ਯੈੱਸ ਪੰਜਾਬ
ਚੰਡੀਗੜ੍ਹ, ਨਵੰਬਰ 26, 2024:
ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ, ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੇ ਹੁਕਮਾਂ ਅਤੇ ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਸੁਮੀਤ ਮਲਹੋਤਰਾ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਕਚਹਿਰੀ, ਬਠਿੰਡਾ, ਸਬ-ਡਵੀਜ਼ਨ, ਫੂਲ ਅਤੇ ਤਲਵੰਡੀ ਸਾਬੋ ਵਿਖੇ 14 ਦਸੰਬਰ 2024 ਨੂੰ National Lok Adalat ਦਾ ਆਯੋਜਨ ਕੀਤਾ ਜਾ ਰਿਹਾ ਹੈ।
ਸ੍ਰੀ ਸੁਰੇਸ਼ ਕੁਮਾਰ ਗੋਇਲ ਸਿਵਲ ਜੱਜ (ਸ.ਡ.)/ਸੀ.ਜੇ.ਐਮ.-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਕੌਮੀ ਲੋਕ ਅਦਾਲਤ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਆਪਣੇ ਚੱਲ ਰਹੇ ਕੇਸਾਂ ਦਾ ਆਪਸੀ ਸੁਲਾਹ ਸਮਝੋਤੇ ਰਾਹੀਂ ਨਿਪਟਾਰਾ ਕਰਵਾਉਣ।
ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਕਰਨ ਨਾਲ ਦੋਵਾਂ ਧਿਰਾਂ ਦੇ ਧਨ ਅਤੇ ਸਮੇਂ ਦੀ ਬੱਚਤ ਹੋਵੇਗੀ ਅਤੇ ਆਪਸੀ ਭਾਈਚਾਰੇ ਵਿਚ ਵਾਧਾ ਹੋਵੇਗਾ। ਜੇਕਰ ਕਿਸੇ ਧਿਰ ਨੇ ਆਪਣੇ ਕੇਸ ਦਾ ਨਿਪਟਾਰਾ ਲੋਕ ਅਦਾਲਤਾਂ ਰਾਹੀਂ ਕਰਵਾਉਣਾ ਹੈ ਤਾਂ ਉਹ ਸਬੰਧਤ ਅਦਾਲਤ ਜਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਠਿੰਡਾ ਵਿਖੇ ਇੱਕ ਸਾਦਾ ਦਰਖਾਸਤ ਦੇ ਕੇ ਸਬੰਧਤ ਅਦਾਲਤ ਰਾਹੀਂ ਆਪਣੇ ਝਗੜੇ ਦਾ ਨਿਪਟਾਰਾ ਕਰਵਾ ਸਕਦਾ ਹੈ।