ਗੰਭੀਰ ਨੋਟਿਸ ਲਿਆ ਹੈ ਤੇ ਇਸ ਮਾਮਲੇ ਵਿਚ ਵਿਦੇਸ਼ ਮੰਤਰੀ ਦਾ ਤੁਰੰਤ ਦਖਲ ਮੰਗਿਆ ਹੈ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ੍ਰੀ ਸਿਰਸਾ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਪਹਿਲਾਂ ਦਿੱਲੀ ਵਿਚ ਗੁਰਦੁਆਰਾ ਸੀਸਗੰਜ ਸਾਹਿਬ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ ਤੇ ਹੁਣ ਕੈਨੇਡਾ ਦੇ ਸ਼ਹਿਰ ਬਰੈਂਪਟਨ ਵਿਚ ਗੁਰਦੁਆਰਾ ਸਾਹਿਬ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ।
ਉਹਨਾਂ ਕਿਹਾ ਕਿ ਇਹ ਸਿੱਖਾਂ ਨੁੰ ਅਲੱਗ ਥਲੱਗ ਕਰਨ ਤੇ ਉਹਨਾਂ ਖਿਲਾਫ ਫਿਰਕੂ ਨਫਰਤ ਫੈਲਾਉਣ ਦੀ ਵੱਡੀ ਸਾਜ਼ਿਸ਼ ਹੈ। ਉਹਨਾਂ ਕਿਹਾ ਕਿ ਅਸੀਂ ਅਜਿਹੀਆਂ ਕਾਰਵਾਈਆਂ ਦੀ ਨਿੰਦਾ ਕਰਦੇ ਹਾਂ ਭਾਵੇਂ ਉਹ ਭਾਰਤ ਵਿਚ ਵਾਪਰਨ ਜਾਂ ਫਿਰ ਕੈਨੇਡਾ ਵਿਚ ਕਿਉਂਕਿ ਇਹ ਘੱਟ ਗਿਣਤੀ ਸਿੱਖਾਂ ਲਈ ਖ਼ਤਰਾ ਹਨ।
ਉਹਨਾਂ ਨੇ ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ਨੂੰ ਤੁਰੰਤ ਆਪਣੇ ਕੈਨੇਡਾ ਦੇ ਹਮਰੁਤਬਾ ਕੋਲ ਚੁੱਕਣ ਤੇ ਕੈਨੇਡਾ ਵਿਚ ਸੁਰੱਖਿਆ ਯਕੀਨੀ ਬਣਾਉਣ ‘ਤੇ ਵੀ ਚਰਚਾ ਕਰਨ।
ਇਥੇ ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਕੁਝ ਸ਼ਰਾਰਤੀ ਅਨੁਸਰਾਂ ਨੇ ਚਾਂਦਨੀ ਚੌਂਕ ਸਥਿਤ ਗੁਰਦੁਆਰਾ ਸ੍ਰੀ ਸੀਸਗੰਜ ਸਾਹਿਬ ਦੇ ਬਾਹਰ ਵੀ ਪ੍ਰਦਰਸ਼ਨ ਤੇ ਨਾਅਰੇਬਾਜ਼ੀ ਕੀਤੀ ਸੀ। ਇਸਦੀ ਵੀ ਸ੍ਰੀ ਸਿਰਸਾ ਨੇ ਜ਼ੋਰਦਾਰ ਨਿਖੇਧੀ ਕੀਤੀ ਸੀ।