Saturday, April 27, 2024

ਵਾਹਿਗੁਰੂ

spot_img
spot_img

ਲੋਕ ਪੱਖੀ ਸਿਹਤਮੰਦ ਸੰਗੀਤ ਦੀ ਸੁਰੀਲੀ ਤੰਦ ਸੀ ਅਮਰਜੀਤ ਗੁਰਦਾਸਪੁਰੀ: ਗੁਰਭਜਨ ਗਿੱਲ

- Advertisement -

ਅਮਰਜੀਤ ਗੁਰਦਾਸਪੁਰੀ ਪੰਜਾਬੀ ਲੋਕ ਸੰਗੀਤ ਵਿਰਸੇ ਦੀ ਉਹ ਸੁਰੀਲੀ ਤੰਦ ਸੀ, ਜਿਸ ਦੀ ਟੁਣਕਾਰ ਉਮਰ ਦੇ 92 ਸਾਲ ਚ ਦਾਖਲ ਹੋ ਕੇ ਵੀ ਟੱਲੀ ਵਾਂਗ ਟੁਣਕਦੀ ਰਹੀ।

ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਉਦੋਵਾਲੀ ਕਲਾਂ ਦਾ ਜੰਮਿਆ ਜਾਇਆ ਜ਼ੈਲਦਾਰ ਹਰਨਾਮ ਸਿੰਘ ਰੰਧਾਵਾ ਦਾ ਪੋਤਰਾ ਤੇ ਸਃ ਰਛਪਾਲ ਸਿੰਘ ਤੇ ਮਾਤਾ ਹਰਬੰਸ ਕੌਰ ਦਾ ਪੁੱਤਰ ਕਮਿਉਨਿਸਟ ਪਾਰਟੀ ਦੇ ਸਭਿਆਚਾਰਕ ਵਿੰਗ ਦਾ ਸ਼ਕਤੀਸ਼ਾਲੀ ਕਾਰਕੁੰਨ ਬਣਿਆ ਤਾਂ ਲੋਕਾਂ ਨੇ ਗੱਲਾਂ ਕੀਤੀਆਂ, ਅਖੇ ! ਰੇਸ਼ਮੀ ਗਦੇਲਿਆਂ ਤੇ ਸੌਣ ਵਾਲਾ ਇਹ ਅਲੂੰਆਂ ਮੁੰਡਾ ਕਿਵੇਂ ਕੱਚਿਆਂ ਧੂੜ ਲਪੇਟੇ ਰਾਹਾਂ ਤੇ ਤੁਰੇਗਾ ?

ਅਮਰਜੀਤ ਗੁਰਦਾਸਪੁਰੀ ਨੇ ਇਹ ਗੱਲ ਸੱਚ ਕਰ ਵਿਖਾਈ ਕਿ ਸਮਰਪਣ ਤੇ ਵਿਸ਼ਵਾਸ ਦੀ ਸ਼ਕਤੀ ਨਾਲ ਹਰ ਮੁਸੀਬਤ ਨੂੰ ਹੱਸ ਕੇ ਜਰਿਆ ਜਾ ਸਕਦਾ ਹੈ ।

ਤੇਰਾ ਸਿੰਘ ਚੰਨ, ਜਸਵੰਤ ਸਿੰਘ ਰਾਹੀ ਨਰਿੰਦਰ ਦੋਸਾਂਝ, ਲੋਕ ਗਾਇਕਾ ਸੁਰਿੰਦਰ ਕੌਰ, ਬੀਬੀ ਮਹਿੰਦਰ ਨਵਤੇਜ ਸਿੰਘ, ਨਿਰੰਜਨ ਸਿੰਘ ਮਾਨ, ਹੁਕਮ ਚੰਦ ਖਲੀਲੀ, ਜਗਦੀਸ਼ ਫਰਿਆਦੀ ਅਤੇ ਜੁਗਿੰਦਰ ਬਾਹਰਲਾ ਦਾ ਸਾਥੀ ਬਣ ਕੇ ਉਸਨੇ ਬੰਬਈ ਕਲਕੱਤੇ ਤੀਕ ਪੰਜਾਬੀ ਲੋਕ ਸੁਰਾਂ ਵਿਚ ਲਪੇਟੇ ਇਨਕਲਾਬੀ ਗੀਤਾਂ ਦੀ ਛਹਿਬਰ ਲਾਈ।ਉਸਦੀ ਸਹਿ ਗਾਇਕਾ ਵਜੋਂ ਇਸ ਇਨਕਲਾਬੀ ਸਫ਼ਰ ਦੌਰਾਨ ਪੰਜਾਬ ਦੀ ਕੋਇਲ ਵਜੋਂ ਜਾਣੀ ਜਾਂਦੀ ਪੰਜਾਬੀ ਸੰਗੀਤ ਦੀ ਦੇਵੀ ਸੁਰਿੰਦਰ ਕੌਰ ਨੇ ਵੀ ਇਪਟਾ ਦੀਆਂ ਸਟੇਜਾਂ ਤੇ ਸਾਥ ਨਿਭਾਇਆ ।

ਤੇਰਾ ਸਿੰਘ ਚੰਨ ਦੇ ਲਿਖੇ ਸੰਗੀਤ ਨਾਟਕ ਪੰਜਾਬ ਦੀ ਆਵਾਜ਼, ਨੀਲ ਦੀ ਸ਼ਹਿਜ਼ਾਦੀ ਅਤੇ ਲੱਕੜ ਦੀ ਲੱਤ ਵਿਚ ਵਿਸ਼ਵ ਅਮਨ ਲਹਿਰ ਨੂੰ ਸਮਰਪਿਤ ਗੀਤਾਂ ਦਾ ਪਰਾਗਾ ਅਮਰਜੀਤ ਗੁਰਦਾਸਪੁਰੀ ਦੇ ਕੰਠ ਨੂੰ ਛੋਹ ਕੇ ਹੀ ਪੌਣਾਂ ਵਿਚ ਘੁਲਿਆ।

ਰਸ ਭਰਪੂਰ ਵਾਰਤਕ ਦੇ ਲਿਖਾਰੀ ਅਤੇ ਉਸਤਾਦ ਲਾਲ ਚੰਦ ਯਮਲਾ ਜੱਟ ਦੇ ਸ਼ਾਗਿਰਦ ਨਿੰਦਰ ਘੁਗਿਆਣਵੀ ਨੇ 2010 ਵਿੱਚ ਅਮਰਜੀਤ ਗੁਰਦਾਸਪੁਰੀ ਦੇ ਜੀਵਨ ਦੇ ਆਧਾਰਿਤ ਇਕ ਟੈਲੀ ਫਿਲਮ ਬਣਾਈ ਤਾਂ ਉਸ ਵਿੱਚ ਉਸ ਦੀਆਂ ਜੀਵਨ ਯਾਦਾਂ ਅਤੇ ਲੋਕ ਗਾਇਕੀ ਦੇ ਕੁਝ ਨਮੂਨੇ ਵੀ ਅੰਕਿਤ ਕੀਤੇ ਹਨ।

ਇਸ ਫਿਲਮ ਵਿੱਚ ਅਮਰਜੀਤ ਗੁਰਦਾਸਪੁਰੀ ਦਾ ਜੀਵਨ ਭਰ ਕੀਤਾ ਸੰਘਰਸ਼ ਭਾਵੇਂ ਕਿਣਕਾ ਮਾਤਰ ਹੀ ਅੰਕਿਤ ਹੋ ਸਕਿਆ ਪਰ ਖੂਬਸੂਰਤ ਯਤਨ ਲਈ ਪੰਜਾਬੀ ਭਾਈਚਾਰਾ ਉਸ ਦਾ ਰਹਿੰਦੀ ਦੁਨੀਆ ਤੀਕ ਰਿਣੀ ਰਹੇਗਾ। ਇਹ ਫਿਲਮ ਆਮ ਬੰਦਿਆਂ ਲਈ ਭਾਵੇਂ ਬਹੁਤੀ ਦਿਲਚਸਪੀ ਦਾ ਵਸੀਲਾ ਨਾ ਬਣ ਸਕੀ ਪਰ ਇਤਹਾਸ ਦੇ ਵਾਕਫਕਾਰਾਂ ਲਈ ਸੰਭਾਲਣਯੋਗ ਤੋਹਫਾ ਬਣ ਗਈ। ਗੁਰਪ੍ਰੀਤ ਸਿੰਘ ਤੂਰ ਅਤੇ ਪਿਰਥੀਪਾਲ ਸਿੰਘ ਹੇਅਰ ਬਟਾਲਾ ਨੇ ਇਸਦੇ ਪਸਾਰ ਦੀ ਜ਼ਿੰਮੇਵਾਰੀ ਨਿਭਾਈ। ਬਾਬਾਣੀਆਂ ਕਹਾਣੀਆਂ, ਪੁੱਤ ਸਪੁੱਤ ਕਰੇਨਿ। 

ਸ਼ਬਦੀਸ਼ ਅਤੇ ਅਨੀਤਾ ਸ਼ਬਦੀਸ਼ ਵਲੋਂ ਜਦ ਸ. ਗੁਰਸ਼ਰਨ ਸਿੰਘ ਨਾਟਕਕਾਰ ਬਾਰੇ ਦਸਤਾਵੇਜੀ ਫਿਲਮ ਬਣਾਈ ਗਈ ਤਾਂ ਇਪਟਾ ਦੇ ਜ਼ਿਕਰ ਵੇਲੇ ਜਦ ਅਮਰਜੀਤ ਗੁਰਦਾਸਪੁਰੀ ਦੀ ਤਸਵੀਰ ਵੇਖੀ ਪੰਜਾਬ ਦੀ ਕੋਇਲ ਸੁਰਿੰਦਰ ਕੌਰ ਨਾਲ ਮਿਰਜ਼ਾ ਸਾਹਿਬਾਂ ਗਾਂਉਦਿਆਂ ਤਾਂ ਇੰਝ ਲੱਗਾ ਜਿਵੇਂ ਅਮਰਜੀਤ ਗੁਰਦਾਸਪੁਰੀ ਨੁੰ ਢਿੱਡੋਂ ਪਿਆਰ ਕਰਨ ਵਾਲਾ ਗੁਰਸ਼ਰਨ ਸਿੰਘ ਤਾਂ ਚਲਾ ਗਿਆ ਹੈ ਪਰ ਨਵੀਂ ਪੀੜ੍ਹੀ ਨੂੰ ਉਸ ਦੇ ਗੁਣਾ ਬਾਰੇ ਦੱਸਣ ਦੀ ਜ਼ਿਮੇਵਾਰੀ ਹੁਣ ਵਕਤ ਦੀ ਹੈ।

ਜ਼ਿਲ੍ਹਾ ਗੁਰਦਾਸਪੁਰ ਦੀ ਡੇਰਾ ਬਾਬਾ ਨਾਨਕ ਤਹਿਸੀਲ ਦੇ ਪਿੰਡ ਉਦੋਵਾਲੀ ਕਲਾਂ ਨੂੰ ਮਹੱਤਵਪੂਰਨ ਪਿੰਡ ਬਣਾਉਣ ਵਿਚ ਅਮਰਜੀਤ ਗੁਰਦਾਸਪੁਰੀ ਦਾ ਬਹੁਤ ਵੱਡਾ ਯੋਗਦਾਨ ਹੈ ।

ਪਹਿਲਾਂ ਇਹ ਪਿੰਡ ਸਿਰਫ਼ ਉਸਦੇ ਦਾਦਾ ਜੀ ਜ਼ੈਲਦਾਰ ਹਰਨਾਮ ਸਿੰਘ ਜਾਂ ਪਿੰਡ ਦੇ ਅਕਾਲੀ ਆਗੂ ਜਥੇਦਾਰ ਗੁਰਦਿੱਤ ਸਿੰਘ ਕਰਕੇ ਇਲਾਕੇ ਵਿਚ ਜਾਣਿਆ ਜਾਂਦਾ ਸੀ ਪਰ ਅਮਰਜੀਤ ਦੀ ਆਵਾਜ਼ ਨੇ ਤਾਂ ਇਸ ਪਿੰਡ ਨੂੰ ਦੇਸ਼ ਦੇਸ਼ਾਂਤਰ ਵਿਚ ਪ੍ਰਸਿੱਧ ਕਰ ਦਿੱਤਾ। ਪੂਰੀ ਦੁਨੀਆਂ ਵਿਚ ਸ਼ਾਇਦ ਹੀ ਕੋਈ ਜਿਉਂਦਾ ਜਾਗਦਾ ਕਲਾਪ੍ਰਸਤ ਹੋਵੇ ਜਿਸ ਨੂੰ ਅਮਰਜੀਤ ਗੁਰਦਾਸਪੁਰੀ ਦੀ ਮਹਿਕ ਭਿੱਜੀ ਅਵਾਜ਼ ਸਦਕਾ ਉਦੋਵਾਲੀ ਕਲਾਂ ਦਾ ਪਤਾ ਨਾ ਹੋਵੇ । 1931 ਦੇ ਸਾਉਣ ਮਹੀਨੇ ਦੀ 26 ਤਰੀਕ ਨੂੰ ਅਮਰਜੀਤ ਨੇ ਸਰਦਾਰ ਰਛਪਾਲ ਸਿੰਘ ਰੰਧਾਵਾ ਦੇ ਘਰ ਬੀਬੀ ਹਰਬੰਸ ਕੌਰ ਦੀ ਕੁਖੋਂ ਜਨਮ ਲਿਆ ।

ਸਿਰਫ਼ 32 ਸਾਲ ਦੀ ਉਮਰ ਹੰਢਾ ਕੇ ਉਸਦੇ ਪਿਤਾ ਜੀ ਇਸ ਸੰਸਾਰ ਨੂੰ ਅਲਵਿਦਾ ਕਹਿ ਗਏ । ਅਮਰਜੀਤ ਗੁਰਦਾਸਪੁਰੀ ਦੇ ਪਿੰਡ ਵਿਚ ਰਹਿੰਦਾ ਇਕ ਨੌਜੁਆਨ ਬਾਬਾ ਦਰਸ਼ੋ ਅਕਸਰ ਗਲੀਆਂ ਵਿਚ ਵਾਰਸ ਦੀ ’ਹੀਰ’, ਪੀਲੂ ਦਾ ’ਮਿਰਜ਼ਾ’ ਅਤੇ ਕਾਦਰ ਯਾਰ ਦਾ ’ਪੂਰਨ ਭਗਤ’ ਗਾਉਂਦਾ ਫਿਰਦਾ । ਪਿੰਡ ਦੇ ਮੁੰਡੇ ਅਕਸਰ ਉਸਦੀ ਆਵਾਜ਼ ਨਾਲ ਸੁਰ ਮਿਲਾਉਂਦੇ । ਅਮਰਜੀਤ ਵੀ ਉਨ੍ਹਾਂ ਮੁੰਡਿਆਂ ਵਿਚੋਂ ਇਕ ਹੁੰਦਾ । ਉਸਨੂੰ ਇਸ ਗੱਲ ਦਾ ਇਲਮ ਹੀ ਨਹੀਂ ਸੀ ਕਿ ਇਹੀ ਸ਼ੌਂਕ ਉਸ ਲਈ ਜ਼ਿੰਦਗੀ ਦਾ ਗਹਿਣਾ ਬਣ ਜਾਵੇਗਾ । ਬਾਬਾ ਦਰਸ਼ੋ ਰਵਾਇਤੀ ਮਿਰਜ਼ਾ ਸਾਹਿਬਾਂ ਦੀ ਥਾਂ ਲੋਕ ਅੰਗ ਵਿਚ ਲਿਖੇ ਮਿਰਜ਼ੇ ਦੇ ਬੋਲ ਅਲਾਪਦਾ ।

ਨੀਂ ਦਿੱਲੀਏ ਕਾਗਾਂ ਹਾਰੀਏ, ਨੀ ਤੇਰਾ ਸੂਹਾ ਨੀ ਚੰਦਰੀਏ ਬਾਣਾ
…….
ਇਸ ਵਿਚ ਉਹ 360 ਬਲਦ ਲੱਦ ਕੇ ਲੂਣ ਦਾ ਵਪਾਰ ਕਰਨ ਵਾਲੇ ਲੁਬਾਣੇ ਦਾ ਵੀ ਜ਼ਿਕਰ ਕਰਦਾ, ਜਿਸ ਵਿਚ ਉਸ ਦੀ ਲੁਬਾਣੀ ਦੀ ਮੌਤ ਦਾ ਵੀ ਜ਼ਿਕਰ ਹੁੰਦਾ ।

ਮਿਰਜ਼ੇ ਦੀ ਸਾਹਿਬਾਂ ਨੂੰ ਉਹ ਲੁਬਾਣਾ ਆਪਣੇ ਨਾਲ ਵਿਆਹ ਕਰਵਾਉਣ ਦੀ ਗੱਲ ਕਰਦਾ ਪਰ ਸਾਹਿਬਾਂ ਆਪਣੇ ਮਿਰਜ਼ੇ ਦੀ ਮੌਤ ਦਾ ਵੇਰਵਾ ਕਰਦੀ । ਇਸ ਵਿਚ ਅੰਤਲਾ ਬੰਦ ਇਹੀ ਹੁੰਦਾ ਕਿ ਸਾਹਿਬਾਂ ਆਪਣੇ ਮਹਿਬੂਬ ਮਿਰਜ਼ੇ ਦੀ ਮੌਤ ਨੂੰ ਦਸਦੀ-ਦਸਦੀ ਆਪਣੇ ਆਪ ਨੂੰ ਵੀ ਸਰਵਾਹੀ ਭਾਵ ਤਲਵਾਰ ਨਾਲ ਖਤਮ ਕਰ ਲੈਂਦੀ ਹੈ ।

ਇਸ ਵਿਚਲਾ ਦਰਦ ਜਦੋਂ ਅਮਰਜੀਤ ਗੁਰਦਾਸਪੁਰੀ ਦੀ ਆਵਾਜ਼ ਵਿਚ ਘੁਲ ਕੇ ਪੇਸ਼ ਹੁੰਦਾ ਹੈ ਤਾਂ ਉਹ ਦ੍ਰਿਸ਼ ਜਾਗਦਿਆਂ ਤਾਂ ਕੀ ਸੁੱਤਿਆਂ ਸੁੱਤਿਆਂ ਵੀ ਅੱਖਾਂ ਅੱਗੋਂ ਨਹੀਂ ਜਾਂਦਾ । ਇਹ ਪਹਿਲਾ ਗੀਤ ਸੀ ਜਿਸ ਨੇ ਅਮਰਜੀਤ ਨੂੰ ਗਾਇਕੀ ਦੇ ਰਾਹ ਤੋਰਿਆ। ਤੇਜਾ ਸਿੰਘ ਸੁਤੰਤਰ, ਕਾਮਰੇਡ ਗੋਪਾਲ ਸਿੰਘ ਠੱਠਾ, ਦਲੀਪ ਸਿੰਘ ਟਪਿਆਲਾ, ਕਾਮਰੇਡ ਵਾਸਦੇਵ ਸਿੰਘ ਝੰਗੀ, ਫ਼ਜ਼ਲਾਬਾਦ (ਗੁਰਦਾਸਪੁਰ) ਦੇ ਕਾਮਰੇਡ ਹਰਭਜਨ ਸਿੰਘ , ਕ੍ਰਿਪਾਲ ਸਿੰਘ ਤੇ ਬਲਜੀਤ ਸਿੰਘ ਫ਼ਜ਼ਲਾਬਾਦ ਨਾਲ ਅਮਰਜੀਤ ਦੀ ਦੋਸਤੀ ਨੇ ਅਜਿਹਾ ਸੂਹਾ ਰੰਗ ਚਾੜ੍ਹਿਆ ਕਿ ਉਹ ਆਪ ਇਸ ਰਸਤੇ ਦਾ ਪੱਕਾ ਪਾਂਧੀ ਬਣ ਗਿਆ।

1952 ਵਿਚ ਉਸਨੇ ਫ਼ਜ਼ਲਾਬਾਦ ਵਿਖੇ ਹੋਈ ਕਿਸਾਨ ਕਾਨਫਰੰਸ ਵਿਚ ਪਹਿਲੀ ਵਾਰ ਮੰਚ ਤੇ ਖਲੋ ਕੇ ਇਹ ਗੀਤ ਗਾਇਆ। ਅੱਗੇ ਨਾਲੋਂ ਵਧ ਗਈਆਂ ਹੋਰ ਮਜ਼ਬੂਰੀਆਂ । ਹੁਣ ਨਹੀਉਂ ਹੁੰਦੀਆਂ, ਸਬਰ ਸਬੂਰੀਆਂ ।

ਇਹ ਗੀਤ ਗਾਉਣ ਤੋਂ ਪਹਿਲਾਂ ਉਹ ਸਿਰਫ਼ ਪਿੰਡ ਦਾ ਜਵਾਈ-ਭਾਈ ਸੀ ਜਿਸਨੂੰ ਉਸਦੇ ਰਿਸ਼ਤੇਦਾਰ ਮੁੰਡਿਆਂ ਨੇ ਇਹ ਕਹਿ ਕੇ ਸਟੇਜ ਤੇ ਚਾੜ੍ਹ ਦਿੱਤਾ ਸੀ ਕਿ ਸਾਡਾ ਪਰਾਹੁਣਾ ਵੀ ਗਾਉਂਦੈ, ਇਹਨੂੰ ਸੁਣੋ । ਇਸ ਤੋਂ ਬਾਅਦ ਅਮਰਜੀਤ ਗੁਰਦਾਸਪੁਰੀ ਵਿਸ਼ਾਲ ਲੋਕ ਸਮੂਹ ਦਾ ਚਹੇਤਾ ਗਵਈਆ ਬਣ ਗਿਆ । ਇਲਾਕੇ ਦੇ ਸ਼ਾਇਰ ਜਸਵੰਤ ਸਿੰਘ ਰਾਹੀ, ਮਹੈਣ ਸਿੰਘ ਅਨਪੜ੍ਹ , ਵੱਸਣ ਸਿੰਘ ਮਸਤਾਨਾ, ਕਰਨੈਲ ਸਿੰਘ ਪਾਰਸ ਰਾਮੂਵਾਲੀਆ, ਸ਼ਿਵ ਕੁਮਾਰ ਅਤੇ ਅਜਿਹੇ ਕਈ ਹੋਰ ਲੋਕ ਉਸਨੂੰ ਆਪਣੇ ਗੀਤ ਦੇਣ ਲੱਗੇ ਮਿੱਠੀ ਆਵਾਜ਼ ਨਾਲ ਉਮਰਾਂ ਦੀ ਸਾਂਝ ਪਾਉਣ ਲਈ ।

ਇਨ੍ਹਾਂ ਹੀ ਸਮਿਆਂ ਵਿਚ ਉਸਨੇ ਡੇਰਾ ਬਾਬਾ ਨਾਨਕ ਲਾਗਲੇ ਪਿੰਡ ਜੌੜੀਆਂ ਦੇ ਜੰਮੇ ਜਾਏ ਪੰਜਾਬੀ ਸ਼ਾਇਰ ਅਮਰ ਚਿੱਤਰਕਾਰ ਦਾ ਗੀਤ ਜਿਉਂਦੇ ਜੀ ਆ ਸੋਹਣਿਆ, ਤੈਨੁੰ ਸੁਰਗ ਵਿਖਾਵਾਂ । ਲੱਗੀਆਂ ਹੋਈਆਂ ਰੌਣਕਾਂ, ਪਿਪਲਾਂ ਦੀਆਂ ਛਾਵਾਂ ।

ਇਹ ਵਕਤ ਲੋਕ ਉਭਾਰ ਦਾ ਵਕਤ ਸੀ । ਆਜ਼ਾਦੀ ਮਗਰੋਂ ਕਮਿਊਨਿਸਟ ਆਗੂ ਇਸ ਆਜ਼ਾਦੀ ਨੂੰ ਅਸਲੀ ਆਜ਼ਾਦੀ ਨਹੀਂ ਸਨ ਮੰਨਦੇ । ਉਹ ਇਸਨੂੰ ਨਕਲੀ ਆਜ਼ਾਦੀ ਆਖਦੇ । ਜਸਵੰਤ ਸਿੰਘ ਰਾਹੀ ਵਰਗੇ ਸ਼ਾਇਰ ਸਰਕਾਰੀ ਨੀਤੀਆਂ ਦਾ ਨੰਗ ਬੇ-ਪਰਦ ਕਰਦੇ ਤੇ ਲਿਖਦੇ

ਗੌਰਮਿੰਟ ਨੇ ਝੱਗਾ ਦਿੱਤਾ, ਪਾ ਲਓ ਲੋਕੋ ਪਾ ਲਓ ।
ਅੱਗਾ ਪਿੱਛਾ ਹੈ ਨਹੀ ਜੇ ਤੇ, ਬਾਹਵਾਂ ਆਪ ਲੁਆ ਲਓ ।

ਅਮਰਜੀਤ ਗੁਰਦਾਸਪੁਰੀ ਆਪਣੇ ਸਾਥੀ ਦਲੀਪ ਸਿੰਘ ਸ਼ਿਕਾਰ ਨਾਲ ਮਿਲ ਕੇ ਇਹੋ ਜਿਹੇ ਗੀਤਾਂ ਨੂੰ ਗਾਉਂਦੇ । ਲੋਕਾਂ ਵਿਚ ਚਾਨਣ-ਚੇਤਨਾ ਦਾ ਬੀਜ ਬੀਜਦੇ । ਹੌਲੀ-ਹੌਲੀ ਉਹ ਇੰਡੀਅਨ ਪੀਪਲ ਥੀਏਟਰ ਐਸੋਸੀਏਸ਼ਨ (ਇਪਟਾ) ਦੀ ਗੁਰਦਾਸਪੁਰ ਇਕਾਈ ਦਾ ਉਹ ਪੱਕਾ ਕਲਾਕਾਰ ਬਣ ਗਿਆ । ਉਸਦੀ ਕੀਰਤੀ ਸੂਬੇ ਵਿਚ ਪਹੁੰਚੀ ਤਾਂ ਇਪਟਾ ਦੇ ਮੋਹਰੀ ਆਗੂਆਂ ਤੇਰਾ ਸਿੰਘ ਚੰਨ ਅਤੇ ਜੁਗਿੰਦਰ ਬਾਹਰਲਾ ਨੇ ਉਸਨੂੰ ਸੂਬੇ ਦੇ ਕਲਾਕਾਰਾਂ ਵਿਚ ਲੈ ਲਿਆ ।

ਨਰਿੰਦਰ ਦੋਸਾਂਝ, ਹੁਕਮ ਚੰਦ ਖਲੀਲੀ, ਜਗਦੀਸ਼ ਫਰਿਆਦੀ, ਪ੍ਰੋਫ਼ੈਸਰ ਨਿਰੰਜਨ ਸਿੰਘ ਮਾਨ, ਗਾਇਕਾ ਸੁਰਿੰਦਰ ਕੌਰ, ਉਸਦੇ ਪਤੀ ਪ੍ਰੋਫ਼ੈਸਰ ਜੋਗਿੰਦਰ ਸਿੰਘ ਸੋਢੀ, ਨਵਤੇਜ ਸਿੰਘ ਪ੍ਰੀਤਲੜੀ, ਉਨ੍ਹਾਂ ਦੀ ਪਤਨੀ ਬੀਬੀ ਮਹਿੰਦਰ ਕੌਰ ਵੀ ਉਨ੍ਹਾਂ ਦੇ ਨਾਲ ਹੀ ਇਸ ਸਭਿਆਚਾਰ ਕਾਫ਼ਲੇ ਵਿਚ ਸ਼ਾਮਿਲ ਸਨ ।

ਅਮਰਜੀਤ ਗੁਰਦਾਸਪੁਰੀ ਇਪਟਾ ਅਤੇ ਕਮਿਊਨਿਸਟ ਲਹਿਰ ਵਿਚ ਗੁਜ਼ਾਰੇ ਪਲਾਂ ਦਾ ਜ਼ਿਕਰ ਕਰਦਿਆਂ ਅਕਸਰ ਦੱਸਦਾ ਸੀ ਕਿ ਉਹ ਉਤਸ਼ਾਹ ਦੀ ਭਰਪੂਰਤਾ ਦੇ ਦਿਨ ਸਨ । ਉਸਨੂੰ ਉਹ ਦਿਨ ਵੀ ਅੱਜ ਯਾਦ ਆਉਂਦਾ ਹੈ ਜਦ ਆਪਣੇ ਮਿੱਤਰ ਅਤੇ ਸਹਿਯੋਗੀ ਕਲਾਕਾਰ ਦਲੀਪ ਸਿੰਘ ਸ਼ਿਕਾਰ ਨੂੰ ਸਾਇਕਲ ਤੇ ਬਿਠਾ ਕੇ ਉਹ ਹੁਸ਼ਿਆਰਪੁਰ ਜ਼ਿਲ੍ਹੇ ਵਿਚ ਜੋਗਿੰਦਰ ਬਾਹਰਲਾ ਦੇ ਪਿੰਡ ਚਬੇਵਾਲ ਜਿਆਣ ਪਹੁੰਚੇ ਸਨ। ਜਾਣ ਸਾਰ ਉਨ੍ਹਾਂ ਨੂੰ ਕਮਿਊਨਿਸਟ ਆਗੂ ਡਾ. ਭਾਗ ਸਿੰਘ
ਜੀ ਨੇ ਸਟੇਜ ਤੇ ਚੜ੍ਹਾ ਦਿੱਤਾ ਤੇ ਉਹ ਅੱਧੀ ਰਾਤ ਤੀਕ ਗੀਤ ਹੀ ਗਾਉਂਦੇ ਰਹੇ ।

ਇਨਕਲਾਬੀ ਗੀਤਾਂ ਦੇ ਵਜ਼ਦ ਕਾਰਨ ਥਕੇਵਾਂ ਤੇ ਅਕੇਵਾਂ ਉਨ੍ਹਾਂ ਦੇ ਨੇੜੇ ਨਹੀਂ ਸੀ ਆਉਂਦਾ । ਪਰ ਇਕ ਗੱਲ ਦਾ ਕੰਡਾ ਅੰਤ ਤੀਕ ਵੀ ਉਸ ਦੇ ਮਨ ਮਸਤਕ ਵਿਚ ਰੜਕਦਾ ਰਿਹਾ ਕਿ ਸਾਡੇ ਆਗੂਆਂ ਨੇ ਇਪਟਾ ਜਾਂ ਕਲਚਰਲ ਸਕੁਆਡ ਦੇ ਕਲਾਕਾਰਾਂ ਨੂੰ ਕਦੇ ਸਾਥੀ ਨਹੀਂ ਸੀ ਸਮਝਿਆ ਸਿਰਫ਼ ਭੀੜ ਇਕੱਠੀ ਕਰਨ ਵਾਲੇ ਸੰਦ ਸਮਝ ਕੇ ਹੀ ਵਰਤਦੇ ਰਹੇ । ਇਸਦਾ ਇਕ ਹਵਾਲਾ ਉਹ ਧੁਆਣ ਦਮੋਦਰ (ਗੁਰਦਾਸਪੁਰ) ਦੀ ਕਾਨਫਰੰਸ ਦਾ ਦੇ ਕੇ ਅਕਸਰ ਦੱਸਦੇ ਹੁੰਦੇ ਸੀ। ਕਿਵੇਂ ਇਕ ਸਰਦ ਸਿਆਲੀ ਰਾਤ ਪ੍ਰੋਗਰਾਮ ਪੇਸ਼ ਕਰਨ ਤੋਂ ਪਹਿਲਾਂ ਉਨ੍ਹਾਂ ਨੇ ਕਿਸੇ ਦੇ ਘਰ ਆਪਣੇ ਸੌਣ ਲਈ ਜਾ ਬਿਸਤਰੇ ਵਿਛਾਏ ਕਿ ਆ ਕੇ ਆਰਾਮ ਨਾਲ ਸੌਂ ਜਾਵਾਂਗੇ ਪਰ ਜਦ ਅੱਧੀ ਰਾਤ ਨੂੰ ਪ੍ਰੋਗਰਾਮ ਨੂੰ ਪੇਸ਼ ਕਰਕੇ ਪਰਤੇ ਤਾਂ ਉਨ੍ਹਾਂ ਬਿਸਤਰਿਆਂ ਤੇ ਸੀਨੀਅਰ ਕਾਮਰੇਡ ਸੁੱਤੇ ਪਏ ਸਨ । ਨਾ ਬਿਸਤਰਾ, ਨਾ ਰੋਟੀ, ਨਾ ਪਾਣੀ ।

ਠਰੀਆਂ ਤੇ ਆਕੜੀਆਂ ਰੋਟੀਆਂ ਨੂੰ ਜਦ ਗਰਮ ਕਰਨ ਲਈ ਆਖਿਆ ਤਾਂ ਇਕ ਸੀਨੀਅਰ ਕਾਮਰੇਡ ਖੰਘੂਰਾ ਮਾਰ ਕੇ ਬੋਲਿਆ, ਤੁਸੀਂ ਇਨਕਲਾਬ ਕੀ ਲਿਆਓਗੇ, ਜਿਹੜੇ ਤੱਤੀਆਂ ਰੋਟੀਆਂ ਮੰਗਦੇ ਓ ।

ਅਮਰਜੀਤ ਵੱਲ ਇਸ਼ਾਰਾ ਕਰਕੇ ਘੂਰਦਿਆਂ ਬੋਲਿਆ, ਤੇਰੇ ਵਿਚੋਂ ਜ਼ੈਲਦਾਰੀ ਬੂ ਨਹੀਂ ਗਈ। ਉਸ ਰਾਤ ਉਹ ਬੇਹੱਦ ਉਦਾਸ ਹੋਇਆ । ਕਮਿਊਨਿਸਟ ਪਾਰਟੀ ਤੇ ਪਾਬੰਦੀ ਲੱਗਣ ਵੇਲੇ ਉਹ ਵੀ ਰੂਪੋਸ਼ ਹੋ ਗਿਆ ਅਤੇ ਮੋਗਾ, ਫ਼ਰੀਦਕੋਟ, ਢੁੱਡੀਕੇ ਇਲਾਕੇ ਦੇ ਲੋਕ ਜੰਗਲ ਵਿਚ ਲੁਕਿਆ ਰਿਹਾ ।

ਜਸਵੰਤ ਸਿੰਘ ਕੰਵਲ, ਕਾਮਰੇਡ ਲਖਬੰਸ, ਕੁਲਭੂਸ਼ਨ ਬੱਧਣਵੀ, ਕਾਮਰੇਡ ਸੁਰਜੀਤ ਗਿੱਲ ਘੋਲੀਆ ਨਾਲ ਦੋਸਤੀ ਉਨ੍ਹਾਂ ਵਰ੍ਹਿਆਂ ਵਿਚ ਹੀ ਪਈ ।

ਅਮਰਜੀਤ ਗੁਰਦਾਸਪੁਰੀ ਨੇ ਮਾਝੇ ਦੀ ਗਾਇਕੀ ਦੀ ਰਵਾਇਤ ਨੂੰ ਉਸ ਵੇਲੇ ਸਿਖ਼ਰਾਂ ਤੇ ਪਹੁੰਚਾ ਦਿੱਤਾ ਜਦ ਗੋਲ ਬਾਗ ਅੰਮਿ੍ਰਤਸਰ ਵਿਖੇ ਹੋਈ ਅਮਨ ਕਾਨਫਰੰਸ ਵਿਚ ਉਸਨੇ ਤੇਰਾ ਸਿੰਘ ਚੰਨ ਦਾ ਲਿਖਿਆ ਗੀਤ ’ ਕਾਗ ਸਮੇਂ ਦਾ ਬੋਲਿਆ ਨੀ ਅਮਨਾਂ ਦੀ ਬੋਲੀ’ ਗਾਇਆ ।

ਪ੍ਰਿੰਸੀਪਲ ਬਲਕਾਰ ਸਿੰਘ ਬਾਜਵਾ ਭਾ ਜੀ ਦਸਦੇ ਨੇ ਕਿ ਉਸ ਕਾਨਫਰੰਸ ਵਿਚ ਹਾਜ਼ਰੀ ਇਕ ਲੱਖ ਤੋਂ ਵੱਧ ਲੋਕਾਂ ਦੀ ਸੀ ਅਤੇ ਉਨ੍ਹਾਂ ਹਾਜ਼ਰ ਲੋਕਾਂ ਵਿਚੋਂ ਹਰ ਕਿਸੇ ਨੇ ਇਸ ਗੀਤ ਨੂੰ ਸਾਹ-ਸੁਆਸ ਰੋਕ ਕੇ ਸਿਰਫ਼ ਸੁਣਿਆ ਹੀ ਨਾ ਸਗੋਂ ਦੁਬਾਰਾ ਸੁਣਾਉਣ ਲਈ ਵੀ ਆਖਿਆ ।

ਇਹ ਗੀਤ ਵਿਸ਼ਵ ਅਮਨ ਲਹਿਰ ਵਿਚ ਪੰਜਾਬ ਦਾ ਨਿੱਗਰ ਹਿੱਸਾ ਬਣਿਆ । ਜਦੋਂ ਪੰਜਾਬ ਵਿਚ ਅੱਤਵਾਦ ਸਿਖਰਾਂ ਤੇ ਸੀ ਤੇ ਪੰਜਾਬ ਵਿਚੋਂ ਵੀ ਗੁਰਦਾਸਪੁਰ ਦਾ ਸਰਹੱਦੀ ਇਲਾਕਾ ਸਭ ਤੋਂ ਵੱਧ ਬਲਦੀ ਦੇ ਬੁੱਥੇ ਸੀ ਤਾਂ ਅਮਰਜੀਤ ਨੇ ਮੇਰਾ ਲਿਖਿਆ ਗੀਤ

ਸਾਨੂੰ ਮੋੜ ਦਿਓ ਰੰਗਲਾ ਪੰਜਾਬ, ਅਸੀਂ ਨਹੀਂ ਕੁਝ ਹੋਰ ਮੰਗਦੇ ।
ਸਾਨੂੰ ਮੋੜ ਦਿਓ ਖਿੜਿਆ ਗੁਲਾਬ, ਅਸੀਂ ਨਹੀਂ ਕੁਝ ਹੋਰ ਮੰਗਦੇ ।

ਆਪਣੀ ਮਿੱਠੀ ਆਵਾਜ਼ ਵਿਚ ਗਾ ਕੇ ਪਿੰਡ-ਪਿੰਡ ਗਿਆ । ਉਸਦੀ ਤੂੰਬੀ ਦੀ ਤਾਰ ਇਹ ਵੀ ਅਲਾਪਦੀ ਰਹੀ, ਨੀ ਘੁੱਗੀਏ ਉੱਡਦੀ ਰਹੀਂ, ਤੇਰੇ ਲੱਗੇ ਭਾਵੇਂ ਮਗਰ ਸ਼ਿਕਾਰੀ । ਇਹ ਗੀਤ ਉਸ ਤਪਦੀ ਧਰਤੀ ਤੇ ਠੰਢੀਆਂ ਕਣੀਆਂ ਵਰਗਾ ਅਹਿਸਾਸ ਸਿਰਜਦੇ ।

1986 ਵਿਚ ਇਪਟਾ ਨੇ ਪੰਜਾਬੀ ਭਵਨ ਲੁਧਿਆਣਾ ਵਿਚ ਪ੍ਰਸਿੱਧ ਉਰਦੂ ਸ਼ਾਇਰ ਕੈਫੀ ਆਜ਼ਮੀ ਸਾਹਿਬ ਦੀ ਸਦਾਰਤ ਅਧੀਨ ਇਪਟਾ ਦੀ ਗੋਲਡਨ ਜੁਬਲੀ ਮਨਾਉਣ ਲਈ ਸਮਾਗਮ ਰਚਿਆ। ਉਸ ਵਿਚ ਹੋਰ ਕਲਾਕਾਰਾਂ ਤੋਂ ਇਲਾਵਾ ਅਮਰਜੀਤ ਗੁਰਦਾਸਪੁਰੀ ਨੂੰ ਵੀ ਸਨਮਾਨਿਤ ਕੀਤਾ ਗਿਆ । ਇਹ ਉਹ ਸਮਾਂ ਸੀ ਜਦ ਪੰਜਾਬ ਦੇ ਹਿੰਦੂ ਇਸ ਸੂਬੇ ਨੂੰ ਛੱਡ ਕੇ ਹਰਿਆਣਾ, ਦਿੱਲੀ ਅਤੇ ਹੋਰ ਸੂਬਿਆਂ ਵਿਚ ਵੱਸਣ ਲਈ ਜਾ ਰਹੇ ਸਨ।

ਪੰਨਾ 3

ਮਾਝਾ ਇਲਾਕਾ ਇਸ ਦਰਦ ਨੂੰ ਸਭ ਤੋਂ ਵੱਧ ਸਹਿ ਰਿਹਾ ਸੀ । ਇਸ ਪੀੜ ਨੂੰ ਅਮਰਜੀਤ ਗੁਰਦਾਸਪੁਰੀ ਨੇ ਪੰਜਾਬੀ ਭਵਨ ਲੁਧਿਆਣਾ ਦੇ ਬਲਰਾਜ ਸਾਹਨੀ ਮੰਚ ਤੇ ਵਾਰਸ ਸ਼ਾਹ ਦੀ ਹੀਰ ਦੇ ਹਵਾਲੇ ਨਾਲ ਇਉਂ ਪੇਸ਼ ਕੀਤਾ

ਵੀਰਾ ਅੰਮੜੀ ਜਾਇਆ ਜਾਹ ਨਾਹੀਂ ਸਾਨੂੰ ਨਾਲ ਫਿਰਾਕ ਦੇ ਮਾਰ ਨਾਹੀਂ ।
……….

ਭਾਈ ਮਰਨ ਤੇ ਪੌਦੀਆਂ ਭੱਜ ਬਾਹਾਂ, ਭਾਈ ਗਿਆਂ ਜੇਡੀ ਕਾਈ ਹਾਰ ਨਾਹੀ ।

ਦਰਦ ਭਿੱਜੇ ਇਨ੍ਹਾਂ ਬੋਲਾਂ ਨੂੰ ਦਸ ਹਜ਼ਾਰ ਤੋਂ ਵੱਧ ਸੁਰੋਤਿਆਂ ਨੇ ਸਾਹ ਰੋਕ ਕੇ ਸੁਣਿਆ ।ਇਹ ਗੀਤ ਮੁੱਕਣਸਾਰ ਕੈਫੀ ਆਜ਼ਮੀ ਸਾਹਿਬ ਦੀ ਜੀਵਨ ਸਾਥਣ ਅਤੇ ਇਪਟਾ ਲਹਿਰ ਦੀ ਮਜ਼ਬੂਤ ਥੰਮ ਰਹੀ ਫਿਲਮ ਕਲਾਕਾਰ ਸ਼ੌਕਤ ਆਜ਼ਮੀ ਇਕ ਦਮ ਮੰਚ ਤੇ ਆਈ ਤੇ ਬੋਲੀ, ਐ ਪੰਜਾਬ ਵਾਲੋ ! ਇਤਨਾ ਕੀਮਤੀ ਹੀਰਾ ਛੁਪਾਈ ਬੈਠੇ ਹੋ, ਮੇਰਾ ਸਾਰਾ ਕੁਝ ਲੇ ਲੋ, ਮੁਝੇ ਅਮਰਜੀਤ ਗੁਰਦਾਸਪੁਰੀ ਦੇ ਦੋ । ਇਸਨੇ ਜੋ ਪੰਜਾਬ ਕਾ ਦਰਦ ਗਾਇਆ ਹੈ, ਕਾਸ਼ ਵੋਹ ਮੇਰਾ ਹਿੱਸਾ ਬਨ ਜਾਏ ਔਰ ਵੋਹ ਦਿਨ ਕਭੀ ਨਾ ਆਏ ਜਬ ਹਿੰਦੂ ਭਾਈਓਂ ਕੇ ਜਾਨੇਕਾ ਰੁਦਨ ਅਮਰਜੀਤ ਗੁਰਦਾਸਪੁਰੀ ਜੈਸੇ ਕਲਾਕਾਰੋਂ ਕੋ ਫਿਰ ਕਰਨਾ ਪੜੇ ।

ਸ. ਜਗਦੇਵ ਸਿੰਘ ਜਸੋਵਾਲ ਅਤੇ ਪੰਜਾਬੀ ਨਾਵਲਕਾਰ ਰਾਮ ਸਰੂਪ ਅਣਖੀ ਇਸ ਗੱਲ ਦੀ ਗਵਾਹੀ ਦੇ ਸਕਦੇ ਸਨ ਪਰ ਉਹ ਸਾਥੋਂ ਕਈ ਸਾਲ ਪਹਿਲਾਂ ਵਿੱਛੜ ਗਏ। ਉਸ ਰਾਤ ਸਾਡਾ ਸਾਰਿਆ ਦਾ ਟਿਕਾਣਾ ਜਸੋਵਾਲ ਸਾਹਿਬ ਦੇ ਗੁਰਦੇਵ ਨਗਰ ਵਾਲੇ ਆਲ੍ਹਣੇ ਵਾਲੇ ਚੁਬਾਰੇ ਵਿੱਚ ਹੀ ਸੀ । ਇਥੇ ਹੀ ਅਮਰਜੀਤ ਗੁਰਦਾਸਪੁਰੀ ਨੇ ਆਪਣੇ ਗੀਤਾਂ ਨਾਲ ਰਾਮ ਸਰੂਪ ਅਣਖੀ ਨੂੰ ਕੀਲਿਆ। ਬਰਨਾਲਾ ਪਰਤ ਕੇ ਉਸ ਗੁਰਦਾਸਪੁਰੀ ਬਾਰੇ ਕੁਝ ਲਿਖਿਆ ਵੀ ਕਿਸੇ ਅਖ਼ਬਾਰ ਵਿੱਚ।

ਅਮਰਜੀਤ ਗੁਰਦਾਸਪੁਰੀ ਸਾਹਿਤ ਸਿਰਜਣਾ ਦੇ ਸਮਾਂਨਅੰਤਰ ਤੁਰਦਾ ਉਹ ਉਹ ਕਲਾਕਾਰ ਹੈ ਜਿਸਨੇ ਸ਼ਿਵ ਕੁਮਾਰ ਬਟਾਲਵੀ ਤੋਂ ਲੈ ਕੇ ਮੇਰੇ ਵਰਗੇ ਅਨੇਕਾਂ ਲੋਕਾਂ ਨੂੰ ਸਾਹਿਤ ਸਿਰਜਣਾ ਲਈ ਥਾਪੜਾ ਦਿੱਤਾ । ਸ਼ਿਵ ਕੁਮਾਰ ਨੇ ਕਾਲੀ ਦਾਤਰੀ ਚੰਨਣ ਦਾ ਦਸਤਾ, ਲੱਛੀ ਕੁੜੀ ਵਾਢੀਆਂ ਕਰੇ ਨੂੰ ਅਮਰਜੀਤ ਗੁਰਦਾਸਪੁਰੀ ਦੀ ਬੰਬੀ ਤੇ ਬਹਿ ਕੇ ਲਿਖਿਆ ਸੀ ।

ਸ਼ਿਵ ਕੁਮਾਰ ਨੂੰ ਅੰਮ੍ਰਿਤਸਰ ਦੀਆਂ ਸਾਹਿਤਕ ਮਹਿਫ਼ਲਾਂ ਵਿਚ ਪਹਿਲੀ ਵਾਰ ਅਮਰਜੀਤ ਗੁਰਦਾਸਪੁਰੀ ਹੀ ਲੈ ਕੇ ਗਿਆ। ਜਿਸ ਦਾ ਵੇਰਵਾ ਪ੍ਰੋਫ਼ੈਸਰ ਹਰਬੰਸ ਲਾਲ ਅਗਨੀਹੋਤਰੀ ਆਪਣੀ ਜੀਵਨ ਗਾਥਾ ਵਿਚ ਬੜੇ ਮਾਣ ਨਾਲ ਕਰਦੇ ਹਨ ਕਿ ਕਿਵੇਂ ਸ਼ਿਵ ਕੁਮਾਰ ਨੂੰ ਪਹਿਲੀ ਵਾਰ ਅਮਰਜੀਤ ਗੁਰਦਾਸਪੁਰੀ ਹੀ ਅੰਮ੍ਰਿਤਸਰ ਦੇ ਹਾਲ ਬਜ਼ਾਰ ਸਥਿੱਤ ਤੇਜ ਪ੍ਰਿੰਟਿੰਗ ਪ੍ਰੈਸ ਤੇ ਲੈ ਕੇ ਆਇਆ ਜੋ ਉਨ੍ਹੀ ਦਿਨੀਂ ਸਾਹਿਤਕ ਸਭਿਆਚਾਰਕ ਸਰਗਰਮੀਆਂ ਦਾ ਮੁੱਖ ਕੇਂਦਰ ਸੀ ।

ਸ਼ਿਵ ਕੁਮਾਰ ਬਟਾਲਵੀ ਦੀ ਕਰਤਾਰ ਸਿੰਘ ਬਲੱਗਣ ਨਾਲ ਮੁਲਾਕਾਤ ਵੀ ਅਮਰਜੀਤ ਗੁਰਦਾਸਪੁਰੀ ਨੇ ਹੀ ਕਰਵਾਈ ਜੋ ਉਸ ਵੇਲੇ ਮਾਸਕ ਪੱਤਰ ਕਵਿਤਾ ਦੇ ਸੰਪਾਦਕ ਸਨ । ਸ਼ਿਵ ਕੁਮਾਰ ਬਟਾਲਵੀ ਤੋਂ ਪਹਿਲਾਂ ਦੀ ਕਾਵਿ ਪ੍ਰੰਪਰਾ ਵਿਚ ਸਭ ਤੋਂ ਸੁਰੀਲਾ ਨਾਮ ਕਰਤਾਰ ਸਿੰਘ ਬਲੱਗਣ ਦਾ ਸੀ, ਜਿਸਨੇ ਅਮਰਜੀਤ ਗੁਰਦਾਸਪੁਰੀ ਦੀ ਆਵਾਜ਼ ਲਈ ਕਈ ਵਿਸ਼ੇਸ਼ ਗੀਤ
ਲਿਖੇ, ਉਨ੍ਹਾਂ ਵਿਚੋਂ ਕੁਝ ਗੀਤ ਤਾਂ ਸਿਰਫ਼ ਅਮਰਜੀਤ ਨੇ ਹੀ ਗਾਏ ਹਨ । ਮਿਸਾਲ ਦੇ ਤੌਰ ਤੇ

ਚਿੱਟੀ-ਚਿੱਟੀ ਪਗੜੀ ਤੇ ਘੁੱਟ-ਘੁੱਟ ਬੰਨ,
ਭਲਾ ਵੇ ਮੈਨੂੰ ਤੇਰੀ ਸਹੁੰ ਈ,
ਵਿਚ ਵੇ ਗੁਲਾਬੀ ਫੁੱਲ ਟੰਗਿਆ ਕਰ ।

ਠੰਡੇ ਬੁਰਜ ਵਿਚੋਂ ਇਕ ਦਿਨ ਦਾਦੀ ਮਾਤਾ,
ਪਈ ਹੱਸ-ਹੱਸ ਬੱਚਿਆਂ ਨੂੰ ਤੋਰੇ ।

ਸਿੰਘਾ ਜੇ ਚੱਲਿਆ ਚਮਕੌਰ, ਉਥੇ ਸੁੱਤੇ ਨੀ ਦੋ ਭੌਰ ।
ਧਰਤੀ ਚੁੰਮੀਂ ਕਰਕੇ ਗੌਰ, ਕਲਗੀਧਰ ਦੀਆਂ ਪਾਈਏ ਬਾਤਾਂ ।
ਜੀਹਨੇ ਦੇ ਪੁੱਤਰਾਂ ਦੀਆਂ ਦਾਤਾਂ, ਦੇਸ਼ ਚੋਂ ਕੱਢੀਆਂ ‘ਨੇਰ੍ਹੀਆਂ ਰਾਤਾਂ ।
ਮਹਿੰਗੇ ਮੁੱਲ ਲਈਆਂ ਪ੍ਰਭਾਤਾਂ ।

ਵੇ ਮੁੜ ਆ ਲਾਮਾਂ ਤੋਂ, ਸਾਨੂੰ ਘਰੇ ਬੜਾ ਰੁਜ਼ਗਾਰ ।
ਕਣਕਾਂ ਨਿਸਰ ਪਈਆਂ, ਵੇ ਤੂੰ ਆ ਕੇ ਝਾਤੀ ਮਾਰ ।

ਅਮਰਜੀਤ ਗੁਰਦਾਸਪੁਰੀ ਨੂੰ ਪੰਜਾਬੀ ਸਾਹਿਤ ਸਭਾ ਧਿਆਨ ਪੁਰ ਦੇ ਬਾਨੀ ਪ੍ਰਧਾਨ ਵਜੋਂ ਜ਼ਿਲ੍ਹਾ ਗੁਰਦਾਸਪੁਰ ਦੀ ਸਾਹਿਤਕ ਲਹਿਰ ਨੂੰ ਅਗਵਾਈ ਦੇਣ ਦਾ ਵੀ ਮਾਣ ਮਿਲਿਆ। ਉਨ੍ਹਾਂ ਦੀ ਅਗਵਾਈ ਕਰਕੇ ਹੀ ਇਸ ਇਲਾਕੇ ਵਿਚ ਪ੍ਰਿੰਸੀਪਲ ਸੁਜਾਨ ਸਿੰਘ, ਮੋਹਣ ਕਾਹਲੋਂ,ਵਰਿਆਮ ਸਿੰਘ ਸੰਧੂ, ਜਸਵੰਤ ਸਿੰਘ ਰਾਹੀ, ਸ਼ਮਸ਼ੇਰ ਸਿੰਘ ਸੰਧੂ ਵਰਗੇ ਲਿਖਾਰੀ ਇਸ ਸਭਾ ਦੇ ਸਮਾਗਮ ਵਿਚ ਅਕਸਰ ਆਉਂਦੇ ਰਹੇ ।

ਮੈਨੂੰ ਉਹ ਦਿਨ ਵੀ ਯਾਦ ਹੈ ਜਦ ਅਜੇ ਦੂਰਦਰਸ਼ਨ ਕੇਂਦਰ ਜਲੰਧਰ ਨਹੀਂ ਸੀ ਬਣਿਆ।ਪੰਜਾਬ ਵਿਚ ਸਿਰਫ਼ ਉਦੋਂ ਅੰਮ੍ਰਿਤਸਰ ਤੋਂ ਹੀ ਖ਼ਬਰਾਂ ਦਾ ਬੁਲਿਟਨ ਤਿਆਰ ਹੁੰਦਾ ਸੀ । ਇਕ ਸ਼ਾਮ ਅਮਰਜੀਤ ਗੁਰਦਾਸਪੁਰੀ ਦੇ ਅੰਗ-ਸੰਗ ਮੈਂ ਦੂਰਦਰਸ਼ਨ ਦੇ ਨਿੱਕੇ ਜਿਹੇ ਕੋਠੀ ਨੁਮਾ ਦਫ਼ਤਰ ਵਿਚ ਗਿਆ ਜਿੱਥੇ ਗੋਵਰਧਨ ਸ਼ਰਮਾ ਖ਼ਬਰ ਵਾਚਕ ਸੀ, ਕਰਮਜੀਤ ਸਿੰਘ ਖ਼ਬਰਾਂ ਦਾ ਸਕਰਿਪਟ ਰਾਈਟਰ ਸੀ ਤੇ ਹਰਜੀਤ ਸਿੰਘ ਪਾਰਟ ਟਾਈਮ ਗ੍ਰਾਫਿਕ ਕਲਾਕਾਰ ਸੀ । ਚਾਹ ਦਾ ਪਿਆਲਾ ਪੀਂਦਿਆਂ ਸਾਰਿਆਂ ਨੇ ਯੋਜਨਾ ਬਣਾਈ ਕਿ ਅਮਰਜੀਤ ਗੁਰਦਾਸਪੁਰੀ ਨੂੰ ਟੈਲੀਵੀਜ਼ਨ ਲਈ ਦਿੱਲੀ ਵਾਲਿਆ ਨੂੰ ਆਖ ਕੇ ਰਿਕਾਰਡ ਕਰਵਾਈਏ ।

ਲਗਪਗ 32 ਵਰ੍ਹੇ ਬੀਤਣ ਮਗਰੋਂ ਅੱਜ ਜਦੋਂ ਉਹੀ ਗੋਵਰਧਨ ਸ਼ਰਮਾ ਦੂਰਦਰਸ਼ਨ ਕੇਂਦਰ ਦਾ ਸਟੇਸ਼ਨ ਡਾਇਰੈਕਟਰ ਬਣਿਆ,ਕਰਮਜੀਤ ਸਿੰਘ ਪੰਜਾਬੀ ਟਰਬਿਊਨ ਦੇ ਸਹਾਇਕ ਸੰਪਾਦਨ ਵਜੋਂ ਸੇਵਾ ਮੁਕਤ ਹੋ ਗਿਆ,ਹਰਜੀਤ ਸਿੰਘ ਵੀ ਦੂਰਦਰਸ਼ਨ ਦੀ ਉਚੇਰੀ ਕੁਰਸੀ ਨੂੰ ਉਮਰੋਂ ਪਹਿਲਾਂ ਤਿਆਗ ਕੇ ਜਲੰਧਰ ਚ ਫਿਲਮ ਨਿਰਦੇਸ਼ਨ ਕਰ ਰਿਹੈ ਪਰ ਅਮਰਜੀਤ ਗੁਰਦਾਸਪੁਰੀ ਨੂੰ ਕੋਈ ਵੀ ਦੂਰਦਰਸ਼ਨ ਦਾ ਸਕਰੀਨ ਹਿੱਸਾ ਨਾ ਬਣ ਸਕਿਆ। ਹਾਂ ਇੱਕ ਵਾਰ ਗਲਤੀ ਨਾਲ ਕਿਸੇ ਚਾਵਲਾ ਨਾਮ ਦੇ ਪ੍ਰੋਡਿਊਸਰ ਨੇ ਉਸਨੂੰ ਬੁਲਾ ਲਿਆ ਪਰ ਨਾਲ ਹੀ ਸਾਜਿੰਦੇ ਨਾ ਲਿਆਉਣ ਕਾਰਨ ਤਲਖ਼ਕਲਾਮੀ ਕੀਤੀ, ਜਿਸਦੇ ਵਿਰੋਧ ਵਜੋਂ ਅਮਰਜੀਤ ਗੁਰਦਾਸਪੁਰੀ ਨੇ ਰਿਕਾਰਡਿੰਗ ਕਰਵਾਉਣ ਤੋਂ

ਇਨਕਾਰ ਕਰ ਦਿੱਤਾ ।ਬਹੁਤ ਬਾਦ ਵਿੱਚ ਓਮ ਗੌਰੀ ਦੱਤ ਸ਼ਰਮਾ ਤੇ ਡਾਃ ਲਖਵਿੰਦਰ ਜੌਹਲ ਨੇ ਜ਼ਰੂਰ ਉਸ ਨੂੰ ਪੇਸ਼ ਕੀਤਾ।

ਸਵੈਮਾਣ ਅਤੇ ਆਪਣੇ ਆਦਰਸ਼ ਤੇ ਪਹਿਰੇਦਾਰੀ ਦੇਂਦਾ ਅਮਰਜੀਤ ਗੁਰਦਾਸਪੁਰੀ 1962 ਤੋਂ ਲਗਾਤਾਰ ਅਕਾਸ਼ ਬਾਣੀ ਜਲੰਧਰ ਦਾ ਏ ਗਰੇਡ ਕਲਾਕਾਰ ਰਿਹਾ। ਉਸਦੇ ਗਾਏ ਗੀਤਾਂ ਨੂੰ ਅਕਾਸ਼ ਬਾਣੀ ਤੋਂ ਬਿਨਾਂ ਹੋਰ ਕਿਤਿਓਂ ਨਹੀਂ ਸੁਣਿਆ ਜਾ ਸਕਦਾ ਕਿਉਂਕਿ ਵਪਾਰਕ ਕੰਪਨੀਆਂ ਨਾਲ ਉਸ ਸਮਝੌਤਾ ਕੀਤਾ ਨਹੀਂ ਅਤੇ ਦੂਰਦਰਸ਼ਨ ਦੀ ਲਾਲ ਫੀਤਾਸ਼ਾਹੀ ਨੂੰ ਉਸਨੇ ਕਦੇ ਪੱਠੇ ਨਹੀਂ ਸੀ ਪਾਏ । ਉਸਦੇ ਯਤਨਾਂ ਸਦਕਾ ਹੀ ਇਸ ਇਲਾਕੇ ਵਿਚ ਸੰਗੀਤ ਨੂੰ ਵੀ ਅਜਿਹੇ ਸੁਰੀਲੇ ਲੋਕ ਮਿਲੇ ਜਿੰਨ੍ਹਾਂ ਨੇ ਕਦੇ ਅਸ਼ਲੀਲ ਬੋਲਾਂ ਨਾਲ ਆਪਣੇ ਕੰਠ ਤੇ ਨਹੀਂ ਲਿਆਂਦਾ।

ਮੈਂ ਇਹ ਗੱਲ ਹਮੇਸ਼ਾਂ ਚੇਤੇ ਕਰਕੇ ਆਪਣੇ ਆਪ ਨੂੰ ਵਡਿਆ ਲੈਂਦਾ ਹਾਂ ਕਿ ਮੇਰਾ ਇਕ ਪੁਰਖਾ ਅਮਰਜੀਤ ਗੁਰਦਾਸਪੁਰੀ ਹੈ ਜਿਸਦੇ ਗੀਤਾਂ ਨੂੰ ਬਚਪਨ ਤੋਂ ਸੁਣਦਿਆਂ-ਸੁਣਦਿਆਂ ਆਪਣੇ ਅੰਦਰ ਉਹ ਨਿਜ਼ਾਮ ਉਸਾਰ ਲਿਆ ਹੈ ਜਿਸਨੂੰ ਲੋਕ ਸੰਗੀਤ ਸੂਝ ਆਖਦੇ ਨੇ ।

ਮੈਂ ਇਕੱਲਾ ਨਹੀਂ ਮੇਰੇ ਨਾਲ ਤੁਰਦੇ ਕਾਫ਼ਲੇ ਵਿਚ ਸ਼ਮਸ਼ੇਰ ਸਿੰਘ ਸੰਧੂ ਵੀ ਹੈ, ਜਗਦੇਵ ਸਿੰਘ ਜਸੋਵਾਲ ਵੀ ,ਗੁਰਪ੍ਰੀਤ ਸਿੰਘ ਤੂਰ ਤੇ ਤੇਜਪ੍ਰਤਾਪ ਸਿੰਘ ਸੰਧੂ ਵੀ। ਜਿਨ੍ਹਾਂ ਨੂੰ ਇਸ ਗੱਲ ਦਾ ਮਾਣ ਹੈ ਕਿ ਉਨ੍ਹਾਂ ਨੇ ਅਮਰਜੀਤ ਗੁਰਦਾਸਪੁਰੀ ਨੂੰ
ਲਗਾਤਾਰ ਸੁਣਿਆ ਹੈ । 92 ਬਹਾਰਾਂ ਤੇ ਪੱਤਝੜਾਂ ਹੰਢਾ ਕੇ ਉਹ ਸਾਨੂੰ ਸਦੀਵੀ ਅਲਵਿਦਾ ਕਹਿ ਗਿਆ ਹੈ। ਪੁੱਤਰ ਨਵਨੀਤ ਤੇ ਪਰਮਸੁਨੀਲ ਦੀ ਮੌਤ ਨੇ ਉਸ ਨੂੰ ਵਿੰਨ੍ਹ ਸੁੱਟਿਆ ਸੀ।

ਪਰ ਉਹ ਹਰ ਮੌਸਮ ਨੂੰ ਖਿੜੇ ਮੱਥੇ ਸਹਾਰਦਾ ਸਾਥੋਂ ਦੂਰ ਬਹੁਤ ਦੂਰ ਤੁਰ ਗਿਆ। ਜੈਕਸਨ(ਅਮਰੀਕਾ) ਵੱਸਦੇ ਉਸ ਦੇ ਪੁੱਤਰ ਤੇਜ ਬਿਕਰਮ ਸਿੰਘ ਰੰਧਾਵਾ ਦਾ ਕਹਿਣਾ ਹੈ, 24 ਫਰਵਰੀ ਤੀਕ ਮੇਰੇ ਲਈ ਭਾਰਤ ਚ ਦੋ ਸੂਰਜ ਚੜ੍ਹਦੇ ਸਨ, ਇੱਕ ਲੋਕਾਂ ਵਾਲਾ ਤੇ ਦੂਸਰਾ ਮੇਰੇ ਬਾਬਲ ਵਾਲਾ। ਇੱਕ ਸੂਰਜ ਡੁੱਬਣ ਨਾਲ ਸਾਡਾ ਸੰਸਾਰ ਹਨ੍ਹੇਰਾ ਹੋ ਗਿਆ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...