ਯੈੱਸ ਪੰਜਾਬ
ਅੰਮ੍ਰਿਤਸਰ, 25 ਨਵੰਬਰ, 2022:
ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਉਪ-ਮੁੱਖ ਮੰਤਰੀ ਸ੍ਰੀ ਉ.ਪੀ. ਸੋਨੀ ਹੁਣ ਵਿਜੀਲੈਂਸ ਦੇ ‘ਰਡਾਰ’ ’ਤੇ ਹਨ।
ਵਿਜੀਲੈਂਸ ਨੇ ਸ੍ਰੀ ਸੋਨੀ ਨੂੰ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਸੰਮਨ ਭੇਜੇ ਹਨ। ਸਮਝਿਆ ਜਾਂਦਾ ਹੈ ਕਿ ਉਹ ਛੇਤੀ ਹੀ ਵਿਜੀਲੈਂਸ ਦੇ ਸਾਹਮਣੇ ਪੇਸ਼ ਹੋਣਗੇ ਅਤੇ ਉਨ੍ਹਾਂ ਤੋਂ ਪੁੱਛ ਗਿੱਛ ਕੀਤੀ ਜਾਵੇਗੀ।
ਸ੍ਰੀ ਸੋਨੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵਿੱਚ ਕੈਬਨਿਟ ਮੰਤਰੀ ਰਹੇ ਅਤੇ ਸ: ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿੱਚ ਬਣੀ ਥੋੜ੍ਹ-ਚਿਰੀ ਸਰਕਾਰ ਵਿੱਚ ਉਪ-ਮੁੱਖ ਮੰਤਰੀ ਰਹੇ।
ਵਿਜੀਲੈਂਸ ਦਾ ਦੋਸ਼ ਹੈ ਕਿ ਸ੍ਰੀ ਸੋਨੀ ਦੇ ਮੰਤਰੀ ਰਹਿੰਦਿਆਂ ਉਨ੍ਹਾਂ ਨੇ ਆਪਣੀ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਈ ਅਤੇ ਉਨ੍ਹਾਂ ਦੀ ਜਾਇਦਾਦ ਵਿੱਚ ਵੱਡਾ ਇਜ਼ਾਫ਼ਾ ਹੋਇਆ।
ਜ਼ਿਕਰਯੋਗ ਹੈ ਕਿ ਇਸ ਤਰ੍ਹਾਂ ਵਿਜੀਲੈਂਸ ਦੇ ਸ਼ਿਕੰਜੇ ਵਿੱਚ ਆਉਣ ਵਾਲੇ ਸ੍ਰੀ ਸੋਨੀ ਤਤਕਾਲੀਨ ਕਾਂਗਰਸ ਸਰਕਾਰ ਦੇ ਪੰਜਵੇਂ ਮੰਤਰੀ ਹਨ। ਇਸ ਤੋਂ ਪਹਿਲਾਂ ਸ: ਸਾਧੂ ਸਿੰਘ ਧਰਮਸੋਤ, ਸ੍ਰੀ ਭਾਰਤ ਭੂਸ਼ਣ ਆਸ਼ੂ, ਸ: ਸੰਗਤ ਸਿੰਘ ਗਿਲਜੀਆਂ ਅਤੇ ਸ੍ਰੀ ਸੁੰਦਰ ਸ਼ਾਮ ਅਰੋੜਾ ’ਤੇ ਵਿਜੀਲੈਂਸ ਕਾਰਵਾਈ ਹੋ ਚੁੱਕੀ ਹੈ। ਇਨ੍ਹਾਂ ਵਿੱਚੋਂ ਸ: ਸੰਗਤ ਸਿੰਘ ਗਿਲਜੀਆਂ ਹੀ ਐਸੇ ਮੰਤਰੀ ਹਨ ਜਿਨ੍ਹਾਂ ਦੀ ਗ੍ਰਿਫ਼ਤਾਰੀ ਨਹੀਂ ਹੋਈ।
ਜ਼ਿਕਰਯੋਗ ਹੈ ਕਿ ਇਨ੍ਹਾਂ ਵਿੱਚੋਂ ਸ੍ਰੀ ਸੁੰਦਰ ਸ਼ਾਮ ਅਰੋੜਾ ਹੀ ਇਕ ਐਸੇ ਆਗੂ ਸਨ ਜਿਨ੍ਹਾਂ ਨੇ ਰਾਜ ਵਿੱਚ ਕਾਂਗਰਸ ਦੀ ਹਾਰ ਤੋਂ ਬਾਅਦ ਹੋਰ ਆਗੂਆਂ ਨਾਲ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਦੀ ਹਾਜ਼ਰੀ ਵਿੱਚ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਸੀ।
ਸ੍ਰੀ ਸੁੰਦਰ ਸ਼ਾਮ ਅਰੋੜਾ ਦੀ ਗ੍ਰਿਫ਼ਤਾਰੀ ਦਾ ਕਿੱਸਾ ਵੀ ਵੱਖਰਾ ਰਿਹਾ। ਉਨ੍ਹਾਂ ਤੋਂ ਵਿਜੀਲੈਂਸ ਅਜੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਪੁੱਛ ਗਿੱਛ ਕਰ ਰਹੀ ਸੀ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਨਹੀਂ ਸੀ ਕੀਤਾ ਗਿਆ। ਪਰ ਇਸੇ ਦੌਰਾਨ ਸ੍ਰੀ ਅਰੋੜਾ ਇਕ ਵਿਜੀਲੈਂਸ ਅਧਿਕਾਰੀ ਨਾਲ ਗੱਲਬਾਤ ਕਰ ਕੇ ਉਸਨੂੰ 50 ਲੱਖ ਰੁਪਏ ਰਿਸ਼ਵਤ ਦੇਣ ਲਈ ਪੁੱਜ ਗਏ ਜਿੱਥੇ ਟਰੈਪ ਲਗਾ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ