ਯੈੱਸ ਪੰਜਾਬ
ਚੰਡੀਗੜ੍ਹ, 19 ਨਵੰਬਰ, 2024
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬੀਤੇ ਦਿਨੀਂ ਉਨ੍ਹਾਂ ਵੱਲੋਂ ਚੋਣ ਪ੍ਰਚਾਰ ਦੌਰਾਨ ਔਰਤਾਂ ਪ੍ਰਤੀ ਕੀਤੀ ਗਈ ਕਥਿਤ ਅਪਮਾਨਜਨਕ ਟਿੱਪਣੀ ਲਈ ਮੁਆਫ਼ੀ ਮੰਗ ਲਈ ਗਈ ਹੈ।
ਜ਼ਿਕਰਯੋਗ ਹੈ ਕਿ ਗਿੱਦੜਬਾਹਾ ਦੀ ਕਾਂਗਰਸ ਉਮੀਦਵਾਰ ਅੰਮ੍ਰਿਤਾ ਵੜਿੰਗ ਦੇ ਹੱਕ ਵਿੱਚ ਇੱਕ ਚੋਣ ਜਲਸੇ ਨੂੰ ਸੰਬੋਧਨ ਕਰਦਿਆਂ ਸਾਬਕਾ ਮੁੱਖ ਮੰਤਰੀ ਨੇ ਇੱਕ ਚੁਟਕੁਲਾ ਸੁਣਾਇਆ ਸੀ ਜਿਸ ਨੂੰ ਔਰਤ ਵਿਰੋਧੀ ਦੱਸਦੇ ਹੋਏ ਵਿਰੋਧੀ ਧਿਰਾਂ ਅਤੇ ਹੋਰ ਲੋਕਾਂ ਵੱਲੋਂ ਉਨ੍ਹਾਂ ਨੂੰ ਘੇਰਿਆ ਜਾ ਰਿਹਾ ਸੀ। ਇੱਥੇ ਹੀ ਬੱਸ ਨਹੀਂ ਪੰਜਾਬ ਰਾਜ ਮਹਿਲਾ ਕਮਿਸਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਉਨ੍ਹਾਂ ਨੂੰ ਨੋਟਿਸ ਦੇ ਕੇ 24 ਘੰਟੇ ਵਿੱਚ ਜੁਆਬ ਦੇਣ ਲਈ ਕਿਹਾ ਸੀ।
ਅੱਜ ਉਨ੍ਹਾਂ ਨੇ ਮਹਿਲਾ ਕਮਿਸ਼ਨ ਨੂੰ ਜਵਾਬ ਦੇਣਾ ਸੀ ਪਰ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਇਸ ਮਾਮਲੇ ’ਤੇ ਨਿਮਰ ਹੁੰਦਿਆਂ ਮੁਆਫ਼ੀ ਮੰਗ ਲਈ।
ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਨਾ ਤਾਂ ਉਨ੍ਹਾਂ ਦੇ ਸੰਸਕਾਰ ਐਸੇ ਹਨ ਅਤੇ ਨਾ ਹੀ ਆਦਤ ਅਤੇ ਉਹ ਨੀਂਵੇਂ ਹੋ ਕੇ ਚੱਲਣ ਵਾਲੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪਿਤਾ ਨੇ ਉਨ੍ਹਾਂ ਨੂੰ ਨੀਂਵੇਂ ਹੋ ਕੇ ਚੱਲਣਾ ਸਿਖ਼ਾਇਆ ਹੈ ਅਤੇ ਉਨ੍ਹਾਂ ਦੇ ਬੋਲਾਂ ਨਾਲ ਜੇ ਕਿਸੇ ਦੀ ਭਾਵਨਾ ਨੂੰ ਠੇਸ ਪੁੱਜੀ ਹੈ ਤਾਂਉਹ ਹੱਥ ਜੋੜ ਕੇ, ਸਿਰ ਝੁਕਾ ਕੇ ਮੁਆਫ਼ੀ ਮੰਗਦੇ ਹਨ।
ਸ: ਚੰਨੀ ਨੇ ਕਿਹਾ ਕਿ ਉਨ੍ਹਾਂ ਨੂੰ ਤਾਂ ਬੀਬੀਆਂ ਨੇ ਵੋਟਾਂ ਨਾਲ ਲੱਦ ਦਿੱਤਾ ਸੀ, ਉਹਨਾਂ ਕਿਹਾ ਕਿ ਉਹਨਾਂ ਨੂੰ ਹਰ ਵਰਗ ਦੇ ਲੋਕ ਵੋਟ ਪਾਉਂਦੇ ਹਨ ਅਤੇ ਉਹ ਕਿਸੇ ਦੇ ਅਪਮਾਨ ਬਾਰੇ ਸੋਚ ਵੀ ਨਹੀਂ ਸਕਦੇ।
ਕਾਂਗਰਸ ਆਗੂ ਨੇ ਕਿਹਾ ਕਿ ਉਹਨਾਂ ਨੇ ਕਿਸੇ ਦੇ ਖ਼ਿਲਾਫ਼ ਕੋਈ ਸੋਚੀ ਸਮਝੀ ਟਿੱਪਣੀ ਨਹੀਂ ਕੀਤੀ ਸਗੋਂ ਇੱਕ ਸੁਣਿਆ ਸੁਣਾਇਆ ਚੁੱਟਕੁਲਾ ਸੁਣਾਇਆ ਸੀ।
ਉਹਨਾਂ ਨੇ ਆਖ਼ਿਆ ਕਿ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਪਹਿਲਾਂ ਵੀ ਉਹਨਾਂ ਨੂੰ ਨੋਟਿਸ ਦਿੱਤਾ ਸੀ, ਪਰ ਉਹ ਇਸ ਪਾਸੇ ਨਹੀਂ ਜਾਣਾ ਚਾਹੁੰਦੇ। ਉਹਨਾਂ ਕਿਹਾ ਕਿ ਉਹ ਕਿਸੇ ਦੇ ਖ਼ਿਲਾਫ਼ ਨਹੀਂ ਹਨ ਪਰ ਜਿਸ ਜਿਸ ਨੂੰ ਵੀ ਠੇਸ ਪੁੱਜੀ ਹੈ, ਉਸਤੋਂ ਹੱਥ ਜੋੜ ਕੇ ਅਤੇ ਸਿਰ ਝੁਕਾ ਕੇ ਮੁਆਫ਼ੀ ਮੰਗਦੇ ਹਨ।
ਇਸੇ ਦੌਰਾਨ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਕਿਹਾ ਹੈ ਕਿ ਸਾਬਕਾ ਮੁੱਖ ਮੰਤਰੀ ਨੂੰ ਦੁਬਾਰਾ ਨੋਟਿਸ ਜਾਰੀ ਕੀਤਾ ਜਾਵੇਗਾ।