Friday, June 28, 2024
spot_img
spot_img
spot_img

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਲੜੀ ਜਾਏਗੀ ਜਲੰਧਰ ਜ਼ਿਮਨੀ ਚੋਣ: ਕੁਲਦੀਪ ਧਾਲੀਵਾਲ

ਯੈੱਸ ਪੰਜਾਬ
ਜਲੰਧਰ/ਚੰਡੀਗੜ੍ਹ, 22 ਜੂਨ, 2024

ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ (ਆਪ) ਨੇ ਸ਼ਨੀਵਾਰ ਨੂੰ ਆਪਣੀ ਚੋਣ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਪਾਰਟੀ ਨੇ ਜ਼ਿਮਨੀ ਚੋਣ ਲਈ ਆਪਣੇ 10 ਵਾਅਦਿਆਂ ਨੂੰ ਜਾਰੀ ਕੀਤਾ ਅਤੇ ਜਿੱਤ ਦਾ ਦਾਅਵਾ ਕਰਦਿਆਂ ਕਿਹਾ ਕਿ ਜਨਤਾ ਉਸ ਪਾਰਟੀ ਨੂੰ ਹੀ ਵੋਟ ਦੇਵੇਗੀ ਜੋ ਕੰਮ ਕਰੇਗੀ।

ਜਲੰਧਰ ‘ਚ ‘ਆਪ’ ਉਮੀਦਵਾਰ ਮੋਹਿੰਦਰ ਭਗਤ ਨਾਲ ਪ੍ਰੈੱਸ ਕਾਨਫ਼ਰੰਸ ਕਰਦੇ ਹੋਏ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਸ੍ਰੀ ਆਨੰਦਪੁਰ ਸਾਹਿਬ ਤੋਂ ‘ਆਪ’ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਪਾਰਟੀ ਵੱਲੋਂ 10 ਵਾਅਦਿਆਂ ਵਾਲਾ ਮੈਨੀਫੈਸਟੋ ਜਾਰੀ ਕੀਤਾ। ਪ੍ਰੈੱਸ ਕਾਨਫ਼ਰੰਸ ਦੌਰਾਨ ‘ਆਪ’ ਵਿਧਾਇਕ ਰਮਨ ਅਰੋੜਾ ਅਤੇ ਲੋਕ ਸਭਾ ਚੋਣਾਂ ਲਈ ਜਲੰਧਰ ਤੋਂ ਪਾਰਟੀ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਵੀ ਮੌਜੂਦ ਸਨ।

ਇਸ ਮੌਕੇ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਅਤੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਆਪਣੇ ਕੰਮ ਦੇ ਆਧਾਰ ‘ਤੇ ਹੀ ਚੋਣਾਂ ਲੜਦੀ ਹੈ। ਅਸੀਂ ਇਹ ਚੋਣ ਵੀ ਮੁੱਖ ਮੰਤਰੀ ਭਗਵੰਤ ਮਾਨ ਦੇ ਲੋਕ ਭਲਾਈ ਕੰਮਾਂ ਦੇ ਆਧਾਰ ‘ਤੇ ਲੜਾਂਗੇ।

ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਪਿਛਲੇ ਦੋ ਸਾਲਾਂ ਦੌਰਾਨ ਹਰ ਖੇਤਰ ਵਿੱਚ ਬਹੁਤ ਸੁਧਾਰ ਕੀਤਾ ਹੈ। ਅੱਜ ਪੰਜਾਬ ਦੇ 90 ਫੀਸਦੀ ਪਰਿਵਾਰਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ। ਖੇਤਾਂ ਨੂੰ ਨਹਿਰੀ ਪਾਣੀ ਮਿਲ ਰਿਹਾ ਹੈ ਅਤੇ ਕਿਸਾਨਾਂ ਨੂੰ ਦਿਨ ਦੇ ਸਮੇਂ ਖੇਤੀ ਲਈ ਲੋੜੀਂਦੀ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ।

ਸਰਕਾਰ ਨੇ ਦੋ ਸਾਲਾਂ ਵਿੱਚ 43 ਹਜ਼ਾਰ ਦੇ ਕਰੀਬ ਨੌਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ ਜਾਂ ਸਿਫ਼ਾਰਸ਼ ਦੇ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਹਰ ਤਰ੍ਹਾਂ ਦੇ ਮਾਫ਼ੀਆ ਨੂੰ ਨੱਥ ਪਾਉਣ ਲਈ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ‘ਆਪ’ ਸਰਕਾਰ ਸ਼ਹੀਦਾਂ ਦੇ ਪਰਿਵਾਰਾਂ ਨੂੰ 1 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦੇ ਰਹੀ ਹੈ।

ਕੰਗ ਨੇ ਕਿਹਾ ਕਿ ਚੋਣ ਭ੍ਰਿਸ਼ਟ ਅਤੇ ਧੋਖੇਬਾਜ਼ ਵਿਅਕਤੀ ਬਨਾਮ ਇਮਾਨਦਾਰ ਅਤੇ ਕਾਬਲ ਵਿਅਕਤੀ ਵਿਚਕਾਰ ਹੈ। ਸਾਨੂੰ ਭਰੋਸਾ ਹੈ ਕਿ ਜਨਤਾ ਇਸ ਚੋਣ ਵਿੱਚ ਧੋਖੇਬਾਜ਼ਾਂ ਨੂੰ ਸਬਕ ਸਿਖਾਏਗੀ। ਉਨ੍ਹਾਂ ਕਿਹਾ ਕਿ ਪਾਰਟੀ ਨਾਲ ਵਿਸ਼ਵਾਸਘਾਤ ਕਰਕੇ ਹੀ ਇਹ ਚੋਣ ਹੋ ਰਹੀ ਹੈ।

ਉਨ੍ਹਾਂ ਕਿਹਾ ਕਿ ‘ਆਪ’ ਉਮੀਦਵਾਰ ਮੋਹਿੰਦਰ ਭਗਤ ਬਹੁਤ ਪੜ੍ਹੇ ਲਿਖੇ ਅਤੇ ਸੂਝਵਾਨ ਵਿਅਕਤੀ ਹਨ। ਉਨ੍ਹਾਂ ਦਾ ਪਰਿਵਾਰ ਦੋ ਪੀੜ੍ਹੀਆਂ ਤੋਂ ਜਲੰਧਰ ਦੇ ਲੋਕਾਂ ਦੀ ਸੇਵਾ ਕਰਦਾ ਆ ਰਿਹਾ ਹੈ। ਉਨ੍ਹਾਂ ਦੇ ਪਿਤਾ ਚੁੰਨੀ ਲਾਲ ਭਗਤ ਨੇ ਨਗਰ ਨਿਗਮ ਮੰਤਰੀ ਰਹਿੰਦਿਆਂ ਜਲੰਧਰ ਅਤੇ ਪੰਜਾਬ ਦੇ ਵਿਕਾਸ ਲਈ ਬਹੁਤ ਵਧੀਆ ਕੰਮ ਕੀਤੇ।

ਇਸ ਦੌਰਾਨ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਖ਼ੁਦ ਹੁਣ ਜਲੰਧਰ ‘ਚ ਹੀ ਰਹਿਣਗੇ। ਇਸ ਨਾਲ ਪੂਰੇ ਦੁਆਬੇ ਦੇ ਲੋਕਾਂ ਨੂੰ ਮੁੱਖ ਮੰਤਰੀ ਨੂੰ ਮਿਲਣ ਅਤੇ ਆਪਣੀਆਂ ਸਮੱਸਿਆਵਾਂ ਦੱਸਣ ਦਾ ਮੌਕਾ ਮਿਲੇਗਾ। ਉਨ੍ਹਾਂ ਕਿਹਾ ਕਿ ਇਹ ਚੋਣ ਮੁੱਖ ਮੰਤਰੀ ਮਾਨ ਦੀ ਅਗਵਾਈ ਵਿੱਚ ਲੜੀ ਜਾਵੇਗੀ ਅਤੇ ਸਾਨੂੰ ਵਿਸ਼ਵਾਸ ਹੈ ਕਿ ਮਾਨ ਸਰਕਾਰ ਵੱਲੋਂ ਪਿਛਲੇ ਦੋ ਸਾਲਾਂ ਵਿੱਚ ਪੰਜਾਬ ਦੇ ਵਿਕਾਸ ਲਈ ਜੋ ਇਤਿਹਾਸਕ ਕਾਰਜ ਕੀਤੇ ਗਏ ਹਨ, ਉਸ ਕਾਰਨ ਅਸੀਂ ਇਹ ਚੋਣ ਵੱਡੇ ਫ਼ਰਕ ਨਾਲ ਜਿੱਤਾਂਗੇ।

- Advertisment -

ਅਹਿਮ ਖ਼ਬਰਾਂ