ਯੈੱਸ ਪੰਜਾਬ
ਹੁਸ਼ਿਆਰਪੁਰ, 13 ਜਨਵਰੀ, 2022 –
ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਵਲੋਂ ਅੱਜ ਕੇਂਦਰੀ ਜੇਲ੍ਹ ਹੁਸ਼ਿਆਰਪੁਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਜੇਲ੍ਹ ਵਿਚ ਕੈਦੀ/ਹਵਾਲਾਤੀਆਂ ਨੂੰ ਲੀਗਲ ਏਡ ਕਲੀਨਿਕ ਵਿਚ ਮੁਹੱਈਆ ਕਰਵਾਈ ਜਾਣ ਵਾਲੀ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਨਾਲ ਹੀ ਉਨ੍ਹਾਂ ਦੀ ਸਿਹਤ ਸਬੰਧੀ ਜਾਣਕਾਰੀ ਹਾਸਲ ਕੀਤੀ ਗਈ।
ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਇਸ ਦੌਰਾਨ ਮਹਿਲਾ ਹਵਾਲਾਤੀਆਂ ਨਾਲ ਲੋਹੜੀ ਦਾ ਤਿਉਹਾਰ ਵੀ ਮਨਾਇਆ। ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਸਾਰੇ ਅੱਜ ਤੋਂ ਹੀ ਬੁਰੇ ਕੰਮਾਂ ਨੂੰ ਤਿਆਗ ਕੇ ਇਕ ਚੰਗੀ ਸੋਚ ਨੂੰ ਅਪਨਾਉਣ ਅਤੇ ਜਦ ਵੀ ਉਹ ਇਸ ਜੇਲ੍ਹ ਤੋਂ ਬਾਹਰ ਜਾਣ ਤਾਂ ਇਕ ਚੰਗਾ ਜੀਵਨ ਜਿਊਣ ਦੀ ਸੋਚ ਰੱਖ ਕੇ ਆਪਣੇ ਭਵਿੱਖ ਨੂੰ ਸੰਵਾਰਨ।
ਉਨ੍ਹਾਂ ਮਹਿਲਾ ਹਵਾਲਾਤੀਆਂ ਨੂੰ ਕੋਵਿਡ-19 ਦੇ ਵੱਧ ਰਹੇ ਮਾਮਲਿਆਂ ਨੂੰ ਧਿਆਨ ਵਿਚ ਰੱਖਦੇ ਹੋਏ ਮਾਸਕ ਲਗਾ ਕੇ ਰੱਖਣ, ਸੈਨੇਟਾਈਜ਼ਰ ਦਾ ਪ੍ਰਯੋਗ ਕਰਨ, ਇਕ-ਦੂਜੇ ਤੋਂ ਘੱਟ ਤੋਂ ਘੱਟ 6 ਫੁੱਟ ਦੀ ਦੂਰੀ ਬਣਾ ਕੇ ਰੱਖਣ ਅਤੇ ਸਾਫ਼-ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣ ਲਈ ਕਿਹਾ। ਉਨ੍ਹਾਂ ਕੋਵਿਡ-19 ਸਬੰਧੀ ਨਵੀਂਆਂ ਗਾਈਡਲਾਈਨਜ਼ ਦੀ ਪਾਲਣਾ ਕਰਨ ਲਈ ਵੀ ਕਿਹਾ।
ਇਸ ਮੌਕੇ ਮੈਂਬਰ ਪੰਜਾਬ ਮਹਿਲਾ ਕਮਿਸ਼ਨ ਕਿਰਨ ਧਾਮੀ, ਕੇਂਦਰੀ ਜੇਲ੍ਹ ਦੇ ਸੁਪਰਡੰਟ ਅਨੁਰਾਗ ਕੁਮਾਰ ਆਜ਼ਾਦ, ਡਿਪਟੀ ਸੁਪਰਡੰਟ ਰਮਨਦੀਪ ਸਿੰਘ ਬੰਗੂ, ਸਰਬਜੀਤ ਸਿੰਘ, ਸਤਨਾਮ ਸਿੰਘ ਤੇ ਪਵਨ ਕੁਮਾਰ ਵੀ ਮੌਜੂਦ ਸਨ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ