ਯੈੱਸ ਪੰਜਾਬ
ਚੰਡੀਗੜ੍ਹ, 26 ਜੂਨ, 2024
‘ਆਪ’ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਮੰਗਲਵਾਰ ਰਾਤ ਨੂੰ ਸੀਬੀਆਈ ਵੱਲੋਂ ਕੀਤੀ ਗਈ ਗ੍ਰਿਫ਼ਤਾਰੀ ‘ਤੇ ਆਮ ਆਦਮੀ ਪਾਰਟੀ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਪਾਰਟੀ ਨੇ ਭਾਰਤੀ ਜਨਤਾ ਪਾਰਟੀ ‘ਤੇ ਜਾਂਚ ਏਜੰਸੀਆਂ ਦੀ ਦੁਰਵਰਤੋਂ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਇਹ ਭਾਜਪਾ ਸਰਕਾਰ ਦਾ ਗੈਰ-ਜਮਹੂਰੀ ਅਤੇ ਗੈਰ-ਸੰਵਿਧਾਨਕ ਕਦਮ ਹੈ।
ਬੁੱਧਵਾਰ ਨੂੰ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਅਤੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਇਸ ਮਾਮਲੇ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਭਾਜਪਾ ਸਿਆਸੀ ਬਦਲਾਖੋਰੀ ਤਹਿਤ ਆਮ ਆਦਮੀ ਪਾਰਟੀ ਖ਼ਿਲਾਫ਼ ਕੰਮ ਕਰ ਰਹੀ ਹੈ। ਭਾਜਪਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਿਸੇ ਵੀ ਤਰੀਕੇ ਨਾਲ ਆਮ ਆਦਮੀ ਪਾਰਟੀ ਨੂੰ ਖ਼ਤਮ ਕਰਨਾ ਚਾਹੁੰਦੇ ਹਨ। ਇਸ ਲਈ ਮੋਦੀ ਸਰਕਾਰ ਅਰਵਿੰਦ ਕੇਜਰੀਵਾਲ ਅਤੇ ‘ਆਪ’ ਆਗੂਆਂ ਖ਼ਿਲਾਫ਼ ਦੇਸ਼ ਦੀਆਂ ਜਾਂਚ ਏਜੰਸੀਆਂ ਦੀ ਗ਼ਲਤ ਵਰਤੋਂ ਕਰ ਰਹੀ ਹੈ।
ਕੰਗ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੂੰ ਹੇਠਲੀ ਅਦਾਲਤ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਜਿਸ ਤਰ੍ਹਾਂ ਈ.ਡੀ ਨੇ ਫ਼ੌਰੀ ਤੌਰ ‘ਤੇ ਫ਼ੈਸਲੇ ਦੀ ਕਾਪੀ ਨਾ ਮਿਲਣ ‘ਤੇ ਹਾਈ ਕੋਰਟ ਤੱਕ ਪਹੁੰਚ ਕੀਤੀ ਹੈ, ਉਸ ਤੋਂ ਸਾਫ਼ ਪਤਾ ਲੱਗਦਾ ਹੈ ਕਿ ਇਹ ਸਭ ਕੁਝ ਪ੍ਰਧਾਨ ਮੰਤਰੀ ਮੋਦੀ ਅਤੇ ਭਾਜਪਾ ਦੇ ਇਸ਼ਾਰੇ ‘ਤੇ ਹੋ ਰਿਹਾ ਹੈ।
ਉਨ੍ਹਾਂ ਕਿਹਾ ਕਿ ਇਸ ਮਾਮਲੇ ਦੇ ਮੁੱਖ ਮੁਲਜ਼ਮ ਰਾਘਵ ਰੈਡੀ ਅਤੇ ਸ਼ਰਦਚੰਦਰ ਰੈਡੀ ਨਾਲ ਭਾਜਪਾ ਦੇ ਸਬੰਧ ਹਨ। ਉਨ੍ਹਾਂ ਨੇ ਚੋਣ ਬਾਂਡ ਰਾਹੀਂ ਭਾਜਪਾ ਨੂੰ 60 ਕਰੋੜ ਰੁਪਏ ਦੇ ਚੋਣ ਫੰਡ ਦਿੱਤੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਫੰਡ ਦੇਣ ਵਾਲੇ ਵਿਅਕਤੀ ਦੇ ਬਿਆਨ ਦੇ ਆਧਾਰ ‘ਤੇ ਈਡੀ ਨੇ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਨੇ ਰਾਘਵ ਰੈਡੀ ਦੇ ਪਿਤਾ ਨੂੰ ਲੋਕ ਸਭਾ ਟਿਕਟ ਵੀ ਦਿੱਤੀ ਹੈ। ਇਸ ਤੋਂ ਉਨ੍ਹਾਂ ਦੇ ਇਰਾਦੇ ਸਾਫ਼ ਦਿਖਾਈ ਦਿੰਦੇ ਹਨ।
ਉਨ੍ਹਾਂ ਕਿਹਾ ਕਿ ਭਾਜਪਾ ਕੁਝ ਵੀ ਕਰ ਲਵੇ, ਪਰ ਸਾਨੂੰ ਪੂਰਾ ਭਰੋਸਾ ਹੈ ਕਿ ਸਾਨੂੰ ਅਦਾਲਤ ਤੋਂ ਨਿਆਂ ਜ਼ਰੂਰ ਮਿਲੇਗਾ। ਜਲਦੀ ਹੀ ਅਰਵਿੰਦ ਕੇਜਰੀਵਾਲ ਇਸ ਮਾਮਲੇ ‘ਚ ਬੇਕਸੂਰ ਸਾਬਤ ਹੋ ਜਾਣਗੇ ਅਤੇ ਉਨ੍ਹਾਂ ਨੂੰ ਜ਼ਮਾਨਤ ਮਿਲ ਜਾਵੇਗੀ ਅਤੇ ਭਾਜਪਾ ਦੀ ਸਾਜ਼ਿਸ਼ ਲੋਕਾਂ ਸਾਹਮਣੇ ਆ ਜਾਵੇਗੀ।