ਯੈੱਸ ਪੰਜਾਬ
ਚੰਡੀਗੜ੍ਹ, 18 ਮਾਰਚ, 2025
ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਦੌਰਾਨ Punjab Vigilance Bureau ਨੇ ਅੱਜ ਕਪੂਰਥਲਾ ਜ਼ਿਲ੍ਹੇ ਦੇ ਪਿੰਡ ਝੱਲ ਬੀਂਬੜੀ ਦੇ ਪੰਚਾਇਤ ਸਕੱਤਰ Parmjit Singh ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਸ ਕੇਸ ਦਾ ਸਹਿ-ਦੋਸ਼ੀ, ਕਪੂਰਥਲਾ ਦਾ ਬਲਾਕ ਵਿਕਾਸ ਅਤੇ ਪੰਚਾਇਤ ਅਧਿਕਾਰੀ (BDPO) ਹਰਦਿਆਲ ਸਿੰਘ ਗ੍ਰਿਫ਼ਤਾਰੀ ਤੋਂ ਬਚਦਾ ਹੋਇਆ ਲਈ ਮੌਕੇ ਤੋਂ ਫਰਾਰ ਹੋਣ ਵਿੱਚ ਕਾਮਯਾਬ ਹੋ ਗਿਆ।
Punjab Vigilance Bureau ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਪਿੰਡ ਝੱਲ ਬੀਂਬੜੀ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਉਪਰੰਤ ਕੀਤੀ ਗਈ ਹੈ।
ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ BDPO ਅਤੇ ਪੰਚਾਇਤ ਸਕੱਤਰ ਦੋਵਾਂ ਨੇ ਪਿੰਡ ਦੀ ਇੱਕ ਗਲੀ ਦੀ ਉਸਾਰੀ ਸਬੰਧੀ ਲਾਗਤ ਦਾ ਭੁਗਤਾਨ ਕਰਨ ਲਈ ਬੈਂਕ ਚੈੱਕ ਜਾਰੀ ਕਰਨ ਬਦਲੇ 20,000 ਰੁਪਏ ਰਿਸ਼ਵਤ ਮੰਗੀ ਹੈ।
ਉਨਾਂ ਦੱਸਿਆ ਕਿ ਮੁੱਢਲੀ ਜਾਂਚ ਉਪਰੰਤ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਪੰਚਾਇਤ ਸਕੱਤਰ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 15,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ ਜਦਕਿ ਬੀ.ਡੀ.ਪੀ.ਓ ਗ੍ਰਿਫ਼ਤਾਰੀ ਤੋਂ ਬਚਦਾ ਹੋਇਆ ਮੌਕੇ ਤੋਂ ਫਰਾਰ ਹੋ ਗਿਆ।
ਬੁਲਾਰੇ ਨੇ ਅੱਗੇ ਦੱਸਿਆ ਕਿ ਦੋਵਾਂ ਮੁਲਜਮਾਂ ਵਿਰੁੱਧ ਵਿਜੀਲੈਂਸ ਬਿਊਰੋ ਪੁਲਿਸ ਥਾਣਾ ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਗ੍ਰਿਫ਼ਤਾਰ ਪੰਚਾਇਤ ਸਕੱਤਰ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।