ਯੈੱਸ ਪੰਜਾਬ
ਚੰਡੀਗੜ੍ਹ, 22 ਅਕਤੂਬਰ, 2024:
ਭਾਰਤੀ ਜਨਤਾ ਪਾਰਟੀ ਨੇ ਪੰਜਾਬ ਵਿੱਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਤਿੰਨ ਉਮੀਦਵਾਰਾਂ ਦਾ ਐਲਾਨ ਕੀਤਾ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਵਿੱਚ 13 ਨਵੰਬਰ ਨੂੰ 4 ਹਲਕਿਆਂ ਵਿੱਚ ਜ਼ਿਮਨੀ ਚੋਣਾਂ ਹੋਣੀਆਂ ਤੈਅ ਹਨ ਪਰ ਭਾਜਪਾ ਨੇ ਅਜੇ ਚਾਰਾਂ ਵਿੱਚੋਂ 3 ਉਮੀਦਵਾਰਾਂ ਦਾ ਹੀ ਐਲਾਨ ਕੀਤਾ ਹੈ।
ਗਿੱਦੜਬਾਹਾ ਦੇ ਵਕਾਰੀ ਹਲਕੇ ਤੋਂ ਸਾਬਕਾ ਅਕਾਲੀ ਅਤੇ ਕਾਂਗਰਸ ਆਗੂ ਅਤੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਟਿਕਟ ਦਿੱਤੀ ਗਈ ਹੈ।
ਬਰਨਾਲਾ ਤੋਂ ਸਾਬਕਾ ਕਾਂਗਰਸ ਆਗੂ ਸ: ਕੇਵਲ ਸਿੰਘ ਢਿੱਲੋਂ ਨੂੰ ਉਮੀਦਵਾਰ ਬਣਾਇਆ ਗਿਆ ਹੈ।
ਹਲਕਾ ਡੇਰਾ ਬਾਬਾ ਨਾਨਕ ਤੋਂ ਪਾਰਟੀ ਨੇ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਨੌਜਵਾਨ ਆਗੂ ਸ: ਰਵੀਕਰਨ ਸਿੰਘ ਕਾਹਲੋਂ ਨੂੰ ਉਮੀਦਵਾਰ ਬਣਾਇਆ ਹੈ।
ਪਾਰਟੀ ਵੱਲੋਂ ਅਜੇ ਚੱਬੇਵਾਲ ਰਾਖਵੇਂ ਹਲਕੇ ਤੋਂ ਆਪਣੇ ਉਮੀਦਵਾਰ ਦਾ ਐਲਾਨ ਕੀਤਾ ਜਾਣਾ ਹੈ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ‘ਆਮ ਆਦਮੀ ਪਾਰਟੀ’ ਨੇ ਜ਼ਿਮਨੀ ਚੋਣਾਂ ਲਈ ਚਾਰਾਂ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੋਇਆ ਹੈ। ਗਿੱਦੜਬਾਹਾ ਤੋਂ ਸ਼੍ਰੋਮਣੀ ਅਕਾਲੀ ਦਲ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋਏ ਸ: ਹਰਦੀਪ ਸਿੰਘ ਡਿੰਪੀ ਢਿੱਲੋਂ ਨੂੰ ਉਮੀਦਵਾਰ ਬਣਾਇਆ ਗਿਆ ਹੈ ਜਦਕਿ ਚੱਬੇਵਾਲ ਤੋਂ ਕਾਂਗਰਸ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋਏ ਡਾ: ਰਾਜ ਕੁਮਾਰ ਚੱਬੇਵਾਲ ਦੇ ਬੇਟੇ ਈਸ਼ਾਨ ਚੱਬੇਵਾਲ ਨੂੰ ਉਮੀਦਵਾਰ ਐਲਾÇਂਨਆ ਗਿਆ ਹੈ।
ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਵੱਲੋਂ ਬਰਨਾਲਾ ਤੋਂ ਹਰਿੰਦਰ ਸਿੰਘ ਧਾਲੀਵਾਲ ਨੂੰ ਅਤੇ ਡੇਰਾ ਬਾਬਾ ਨਾਨਕ ਤੋਂ ਗੁਰਦੀਪ ਸਿੰਘ ਰੰਧਾਵਾ ਨੂੰ ਉਮੀਦਵਾਰ ਬਣਾਇਆ ਗਿਆ ਹੈ।