ਯੈੱਸ ਪੰਜਾਬ
ਜਲੰਧਰ, ਅਕਤੂਬਰ 29, 2024:
ਖੇਤਰੀ ਪਾਸਪੋਰਟ ਅਫ਼ਸਰ ਯਸ਼ਪਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਖੇਤਰੀ ਪਾਸਪੋਰਟ ਦਫ਼ਤਰ ਜਲੰਧਰ ਵਿਖੇ ‘ਪਾਸਪੋਰਟ ਮੇਲਾ’ ਲਗਾਇਆ ਗਿਆ। ਉਨ੍ਹਾਂ ਦੱਸਿਆ ਕਿ ਇਸ ਪਾਸਪੋਰਟ ਮੇਲੇ ਵਿੱਚ ਡਿਪੋਰਟ ਕੀਤੇ ਗਏ ਜਾਂ ਐਮਰਜੈਂਸੀ ਸਰਟੀਫਿਕੇਟ ‘ਤੇ ਭਾਰਤ ਦੀ ਯਾਤਰਾ ਕਰਨ ਵਾਲੇ 140 ਤੋਂ ਵੱਧ ਬਿਨੈਕਾਰਾਂ ਵੱਲੋਂ ਸ਼ਿਰਕਤ ਕੀਤੀ ਗਈ।
ਉਨ੍ਹਾਂ ਅੱਗੇ ਦੱਸਿਆ ਕਿ ਅਜਿਹੇ 100 ਤੋਂ ਵੱਧ ਕੇਸ ਪਾਸਪੋਰਟ ਜਾਰੀ ਕਰਨ ਲਈ ਪ੍ਰਵਾਨ ਕੀਤੇ ਗਏ ਹਨ। ਆਰ.ਪੀ.ਓ. ਨੇ ਦੱਸਿਆ ਕਿ ਖੇਤਰੀ ਪਾਸਪੋਰਟ ਦਫ਼ਤਰ ਜਲੰਧਰ ਵੱਲੋਂ ਭਵਿੱਖ ਵਿੱਚ ਵੀ ਅਜਿਹੇ ਮੇਲੇ ਅਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ ਤਾਂ ਜੋ ਲੋਕਾਂ ਨੂੰ ਉਨ੍ਹਾਂ ਦੇ ਪਾਸਪੋਰਟ ਜਾਰੀ ਕਰਵਾਉਣ ਵਿੱਚ ਸਹੂਲਤ ਮਿਲ ਸਕੇ।
ਉਨ੍ਹਾਂ ਕਿਹਾ ਕਿ ਖੇਤਰੀ ਪਾਸਪੋਰਟ ਦਫ਼ਤਰ ਜਲੰਧਰ ਪਾਸਪੋਰਟ ਅਤੇ ਸਬੰਧਤ ਸੇਵਾਵਾਂ ਲਈ ਆਉਣ ਵਾਲੇ ਨਾਗਰਿਕਾਂ ਨੂੰ ਬਿਨਾਂ ਕਿਸੇ ਮੁਸ਼ਕਲ ਦੇ ਸੇਵਾਵਾਂ ਪ੍ਰਦਾਨ ਕਰਨ ਲਈ ਹਮੇਸ਼ਾ ਵਚਨਬੱਧ ਹੈ।
ਉਨ੍ਹਾਂ ਕਿਹਾ ਕਿ ਪਾਸਪੋਰਟ ਅਰਜ਼ੀ ਨਾਲ ਸਬੰਧਤ ਕਿਸੇ ਵੀ ਹੋਰ ਜਾਣਕਾਰੀ ਲਈ ਬਿਨੈਕਾਰ ਕਿਸੇ ਵੀ ਕੰਮ ਵਾਲੇ ਦਿਨ ਸਵੇਰੇ 9 ਵਜੇ ਤੋਂ ਦੁਪਹਿਰ 12:30 ਵਜੇ ਤੱਕ ਦਫ਼ਤਰ ਪਹੁੰਚ ਕਰ ਸਕਦੇ ਹਨ।