ਯੈੱਸ ਪੰਜਾਬ
ਮੋਹਾਲੀ/ਚੰਡੀਗੜ੍ਹ, 19 ਨਵੰਬਰ, 2024
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਦੱਸਿਆ ਕਿ ਪੰਜਾਬ ਰਾਜ ਦੀਆਂ ਸਮੂੰਹ ਮੰਡੀਆਂ ਵਿੱਚ ਹੁਣ ਤੱਕ 162.99 ਲੱਖ ਮੀਟ੍ਰਿਕ ਟਨ ਝੋਨੇ ਦੀ ਫਸਲ ਦੀ ਆਮਦ ਹੋਈ ਹੈ, ਜਿਸ ਵਿੱਚੋਂ ਲੱਗਭੱਗ 98 ਫੀਸਦੀ ਦੀ ਖਰੀਦ ਹੋ ਚੁੱਕੀ ਹੈ ਅਤੇ ਮੰਡੀਆਂ ਵਿੱਚੋਂ ਲੱਗਭੱਗ 83 ਫੀਸਦੀ ਝੋਨੇ ਦੀ ਲਿਫਟਿੰਗ ਵੀ ਹੋ ਚੁੱਕੀ ਹੈ।
ਉਨ੍ਹਾਂ ਮੰਡੀਆਂ ਵਿੱਚ ਝੋਨੇ ਦੀ ਫਸਲ ਦੇ ਚੱਲ ਰਹੇ ਖਰੀਦ ਕਾਰਜਾਂ ਦਾ ਜਾਇਜਾ ਲੈਣ ਉਪਰੰਤ ਦੱਸਿਆ ਕਿ ਸੂਬੇ ਦੀਆਂ ਸਮੂੰਹ ਮੰਡੀਆਂ ਵਿੱਚ ਝੋਨੇ ਦੀ ਫਸਲ ਦੀ ਆਮਦ, ਖਰੀਦ ਅਤੇ ਲਿਫਟਿੰਗ ਦਾ ਕਾਰਜ ਤੇਜੀ ਨਾਲ ਚੱਲ ਰਿਹਾ ਹੈ। ਮੌਜੂਦਾ ਝੋਨਾ ਖਰੀਦ ਸੀਜਨ ਦੌਰਾਨ 185 ਲੱਖ ਮੀਟ੍ਰਿਕ ਟਨ ਝੋਨੇ ਦੀ ਫਸਲ ਖਰੀਦਣ ਦਾ ਟੀਚਾ ਹੈ।
ਉਨ੍ਹਾਂ ਕਿਹਾ ਕਿ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਅਤੇ ਪੰਜਾਬ ਮੰਡੀ ਬੋਰਡ ਵੱਲੋਂ ਮੰਡੀਆਂ ਵਿੱਚ ਖਰੀਦ ਕਾਰਜਾਂ ਨੂੰ ਚੰਗੇ ਢੰਗ ਨਾਲ ਨੇਪਰੇ ਚਾੜ੍ਹਣ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਮੰਡੀਆਂ ਵਿੱਚ ਆਪਣੀ ਫ਼ਸਲ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਨਹੀਂ ਆਉਣ ਦਿੱਤੀ। ਕਿਸਾਨਾਂ ਨੂੰ ਫਸਲ ਦੀ ਅਦਾਇਗੀ ਵੀ ਸਿੱਧੀ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਤੁਰੰਤ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ, ਆੜ੍ਹਤੀਆਂ, ਮਜਦੂਰਾਂ, ਸ਼ੈਲਰ ਮਾਲਕਾਂ ਦੇ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਪੰਜਾਬ ਰਾਜ ਦੀਆਂ ਮੰਡੀਆਂ ਵਿੱਚ ਹੁਣ ਤੱਕ 162.99 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ ਅਤੇ 159.88 ਲੱਖ ਮੀਟ੍ਰਿਕ ਟਨ ਦੀ ਖਰੀਦ ਵੀ ਕੀਤੀ ਜਾ ਚੁੱਕੀ ਹੈ। ਜਿਸ ਵਿੱਚੋਂ ਸਰਕਾਰੀ ਏਜੰਸੀਆਂ ਵੱਲੋਂ 159.49 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਹੁੱਣ ਤੱਕ ਮੰਡੀਆਂ ਵਿੱਚੋਂ 133.44 ਲੱਖ ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਵੀ ਹੋ ਚੁੱਕੀ ਹੈ।
ਸ. ਬਰਸਟ ਨੇ ਦੱਸਿਆ ਕਿ ਪਨਗ੍ਰੇਨ ਵੱਲੋਂ 65,58,577 ਮੀਟ੍ਰਿਕ ਟਨ, ਐਫ.ਸੀ.ਆਈ. ਵੱਲੋਂ 1,41,554 ਮੀਟ੍ਰਿਕ ਟਨ, ਮਾਰਕਫੈਡ ਵੱਲੋਂ 40,73,787 ਮੀਟ੍ਰਿਕ ਟਨ, ਪਨਸਪ ਵੱਲੋਂ 33,61,429 ਮੀਟ੍ਰਿਕ ਟਨ, ਵੇਅਰ ਹਾਉਸ ਵੱਲੋਂ 18,14,086 ਮੀਟ੍ਰਿਕ ਟਨ ਅਤੇ ਵਪਾਰੀਆਂ ਵੱਲੋਂ 38,708 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਹੁਣ ਤੱਕ ਲੁਧਿਆਣਾ ਜਿਲ੍ਹੇ ਵਿੱਚ ਸਭ ਤੋਂ ਵੱਧ 15,13,808 ਮੀਟ੍ਰਿਕ ਟਨ ਝੋਨੇ ਦੀ ਖਰੀਦ ਹੋਈ ਹੈ, ਜਦਕਿ ਦੂਜੇ ਨੰਬਰ ਤੇ ਪਟਿਆਲਾ ਵਿੱਚ 11,95,969 ਮੀਟ੍ਰਿਕ ਟਨ ਅਤੇ ਤੀਜੇ ਨੰਬਰ ਤੇ ਸੰਗਰੂਰ ਵਿੱਚ 11,87,956 ਮੀਟ੍ਰਿਕ ਟਨ ਝੋਨੇ ਦੀ ਖਰੀਦ ਹੋਈ ਹੈ। ਬੀਤੇ ਸੋਮਵਾਰ ਨੂੰ ਮੰਡੀਆਂ ਵਿੱਚ 1.72 ਲੱਖ ਮੀਟ੍ਰਿਕ ਟਨ ਝੋਨੇ ਦੀ ਫਸਲ ਦੀ ਆਮਦ ਹੋਈ, ਜਦਕਿ 2.13 ਲੱਖ ਮੀਟ੍ਰਿਕ ਟਨ ਦੀ ਖਰੀਦ ਹੋਈ ਹੈ ਅਤੇ 5.12 ਲੱਖ ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਹੋਈ ਹੈ।