Monday, January 6, 2025
spot_img
spot_img
spot_img
spot_img

ਰਾਜਸਥਾਨ ਜੁਡੀਸ਼ੀਅਲ ਪੇਪਰ ’ਚ ਗੁਰਸਿੱਖ ਲੜਕੀ ਨੂੰ ਕਿਰਪਾਨ ਪਹਿਨਣ ਕਰਕੇ ਦਾਖਲਾ ਨਾ ਦੇਣਾ ਦੇਸ਼ ਦੇ ਸੰਵਿਧਾਨ ਦੀ ਵੱਡੀ ਉਲੰਘਣਾ- ਐਡਵੋਕੇਟ ਧਾਮੀ

ਯੈੱਸ ਪੰਜਾਬ
ਅੰਮ੍ਰਿਤਸਰ, 23 ਜੂਨ, 2024

ਰਾਜਸਥਾਨ ਲੋਕ ਸੇਵਾ ਕਮਿਸ਼ਨ ਵੱਲੋਂ ਅੱਜ 23 ਜੂਨ ਨੂੰ ਜੋਧਪੁਰ ਦੇ ਇੱਕ ਕੇਂਦਰ ਵਿਖੇ ਕਰਵਾਏ ਗਏ ਰਾਜਸਥਾਨ ਜੁਡੀਸ਼ੀਅਲ ਮੁਕਾਬਲਾ ਪ੍ਰੀਖਿਆ ਲਈ ਪਹੁੰਚੀ ਇੱਕ ਗੁਰਸਿੱਖ ਲੜਕੀ ਨੂੰ ਸਿੱਖ ਕਕਾਰ ਕਿਰਪਾਨ ਉਤਾਰਣ ਲਈ ਆਖਣ ਅਤੇ ਪ੍ਰੀਖਿਆ ਵਿੱਚ ਦਾਖਲਾ ਨਾ ਦੇਣ ਦਾ ਸਖ਼ਤ ਨੋਟਿਸ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਦੇਸ਼ ਦੇ ਸੰਵਿਧਾਨ ਦੀ ਵੱਡੀ ਉਲੰਘਣਾ ਹੈ।

ਉਨ੍ਹਾਂ ਕਿਹਾ ਕਿ ਗੁਰਸਿੱਖ ਲੜਕੀ ਐਡਵੋਕੇਟ ਅਰਮਨਜੋਤ ਕੌਰ ਨੂੰ ਕਿਰਪਾਨ ਸਮੇਤ ਜੁਡੀਸ਼ੀਅਲ ਪ੍ਰੀਖਿਆ ਵਿੱਚੋਂ ਰੋਕਣ ਵਾਲੇ ਪ੍ਰੀਖਿਆ ਕੇਂਦਰ ਦੇ ਅਧਿਕਾਰੀਆਂ ਦੇ ਖਿਲਾਫ਼ ਸਖ਼ਤ ਕਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ, ਜਿਨ੍ਹਾਂ ਦੀ ਇਸ ਆਪਹੁਦਰੀ ਹਰਕਤ ਨਾਲ ਇੱਕ ਬੱਚੀ ਦਾ ਭਵਿੱਖ ਦਾਅ ’ਤੇ ਲੱਗਿਆ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਭਾਰਤ ਦੇ ਸੰਵਿਧਾਨ ਅਨੁਸਾਰ ਸਿੱਖਾਂ ਨੂੰ ਕਿਰਪਾਨ ਪਹਿਨਣ ਦਾ ਪੂਰਾ ਅਧਿਕਾਰ ਹੈ ਅਤੇ ਸਿੱਖ ਰਹਿਤ ਮਰਯਾਦਾ ਅਨੁਸਾਰ ਕੋਈ ਵੀ ਅੰਮ੍ਰਿਤਧਾਰੀ ਸਿੱਖ ਆਪਣੇ ਸ਼ਰੀਰ ਨਾਲੋਂ ਪੰਜ ਸਿੱਖ ਕਕਾਰ ਵੱਖ ਨਹੀਂ ਕਰ ਸਕਦਾ।

ਉਨ੍ਹਾਂ ਕਿਹਾ ਪਿਛਲੇ ਕੁਝ ਸਮੇਂ ਤੋਂ ਦੇਸ਼ ਅੰਦਰ ਸਿੱਖ ਉਮੀਦਵਾਰਾਂ ਨੂੰ ਖਾਸ ਕਰਕੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਅਤੇ ਅਕਸਰ ਹੀ ਅਜਿਹੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ, ਜਿਨ੍ਹਾਂ ਵਿੱਚ ਅੰਮ੍ਰਿਤਧਾਰੀ ਸਿੱਖਾਂ ਦੇ ਧਾਰਮਿਕ ਚਿੰਨ੍ਹ ਕਕਾਰ ਉਤਾਰਣ ਲਈ ਆਖਿਆ ਜਾਂਦਾ ਹੈ ਅਤੇ ਵਿਰੋਧ ਕਰਨ ਉੱਤੇ ਮੁਕਾਬਲਾ ਪ੍ਰੀਖਿਆਵਾਂ ਵਿੱਚ ਦਾਖਲਾ ਨਹੀਂ ਦਿੱਤਾ ਜਾਂਦਾ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਸ ਵਰਤਾਰੇ ਨੂੰ ਆਪਣੇ ਹੀ ਦੇਸ਼ ਭਾਰਤ ਅੰਦਰ ਸਿੱਖਾਂ ਨਾਲ ਵੱਡਾ ਵਿਤਕਰਾ ਕਰਾਰ ਦਿੰਦਿਆਂ ਗੁਰਸਿੱਖ ਲੜਕੀ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਣ ਦੀ ਗੱਲ ਆਖੀ। ਉਨ੍ਹਾਂ ਕਿਹਾ ਕਿ ਸਿੱਖ ਸੰਸਥਾ ਪੀੜਤ ਗੁਰਸਿੱਖ ਬੱਚੀ ਦੇ ਨਾਲ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਉਮੀਦਵਾਰਾਂ ਨਾਲ ਕੀਤਾ ਜਾਂਦਾ ਇਹ ਵਿਤਕਰਾ ਵਖਰੇਵਾਂ ਉਨ੍ਹਾਂ ਦੀ ਮਾਨਸਿਕਤਾ ਨੂੰ ਸੱਟ ਮਾਰਦਾ ਹੈ, ਕਿਉਂਕਿ ਪੇਪਰ ਤੋਂ ਪਹਿਲਾਂ ਉਮੀਦਵਾਰਾਂ ਨਾਲ ਅਜਿਹੇ ਅਪਰਾਧਿਕ ਵਿਹਾਰ ਕਰਕੇ ਪੇਪਰ ਵਿੱਚ ਕਾਰਗੁਜ਼ਾਰੀ ਉੱਤੇ ਗਹਿਰਾ ਅਸਰ ਪੈਂਦਾ ਹੈ। ਉਨ੍ਹਾਂ ਕਿਹਾ ਕਿ ਸਭ ਨੂੰ ਇਹ ਪਤਾ ਹੋਣ ਦੇ ਬਾਵਜੂਦ ਵੀ ਕਿ ਕਿਰਪਾਨ ਸਿੱਖਾਂ ਦੇ ਪੰਜ ਕਕਾਰਾਂ ਦਾ ਹਿੱਸਾ ਹੈ ਅਤੇ ਇਹ ਸਿੱਖ ਪਛਾਣ, ਮੌਲਿਕ ਅਧਿਕਾਰਾਂ ਦੀ ਤਰਜਮਾਨ ਵੀ ਹੈ, ਫਿਰ ਵੀ ਸਿੱਖਾਂ ਨਾਲ ਨਫ਼ਰਤੀ ਵਿਹਾਰ ਕਰਨਾ ਅਤਿ ਨਿੰਦਣਯੋਗ ਹੈ।

ਐਡੋਵੇਕਟ ਧਾਮੀ ਨੇ ਰਾਸਜਥਾਨ ਸਰਕਾਰ ਦੇ ਮੁੱਖ ਮੰਤਰੀ ਸ੍ਰੀ ਭਜਨ ਲਾਲ ਸ਼ਰਮਾ ਨੂੰ ਇਸ ਮਾਮਲੇ ਵਿੱਚ ਤੁਰੰਤ ਦਖ਼ਲ ਦੇਣ ਦੀ ਮੰਗ ਕਰਦਿਆਂ ਕਿਹਾ ਕਿ ਉਹ ਸਿੱਖ ਬੱਚੀ ਨੂੰ ਜੁਡੀਸ਼ੀਅਲ ਪੇਪਰ ਵਿੱਚ ਦਾਖਲੇ ਤੋਂ ਰੋਕਣ ਵਾਲੇ ਦੋਸ਼ੀ ਅਧਿਕਾਰੀਆਂ ਦੇ ਖਿਲਾਫ ਸਖ਼ਤ ਕਾਰਵਾਈ ਕਰਨ।

ਉਨ੍ਹਾਂ ਮੁੱਖ ਮੰਤਰੀ ਤੋਂ ਇਹ ਵੀ ਮੰਗ ਕੀਤੀ ਕਿ ਰਾਜਸਥਾਨ ਜੁਡੀਸ਼ੀਅਲ ਸੇਵਾਵਾਂ ਦੇ ਮੁਕਾਬਲਾ ਪ੍ਰੀਖਿਆ ਦੀ ਸਿੱਖ ਉਮੀਦਵਾਰ ਐਡਵੋਕੇਟ ਅਰਮਨਜੋਤ ਕੌਰ ਲਈ 23 ਜੂਨ 2024 ਨੂੰ ਹੋਇਆ ਪੇਪਰ ਦਿਵਾਉਣ ਲਈ ਸੂਬਾ ਸਰਕਾਰ ਵੱਲੋਂ ਵਿਸ਼ੇਸ਼ ਪ੍ਰਬੰਧ ਕੀਤਾ ਜਾਵੇ।

ਅਹਿਮ ਖ਼ਬਰਾਂ

ਖ਼ਬਰਸਾਰ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ