ਯੈੱਸ ਪੰਜਾਬ
ਜਲੰਧਰ, 10 ਜਨਵਰੀ, 2025
ਰਾਜ ਸਭਾ ਮੈਂਬਰ Sanjiv Arora ਨੇ ਸ਼ਹੀਦ ਬਾਬੂ ਲਾਭ ਸਿੰਘ Civil Hospital Jalandhar ਨੂੰ ਪ੍ਰਾਈਵੇਟ ਹਸਪਤਾਲਾਂ ਤੋਂ ਬਿਹਤਰ ਬਣਾਉਣ ਦੀ ਆਪਣੀ ਵਚਨਬੱਧਤਾ ਦੁਹਰਾਈ। ਵਿਧਾਇਕ ਰਮਨ ਅਰੋੜਾ ਅਤੇ ਡਿਪਟੀ ਕਮਿਸ਼ਨਰ Dr. Himanshu Aggarwal ਸਮੇਤ Civil Hospital ਦੇ ਦੌਰੇ ਦੌਰਾਨ ਰਾਜ ਸਭਾ ਮੈਂਬਰ ਨੇ ਹਸਪਤਾਲ ਦੇ ਬੁਨਿਆਦੀ ਢਾਂਚੇ ਅਤੇ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਲਈ ਯੋਜਨਾਵਾਂ ਦੀ ਰੂਪ-ਰੇਖਾ ਉਲੀਕੀ।
ਸ੍ਰੀ Arora ਨੇ ਹਸਪਤਾਲ ਦੇ ਅੰਦਰ ਚਾਰ ਨਵੇਂ ਅਤਿ-ਆਧੁਨਿਕ ਆਪ੍ਰੇਸ਼ਨ ਥੀਏਟਰ ਬਣਾਉਣ ਦਾ ਐਲਾਨ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਪਾਣੀ ਜਮ੍ਹਾ ਹੋਣ ਦੀ ਸਮੱਸਿਆ ਦੇ ਹੱਲ ਲਈ ਪੁਰਾਣੇ ਸੀਵਰੇਜ ਸਿਸਟਮ ਨੂੰ ਤਬਦੀਲ ਕਰਨ ਦੇ ਨਿਰਦੇਸ਼ ਦੇਣ ਦੇ ਨਾਲ-ਨਾਲ ਪੂਰੇ ਹਸਪਤਾਲ ਵਿੱਚ ਨਵੇਂ ਟਾਇਲਟ ਬਲਾਕ ਬਣਾਉਣ ਨੂੰ ਪ੍ਰਵਾਨਗੀ ਦਿੱਤੀ।
ਹਸਪਤਾਲ ਵਿੱਚ ਕਰਵਾਏ ਜਾਣ ਵਾਲੇ ਹੋਰ ਕੰਮਾਂ ਵਿੱਚ ਪੇਂਟਿੰਗ, ਨਵਾਂ ਫਰਸ਼, ਟਾਈਲਾਂ ਲਾਉਣਾ, ਛੱਤ ਦੀ ਵਾਟਰਪਰੂਫਿੰਗ, ਬਿਜਲੀ ਦੀਆਂ ਤਾਰਾਂ ਬਦਲਣਾ ਅਤੇ ਸਾਈਨ ਬੋਰਡਾਂ ਦੀ ਸਥਾਪਨਾ ਸ਼ਾਮਲ ਹੈ। ਮੌਜੂਦਾ ਐਮਰਜੈਂਸੀ ਵਾਰਡ ਦਾ ਵੀ ਵਿਸਥਾਰ ਕੀਤਾ ਜਾਵੇਗਾ, ਜਿਸ ਵਿੱਚ 10 ਹੋਰ ਬੈੱਡ ਜੋੜੇ ਜਾਣਗੇ।
ਡਾਇਗਨੌਸਟਿਕ ਅਤੇ ਸਰਜੀਕਲ ਸਮਰੱਥਾ ਵਿੱਚ ਵਾਧਾ ਕਰਨ ਲਈ ਰਾਜ ਸਭਾ ਮੈਂਬਰ ਵੱਲੋਂ ਪੋਰਟੇਬਲ ਐਕਸ-ਰੇ ਅਤੇ ਲੈਪਰੋਸਕੋਪੀ ਮਸ਼ੀਨਾਂ ਸਮੇਤ ਉੱਨਤ ਮੈਡੀਕਲ ਉਪਕਰਣਾਂ ਦੀ ਖ਼ਰੀਦ ਨੂੰ ਮਨਜ਼ੂਰੀ ਦਿੱਤੀ ਗਈ। ਉਨ੍ਹਾਂ ਅਧਿਕਾਰੀਆਂ ਨੂੰ ਇਸ ਅਪਗ੍ਰੇਡੇਸ਼ਨ ਲਈ ਵਿਸਥਾਰਤ ਪ੍ਰਾਜੈਕਟ ਰਿਪੋਰਟ ਤਿਆਰ ਕਰਨ ਦੀ ਹਦਾਇਤ ਕੀਤੀ ਤਾਂ ਜੋ ਐਮਪੀਲੈਡਸ ‘ਚੋਂ ਸਮੇਂ ਸਿਰ ਫੰਡ ਜਾਰੀ ਕੀਤੇ ਜਾ ਸਕਣ।
ਸਿਹਤ ਸੰਭਾਲ ਦੀ ਮਹੱਤਤਾ ’ਤੇ ਚਾਨਣਾ ਪਾਉਂਦਿਆਂ ਸ਼੍ਰੀ ਅਰੋੜਾ ਨੇ ਸਿਹਤ ਅਧਿਕਾਰੀਆਂ ਨੂੰ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਕਰਨ ਦੀ ਅਪੀਲ ਕੀਤੀ ਤਾਂ ਜੋ ਯੋਗ ਲਾਭਪਾਤਰੀ ਮੁਫ਼ਤ ਸਿਹਤ ਸੇਵਾਵਾਂ ਤੱਕ ਪਹੁੰਚ ਕਰ ਸਕਣ।
ਉਨ੍ਹਾਂ ਹਸਪਤਾਲ ਵਿੱਚ 100 ਬਿਸਤਰਿਆਂ ਵਾਲੇ ਕ੍ਰਿਟੀਕਲ ਕੇਅਰ ਯੂਨਿਟ ਦੇ ਚੱਲ ਰਹੇ ਨਿਰਮਾਣ ਦਾ ਵੀ ਜਾਇਜ਼ਾ ਲਿਆ ਅਤੇ ਇਸ ਨੂੰ ਸਮੇਂ ਸਿਰ ਮੁਕੰਮਲ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਐਮਰਜੈਂਸੀ ਵਾਰਡ ਦਾ ਵੀ ਦੌਰਾ ਕੀਤਾ, ਜਿੱਥੇ ਉਨ੍ਹਾਂ ਅਧਿਕਾਰੀਆਂ ਨੂੰ ਇਸ ਦੇ ਵਿਸਥਾਰ ਲਈ ਯੋਜਨਾ ਉਲੀਕਣ ਦੇ ਨਿਰਦੇਸ਼ ਦਿੱਤੇ।
ਸ਼੍ਰੀ ਅਰੋੜਾ ਨੇ ਕਿਹਾ ਕਿ ਸਿਹਤ ਸੰਭਾਲ ਪੰਜਾਬ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ ਅਤੇ ਸਰਕਾਰ ਨੇ ਇਸ ਖੇਤਰ ਵਿੱਚ ਪਹਿਲਾਂ ਹੀ ਕ੍ਰਾਂਤੀਕਾਰੀ ਤਬਦੀਲੀ ਲਿਆਂਦੀ ਹੈ। ਇਨ੍ਹਾਂ ਪ੍ਰਾਜੈਕਟਾਂ ਲਈ ਲੋੜੀਂਦੇ ਫੰਡਾਂ ਦਾ ਭਰੋਸਾ ਦਿੰਦਿਆਂ ਉਨ੍ਹਾਂ ਨੇ ਮਰੀਜ਼ਾਂ ਨੂੰ ਲਾਭ ਪਹੁੰਚਾਉਣ ਲਈ ਸਰੋਤਾਂ ਦੀ ਸੁਚੱਜੀ ਵਰਤੋਂ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਅੱਗੇ ਕਿਹਾ ਕਿ ਇਹ ਪਹਿਲਕਦਮੀਆਂ ਇੱਕ ਵਾਰ ਲਾਗੂ ਹੋਣ ਤੋਂ ਬਾਅਦ ਜਲੰਧਰ ਦੇ ਸਿਵਲ ਹਸਪਤਾਲ ਵਿੱਚ ਮਰੀਜ਼ਾਂ ਦੀ ਦੇਖਭਾਲ ਦੀ ਗੁਣਵੱਤਾ ਵਿੱਚ ਹੋਰ ਵਾਧਾ ਹੋਵੇਗਾ।
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਸਿਹਤ ਸੰਭਾਲ ਸਬੰਧੀ ਬੁਨਿਆਦੀ ਢਾਂਚੇ ਨੂੰ ਹੁਲਾਰਾ ਦੇਣ ਲਈ ਕਈ ਮਹੱਤਵਪੂਰਣ ਉਪਰਾਲੇ ਕੀਤੇ ਗਏ ਹਨ। ਉਨ੍ਹਾਂ ਨੇ ਰਾਜ ਸਭਾ ਮੈਂਬਰ ਨੂੰ ਇਨ੍ਹਾਂ ਨਵੇਂ ਪ੍ਰਾਜੈਕਟਾਂ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਨ ਭਰੋਸਾ ਵੀ ਦਿੱਤਾ।
ਮੀਟਿੰਗ ਵਿੱਚ ਸਿਵਲ ਸਰਜਨ ਡਾ. ਗੁਰਮੀਤ, ਮੈਡੀਕਲ ਸੁਪਰਡੈਂਟ ਡਾ. ਗੀਤਾ, ਡਾ. ਰਮਨ ਸ਼ਰਮਾ ਅਤੇ ਹੋਰ ਮੈਡੀਕਲ ਅਫ਼ਸਰ ਵੀ ਮੌਜੂਦ ਸਨ।