Thursday, June 27, 2024
spot_img
spot_img

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਹੁਸ਼ਿਆਰਪੁਰ ਦੇ ਸਿਵਲ ਹਸਪਤਾਲ, ਨਸ਼ਾ ਛੁਡਾਊ ਕੇਂਦਰ ਦਾ ਲਿਆ ਜਾਇਜ਼ਾ

ਯੈੱਸ ਪੰਜਾਬ
ਹੁਸ਼ਿਆਰਪੁਰ, ਜੂਨ 20, 2024

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਜਿਥੇ ਸਿਵਲ ਹਸਪਤਾਲ ਹੁਸ਼ਿਆਰਪੁਰ ਦਾ ਦੌਰਾ ਕਰਕੇ ਆਮ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ, ਉਥੇ ਨਸ਼ਾ ਛੁਡਾਊ ਕੇਂਦਰ ਅਤੇ ਮੁੜ ਵਸੇਬਾ ਕੇਂਦਰ ਦਾ ਵੀ ਨਿਰੀਖਣ ਕੀਤਾ।

ਇਸ ਮੌਕੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਮੇਅਰ ਸੁਰਿੰਦਰ ਕੁਮਾਰ, ਐਸ.ਡੀ.ਐਮ. ਹੁਸ਼ਿਆਰਪੁਰ ਪ੍ਰੀਤ ਇੰਦਰ ਸਿੰਘ ਬੈਂਸ, ਸਿਵਲ ਸਰਜਨ ਡਾ. ਬਲਵਿੰਦਰ ਕੁਮਾਰ ਡਮਾਣਾ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ ਅਤੇ ਰਾਜੇਸ਼ਵਰ ਦਿਆਲ ਬੱਬੀ ਵੀ ਹਾਜ਼ਰ ਸਨ।

ਇਸ ਮੌਕੇ ਡਾ. ਬਲਬੀਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਇਸ ਦੌਰੇ ਦਾ ਮਕਸਦ ਸਿਹਤ ਢਾਂਚੇ ਅਤੇ ਸਿਹਤ ਸਹੂਲਤਾਂ ਨੂੰ ਹੋਰ ਮਜ਼ਬੂਤ ਬਣਾ ਕੇ ਜ਼ਿਲ੍ਹੇ ਦੇ ਆਮ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣਾ ਹੈ।

ਆਮ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਨੂੰ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰੀ ਹਸਪਤਾਲਾਂ ਵਿਚ ਮੈਡੀਕਲ ਅਫਸਰਾਂ ਅਤੇ ਪੈਰਾ-ਮੈਡੀਕਲ ਸਟਾਫ ਦੀਆਂ ਖਾਲੀ ਪਈਆਂ ਅਸਾਮੀਆਂ ਨੂੰ ਭਰਨ ਦੀ ਪ੍ਰਕਿਰਿਆ ਚੱਲ ਰਹੀ ਹੈ ਅਤੇ ਆਸ ਹੈ ਕਿ ਇਹ ਪ੍ਰਕਿਰਿਆ ਅਗਲੇ ਦੋ ਮਹੀਨਿਆਂ ਵਿਚ ਪੂਰੀ ਕਰ ਲਈ ਜਾਵੇਗੀ।

ਡਾ. ਬਲਬੀਰ ਸਿੰਘ ਨੇ ਜ਼ਿਲ੍ਹਾ ਹਸਪਤਾਲ ਦੇ ਕੰਮਕਾਜ ’ਤੇ ਹਰ ਪੱਖੋਂ ਸੰਤੁਸ਼ਟੀ ਜ਼ਾਹਰ ਕਰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਆਮ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤੇ ਇਸ ਦਿਸ਼ਾ ਵਿੱਚ ਤਰਜੀਹੀ ਆਧਾਰ ’ਤੇ ਢੁੱਕਵੇਂ ਕਦਮ ਪੁੱਟੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਹਰ ਸਰਕਾਰੀ ਸਿਹਤ ਸੰਸਥਾ ਨੂੰ ਹਰ ਤਰ੍ਹਾਂ ਦੀਆਂ ਲੋੜੀਂਦੀਆਂ ਸੁਵਿਧਾਵਾਂ ਨਾਲ ਲੈਸ ਕਰ ਦਿੱਤਾ ਜਾਵੇਗਾ।ਉਨ੍ਹਾਂ ਨੇ ਜ਼ਿਲ੍ਹਾ ਹਸਪਤਾਲ ਦੇ ਵੱਖ-ਵੱਖ ਵਿਭਾਗਾਂ ਵਿਚ ਉਪਲਬੱਧ ਸਿਹਤ ਸਹੂਲਤਾਂ ਦੇ ਪ੍ਰਬੰਧਾਂ ਨੂੰ ਦੇਖਿਆ ਅਤੇ ਮਰੀਜ਼ਾਂ ਨਾਲ ਗੱਲਬਾਤ ਵੀ ਕੀਤੀ।

ਇਸ ਉਪਰੰਤ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਸਿਵਲ ਸਰਜਨ ਡਾ. ਬਲਵਿੰਦਰ ਕੁਮਾਰ ਡਮਾਣਾ ਸਮੇਤ ਹੋਰ ਉੱਚ ਸਿਹਤ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਜ਼ਿਲ੍ਹੇ ਵਿਚ ਸਿਹਤ ਸਹੂਲਤਾਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ ਅਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ।

ਇਸ ਮੌਕੇ ਉਨ੍ਹਾਂ ਵੈਕਟਰ ਬੌਰਨ ਅਤੇ ਵਾਟਰ ਬੌਰਨ ਬਿਮਾਰੀਆਂ ਦੀ ਰੋਕਥਾਮ ਲਈ ਢੁੱਕਵੇ ਕਦਮ ਉਠਾਉਣ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਵੈਕਟਰ ਬੌਰਨ ਬਿਮਾਰੀਆ ਦੇ ਪ੍ਰਸਾਰ ਨੂੰ ਰੋਕਣ ਲਈ ਜਾਗਰੂਕਤਾ, ਸਰਵੇ ਗਤੀਵਿਧੀਆਂ ਅਤੇ ਇਲਾਜ ਪ੍ਰਬੰਧਨ ਨੂੰ ਹੋਰ ਮਜ਼ਬੂਤ ਬਣਾਇਆ ਜਾਵੇ।

ਉਨ੍ਹਾਂ ਕਿਹਾ ਕਿ ਪਿਛਲੇ ਸਾਲ ਹੁਸ਼ਿਆਰਪੁਰ ਵਿਚ ਡੇਂਗੂ ਦੇ ਮਾਮਲੇ ਸਭ ਤੋਂ ਵੱਧ ਆਏ ਸਨ, ਇਸ ਲਈ ਇਸ ਵਾਰ ਇਥੇ ਜ਼ਿਆਦਾ ਧਿਆਨ ਦੇਣ ਦੀ ਲੋੜ ਹੈ। ਉਨ੍ਹਾਂ ਹਦਾਇਤ ਕੀਤੀ ਕਿ ਹਾਟ ਸਪਾਟ ਇਲਾਕਿਆਂ ਵਿਚ ਵਿਸ਼ੇਸ਼ ਧਿਆਨ ਕੇਂਦਰਿਤ ਕਰਕੇ ਉਥੇ ਡੇਂਗੂ ਵਿਰੋਧੀ ਗਤੀਵਿਧੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਡੇਂਗੂ ਦੀ ਰੋਕਥਾਮ ਲਈ ਸਮਾਜ ਦੀ ਭਾਗੀਦਾਰੀ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਸਿਹਤ ਵਿਭਾਗ ਦੇ ਭਾਈਵਾਲ ਵਿਭਾਗਾਂ ਦੇ ਸਹਿਯੋਗ ਨਾਲ ਹਰ ਪੱਧਰ ’ਤੇ ਤਾਲਮੇਲ ਕਮੇਟੀਆਂ ਕਾਇਮ ਕਰਕੇ ਡੇਂਗੂ, ਮਲੇਰੀਆ ਤੇ ਚਿਕਨਗੁਨੀਆ ਵਰਗੀਆਂ ਬਿਮਾਰੀਆਂ ਵਿਰੁੱਧ ਮੁਹਿੰਮ ਵਿੱਢੀ ਜਾਵੇ।

ਉਨ੍ਹਾਂ ਕਿਹਾ ਕਿ ਹਰ ਸ਼ੁੱਕਰਵਾਰ-ਡੇਂਗੂ ’ਤੇ ਵਾਰ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇ ਅਤੇ ਇਸ ਵਿਚ ਆਸ਼ਾ ਵਰਕਰ ਤੋਂ ਲੈ ਕੇ ਏ.ਐੱਨ.ਐੱਮਜ਼, ਮਲਟੀਪਰਪਜ਼ ਹੈਲਥ ਵਰਕਰਾਂ, ਕਮਿਊਨਿਟੀ ਹੈਲਥ ਅਫਸਰਾਂ ਦੀ ਸ਼ਮੂਲੀਅਤ ਯਕੀਨੀ ਬਣਾਈ ਜਾਵੇ ਤਾਂ ਜੋ ਆਮ ਲੋਕਾਂ ਵਿਚ ਜਾਗਰੂਕਤਾ ਫੈਲਾਅ ਕੇ ਇਸ ਬਿਮਾਰੀਆਂ ਨੂੰ ਸਿਰ ਚੁੱਕਣ ਤੋਂ ਪਹਿਲਾਂ ਹੀ ਰੋਕ ਲਿਆ ਜਾਵੇ।

ਉਨ੍ਹਾਂ ਇਹ ਵੀ ਕਿਹਾ ਕਿ ਸਿੱਖਿਆ ਵਿਭਾਗ ਨਾਲ ਤਾਲਮੇਲ ਕਰਕੇ ਸਕੂਲਾਂ ਵਿਚ ਡੇਂਗੂ ਦੇ ਲਾਰਵੇ ਦੀ ਪਛਾਣ ਕਰਨ ਲਈ ਵਿਦਿਆਰਥੀਆਂ ਨੂੰ ਜਾਗਰੂਕਤਾ ਕੀਤਾ ਜਾਵੇ ਅਤੇ ਜਿਹੜੇ ਵਿਦਿਆਰਥੀਆਂ ਲਾਰਵਾ ਦੀ ਸਹੀ ਪਛਾਣ ਕਰਨ ਵਿਚ ਸਫਲ ਹੁੰਦੇ ਹਨ, ਉਨ੍ਹਾਂ ਨੂੰ ਸਨਮਾਨਿਤ ਕਰਕੇ ਸਮਾਜ ਵਿਚ ਡੇਂਗੂ ਵਿਰੁੱਧ ਜਾਗਰੂਕਤਾ ਫੈਲਾਉਣ ਲਈ ਪ੍ਰੇਰਿਤ ਕੀਤਾ ਜਾਵੇ ਤਾਂ ਜੋ ਸਮਾਜ ਵਿਚ ਹਰ ਕੋਈ ਇਸ ਬਿਮਾਰੀ ਪ੍ਰਤੀ ਜਾਗਰੂਕ ਹੋ ਕੇ ਇਸ ਬਿਮਾਰੀ ਦੀ ਰੋਕਥਾਮ ਵਿਚ ਆਪਣਾ ਬਣਦਾ ਯੋਗਦਾਨ ਪਾ ਸਕੇ।

ਇਸ ਉਪਰੰਤ ਸਿਹਤ ਮੰਤਰੀ ਨੇ ਸਿਵਲ ਹਸਪਤਾਲ ਵਿਚਲੇ ਨਸ਼ਾ ਛੁਡਾਊ ਕੇਂਦਰ ਅਤੇ ਨਿਊ ਫਤਿਹਗੜ੍ਹ ਸਥਿਤ ਮੁੜ ਵਸੇਬਾ ਕੇਂਦਰ ਦਾ ਦੌਰਾ ਕੀਤਾ।

ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਦਾ ਮੁੜ ਵਸੇਬਾ ਕੇਂਦਰ ਇਕ ਬਿਹਤਰੀਨ ਮੁੜ ਵਸੇਬਾ ਕੇਂਦਰ ਹੈ ਅਤੇ ਇਥੇ ਹਰੇਕ ਤਰ੍ਹਾਂ ਦੀ ਸਹੂਲਤ ਉਪਲਬੱਧ ਹੈ। ਉਨ੍ਹਾਂ ਕਿਹਾ ਕਿ ਨਸ਼ਾ ਪੀੜਤਾਂ ਦੇ ਮੁੜ ਵਸੇਬੇ ਅਤੇ ਸਿਹਤਯਾਬੀ ਲਈ ਯੋਗਾ ਅਭਿਆਸਾਂ ਦੀ ਸਿੱਖਿਆ ਦੇਣੀ ਯਕੀਨੀ ਬਣਾਈ ਜਾਵੇ।

ਇਸ ਦੇ ਨਾਲ ਹੀ ਨਸ਼ਾ ਰੋਗੀਆਂ ਨੂੰ ਸਕਿੱਲ ਅਤੇ ਹੋਰ ਕ੍ਰਿਏਟਿਵ ਗਤੀਵਿਧੀਆਂ ਕਰਵਾਉਣ ’ਤੇ ਜ਼ੋਰ ਦਿੱਤਾ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਨਸ਼ਾ ਰੋਗੀਆਂ ਨੂੰ ਕਿਸੇ ਨਾ ਕਿਸੇ ਸਕਿੱਲ ਵਿਚ ਨਿਪੁੰਨ ਬਣਾਉਣ ਲਈ ਕੋਈ ਸਕੀਮ ਘੜੀ ਜਾਵੇ ਤਾਂ ਜੋ ਉਹ ਇਸ ਅਲਾਮਤ ਨੂੰ ਤਿਆਗਣ ਤੋਂ ਬਾਅਦ ਆਪਣੇ ਘਰ ਦਾ ਗੁਜ਼ਾਰਾ ਕਰਨ ਦੇ ਸਮਰੱਥ ਹੋ ਸਕਣ।

ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ ਨਸ਼ਾ ਪੀੜਤਾਂ ਨੂੰ ਪ੍ਰੇਰਿਤ ਕਰਕੇ ਆਪਣਾ ਇਲਾਜ ਕਰਵਾਉਣ ਲਈ ਉਤਸ਼ਾਹਿਤ ਕੀਤਾ ਜਾਵੇ ਤਾਂ ਜੋ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਕੀਤਾ ਜਾ ਸਕੇ।

ਇਸ ਮੌਕੇ ਸਿਵਲ ਹਸਪਤਾਲ ਦੇ ਐਸ. ਐਮ. ਓ ਡਾ. ਸਵਾਤੀ ਸ਼ੀਮਾਰ, ਐਸ. ਪੀ ਮੇਜਰ ਸਿੰਘ, ਨਗਰ ਨਿਗਮ ਦੇ ਜਾਇੰਟ ਕਮਿਸ਼ਨਰ ਸੰਦੀਪ ਤਿਵਾੜੀ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਜਗਦੀਪ ਸਿੰਘ, ਡਾ. ਮਨਮੋਹਨ ਸਿੰਘ ਤੋਂ ਇਲਾਵਾ ਸਮੂਹ ਐਸ. ਐਮ. ਓਜ਼ ਅਤੇ ਸਿਹਤ ਵਿਭਾਗ ਦੇ ਉੱਚ ਅਧਿਕਾਰੀ ਹਾਜ਼ਰ ਸਨ।

- Advertisment -

ਅਹਿਮ ਖ਼ਬਰਾਂ