ਯੈੱਸ ਪੰਜਾਬ
ਚੰਡੀਗੜ੍ਹ, 22 ਜੂਨ, 2024
ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਫ਼ਰੀਦਕੋਟ ਦੇ ਆਬਜ਼ਰਵੇਸ਼ਨ ਹੋਮ ਅਤੇ ਪਲੇਸ ਆਫ਼ ਸੇਫਟੀ ਦਾ ਦੌਰਾ ਕੀਤਾ ਅਤੇ ਉੱਥੇ ਰਹਿੰਦੇ ਲੜਕਿਆਂ ਦੇ ਸਸ਼ਕਤੀਕਰਨ ਲਈ ਕਈ ਨਵੀਆਂ ਪਹਿਲਕਦਮੀਆਂ ਦੀ ਸ਼ੁਰੂਆਤ ਕੀਤੀ।
ਆਪਣੀ ਫੇਰੀ ਦੌਰਾਨ ਡਾ. ਕੌਰ ਨੇ ਉੱਥੇ ਰਹਿੰਦੇ ਲੜਕਿਆ ਦੇ ਹੁਨਰ ਨੂੰ ਹੋਰ ਨਿਖਾਰਨ ਅਤੇ ਉਨ੍ਹਾਂ ਨੂੰ ਬਿਹਤਰ ਭਵਿੱਖ ਲਈ ਤਿਆਰ ਕਰਨ ਵਾਸਤੇ ਹੁਨਰ ਵਿਕਾਸ ਪ੍ਰੋਗਰਾਮ ਸ਼ੁਰੂ ਕਰਨ ਦਾ ਐਲਾਨ ਕੀਤਾ। ਉਨ੍ਹਾਂ ਨੇ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਮੌਜੂਦਾ ਸਹੂਲਤਾਂ ਦਾ ਜਾਇਜ਼ਾ ਲਿਆ ਅਤੇ ਸਟਾਫ਼ ਨੂੰ ਅਗਲੇ 15 ਦਿਨਾਂ ਦੇ ਅੰਦਰ-ਅੰਦਰ ਕਿਸੇ ਵੀ ਕਮੀ ਨੂੰ ਦੂਰ ਕਰਨ ਦੇ ਨਿਰਦੇਸ਼ ਦਿੱਤੇ।
ਇਸ ਦੇ ਨਾਲ ਹੀ ਉਹਨਾਂ ਨੇ ਮਨੋਰੰਜਕ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ, ਇੱਕ ਵਿਆਪਕ ਸਿਹਤ ਜਾਂਚ ਕੈਂਪ ਲਗਾਉਣ ਅਤੇ ਸੱਭਿਆਚਾਰਕ ਪ੍ਰੋਗਰਾਮਾਂ ਨੂੰ ਸ਼ਾਮਲ ਕਰਨ ਲਈ ਵੀ ਕਿਹਾ।
ਮੰਤਰੀ ਨੇ ਦੱਸਿਆ ਕਿ ਮੌਜੂਦਾ ਸਮੇਂ ਆਬਜ਼ਰਵੇਸ਼ਨ ਹੋਮ ਵਿੱਚ ਵੱਖ-ਵੱਖ ਜ਼ਿਲ੍ਹਿਆਂ ਦੇ 60 ਤੋਂ ਵੱਧ ਲੜਕੇ ਰਹਿ ਰਹੇ ਹਨ, ਜਿਨ੍ਹਾਂ ਵਿੱਚ 18 ਸਾਲ ਤੋਂ ਘੱਟ ਉਮਰ ਦੇ ਲੜਕੇ ਵੀ ਸ਼ਾਮਲ ਹਨ ਜਿਨ੍ਹਾਂ ‘ਤੇ ਕਾਨੂੰਨੀ ਅਪਰਾਧਾਂ ਦੇ ਮਾਮਲਿਆਂ ਵਿੱਚ ਦੋਸ਼ ਲਗਾਇਆ ਗਿਆ ਹੈ ਅਤੇ 18 ਤੋਂ 21 ਸਾਲ ਦੀ ਉਮਰ ਵਰਗ ਦੇ ਪਲੇਸ ਆਫ਼ ਸੇਫ਼ਟੀ ਵਿਖੇ ਰਹਿ ਰਹੇ ਹਨ। ਇਹਨਾਂ ਨਵੀਆਂ ਪਹਿਲਕਦਮੀਆਂ ਨਾਲ ਉਨ੍ਹਾਂ ਦੇ ਜੀਵਨ ਦੀ ਗੁਣਵੱਤਾ ਅਤੇ ਭਵਿੱਖ ਦੀਆਂ ਸੰਭਾਵਨਾਵਾਂ ਵਿੱਚ ਮਹੱਤਵਪੂਰਨ ਸੁਧਾਰ ਹੋਣ ਦੀ ਉਮੀਦ ਹੈ।
ਡਾ. ਕੌਰ ਨੇ ਅਬਜਰਵੇਸ਼ਨ ਹੋਮ ਦੇ ਸਟਾਫ਼ ਤੋਂ ਕੰਮ ਸਬੰਧੀ ਜਾਣਿਆ ਅਤੇ ਸਟਾਫ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ‘ਤੇ ਤਸੱਲੀ ਪ੍ਰਗਟਾਈ। ਉਹਨਾਂ ਨੇ ਸੁਪਰਡੈਂਟ ਨੂੰ ਬੈੱਡਾਂ ਦੀ ਸਥਿਤੀ ਬਾਰੇ ਇੱਕ ਹਫ਼ਤੇ ਅੰਦਰ ਰਿਪੋਰਟ ਦੇਣ ਅਤੇ ਲੜਕਿਆਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਮੈਡੀਕਲ ਕੈਂਪ ਲਗਾਉਣ ਦੇ ਆਦੇਸ਼ ਵੀ ਦਿੱਤੇ।
ਮੰਤਰੀ ਨੇ ਦੱਸਿਆ ਕਿ ਸ਼ੁਰੂ ਵਿੱਚ ਇਹ ਹੋਮ 50 ਲੜਕਿਆਂ ਦੇ ਰਹਿਣ ਲਈ ਬਣਾਇਆ ਗਿਆ ਸੀ ਪਰ ਇਸਦੀ ਸਮਰੱਥਾ ਨੂੰ 100 ਲੜਕਿਆਂ ਤੱਕ ਵਧਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇਸ ਪਹਿਲਕਦਮੀ ਲਈ ਲੋੜੀਂਦਾ ਬਜਟ ਅਤੇ ਸਟਾਫ਼ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਜ਼ਿਕਰਯੋਗ ਹੈ ਕਿ ਇਨ੍ਹਾਂ ਯਤਨਾਂ ਦਾ ਉਦੇਸ਼ ਫ਼ਰੀਦਕੋਟ ਦੇ ਆਬਜ਼ਰਵੇਸ਼ਨ ਹੋਮ ਵਿਖੇ ਰਹਿਣ ਵਾਲੇ ਮੁੰਡਿਆਂ ਦੇ ਜੀਵਨ ਨੂੰ ਸੁਧਾਰ ਕੇ ਸਕਾਰਾਤਮਕ ਤਬਦੀਲੀਆਂ ਲਿਆਉਣਾ ਹੈ।
ਇਸ ਦੌਰੇ ਦੌਰਾਨ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਫ਼ਰੀਦਕੋਟ ਨਵੀਨ ਗਡਵਾਲ ਵੀ ਹਾਜ਼ਰ ਸਨ।