Wednesday, January 1, 2025
spot_img
spot_img
spot_img
spot_img

65ਵਾਂ ਪੁਲਿਸ ਯਾਦਗਾਰੀ ਦਿਵਸ: DGP ਗੌਰਵ ਯਾਦਵ ਨੇ ਪੁਲਿਸ ਸ਼ਹੀਦਾਂ ਨੂੰ ਭੇਟ ਕੀਤੀ ਸ਼ਰਧਾਂਜਲੀ

ਯੈੱਸ ਪੰਜਾਬ
ਚੰਡੀਗੜ੍ਹ/ਜਲੰਧਰ, 21 ਅਕਤੂਬਰ, 2024

ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਅੱਤਵਾਦੀਆਂ ਅਤੇ ਅਪਰਾਧੀਆਂ ਨਾਲ ਲੋਹਾ ਲੈਂਦਿਆਂ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਬਹਾਦਰ ਪੁਲਿਸ ਮੁਲਾਜ਼ਮਾਂ ਨੂੰ ਸ਼ਰਧਾਂਜਲੀ ਭੇਟ ਕਰਨ ਦੇ ਮੱਦੇਨਜ਼ਰ ਸੋਮਵਾਰ ਨੂੰ ਪੰਜਾਬ ਆਰਮਡ ਪੁਲਿਸ (ਪੀ.ਏ.ਪੀ.) ਹੈੱਡਕੁਆਰਟਰ ਵਿਖੇ 65ਵਾਂ ਸੂਬਾ ਪੱਧਰੀ ਪੁਲਿਸ ਯਾਦਗਾਰੀ ਦਿਵਸ ਮਨਾਇਆ ਗਿਆ।

ਪੁਲਿਸ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀ.ਜੀ.ਪੀ.) ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਇੱਕ ਬੇਮਿਸਾਲ ਫੋਰਸ ਹੈ, ਜਿਸ ਨੇ ਸ਼ਾਂਤੀ ਅਤੇ ਅਸਥਿਰਤਾ ਦੇ ਦੌਰ ਵਿੱਚ ਦੇਸ਼ ਦੀ ਸੇਵਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਕਰਮੀਆਂ ਨੇ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਕਾਇਮ ਰੱਖਣ ਅਤੇ ਲੋਕਾਂ ਨੂੰ ਸੁਰੱਖਿਆ ਦੇਣ ਲਈ ਆਪਣੀਆਂ ਜਾਨਾਂ ਵਾਰੀਆਂ ਹਨ। ਉਨ੍ਹਾਂ ਕਿਹਾ ਕਿ ਸਤੰਬਰ 1981 ਤੋਂ ਹੁਣ ਤੱਕ ਪੰਜਾਬ ਪੁਲਿਸ ਦੇ 1799 ਮੁਲਾਜ਼ਮਾਂ ਜਿਨ੍ਹਾਂ ਵਿੱਚ ਇਸ ਸਾਲ ਦੇ ਦੋ ਮੁਲਾਜ਼ਮ ਸ਼ਾਮਲ ਹਨ, ਨੇ ਆਪਣੀ ਜਾਨ ਦੇਸ਼ ਦੇ ਲੇਖੇ ਲਾਈ।

ਦੇਸ਼ ਦੀ ਖਾਤਰ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਸੂਰਬੀਰਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਉਪਰੰਤ ਇਕੱਠ ਨੂੰ ਸੰਬੋਧਨ ਕਰਦਿਆਂ ਪੰਜਾਬ ਪੁਲਿਸ ਮੁਖੀ ਨੇ ਕਿਹਾ ਕਿ ਇਨ੍ਹਾਂ ਸ਼ਹੀਦਾਂ ਦੀ ਬਦੌਲਤ ਹੀ ਅਸੀਂ ਸਾਰੇ ਆਜ਼ਾਦ ਫਿਜ਼ਾ ਵਿੱਚ ਸਾਹ ਲੈ ਰਹੇ ਹਾਂ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਆਪਣੀ ਬਹਾਦਰੀ, ਦਲੇਰੀ ਅਤੇ ਸਫਲਤਾਪੂਰਵਕ ਅੱਤਵਾਦ ਨੂੰ ਜੜ੍ਹੋਂ ਪੁੱਟਣ ਲਈ ਜਾਣੀ ਜਾਂਦੀ ਹੈ।

ਉਨ੍ਹਾਂ ਕਿਹਾ ਕਿ ਮਾਤ ਭੂਮੀ ਨੂੰ ਦੁਸ਼ਮਣਾਂ ਤੋਂ ਬਚਾਉਣ ਲਈ ਪੰਜਾਬ ਪੁਲਿਸ ਹਮੇਸ਼ਾ ਦ੍ਰਿੜ ਤੇ ਮੋਹਰੀ ਰਹੀ ਹੈ। ਡੀਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ ਸਰਹੱਦੀ ਸੂਬੇ ਵਿੱਚ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਬਰਕਰਾਰ ਰੱਖਣ ਲਈ ਲਗਾਤਾਰ ਯਤਨ ਕਰਦੀ ਰਹੇਗੀ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਸਟਰੀਟ ਕ੍ਰਾਈਮ ਅਤੇ ਨਸ਼ਿਆਂ ਦੀ ਵਿਕਰੀ ਦੋ ਅਜਿਹੀਆਂ ਗੰਭੀਰ ਚੁਣੌਤੀਆਂ ਹਨ, ਜੋ ਸਿੱਧੇ ਤੌਰ ’ਤੇ ਆਮ ਨਾਗਰਿਕਾਂ ਨੂੰ ਪ੍ਰਭਾਵਿਤ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਸਟਰੀਟ ਕ੍ਰਾਈਮ ਨਾਲ ਨਜਿੱਠਣ ਲਈ, ਅਪਰਾਧ ਮੈਪਿੰਗ ਦੀ ਵਰਤੋਂ ਕਰਦੇ ਹੋਏ ਅਪਰਾਧ ਦੇ ਹੌਟਸਪੌਟਸ ਦੀ ਪਛਾਣ ਕਰਨ ਅਤੇ ਅਜਿਹੇ ਖੇਤਰਾਂ ’ਤੇ ਪੁਲਿਸ ਗਸ਼ਤ ਅਤੇ ਤਾਇਨਾਤੀ ਨੂੰ ਵਧਾਉਣ ਲਈ ਰਣਨੀਤੀ ਤਿਆਰ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਨਸ਼ਿਆਂ ਦੇ ਮਕੜ-ਜਾਲ ਨੂੰ ਤੋੜਨ ਲਈ ਲੋਕਾਂ ਦੇ ਸੁਹਿਰਦ ਸਹਿਯੋਗ ਨਾਲ ਨਸ਼ਿਆਂ ਦੇ ਹੌਟਸਪੌਟਸ ਦੀ ਸ਼ਨਾਖਤ ਕੀਤੀ ਜਾ ਰਹੀ ਹੈ ਅਤੇ ਨਸ਼ਾ ਵੇਚਣ ਵਾਲੀਆਂ ਥਾਵਾਂ ਬਾਰੇ ਸਿੱਧੀ ਤੇ ਪੁਖ਼ਤਾ ਜਾਣਕਾਰੀ ਹਾਸਲ ਕਰਨ ਲਈ ਸੀ.ਪੀ./ਐਸ.ਐਸ.ਪੀਜ਼ ਵੱਲੋਂ ਜਨਤਕ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।

ਡੀਜੀਪੀ ਨੇ ਦੁਹਰਾਇਆ , ‘‘ਸਾਡੀ ਸਭ ਤੋਂ ਮੁੱਢਲੀ ਤਰਜੀਹ ਆਮ ਨਾਗਰਿਕ ਹਨ। ਅਸੀਂ ਇਹ ਪਛਾਣ ਕਰ ਰਹੇ ਹਾਂ ਕਿ ਉਹਨਾਂ ਨੂੰ ਸਭ ਤੋਂ ਵੱਧ ਕੀ ਪ੍ਰਭਾਵਿਤ ਕਰਦਾ ਹੈ ਅਤੇ ਉਹਨਾਂ ਦੀਆਂ ਸਮੱਸਿਆਂ ਨੂੰ ਹੱਲ ਕਰਨ ਲਈ ਅਸੀਂ ਬਾਕਾਈਦਗੀ ਨਾਲ ਕੰਮ ਕਰ ਰਹੇ ਹਾਂ,’’। ਉਨ੍ਹਾਂ ਜੋਰ ਦੇ ਕਿਹਾ ਕਿ ਅਸੀਂ ਪੰਜਾਬ ਦੇ ਲੋਕਾਂ ਨੂੰ ਲੋਕ ਪੱਖੀ ਅਤੇ ਪ੍ਰਭਾਵੀ ਪੁਲਿਸ ਸੇਵਾਵਾਂ ਦੇਣਾ ਚਾਹੁੰਦੇ ਹਾਂ।

ਫ਼ਿਰੌਤੀ ਕਾਲਾਂ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਦੇ ਵਿਸ਼ਲੇਸ਼ਣ ਤੋਂ ਪਤਾ ਲੱਗਿਆ ਹੈ ਕਿ ਅਜਿਹੀਆਂ ਕਾਲਾਂ ਚੋਂ 80 ਫੀਸਦੀ ਤੋਂ ਵੱਧ ਕਾਲਾਂ ਗੈਂਗਸਟਰ ਦੀ ਆੜ ਵਿੱਚ ਸਥਾਨਕ ਅਪਰਾਧੀਆਂ ਵੱਲੋਂ ਕੀਤੀਆਂ ਜਾਂਦੀਆਂ ਹਨ, ਜਦੋਂ ਕਿ 20 ਫੀਸਦੀ ਤੋਂ ਵੀ ਘੱਟ ਅਸਲ ਫਿਰੌਤੀ ਕਾਲਾਂ ਹੁੰਦੀਆਂ ਹਨ।

ਉਨ੍ਹਾਂ ਲੋਕਾਂ ਨੂੰ ਅਜਿਹੇ ਅਪਰਾਧਾਂ ਬਾਰੇ ਤੁਰੰਤ ਸੂਚਲਾ ਦੇਣ ਦੀ ਅਪੀਲ ਕੀਤੀ ਅਤੇ ਸੀਪੀਜ਼/ਐਸਐਸਪੀਜ਼ ਨੂੰ ਹਦਾਇਤ ਕੀਤੀ ਕਿ ਹਰ ਫਿਰੌਤੀ ਕਾਲ ਜਾਂ ਸਨੈਚਿੰਗ ਵਰਗੇ ਹੋਰ ਫੁਟਕਲ ਅਪਰਾਧਾਂ ਦੀ ਤੁਰੰਤ ਐਫਆਈਆਰ ਦਰਜ ਕੀਤੀ ਜਾਵੇ ਤਾਂ ਜੋ ਉਨ੍ਹਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਸਕੇ।

ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਸੰਗਠਿਤ ਅਪਰਾਧ ਵਿਰੁੱਧ ਸਰਗਰਮ ਪਹੁੰਚ ਅਪਣਾਈ ਹੈ, ਜਿਸ ਤਹਿਤ ਜੇਕਰ ਕੋਈ ਅਪਰਾਧੀ ਪੁਲਿਸ ਟੀਮ ’ਤੇ ਗੋਲੀ ਚਲਾਉਂਦਾ ਹੈ ਤਾਂ ਅਧਿਕਾਰੀਆਂ/ਕਰਮਚਾਰੀਆਂ ਨੂੰ ਸਵੈ-ਰੱਖਿਆ ਵਿੱਚ ਜਵਾਬੀ ਕਾਰਵਾਈ ਕਰਨ ਦੀ ਖੁੱਲ੍ਹ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਪੁਲਿਸ ਮੁਲਾਜ਼ਮਾਂ ਲਈ ਸਿਹਤ ਬੀਮਾ ਯੋਜਨਾ ਵੀ ਸ਼ੁਰੂ ਕੀਤੀ ਹੈ, ਜਿਸ ਤਹਿਤ ਸੂਬੇ ਭਰ ਦੇ 300 ਹਸਪਤਾਲਾਂ ਨੂੰ ਸੂਚੀਬੱਧ ਕੀਤਾ ਗਿਆ ਹੈ, ਜਿੱਥੇ ਪੁਲਿਸ ਮੁਲਾਜ਼ਮ ਲਈ ਰਿਆਇਤੀ ਦਰਾਂ ’ਤੇ ਮੈਡੀਕਲ ਸਹੂਲਤਾਂ ਉਪਲਬਧ ਹਨ।

ਸਮਾਗਮ ਤੋਂ ਬਾਅਦ ਡੀਜੀਪੀ ਗੌਰਵ ਯਾਦਵ ਨੇ ਸ਼ਹੀਦਾਂ ਦੇ ਪਰਿਵਾਰਾਂ ਨਾਲ ਵੀ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਗੱਲ ਹਮਦਰਦੀ ਨਾਲ ਸੁਣਦਿਆਂ ਉਨ੍ਹਾਂ ਨੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਪੂਰਨ ਸਹਿਯੋਗ ਅਤੇ ਮਦਦ ਦਾ ਭਰੋਸਾ ਦਿੱਤਾ।

ਉਨ੍ਹਾਂ ਕਿਹਾ ਕਿ ਅਸੀਂ ਆਪਣੇ ਬਹਾਦਰ ਜਵਾਨਾਂ ਦੀਆਂ ਕੁਰਬਾਨੀਆਂ ਨੂੰ ਵਿਅਰਥ ਨਹੀਂ ਜਾਣ ਦੇਵਾਂਗੇ ਅਤੇ ਮੈਂ ਤੁਹਾਨੂੰ ਭਰੋਸਾ ਦਿਵਾਉਂਦਾ ਹਾਂ ਕਿ ਪੰਜਾਬ ਪੁਲਿਸ ਸਰਹੱਦੀ ਸੂਬੇ ਵਿੱਚ ਸ਼ਾਂਤੀ ਅਤੇ ਸਦਭਾਵਨਾ ਨੂੰ ਯਕੀਨੀ ਬਣਾਉਣ ਲਈ ਪੂਰੀ ਲਗਨ ਅਤੇ ਤਨਦੇਹੀ ਨਾਲ ਸੇਵਾ ਨਿਭਾਉਂਦੀ ਰਹੇਗੀ।

ਇਸ ਦੌਰਾਨ ਪੀ.ਏ.ਪੀ. ਕੈਂਪਸ ਅੰਦਰ ਬਣੇ ਪੁਲਿਸ ਸ਼ਹੀਦੀ ਸਮਾਰਕ ਵਿਖੇ ਯਾਦਗਾਰੀ ਪਰੇਡ ਵੀ ਕੀਤੀ ਗਈ। ਇਸ ਉਪਰੰਤ 75ਵੀਂ ਬਟਾਲੀਅਨ ਪੀਏਪੀ ਜਲੰਧਰ ਪੰਜਾਬ ਦੇ ਕਮਾਂਡੈਂਟ ਵਿਵੇਕ ਸ਼ੀਲ ਸੋਨੀ ਨੇ ਇਸ ਸਾਲ ਅਮਨ-ਕਾਨੂੰਨ ਲਈ ਡਿਊਟੀ ਦੌਰਾਨ ਸ਼ਹੀਦ ਹੋਣ ਵਾਲੇ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਅਤੇ ਪੀ.ਐਚ.ਜੀ. ਜਸਪਾਲ ਸਿੰਘ ਸਮੇਤ ਇਸ ਸਾਲ ਸ਼ਹੀਦੀ ਪ੍ਰਾਪਤ ਕਰਨ ਵਾਲੇ 213 ਬਹਾਦਰ ਪੁਲਿਸ ਮੁਲਾਜ਼ਮਾਂ ਦੇ ਨਾਮ ਵੀ ਪੜ੍ਹੇ। ਇਸ ਮੌਕੇ ਸ਼ਹੀਦਾਂ ਦੀ ਯਾਦ ਵਿੱਚ ਦੋ ਮਿੰਟ ਦਾ ਮੌਨ ਵੀ ਰੱਖਿਆ ਗਿਆ ਅਤੇ ਸੀਨੀਅਰ ਅਧਿਕਾਰੀਆਂ ਨੇ ਸ਼ਹੀਦੀ ਸਮਾਰਕ ’ਤੇ ਫੁੱਲਮਾਲਾਵਾਂ ਭੇਟ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਵੀ ਦਿੱਤੀ।

ਇਸ ਮੌਕੇ ਹਾਜ਼ਰ ਪ੍ਰਮੁੱਖ ਸ਼ਖ਼ਸੀਅਤਾਂ ਵਿੱਚ ਸਪੈਸ਼ਲ ਡੀਜੀਪੀ, ਏਡੀਜੀਪੀ, ਆਈਜੀਪੀ ਅਤੇ ਹੋਰ ਸੀਨੀਅਰ ਪੁਲਿਸ ਅਧਿਕਾਰੀ/ਕਰਮਚਾਰੀ ਸ਼ਾਮਲ ਸਨ।

ਪੁਲਿਸ ਯਾਦਗਾਰੀ ਦਿਵਸ ਦਾ ਇਤਿਹਾਸ

ਪੁਲਿਸ ਯਾਦਗਾਰੀ ਦਿਵਸ ਦਾ ਸਬੰਧ 21 ਅਕਤੂਬਰ, 1959 ਦੀ ਘਟਨਾ ਨਾਲ ਹੈ, ਜਦੋਂ ਲੱਦਾਖ ਦੇ ਹੌਟ ਸਪ੍ਰਿੰਗਜ਼ ਵਿਖੇ ਐਸ.ਆਈ. ਕਰਮ ਸਿੰਘ ਦੀ ਅਗਵਾਈ ਵਿੱਚ ਸੀ.ਆਰ.ਪੀ.ਐਫ. ਦੀ ਗਸ਼ਤ ਪਾਰਟੀ ‘ਤੇ ਘਾਤ ਲਗਾ ਕੇ ਬੈਠੇ ਚੀਨੀ ਬਲਾਂ ਨੇ ਹਮਲਾ ਕਰ ਦਿੱਤਾ ਸੀ, ਜਿਸ ਦੌਰਾਨ ਸਾਡੇ 10 ਜਵਾਨ ਮਾਰੇ ਗਏ ਸਨ।

ਸਾਡੇ ਬਹਾਦਰ ਜਵਾਨਾਂ ਨੇ 16,000 ਫੁੱਟ ਦੀ ਉਚਾਈ ਅਤੇ ਕੜਾਕੇ ਦੀ ਠੰਡ ਵਿੱਚ ਔਕੜਾਂ ਦਾ ਡੱਅ ਕੇ ਸਾਹਮਣਾ ਕਰਦਿਆਂ ਦੇਸ਼ ਲਈ ਕੁਰਬਾਨੀਆਂ ਦੇ ਕੇ ਆਪਣੇ ਬੁਲੰਦ ਹੌਸਲੇ ਅਤੇ ਸਾਹਸ ਦਾ ਸਬੂਤ ਦਿੱਤਾ। 21 ਅਕਤੂਬਰ, 1959 ਨੂੰ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਲਈ ਆਪਣੀਆਂ ਜਾਨਾਂ ਵਾਰਨ ਵਾਲੇ ਸ਼ੂਰਵੀਰ ਜਵਾਨਾਂ ਨੂੰ, ਸ਼ਰਧਾਂਜਲੀ ਦੇਣ ਲਈ ਇੰਡੋ-ਤਿੱਬਤੀਅਨ ਬਾਰਡਰ ਪੁਲਿਸ ਵੱਲੋਂ ਹਰ ਸਾਲ ਦੇਸ਼ ਦੇ ਸਾਰੇ ਪੁਲਿਸ ਬਲਾਂ ਦੇ ਇੱਕ ਪ੍ਰਤੀਨਿਧੀ ਦਲ ਨੂੰ ਹਾਟ ਸਪ੍ਰਿੰਗਜ਼ ਲੱਦਾਖ ਵਿਖੇ ਭੇਜਿਆ ਜਾਂਦਾ ਹੈ।

ਉਦੋਂ ਤੋਂ ਹਰ ਸਾਲ 21 ਅਕਤੂਬਰ ਨੂੰ ਸਾਰੇ ਪੁਲਿਸ ਯੂਨਿਟਾਂ ਵਿੱਚ ਬਹਾਦਰ ਪੁਲਿਸ ਸ਼ਹੀਦਾਂ, ਜਿਨ੍ਹਾਂ ਨੇ ਤਨਦੇਹੀ ਨਾਲ ਡਿਊਟੀ ਨਿਭਾਉਂਦਿਆਂ ਦੇਸ਼ ਖ਼ਾਤਰ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ, ਦੇ ਸਤਿਕਾਰ ਵਜੋਂ ਸ਼ਰਧਾਂਜਲੀ ਪਰੇਡ ਕਰਵਾਈ ਜਾਂਦੀ ਹੈ। ਇਸ ਮੌਕੇ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਂਦੀ ਹੈ ਅਤੇ ਉਨ੍ਹਾਂ ਦੀ ਯਾਦ ਵਿੱਚ ਦੋ ਮਿੰਟ ਦਾ ਮੌਨ ਰੱਖਿਆ ਜਾਂਦਾ ਹੈ। ਇਸ ਦੇ ਨਾਲ ਹੀ ਰਾਜਾਂ, ਪੁਲਿਸ ਅਤੇ ਅਰਧ ਸੈਨਿਕ ਬਲਾਂ ਦੇ ਸ਼ਹੀਦ ਹੋਏ ਪੁਲਿਸ ਮੁਲਾਜ਼ਮਾਂ ਦੇ ਨਾਮ ਪੜ੍ਹ ਕੇ ਉਨ੍ਹਾਂ ਦੀਆਂ ਮਹਾਨ ਕੁਰਬਾਨੀਆਂ ਨੂੰ ਮਾਨਤਾ ਦਿੱਤੀ ਜਾਂਦੀ ਹੈ।

ਅਹਿਮ ਖ਼ਬਰਾਂ

ਖ਼ਬਰਸਾਰ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ