ਯੈੱਸ ਪੰਜਾਬ
ਚੰਡੀਗੜ੍ਹ, 19 ਜੂਨ, 2024
ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚ ਨਸ਼ਿਆਂ ਦੀ ਲਾਹਣਤ ਨੂੰ ਜੜ੍ਹੋਂ ਪੁੱਟਣ ਦੇ ਦਿਸ਼ਾ ਨਿਰਦੇਸ਼ਾਂ ’ਤੇ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਬੁੱਧਵਾਰ ਨੂੰ ਇਸ ਦਿਸ਼ਾ ਵਿੱਚ ਸਾਰੇ ਪ੍ਰਮੁੱਖ ਵਿਭਾਗਾਂ ਦਰਮਿਆਨ ਤਾਲਮੇਲ ਅਤੇ ਸਹਿਯੋਗ ਦੇ ਸਿਧਾਂਤਾਂ ’ਤੇ ਅਧਾਰਤ ਬਹੁ-ਨੁਕਾਤੀ ਰਣਨੀਤੀ ਤਿਆਰ ਕਰਨ ਲਈ ਕਿਹਾ।
ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਸਕੱਤਰ ਸ੍ਰੀ ਵਰਮਾ ਨੇ ਸੂਬੇ ਵਿੱਚ ਨਸ਼ਿਆਂ ਤੋਂ ਪ੍ਰਭਾਵਿਤ ਥਾਂਵਾਂ ਦੀ ਸ਼ਨਾਖ਼ਤ ਕਰਨ ਦੇ ਨਾਲ-ਨਾਲ ਸੂਬੇ ’ਚ ਪਾਬੰਦੀਸ਼ੁਦਾ ਦਵਾਈਆਂ ਵੇਚਣ ਵਾਲੇ ਕੈਮਿਸਟਾਂ ਵਿਰੁੱਧ ਸਖ਼ਤ ਕਾਰਵਾਈ ਕਰਨ ’ਤੇ ਜ਼ੋਰ ਦਿੱਤਾ।
ਉਨ੍ਹਾਂ ਸਿਹਤ ਵਿਭਾਗ ਨੂੰ ਨਵੀਂ ਭਰਤੀ ਅਤੇ ਪਦ-ਉੱਨਤੀਆਂ ਰਾਹੀਂ ਡਰੱਗ ਕੰਟਰੋਲਰਾਂ ਦੀ ਸਮਰੱਥਾ ਵਧਾਉਣ ਲਈ ਵੀ ਕਿਹਾ। ਉਨ੍ਹਾਂ ਇਹ ਵੀ ਕਿਹਾ ਕਿ ਸੂਬਾ ਸਰਕਾਰ ਸੂਬੇ ਵਿੱਚ ਨਸ਼ਾ ਤਸਕਰਾਂ ਨੂੰ ਸਖ਼ਤ ਸਜ਼ਾਵਾਂ ਯਕੀਨੀ ਬਣਾਉਣ ਲਈ ਕਈ ਸੁਧਾਰ ਕਰਨ ਬਾਰੇ ਵੀ ਵਿਚਾਰ ਕਰ ਰਹੀ ਹੈ।
ਮੁੱਖ ਸਕੱਤਰ ਨੇ ਅੱਗੇ ਕਿਹਾ ਕਿ ਐਨ.ਡੀ.ਪੀ.ਐਸ ਐਕਟ ਨੂੰ ਪੂਰੀ ਮੁਸਤੈਦੀ ਤੇ ਤਨਦੇਹੀ ਨਾਲ ਲਾਗੂ ਕੀਤਾ ਜਾਵੇ ਅਤੇ ਨਸ਼ਾ ਤਸਕਰਾਂ ਨੂੰ ਮਿਸਾਲੀ ਸਜ਼ਾਵਾਂ ਦਿੱਤੀਆਂ ਜਾਣ ਅਤੇ ਉਨ੍ਹਾਂ ਦੀ ਜਾਇਦਾਦ ਜ਼ਬਤ ਕਰਨ ਨੂੰ ਵੀ ਯਕੀਨੀ ਬਣਾਇਆ ਜਾਵੇ।
ਉਨ੍ਹਾਂ ਨੇ ਮਾਲ ਵਿਭਾਗ ਅਤੇ ਪੁਲਿਸ ਨੂੰ ਇੱਕ ਦੂਜੇ ਨਾਲ ਮਿਲ ਕੇ ਕੰਮ ਕਰਨ ਲਈ ਕਿਹਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਡਰੱਗ ਮਨੀ ਰਾਹੀਂ ਹਾਸਲ ਕੀਤੀ ਗਈ ਹਰ ਜਾਇਦਾਦ ਨੂੰ ਜ਼ਬਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਐਨਸੀਓਆਰਡੀ ਦੀਆਂ ਮੀਟਿੰਗਾਂ ਸੂਬਾ ਅਤੇ ਜ਼ਿਲ੍ਹਾ ਪੱਧਰ ’ਤੇ ਨਿਰੰਤਰ ਹੋਣੀਆਂ ਚਾਹੀਦੀਆਂ ਹਨ।
ਸ੍ਰੀ ਅਨੁਰਾਗ ਵਰਮਾ ਨੇ ਸੂਬੇ ਵਿੱਚ ਖੇਡ ਗਤੀਵਿਧੀਆਂ ਵਿੱਚ ਵਾਧਾ ਕਰਕੇ ਨੌਜਵਾਨਾਂ ਦੀ ਊਰਜਾ ਨੂੰ ਸਕਾਰਾਤਮਕ ਦਿਸ਼ਾ ਦੇਣ ’ਤੇ ਵੀ ਜ਼ੋਰ ਦਿੱਤਾ।ਮੁੱਖ ਸਕੱਤਰ ਨੂੰ ਜਾਣੂ ਕਰਵਾਇਆ ਗਿਆ ਕਿ ਨਵੀਂ ਖੇਡ ਨੀਤੀ ਤਹਿਤ 3-4 ਕਿਲੋਮੀਟਰ ਦੇ ਦਾਇਰੇ ਵਿੱਚ ਪੈਂਦੇ ਪਿੰਡਾਂ ਨੂੰ ਕਵਰ ਕਰਨ ਲਈ 1000 ਨਵੀਆਂ ਖੇਡ ਨਰਸਰੀਆਂ ਸਥਾਪਤ ਕਰਨ ਦੀ ਵਿਵਸਥਾ ਕੀਤੀ ਗਈ ਹੈ।
ਉਨ੍ਹਾਂ ਨੇ ਯੁਵਕ ਸੇਵਾਵਾਂ ਵਿਭਾਗ ਨੂੰ ਨੌਜਵਾਨਾਂ ਨੂੰ ਚੰਗੀ ਸਿਹਤ ਲਈ ਪ੍ਰੇਰਿਤ ਕਰਨ ਲਈ ਟਰੈਕਿੰਗ, ਟਰੇਲ, ਟੂਰ ਆਦਿ ਗਤੀਵਿਧੀਆਂ ਨੂੰ ਵਧਾਉਣ ਲਈ ਵੀ ਕਿਹਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੂੰ ਹਦਾਇਤ ਕੀਤੀ ਉਹ ਪੰਚਾਇਤਾਂ ਨੂੰ ਨਸ਼ਾ ਮੁਕਤ ਪਿੰਡਾਂ ਦੀ ਸਹੁੰ ਚੁੱਕਣ ਲਈ ਪ੍ਰੇਰਿਤ ਕਰੇ।
ਮੁੱਖ ਸਕੱਤਰ ਸ੍ਰੀ ਵਰਮਾ ਨੇ ਉਚੇਰੀ ਸਿੱਖਿਆ ਅਤੇ ਸਕੂਲ ਸਿੱਖਿਆ ਵਿਭਾਗਾਂ ਨੂੰ ਕਿਹਾ ਕਿ ਉਹ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂੰ ਕਰਾਉਣ ਅਤੇ ਉਨ੍ਹਾਂ ਨੂੰ ਸਿਹਤਮੰਦ ਜੀਵਨ ਜਿਉਣ ਲਈ ਪ੍ਰੇਰਨ ਲਈ ਵੀ ਕਿਹਾ। ਉਨ੍ਹਾਂ ਨੇ ਆਂਗਣਵਾੜੀ ਵਰਕਰਾਂ ਅਤੇ ਸਟਾਫ਼ ਨੂੰ ਐਂਟੀ ਡਰੱਗ ਮਾਸ ਕੰਟੈਕਟ ਪ੍ਰੋਗਰਾਮ ਦਾ ਹਿੱਸਾ ਬਣਾਉਣ ਲਈ ਵੀ ਕਿਹਾ ਤਾਂ ਜੋ ਨਸ਼ਿਆਂ ਨੂੰ ਠੱਲ੍ਹ ਪਾਈ ਜਾ ਸਕੇ।
ਮੀਟਿੰਗ ਵਿੱਚ ਵਿਸ਼ੇਸ਼ ਮੁੱਖ ਸਕੱਤਰ ਖੇਡਾਂ ਸਰਵਜੀਤ ਸਿੰਘ, ਵਿਸ਼ੇਸ਼ ਮੁੱਖ ਸਕੱਤਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਰਾਜੀ ਪੀ. ਸ੍ਰੀਵਾਸਤਵਾ, ਡੀ.ਜੀ.ਪੀ. ਗੌਰਵ ਯਾਦਵ, ਵਿਸ਼ੇਸ਼ ਡੀਜੀਪੀ (ਵਿਸ਼ੇਸ਼ ਟਾਸਕ ਫੋਰਸ) ਕੁਲਦੀਪ ਸਿੰਘ, ਸਕੱਤਰ ਸਿਹਤ ਅਜੋਏ ਸ਼ਰਮਾ, ਸਕੱਤਰ ਗ੍ਰਹਿ ਗੁਰਕੀਰਤ ਕ੍ਰਿਪਾਲ ਸਿੰਘ,
ਕਮਿਸ਼ਨਰ ਫੂਡ ਐਂਡ ਡਰੱਗ ਐਡਮਿਨਸਟ੍ਰੇਸ਼ਨ ਅਭਿਨਵ ਤ੍ਰਿਖਾ, ਡਾਇਰੈਕਟਰ ਜਨਰਲ ਸਕੂਲ ਸਿੱਖਿਆ ਵਿਨੈ ਬੁਬਲਾਨੀ, ਉਚਾਰੀ ਸਿੱਖਿਆ ਦੇ ਡਾਇਰੈਕਟਰ ਅੰਮ੍ਰਿਤ ਸਿੰਘ, ਏ.ਡੀ.ਜੀ.ਪੀ. (ਇੰਟੈਲੀਜੈਂਸ) ਆਰ.ਕੇ.ਜੈਸਵਾਲ, ਐਸ.ਸੀ.ਈ.ਆਰ.ਟੀ ਅਤੇ ਐਲੀਮੈਂਟਰੀ ਸਿੱਖਿਆ ਦੇ ਡਾਇਰੈਕਟਰ ਅਮਨਿੰਦਰ ਕੌਰ ਬਰਾੜ ਅਤੇ ਪੇਂਡੂ ਵਿਕਾਸ ਦੇ ਵਧੀਕ ਡਾਇਰੈਕਟਰ ਸੰਜੀਵ ਗਰਗ ਸ਼ਾਮਲ ਸਨ।