ਯੈੱਸ ਪੰਜਾਬ
ਚੰਡੀਗੜ੍ਹ, 25 ਮਈ, 2022:
ਸਿਹਤ ਮੰਤਰੀ ਡਾ: ਵਿਜੇ ਸਿੰਗਲਾ ਦੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਘਿਰ ਜਾਣ ਉਪਰੰਤ ਉਨ੍ਹਾਂ ਦੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੀ ਬਰਖ਼ਾਸਤਗੀ ਤੋਂ ਬਾਅਦ ਅਜੇ ਤਾਂਈਂ ਸਰਕਾਰ ਵੱਲੋਂ ਨਵੇਂ ਸਿਹਤ ਮੰਤਰੀ ਦੇ ਨਾਂਅ ਦਾ ਐਲਾਨ ਨਹੀਂ ਕੀਤਾ ਗਿਆ ਹੈ ਪਰ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਖ਼ੁਦ ਹੀ ਹਾਲ ਦੀ ਘੜੀ ਸਿਹਤ ਮਹਿਕਮਾ ਸੰਭਾਲਣਗੇ।
ਡਾ: ਸਿੰਗਲਾ ਦੀ ਬਰਖ਼ਾਸਤਗੀ ਤੋਂ ਬਾਅਦ ਸੇਵਾ ਕੇਂਦਰਾਂ ਨੂੂੰ ਮੁਹੱਲਾ ਕਲੀਨਿਕਾਂ ਵਿੱਚ ਬਦਲੇ ਜਾਣ ਦਾ ਮਾਮਲਾ ਵੀ ਚਰਚਾ ਵਿੱਚ ਆ ਗਿਆ ਹੈ ਅਤੇ ਵਿਰੋਧੀ ਧਿਰਾਂ ਇਨ੍ਹਾਂ ’ਤੇ ਵੀ ਸਵਾਲ ਉਠਾ ਰਹੀਆਂ ਹਨ।
ਸੂਤਰਾਂ ਅਨੁਸਾਰ ਉਕਤ ਦੇ ਮੱਦੇਨਜ਼ਰ ਅਤੇ 75 ਮੁਹੱਲਾ ਕਲੀਨਿਕਾਂ ਦੇ 15 ਅਗਸਤ ਤਕ ਖੋਲ੍ਹੇ ਜਾਣਦੇ ਐਲਾਨ ਦੇ ਮੱਦੇਨਜ਼ਰ ਮੁੱਖ ਮੰਤਰੀ ਨੇ ਹਾਲ ਦੀ ਘੜੀ ਸਿਹਤ ਮਹਿਕਮਾ ਆਪਣੇ ਕੋਲ ਹੀ ਰੱਖਣ ਦਾ ਫ਼ੈਸਲਾ ਲਿਆ ਹੈ। ਉਂਜ ਨਾ ਤਾਂ ਅਜੇ ਇਸ ਗੱਲ ਦੀ ਪੁਸ਼ਟੀ ਸਰਕਾਰੀ ਹਲਕਿਆਂ ਵੱਲੋਂ ਕੀਤੀ ਗਈ ਹੈ ਅਤੇ ਨਾ ਹੀ ਇਸ ਸੰਬੰਧੀ ਕੋਈ ਰਸਮੀ ਐਲਾਨ ਸਾਹਮਣੇ ਆਇਆ ਹੈ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਆਪਣੇ ਤੋਂ ਇਲਾਵਾ ਜਿਹੜੇ 10 ਮੰਤਰੀ ਬਣਾਏ ਸਨ, ਸ੍ਰੀ ਸਿੰਗਲਾ ਦੀ ਬਰਖ਼ਾਸਤਗੀ ਨਾਲ ਉਨ੍ਹਾਂ ਦੀ ਗਿਣਤੀ ਵੀ ਘਟ ਕੇ 9 ਰਹਿ ਗਈ ਹੈ ਜਿਸ ਨਾਲ ਹੁਣ ਰਾਜ ਕੈਬਨਿਟ ਵਿੱਚ 8 ਮੰਤਰੀਆਂ ਦੀ ਥਾਂ ਖਾਲੀ ਹੈ। ‘ਆਮ ਆਦਮੀ ਪਾਰਟੀ’ ਦੇ ਵਿਧਾਇਕਾਂ ਦੀਆਂ ਨਜ਼ਰਾਂ ਕੈਬਨਿਟ ਵਿੱਚ ਕੀਤੇ ਜਾਣ ਵਾਲੇ ਵਾਧੇ ਵੱਲ ਹੀ ਲੱਗੀਆਂ ਹੋਈਆਂ ਹਨ ਪਰ ਅਜੇ ਪਾਰਟੀ ਜਾਂ ਮੁੱਖ ਮੰਤਰੀ ਵੱਲੋਂ ਇਸ ਸੰਬੰਧੀ ਕੋਈ ਸੰਕੇਤ ਨਹੀਂ ਦਿੱਤੇ ਜਾ ਰਹੇ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ