ਯੈੱਸ ਪੰਜਾਬ
ਚੰਡੀਗੜ੍ਹ, 9 ਜਨਵਰੀ, 2025
Punjab ਦੇ ਰਾਜਪਾਲ ਅਤੇ UT Chandigarh ਦੇ ਪ੍ਰਸ਼ਾਸਕ ਸ੍ਰੀ Gulab Chand Kataria ਦੀ ਪ੍ਰਧਾਨਗੀ ਹੇਠ ਪੰਜਾਬ ਰਾਜ ਭਵਨ ਵਿਖੇ ਜੋਸ਼ੀ ਫਾਊਂਡੇਸ਼ਨ, ਖੰਨਾ ਫਾਊਂਡੇਸ਼ਨ, ਗਰੇਵਾਲ ਫਾਊਂਡੇਸ਼ਨ ਅਤੇ ਸੈਂਪਲਾ ਫਾਊਂਡੇਸ਼ਨ ਦੇ ਸਹਿਯੋਗ ਨਾਲ ਪੰਜਾਬ ਦੇ ਸਿੱਖਿਆ ਸ਼ਾਸਤਰੀਆਂ ਨਾਲ ਨਸ਼ਿਆਂ ਬਾਰੇ ਜਾਗਰੂਕਤਾ ਵਿਸ਼ੇ ‘ਤੇ ਵਿਚਾਰ-ਵਟਾਂਦਰਾ ਕਰਵਾਇਆ ਗਿਆ।
ਸਮਾਗਮ ਦੌਰਾਨ ਲਗਭਗ 50 ਯੂਨੀਵਰਸਿਟੀਆਂ, ਸਕੂਲਾਂ ਅਤੇ ਹੋਰ ਉੱਚ ਸਿੱਖਿਆ ਸੰਸਥਾਵਾਂ ਦੇ ਸਿੱਖਿਆ ਸ਼ਾਸਤਰੀਆਂ ਨੇ ਆਪਣੇ ਵਿਚਾਰ ਪ੍ਰਗਟ ਕੀਤੇ ਅਤੇ ਪੰਜਾਬ ਵਿੱਚ ਨਸ਼ਿਆਂ ਦੇ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਵਾਸਤੇ ਪੂਰਨ ਸਹਿਯੋਗ ਦਾ ਵਾਅਦਾ ਕੀਤਾ। ਸਿੱਖਿਆ ਸ਼ਾਸਤਰੀ ਨੇ ਰਾਜਪਾਲ ਨੂੰ ਉਨ੍ਹਾਂ ਦੇ ਕੈਂਪਸ ਵਿੱਚ ਕੀਤੀਆਂ ਜਾ ਰਹੀਆਂ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਬਾਰੇ ਵੀ ਜਾਣੂ ਕਰਵਾਇਆ, ਜਿਸ ਸਦਕਾ ਨੌਜਵਾਨਾਂ ਦਰਮਿਆਨ ਨਸ਼ਿਆਂ ਦੀ ਦੁਰਵਰਤੋਂ ਵਿੱਚ ਕਮੀ ਆਈ ਹੈ।
ਆਪਣੇ ਸੰਬੋਧਨ ਵਿੱਚ ਪੰਜਾਬ ਦੇ ਰਾਜਪਾਲ ਸ੍ਰੀ ਕਟਾਰੀਆ ਨੇ ਨਸ਼ਿਆਂ ਦੀ ਲਾਹਣਤ ਦੇ ਮਾੜੇ ਪ੍ਰਭਾਵਾਂ ‘ਤੇ ਚਾਨਣਾ ਪਾਉਂਦਿਆਂ ਕਿਹਾ ਕਿ ਇਹ ਸਿਰਫ਼ ਇੱਕ ਖੇਤਰੀ ਸਮੱਸਿਆ ਨਹੀਂ ਹੈ, ਸਗੋਂ ਇੱਕ ਰਾਸ਼ਟਰੀ ਸੰਕਟ ਹੈ ਅਤੇ ਇਹ ਖਾਸ ਕਰਕੇ ਪੰਜਾਬ ਵਿੱਚ ਚਿੰਤਾਜਨਕ ਵਿਸ਼ਾ ਹੈ।
ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਇਹ ਜੰਗ ਸਮਾਜ ਦੇ ਸਾਰੇ ਵਰਗਾਂ ਦੇ ਸਾਂਝੇ ਯਤਨਾਂ ਨਾਲ ਹੀ ਜਿੱਤੀ ਜਾ ਸਕਦੀ ਹੈ, ਜਿਸ ਵਿੱਚ ਸਰਕਾਰ, ਸਮਾਜਿਕ ਸੰਸਥਾਵਾਂ, ਵਿਦਿਅਕ ਸੰਸਥਾਵਾਂ, ਗੈਰ ਸਰਕਾਰੀ ਸੰਸਥਾਵਾਂ ਅਤੇ ਹੋਰ ਭਾਈਵਾਲ ਸ਼ਾਮਲ ਹਨ। ਇਸ ਸਬੰਧ ਵਿੱਚ ਕਾਨੂੰਨਾਂ ਨੂੰ ਲਾਗੂ ਕਰਨਾ ਮਹੱਤਵਪੂਰਨ ਹੈ, ਪਰ ਸਿਰਫ਼ ਕਾਨੂੰਨ ਹੀ ਇਸ ਸਮੱਸਿਆ ਦਾ ਹੱਲ ਨਹੀਂ ਕਰ ਸਕਦੇ। ਸਮਾਜ ਦੇ ਸਾਰੇ ਵਰਗਾਂ ਵਿੱਚ ਜਾਗਰੂਕਤਾ ਫੈਲਾਉਣਾ ਵੀ ਮਹੱਤਵਪੂਰਨ ਹੈ।
ਰਾਜਪਾਲ ਨੇ ਨਸ਼ਿਆਂ ਦੀ ਦੁਰਵਰਤੋਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਫੈਲਾਉਣ ਲਈ ਸੋਸ਼ਲ ਮੀਡੀਆ ਵਰਗੇ ਆਧੁਨਿਕ ਸੰਚਾਰ ਸਾਧਨਾਂ ਦੀ ਵਰਤੋਂ ਦੀ ਮਹੱਤਤਾ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਇਸ ਸਮਾਜਿਕ ਬੁਰਾਈ ਵਿਰੁੱਧ ਸਮੂਹਿਕ ਯਤਨਾਂ ਨੂੰ ਉਤਸ਼ਾਹਿਤ ਕਰਨ ਲਈ ਜਨਤਕ ਮਾਰਚ ਅਤੇ ਸਮਾਜ-ਸੰਚਾਲਿਤ ਮੁਹਿੰਮਾਂ ਸ਼ੁਰੂ ਕਰਨ ਦਾ ਸੁਝਾਅ ਦਿੱਤਾ।
ਰਾਜਪਾਲ ਕਟਾਰੀਆ ਨੇ ਮੌਜੂਦਾ ਸਮੇਂ ਸਿੰਥੈਟਿਕ ਨਸ਼ਿਆਂ ਦੀ ਵਰਤੋਂ ਕਾਰਨ ਪੈਦਾ ਹੋਈਆਂ ਚੁਣੌਤੀਆਂ ਬਾਰੇ ਗੱਲ ਕਰਦਿਆਂ ਕਿਹਾ ਕਿ ਇਹ ਨਸ਼ੇ ਰਵਾਇਤੀ ਨਸ਼ਿਆਂ ਨਾਲੋਂ ਵਧੇਰੇ ਜਾਨਲੇਵਾ ਹਨ। ਉਨ੍ਹਾਂ ਦੱਸਿਆ ਕਿ ਇਹ ਸਮਾਜ ਵਿਰੋਧੀ ਅਤੇ ਦੇਸ਼ ਵਿਰੋਧੀ ਤੱਤਾਂ ਲਈ ਲਾਹੇਵੰਦ ਕਾਰੋਬਾਰ ਬਣ ਗਿਆ ਹੈ, ਜਿਸ ਕਾਰਨ ਇਸ ਵੱਲ ਤੁਰੰਤ ਧਿਆਨ ਦੇਣ ਅਤੇ ਸਾਂਝੇ ਯਤਨਾਂ ਦੀ ਲੋੜ ਹੈ।
ਨਸ਼ਿਆ ਦੇ ਖ਼ਾਤਮੇ ਲਈ ਪਰਿਵਾਰਾਂ ਅਤੇ ਵਿਦਿਅਕ ਸੰਸਥਾਵਾਂ ਦੀ ਅਹਿਮ ਭੂਮਿਕਾ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਮਾਪਿਆਂ ਅਤੇ ਸਕੂਲਾਂ ਨੂੰ ਇਸ ਜੰਗ ਵਿੱਚ ਮੋਹਰੀ ਭੂਮਿਕਾ ਨਿਭਾਉਣੀ ਚਾਹੀਦੀ ਹੈ। ਨਸ਼ਾ ਪੀੜਤਾਂ ਨੂੰ ਦਰਕਿਨਾਰ ਕਰਨ ਦੀ ਬਜਾਏ, ਸਾਨੂੰ ਉਨ੍ਹਾਂ ਨੂੰ ਸਮਾਜ ਵਿੱਚ ਮੁੜ ਸ਼ਾਮਲ ਕਰਨ ਲਈ ਪਿਆਰ ਅਤੇ ਸਵੀਕਾਰਤਾ ਨਾਲ ਉਨ੍ਹਾਂ ਦਾ ਸਮਰਥਨ ਕਰਨਾ ਚਾਹੀਦਾ ਹੈ।
ਰਾਜਪਾਲ ਨੇ ਇਸ ਮੁੱਦੇ ਨੂੰ ਹੱਲ ਕਰਨ ਲਈ ਯੋਜਨਾਬੱਧ ਉਪਾਅ ਕਰਨ ਲਈ ਕਿਹਾ ਅਤੇ ਸੁਝਾਅ ਦਿੱਤਾ ਕਿ ਜ਼ਿਲ੍ਹਾ, ਤਹਿਸੀਲ ਅਤੇ ਬਲਾਕ ਪੱਧਰ ‘ਤੇ ਅਧਿਆਪਕ ਕਾਉਂਸਲਿੰਗ ਪ੍ਰੋਗਰਾਮ ਸ਼ੁਰੂ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਸਾਰੇ ਭਾਈਵਾਲਾਂ ਨੂੰ ਚੁਣੌਤੀਆਂ ਦੇ ਬਾਵਜੂਦ ਦ੍ਰਿੜ ਰਹਿਣ ਲਈ ਉਤਸ਼ਾਹਿਤ ਕੀਤਾ ਅਤੇ ਆਸ ਪ੍ਰਗਟਾਈ ਕਿ ਨਿਰੰਤਰ ਯਤਨਾਂ ਦੇ ਸਾਰਥਕ ਨਤੀਜੇ ਸਾਹਮਣੇ ਆਉਣਗੇ। ਉਨ੍ਹਾਂ ਜਾਗਰੂਕਤਾ, ਸਿੱਖਿਆ ਅਤੇ ਭਾਈਚਾਰਕ ਸ਼ਮੂਲੀਅਤ ‘ਤੇ ਧਿਆਨ ਕੇਂਦ੍ਰਤ ਕਰਦਿਆਂ ਨਸ਼ਾ ਪੀੜਤਾਂ ਪ੍ਰਤੀ ਹਮਦਰਦੀ ਵਾਲੀ ਅਤੇ ਵਿਆਪਕ ਪਹੁੰਚ ਅਪਣਾਉਣ ਲਈ ਵੀ ਕਿਹਾ।
ਇਸ ਵਿਚਾਰ-ਵਟਾਂਦਰੇ ਵਿੱਚ ਉੱਘੀਆਂ ਸ਼ਖ਼ਸੀਅਤਾਂ ਨੇ ਵੀ ਸ਼ਮੂਲੀਅਤ ਕੀਤੀ। ਇਸ ਮੌਕੇ ਵਿਨੀਤ ਜੋਸ਼ੀ ਫਾਊਂਡੇਸ਼ਨ ਦੇ ਸੰਸਥਾਪਕ ਸ੍ਰੀ ਵਿਨੀਤ ਜੋਸ਼ੀ ਨੇ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ ਭਾਈਵਾਲਾਂ ਦੀ ਜਾਣ-ਪਛਾਣ ਕਰਵਾਈ ਅਤੇ ਨਸ਼ਿਆਂ ਦੇ ਖਾਤਮੇ ਲਈ ਵਿਹਾਰਕ ਉਪਾਅ ਸਾਂਝੇ ਕੀਤੇ। ਸਾਬਕਾ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰੀ ਸ੍ਰੀ ਵਿਜੈ ਸਾਂਪਲਾ ਨੇ ਮੁੜ ਵਸੇਬਾ ਕੇਂਦਰਾਂ ਦੀ ਸੁਚੱਜੀ ਵਰਤੋਂ ਦੀ ਮਹੱਤਤਾ ਨੂੰ ਉਜਾਗਰ ਕੀਤਾ।
ਉਨ੍ਹਾਂ ਨੇ ਨਸ਼ਾ ਪੀੜਤਾਂ ਨੂੰ ਸਵੀਕਾਰ ਕਰਨ ਅਤੇ ਉਹਨਾਂ ਦੀ ਸਹਾਇਤਾ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ ਅਤੇ ਨਸ਼ਾ ਪੀੜਤਾਂ ਨਾਲ ਵਿਤਕਰਾ ਕਰਨ ਦੀ ਬਜਾਏ ਉਹਨਾਂ ਨੂੰ ਸਮਾਜ ਵਿੱਚ ਮੁੜ ਸ਼ਾਮਲ ਕਰਨ ਵਿੱਚ ਮਦਦ ਕਰਨ ਲਈ ਕਿਹਾ।
ਗਰੇਵਾਲ ਫਾਊਂਡੇਸ਼ਨ ਦੇ ਸੰਸਥਾਪਕ-ਡਾਇਰੈਕਟਰ ਸ੍ਰੀ ਹਰਜੀਤ ਸਿੰਘ ਗਰੇਵਾਲ ਨੇ ਇਸ ਨੇਕ ਕਾਰਜ ਲਈ ਆਪਣਾ ਪੂਰਾ ਸਹਿਯੋਗ ਦੇਣ ਦਾ ਵਾਅਦਾ ਕੀਤਾ। ਰਾਜ ਸਭਾ ਦੇ ਸਾਬਕਾ ਮੈਂਬਰ ਅਤੇ ਖੰਨਾ ਫਾਊਂਡੇਸ਼ਨ ਦੇ ਡਾਇਰੈਕਟਰ ਸ੍ਰੀ ਅਵਿਨਾਸ਼ ਰਾਏ ਖੰਨਾ ਨੇ ਇਸ ਅਲਾਮਤ ਨੂੰ ਖ਼ਤਮ ਕਰਨ ਲਈ ਸਮੂਹਿਕ ਯਤਨਾਂ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸੀਨੀਅਰ ਸੈਕੰਡਰੀ ਸਕੂਲ ਪੱਧਰ ‘ਤੇ ਜਾਗਰੂਕਤਾ ਪ੍ਰੋਗਰਾਮ ਚਲਾ ਕੇ ਨੌਜਵਾਨ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਸਕਦਾ ਹੈ।
ਇਹ ਸਮਾਗਮ ਸਾਰੇ ਭਾਈਵਾਲਾਂ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਯਤਨਾਂ ਨੂੰ ਤੇਜ਼ ਕਰਨ ਦੀ ਦ੍ਰਿੜ ਵਚਨਬੱਧਤਾ ਨਾਲ ਸਮਾਪਤ ਹੋਇਆ। ਇਸ ਦੌਰਾਨ ਜਾਗਰੂਕਤਾ ਮੁਹਿੰਮਾਂ ਨੂੰ ਤੇਜ਼ ਕਰਨ, ਮੁੜ ਵਸੇਬੇ ਦੇ ਯਤਨਾਂ ਵਿੱਚ ਸਹਿਯੋਗ ਦੇਣ ਅਤੇ ਨਸ਼ਾ-ਮੁਕਤ ਸਮਾਜ ਦੀ ਸਿਰਜਣਾ ਲਈ ਇਕਜੁੱਟ ਹੋ ਕੇ ਕੰਮ ਕਰਨ ਦਾ ਸਮੂਹਿਕ ਸੰਕਲਪ ਲਿਆ ਗਿਆ। ਪੰਜਾਬ ਰਾਜ ਭਵਨ ਵਿਖੇ ਕਰਵਾਇਆ ਗਿਆ ਇਹ ਵਿਚਾਰ-ਵਟਾਂਦਰਾ ਮੌਜੂਦਾ ਸਮੇਂ ਦੀਆਂ ਸਭ ਤੋਂ ਗੰਭੀਰ ਸਮਾਜਿਕ ਚੁਣੌਤੀਆਂ ਵਿੱਚੋਂ ਇੱਕ ਨਾਲ ਨਜਿੱਠਣ ਲਈ ਵੱਖ-ਵੱਖ ਭਾਈਵਾਲਾਂ ਨੂੰ ਇੱਕਜੁੱਟ ਕਰਨ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਵਜੋਂ ਭੂਮਿਕਾ ਨਿਭਾਏਗਾ।