Sunday, March 30, 2025
spot_img
spot_img
spot_img

Budget 2025-26 ਰੰਗਲਾ ਪੰਜਾਬ ਵੱਲ ਵਧਣ ਲਈ ਮਿਸਾਲੀ ਤਬਦੀਲੀ: CM Bhagwant Mann

ਯੈੱਸ ਪੰਜਾਬ
ਚੰਡੀਗੜ੍ਹ, 26 ਮਾਰਚ, 2025

ਬਜਟ 2025-26 ਦੀ ਸ਼ਲਾਘਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਜਟ ਪਿਛਲੀਆਂ ਸਰਕਾਰਾਂ ਦੇ ਪਿਛਾਖੜੀ ਬਜਟ ਤੋਂ ਰੰਗਲਾ ਪੰਜਾਬ ਵੱਲ ਮਿਸਾਲੀ ਤਬਦੀਲੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ 2,36,080 ਕਰੋੜ ਰੁਪਏ ਦਾ ਬਜਟ ਸੂਬੇ ਦਾ ਸਭ ਤੋਂ ਵੱਡਾ ਬਜਟ ਹੈ ਅਤੇ ਉਨ੍ਹਾਂ ਦੀ ਸਰਕਾਰ ਦਾ ਤੀਜਾ ਟੈਕਸ ਮੁਕਤ ਬਜਟ ਹੈ। ਉਨ੍ਹਾਂ ਕਿਹਾ ਕਿ ਭਾਵੇਂ ਪਿਛਲੀਆਂ ਸਰਕਾਰਾਂ ਦੌਰਾਨ ਪੰਜਾਬ ਨੂੰ ਕਈ ਨਕਾਰਾਤਮਕ ਮਾਰਕੇ ਮਿਲੇ ਸਨ ਪਰ ਸਾਡੀ ਸਰਕਾਰ ਰੰਗਲਾ, ਪ੍ਰਗਤੀਸ਼ੀਲ ਅਤੇ ਖੁਸ਼ਹਾਲ ਪੰਜਾਬ ਬਣਾਉਣ ਲਈ ਵਚਨਬੱਧ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਿਹਤ, ਸਿੱਖਿਆ, ਨੌਕਰੀਆਂ, ਉਦਯੋਗ ਅਤੇ ਹੋਰ ਹਰ ਖੇਤਰ ਲਈ ਫੰਡ ਰੱਖੇ ਗਏ ਹਨ, ਜੋ ਸੂਬੇ ਦੇ ਵਿਕਾਸ ਨੂੰ ਹੁਲਾਰਾ ਦੇਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਇਹ ਤੀਜਾ ਟੈਕਸ ਮੁਕਤ ਬਜਟ ਪੇਸ਼ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਇਹ ਬਜਟ ਸੂਬੇ ਦੇ ਚੱਲ ਰਹੇ ਵਿਕਾਸ ਨੂੰ ਹੋਰ ਹੁਲਾਰਾ ਦੇਣ ਦੇ ਉਦੇਸ਼ ਨਾਲ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਜਤਾਈ ਕਿ ਇਹ ਬਜਟ ਇੱਕ ਪਾਸੇ ਸੂਬੇ ਵਿੱਚ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਯਕੀਨੀ ਬਣਾ ਕੇ ਆਮ ਆਦਮੀ ਦੀ ਕਿਸਮਤ ਨੂੰ ਹੋਰ ਬਦਲੇਗਾ ਅਤੇ ਦੂਜੇ ਪਾਸੇ ਆਰਥਿਕ ਗਤੀਵਿਧੀਆਂ ਨੂੰ ਵੱਡਾ ਹੁਲਾਰਾ ਦੇਵੇਗਾ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਇਹ ਬਜਟ ਸੂਬੇ ਦੇ ਚੱਲ ਰਹੇ ਵਿਕਾਸ ਕਾਰਜਾਂ ਨੂੰ ਹੋਰ ਹੁਲਾਰਾ ਦੇਣ ਦੇ ਉਦੇਸ਼ ਨਾਲ ਤਿਆਰ ਕੀਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਇਹ ਬਜਟ ਸੂਬਾ ਸਰਕਾਰ ਦੀਆਂ ਵਿਹਾਰਕ ਨੀਤੀਆਂ ਦੇ ਨਾਲ ਸੂਬੇ ਦੀ ਤਰੱਕੀ ਵਿੱਚ ਸਹਾਈ ਹੋਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਬੁਹਤ ਖੁਸ਼ੀ ਦੀ ਗੱਲ ਹੈ ਕਿ ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਪ੍ਰਤੀ ਵਿਅਕਤੀ ਆਮਦਨ ਵਿੱਚ ਪੰਜਾਬ ਦੇਸ਼ ਭਰ ਵਿੱਚ 15ਵੇਂ ਸਥਾਨ ‘ਤੇ ਹੈ ਅਤੇ ਸੂਬੇ ਦੀ ਆਰਥਿਕ ਵਿਕਾਸ ਦਰ ਵਿੱਚ ਲਗਾਤਾਰ ਮਜ਼ਬੂਤੀ ਆ ਰਹੀ ਹੈ, ਜਿਸ ਸਦਕਾ ਮੌਜੂਦਾ ਸਾਲ ਵਿੱਚ ਨੌਂ ਫ਼ੀਸਦ ਦਾ ਪ੍ਰਭਾਵਸ਼ਾਲੀ ਵਾਧਾ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਬਣਨ ਸਮੇਂ ਪਿਛਲੀ ਸਰਕਾਰਾਂ ਦੀਆਂ ਮਾੜੀਆਂ ਕਾਰਗੁਜ਼ਾਰੀਆਂ ਕਰ ਕੇ ਸੂਬੇ ਦੀ ਆਰਥਿਕ ਸਥਿਤੀ ਬਹੁਤ ਕਮਜ਼ੋਰ ਸੀ ਪਰ ਸਾਡੇ ਪਹਿਲੇ ਬਜਟ ਵਿੱਚ ਕੀਤੇ ਵਾਅਦੇ ਅਨੁਸਾਰ ਸਰਕਾਰ ਵੱਲੋਂ ਸੂਬੇ ਦੀ ਵਿਗੜਦੀ ਵਿੱਤੀ ਸਥਿਤੀ ਨੂੰ ਸੰਭਾਲ ਲਿਆ ਗਿਆ ਹੈ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਪੰਜਾਬ ਦੇ ਆਪਣੇ ਟੈਕਸ ਮਾਲੀਏ ਵਿੱਚ ਮੌਜੂਦਾ ਸਾਲ ਵਿੱਚ ਵੀ ਦੋਹਰੇ ਅੰਕਾਂ ਦੀ ਵਾਧਾ ਦਰਜ ਕੀਤਾ ਗਿਆ ਹੈ, ਫ਼ਰਵਰੀ 2025 ਤੱਕ 14 ਫ਼ੀਸਦ ਦਾ ਵਾਧਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਆਬਕਾਰੀ, ਮਾਲੀਆ ਅਤੇ ਜੀ.ਐਸ.ਟੀ. ਵਿੱਚ ਪ੍ਰਭਾਵਸ਼ਾਲੀ ਵਾਧਾ ਹੋਇਆ ਹੈ, ਜਿਸ ਦੇ ਨਤੀਜੇ ਵਜੋਂ ਸਾਡਾ ਆਪਣਾ ਟੈਕਸ ਮਾਲੀਆ ਵਿੱਤੀ ਸਾਲ 2021-22 ਵਿੱਚ 37,327 ਕਰੋੜ ਰੁਪਏ ਤੋਂ ਵੱਧ ਕੇ ਵਿੱਤੀ ਸਾਲ 2024-25 ਵਿੱਚ 57,919 ਕਰੋੜ ਰੁਪਏ ਹੋ ਗਿਆ ਹੈ। ਭਾਵ ਮੌਜੂਦਾ ਸਰਕਾਰ ਦੇ ਸਿਰਫ਼ ਤਿੰਨ ਸਾਲਾਂ ਵਿੱਚ 20,500 ਕਰੋੜ ਰੁਪਏ ਦਾ ਵਾਧਾ ਦਰਜ ਕੀਤਾ ਗਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ 1 ਮਾਰਚ, 2025 ਤੋਂ “ਯੁੱਧ ਨਸ਼ਿਆਂ ਦੇ ਵਿਰੁੱਧ” ਮੁਹਿੰਮ ਸ਼ੁਰੂ ਕੀਤੀ ਹੈ ਤਾਂ ਜੋ ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹੋਂ ਖ਼ਤਮ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਇਸ ਜੰਗ ਵਿੱਚ ਪੁਲਿਸ ਵਿਭਾਗ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਲਗਪਗ 400 ਕਰੋੜ ਰੁਪਏ ਦੇ ਬਜਟ ਦਾ ਉਪਬੰਧ ਰੱਖਿਆ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਜਟ ਵਿੱਚ ‘ਰੰਗਲਾ ਪੰਜਾਬ ਵਿਕਾਸ ਯੋਜਨਾ’ ਲਈ 585 ਕਰੋੜ ਰੁਪਏ (ਪ੍ਰਤੀ ਹਲਕਾ 5 ਕਰੋੜ ਰੁਪਏ) ਦੇ ਬਜਟ ਦਾ ਉਪਬੰਧ ਪ੍ਰਸਤਾਵਿਤ ਕੀਤਾ ਗਿਆ ਹੈ, ਜਿਸ ਨਾਲ ਸੂਬੇ ਭਰ ਵਿੱਚ ਵਿਕਾਸ ਗਤੀਵਿਧੀਆਂ ਨੂੰ ਵੱਡਾ ਹੁਲਾਰਾ ਮਿਲੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਪ੍ਰਤੀ ਸੰਵੇਦਨਸ਼ੀਲ ਹੈ, ਜਿਸ ਲਈ ਸਿੰਜਾਈ ਤੋਂ ਵਾਂਝੇ ਰਹੇ ਖੇਤਰਾਂ ਵਿੱਚ ਨਹਿਰੀ ਪਾਣੀ ਪਹੁੰਚਾਉਣ ਲਈ ਸਤਹੀ ਜਲ ਪ੍ਰੋਜੈਕਟਾਂ ਸਬੰਧੀ 8,227 ਕਰੋੜ ਰੁਪਏ ਦਾ ਵਿਸ਼ੇਸ਼ ਪ੍ਰੋਜੈਕਟ ਉਲੀਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਟੇਲਾਂ ਤੱਕ ਪਾਣੀ ਪੁੱਜਦਾ ਕਰਨ ਅਤੇ ਨਹਿਰੀ ਸਿੰਜਾਈ ਸਹੂਲਤਾਂ ਦਾ ਵਿਸਥਾਰ ਕਰਨ ਲਈ ਸਰਕਾਰ ਨੇ ਸੂਬੇ ਭਰ ਵਿੱਚ ਜਲ ਸਰੋਤਾਂ ਦੀ ਲਾਈਨਿੰਗ ਅਤੇ ਨਵੀਨੀਕਰਨ ਨੂੰ ਤਰਜੀਹ ਦਿੱਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿੱਤੀ ਸਾਲ 2025-26 ਵਿੱਚ 315 ਕਰੋੜ ਰੁਪਏ ਦੀ ਅਨੁਮਾਨਤ ਲਾਗਤ ਨਾਲ 63,000 ਹੈਕਟੇਅਰ ਰਕਬੇ ਨੂੰ ਇਨ੍ਹਾਂ ਪ੍ਰੋਜੈਕਟਾਂ ਅਧੀਨ ਕਵਰ ਕੀਤਾ ਜਾਵੇਗਾ, ਜਿਸ ਵਿੱਚ ਭੂਮੀਗਤ ਪਾਈਪਲਾਈਨਾਂ ਵਿਛਾਉਣਾ ਵੀ ਸ਼ਾਮਲ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸਟਰੀਟ ਲਾਈਟ ਯੋਜਨਾ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਹੈ, ਜਿਸ ਰਾਹੀਂ ਅਗਲੇ ਸਾਲ ਸੂਬੇ ਭਰ ਵਿੱਚ 2.5 ਲੱਖ ਸਟਰੀਟ ਲਾਈਟਾਂ ਲਗਾਈਆਂ ਜਾਣਗੀਆਂ, ਜਿਸ ਨਾਲ ਸੂਬੇ ਦੇ ਪਿੰਡਾਂ ਅਤੇ ਸ਼ਹਿਰਾਂ ਨੂੰ ਰੌਸ਼ਨ ਕੀਤਾ ਜਾ ਸਕੇਗਾ। ਉਨ੍ਹਾਂ ਕਿਹਾ ਕਿ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਮੌਜੂਦਾ ਬਜਟ ਵਿੱਚ ਵੱਖ-ਵੱਖ ਉਦਯੋਗਾਂ ਲਈ ਵਿੱਤੀ ਇਮਦਾਦ ਵਧਾ ਕੇ 250 ਕਰੋੜ ਰੁਪਏ ਕਰ ਦਿੱਤੀ ਗਈ ਹੈ, ਜੋ ਕਿ ਪੰਜਾਬ ਦੇ ਇਤਿਹਾਸ ਵਿੱਚ ਸਭ ਤੋਂ ਵੱਧ ਅਲਾਟਮੈਂਟ ਹੈ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰਾਸ਼ਟਰੀ ਏਕਤਾ ਨੂੰ ਉਤਸ਼ਾਹਿਤ ਕਰਨ ਅਤੇ ਪੰਜਾਬ ਦੀ ਉਦਯੋਗਿਕ ਅਤੇ ਸੱਭਿਆਚਾਰਕ ਵਿਭਿੰਨਤਾ ਨੂੰ ਦਰਸਾਉਣ ਲਈ 80 ਕਰੋੜ ਰੁਪਏ ਦੀ ਲਾਗਤ ਨਾਲ ‘ਯੂਨਿਟੀ ਮਾਲ’ ਦੇ ਨਿਰਮਾਣ ਦਾ ਉਪਬੰਧ ਸੂਬੇ ਦੀਆਂ ਵਿਭਿੰਨ ਖੇਤਰੀ ਪ੍ਰਾਪਤੀਆਂ ਨੂੰ ਉਜਾਗਰ ਕਰ ਕੇ ਸੂਬੇ ਨੂੰ ਉਦਯੋਗ ਦੇ ਕੇਂਦਰ ਵਜੋਂ ਵਿਕਸਤ ਕਰਨ ਵਿੱਚ ਬਹੁਤ ਲਾਹੇਵੰਦ ਹੋਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ 2025-26 ਦੇ ਬਜਟ ਵਿੱਚ ਉਦਯੋਗਿਕ ਖੇਤਰ ਲਈ 3,426 ਕਰੋੜ ਰੁਪਏ ਅਲਾਟ ਕੀਤੇ ਗਏ ਹਨ, ਜਿਸ ਵਿੱਚ ਸਬਸਿਡੀ ਵਾਲੀ ਬਿਜਲੀ ਵੀ ਸ਼ਾਮਲ ਹੈ ਕਿਉਂਕਿ ਸੂਬਾ ਸਰਕਾਰ ਪੰਜਾਬ ਵਿੱਚ ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਹੁਨਰ ਸਿਖਲਾਈ ਅਤੇ ਕਰੀਅਰ ਕੌਂਸਲਿੰਗ ਰਾਹੀਂ ਰੋਜ਼ਗਾਰ ਦੇ ਮੌਕੇ ਵਧਾਉਣ ਲਈ, 2025-26 ਦੇ ਬਜਟ ਵਿੱਚ 230 ਕਰੋੜ ਰੁਪਏ ਅਲਾਟ ਕੀਤੇ ਗਏ ਹਨ, ਜੋ ਪਿਛਲੇ ਸਾਲ ਨਾਲੋਂ 50 ਫ਼ੀਸਦ ਵੱਧ ਹੈ, ਜੋ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹਣ ਵਿੱਚ ਸਹਾਈ ਹੋਵੇਗਾ।

ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ‘ਮੁੱਖ ਮੰਤਰੀ ਸਰਬੱਤ ਸਿਹਤ ਬੀਮਾ ਯੋਜਨਾ’ ਤਹਿਤ ‘ਸਿਹਤ ਕਾਰਡ’ ਪ੍ਰਦਾਨ ਕਰਕੇ ਸੂਬੇ ਦੇ 65 ਲੱਖ ਪਰਿਵਾਰਾਂ ਲਈ ਮਿਆਰੀ ਸਿਹਤ ਸੰਭਾਲ ਯਕੀਨੀ ਬਣਾਏਗੀ, ਜਿਸ ਨਾਲ ਇਹ ਪਰਿਵਾਰ ਪੰਜਾਬ ਭਰ ਦੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ 10 ਲੱਖ ਰੁਪਏ ਤੱਕ ਦਾ ਨਕਦ ਰਹਿਤ ਇਲਾਜ ਪ੍ਰਾਪਤ ਕਰ ਸਕਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਸਿੱਖਿਆ, ਸਿਹਤ ਅਤੇ ਨੌਕਰੀਆਂ ਸੂਬੇ ਦੇ ਮੁੱਖ ਖੇਤਰ ਹਨ, ਇਸ ਲਈ ਪੰਜਾਬ ਸਰਕਾਰ ਨੇ ਕੁੱਲ ਬਜਟ ਖਰਚ ਦਾ 11 ਫ਼ੀਸਦੀ ਭਾਵ 18,047 ਕਰੋੜ ਰੁਪਏ ਅਲਾਟ ਕੀਤੇ ਹਨ, ਜਿਸ ਨਾਲ ਸਿੱਖਿਆ ਖੇਤਰ ਨੂੰ ਵੱਡਾ ਹੁਲਾਰਾ ਮਿਲੇਗਾ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਵਿੱਚ ਖੇਡਾਂ ਨੂੰ ਸਭ ਤੋਂ ਪ੍ਰਭਾਵੀ ਹਥਿਆਰ ਵਜੋਂ ਵਰਤਿਆ ਜਾ ਸਕਦਾ ਹੈ, ਇਸ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ 2025-26 ਦੇ ਬਜਟ ਵਿੱਚ ਖੇਡਾਂ ਲਈ 979 ਕਰੋੜ ਰੁਪਏ ਦਾ ਰਿਕਾਰਡ ਤੋੜ ਬਜਟ ਅਲਾਟ ਕੀਤਾ ਹੈ – ਜੋ ਪੰਜਾਬ ਦੇ ਇਤਿਹਾਸ ਵਿੱਚ ਸਭ ਤੋਂ ਵੱਧ ਹੈ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਕਾਨੂੰਨ ਵਿਵਸਥਾ ‘ਤੇ ਸਖ਼ਤ ਨਜ਼ਰ ਰੱਖਣ ਅਤੇ ਅਪਰਾਧ ਨਾਲ ਨਜਿੱਠਣ ਲਈ ਪੁਲਿਸ ਫੋਰਸ ਦੇ ਆਧੁਨਿਕੀਕਰਨ ਨੂੰ ਯਕੀਨੀ ਬਣਾਇਆ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਬਜਟ ਵਿੱਚ ਵੱਖ-ਵੱਖ ਭਲਾਈ ਸਕੀਮਾਂ ਅਤੇ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ, ਘੱਟ ਗਿਣਤੀਆਂ ਅਤੇ ਸਮਾਜ ਦੇ ਸਾਰੇ ਦੱਬੇ-ਕੁਚਲੇ ਵਰਗਾਂ ਦੇ ਸ਼ਕਤੀਕਰਨ, ਸੁਰੱਖਿਆ ਅਤੇ ਸੰਪੂਰਨ ਵਿਕਾਸ ‘ਤੇ ਪੂਰਾ ਧਿਆਨ ਕੇਂਦਰਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬਜਟ ਵਿੱਚ ਸੜਕਾਂ ਦੀ ਮੁਰੰਮਤ ਅਤੇ ਨਿਰਮਾਣ, ਪੇਂਡੂ ਅਤੇ ਸ਼ਹਿਰੀ ਖੇਤਰਾਂ ਦੇ ਵਿਆਪਕ ਵਿਕਾਸ, ਨਹਿਰੀ ਪ੍ਰਣਾਲੀ ਦੀ ਸਫਾਈ ਅਤੇ ਮਜ਼ਬੂਤੀ, ਜਨਤਕ ਆਵਾਜਾਈ ਖੇਤਰ ਦੇ ਨਵੀਨੀਕਰਨ, ਬਿਜਲੀ ਸਬਸਿਡੀ ਅਤੇ ਹੋਰ ਖੇਤਰਾਂ ਦਾ ਵੀ ਢੁਕਵਾਂ ਖਿਆਲ ਰੱਖਿਆ ਗਿਆ ਹੈ।

ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟ ਕੀਤੀ ਕਿ ਇਹ ਬਜਟ ਯਕੀਨੀ ਬਣਾਏਗਾ ਕਿ ਪੰਜਾਬ ਦੇਸ਼ ‘ਚੋਂ ਮੋਹਰੀ ਸੂਬਾ ਬਣ ਕੇ ਉੱਭਰੇ। ਉਨ੍ਹਾਂ ਕਿਹਾ ਕਿ ਇਹ ਬਜਟ ਸੂਬੇ ਵਿੱਚ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਦਾ ਸੰਕੇਤ ਹੈ, ਜਿਸ ਦਾ ਲਾਭ ਹਰੇਕ ਪੰਜਾਬੀ ਨੂੰ ਹੋਵੇਗਾ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img

ਅੱਜ ਨਾਮਾ – ਤੀਸ ਮਾਰ ਖ਼ਾਂ