ਯੈੱਸ ਪੰਜਾਬ
ਤਰਨ ਤਾਰਨ, ਅਕਤੂਬਰ 27, 2024:
ਸ੍ਰੀ ਰਾਹੁਲ, ਆਈ. ਏ. ਐੱਸ. ਨੇ ਅੱਜ ਡਿਪਟੀ ਕਮਿਸ਼ਨਰ ਤਰਨ ਤਾਰਨ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ।ਸ੍ਰੀ ਰਾਹੁਲ 2017 ਬੈਚ ਦੇ ਆਈ. ਏ. ਐੱਸ. ਅਧਿਕਾਰੀ ਹਨ।ਇਸ ਤੋਂ ਪਹਿਲਾ ਉਹ ਅਡੀਸ਼ਨਲ ਸੈਕਟਰੀ ਕੋਆਰੀਡੀਨੇਸ਼ਨ ਐਂਡ ਇਨ ਅਡੀਸ਼ਨ ਸਟਾਫ਼ ਅਫ਼ਸਰ ਟੂ ਚੀਫ਼ ਸੈਕਟਰੀ ਪੰਜਾਬ ਵਜੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ।
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਅੱਜ ਦਫ਼ਤਰ ਪਹੁੰਚਣ ਮੌਕੇ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਉਹਨਾਂ ਨੂੰ ਸਲਾਮੀ ਦਿੱਤੀ ਗਈ।
ਇਸ ਮੌਕੇ ਸ੍ਰੀ ਰਾਹੁਲ ਨੇ ਕਿਹਾ ਕਿ ਉਹ ਖੁਸ਼ਕਿਸ਼ਮਤ ਹਨ ਕਿ ਉਨਾਂ ਨੂੰ ਸ਼੍ਰੀ ਗੁਰੂ ਅਰਜਨ ਦੇਵ ਜੀ ਵੱਲੋਂ ਵਰੋਸਾਈ ਗੁਰੂ ਨਗਰੀ ਵਿੱਚ ਸੇਵਾ ਕਰਨ ਦਾ ਮੌਕਾ ਮਿਲਿਆ ਹੈ ਅਤੇ ਉਹ ਤਨਦੇਹੀ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣਗੇ।
ਆਪਣਾ ਅਹੁਦਾ ਸੰਭਾਲਣ ਉਪਰੰਤ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿੱਚ ਝੋਨੇ ਦੀ ਖਰੀਦ ਪ੍ਰਕਿਰਿਆ ਨੂੰ ਨਿਰਵਿਘਨ ਤੇ ਸੁਚਾਰੂ ਤਰੀਕੇ ਨਾਲ ਮੁਕੰਮਲ ਕੀਤਾ ਜਾਵੇਗਾ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਤਰ੍ਹਾਂ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।
ਉਹਨਾਂ ਕਿਹਾ ਕਿ ਜ਼ਿਲ੍ਹੇ ਵਿੱਚ ਪਰਾਲੀ ਨੂੰ ਅੱਗ ਲਾਉਣ ਦੇ ਰੁਝਾਨ ਨੰੁ ਸਖਤੀ ਨਾਲ ਰੋਕਿਆ ਜਾਵੇਗਾ ਅਤੇ ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਅੱਗ ਲਾਉਣ ਵਾਲੇ ਵਿਅਕਤੀਆਂ ਵਿਰੁੱਧ ਕਾਨੂੰਨ ਅਨੁਸਾਰ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਉਨ੍ਹਾਂ ਕਿਹਾ ਕਿ ਪਰਾਲੀ ਪ੍ਰਬੰਧਨ ਨੂੰ ਲੈ ਕੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਵੱਡੇ ਪੱਧਰ ‘ਤੇ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਕਿਸਾਨਾਂ ਨੂੰ ਬਿਨਾਂ ਅੱਗ ਲਾਏ ਪਰਾਲੀ ਨੂੰ ਸੰਭਾਲਣ ਲਈ ਪ੍ਰੇਰਿਤ ਕੀਤਾ ਜਾਵੇਗਾ।
ਸ੍ਰੀ ਰਾਹੁਲ ਨੇ ਕਿਹਾ ਕਿ ਜ਼ਿਲ੍ਹਾ ਤਰਨ ਤਾਰਨ ਦੇ ਵਾਸੀਆਂ ਨੂੰ ਨਿਰਪੱਖ ਤੇ ਪਾਰਦਰਸ਼ੀ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਉਹਨਾਂ ਦੀ ਪ੍ਰਾਥਮਿਕਤਾ ਹੋਵੇਗੀ।ਜ਼ਿਲ੍ਹੇ ਦੇ ਨਾਗਰਿਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਬਿਨ੍ਹਾਂ ਕਿਸੇ ਖੱਜਲ-ਖੁਆਰੀ ‘ਤੇ ਸਰਕਾਰੀ ਸੇਵਾਵਾਂ ਸਮੇਂ-ਸਿਰ ਮੁਹੱਈਆ ਕਰਵਾਈਆਂ ਜਾਣਗੀਆਂ।ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਚੱਲ ਰਹੇ ਵਿਕਾਸ ਕਾਰਜਾਂ ਵਿਚ ਤੇਜ਼ੀ ਲਿਆਂਦੀ ਜਾਵੇਗੀ।