ਯੈੱਸ ਪੰਜਾਬ
ਜਲੰਧਰ, ਦਸੰਬਰ 7, 2024:
ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ Mohinder Bhagat ਵਲੋਂ 120 ਫੁੱਟੀ ਰੋਡ ‘ਤੇ 1.15 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਅਤਿ ਆਧੁਨਿਕ Fire Station ਦਾ ਨੀਂਹ ਪੱਥਰ ਰੱਖਿਆ ਗਿਆ।
ਇਸ ਪ੍ਰੋਜੈਕਟ ਦਾ ਮੁੱਖ ਮੰਤਵ ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਵਿਖੇ ਅੱਗ ਦੀਆਂ ਘਟਨਾਵਾਂ ਤੋਂ ਬਚਾਅ ਲਈ ਸੁਰੱਖਿਆ ਮਾਪਦੰਡਾਂ ਵਿੱਚ ਵਾਧਾ ਕਰਨਾ ਹੈ।
ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਇਸ ਨਵੀਂ ਸਹੂਲਤ ਦੀ ਮਹੱਤਤਾ ਬਾਰੇ ਬੋਲਦਿਆਂ ਦੱਸਿਆ ਕਿ ਇਸ ਨਾਲ ਅੱਗ ਲੱਗਣ ਦੀਆਂ ਦੁਰਘਨਾਵਾਂ ‘ਤੇ ਤੁਰੰਤ ਕਾਬੂ ਪਾਉਣ ਲਈ ਸਮੇਂ ਸਿਰ ਪਹੁੰਚਿਆ ਜਾ ਸਕੇਗਾ।
ਉਨ੍ਹਾਂ ਦੱਸਿਆ ਕਿ ਇਹ ਫਾਇਰ ਸਟੇਸ਼ਨ ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਦੇ ਵਾਸੀਆਂ ਲਈ ਤੋਹਫ਼ਾ ਹੈ। ਉਨ੍ਹਾਂ ਦੱਸਿਆ ਕਿ ਇਸ ਫਾਇਰ ਸਟੇਸ਼ਨ ਨੂੰ ਅੱਗ ’ਤੇ ਕਾਬੂ ਪਾਉਣ ਲਈ ਅਤਿ ਆਧੁਨਿਕ ਸਾਜ਼ੋ-ਸਮਾਨ ਨਾਲ ਲੈਸ ਕਰਨ ਦੇ ਨਾਲ-ਨਾਲ ਸਿੱਖਿਅਤ ਅਮਲੇ ਨੂੰ ਤਾਇਨਾਤ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਨਾਲ ਪ੍ਰਸ਼ਾਸਨ ਦੀ ਸਮਰੱਥਾ ਵਿੱਚ ਹੋਰ ਵਾਧਾ ਹੋਵੇਗਾ।
ਉਨ੍ਹਾਂ ਦੱਸਿਆ ਕਿ ਇਸ ਫਾਇਰ ਸਟੇਸ਼ਨ ਵਿਖੇ ਅੱਗ ’ਤੇ ਕਾਬੂ ਪਾਉਣ ਵਾਲੇ ਵਾਹਨਾਂ ਨੂੰ ਰੱਖਿਆ ਜਾਵੇਗਾ ਅਤੇ ਇਸ ਦੇ ਅਗਲੇ ਚਾਰ ਮਹੀਨਿਆਂ ਵਿੱਚ ਮੁਕੰਮਲ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਅੱਗ ਲੱਗਣ ਦੀਆਂ ਘਟਨਾਵਾਂ ’ਤੇ ਕਾਬੂ ਪਾਉਣ ਲਈ ਵਾਹਨਾਂ ਨੂੰ ਦੂਰ ਤੋਂ ਆਉਣਾ ਪੈਂਦਾ ਸੀ।
ਸ੍ਰੀ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਪਿੰਡਾਂ ਦੇ ਨਾਲ ਨਾਲ ਸ਼ਹਿਰੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਪੰਜਾਬ ਸਰਕਾਰ ਵਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।
ਉਨ੍ਹਾਂ ਲੋਕਾਂ ਨੂੰ ਵਿਸ਼ਵਾਸ਼ ਦੁਆਇਆ ਕਿ ਸ਼ਹਿਰ ਵਿੱਚ ਸਹੂਲਤਾਂ ਨੂੰ ਵਧਾਉਣ ਲਈ ਲੋੜੀਂਦੇ ਫੰਡ ਪਹਿਲਾਂ ਹੀ ਜਾਰੀ ਕੀਤੇ ਗਏ ਹਨ।
ਇਸ ਮੌਕੇ ਪਵਨ ਹੰਸ, ਹਰਸਿਮਰਨ ਸਿੰਘ ਬੰਟੀ, ਅਜੈ ਕੌਲ ਅਤੇ ਹੋਰਨਾਂ ਸਖਸ਼ੀਅਤਾਂ ਵਲੋਂ ਵੀ ਸਰਕਾਰ ਵਲੋਂ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਪ੍ਰਦਾਨ ਕਰਨ ਲਈ ਕੀਤੇ ਜਾ ਰਹੇ ਯਤਨਾਂ ਦੀ ਪ੍ਰਸ਼ੰਸਾ ਕੀਤੀ ਗਈ।