ਯੈੱਸ ਪੰਜਾਬ
ਜਲੰਧਰ, 10 ਜਨਵਰੀ, 2025
2004 ਬੈਚ ਦੇ ਸੀਨੀਅਰ IAS ਅਧਿਕਾਰੀ ਸ਼੍ਰੀ Arun Sekhri ਨੇ ਅੱਜ Jalandhar ਦੇ ਡਵੀਜ਼ਨਲ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ। ਕਮਿਸ਼ਨਰ ਦਫ਼ਤਰ ਜਲੰਧਰ ਵਿਖੇ ਉਨ੍ਹਾਂ ਦੀ ਆਮਦ ’ਤੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪੁਲਿਸ ਦੀ ਟੁਕੜੀ ਵੱਲੋਂ ਉਨ੍ਹਾਂ ਨੂੰ ਗਾਰਡ ਆਫ਼ ਆਨਰ ਵੀ ਦਿੱਤਾ ਗਿਆ।
ਅਹੁਦਾ ਸੰਭਾਲਣ ਉਪਰੰਤ ਡਵੀਜ਼ਨਲ ਕਮਿਸ਼ਨਰ ਸ੍ਰੀ Arun Sekhri ਨੇ ਕਿਹਾ ਕਿ ਬਿਹਤਰ ਪ੍ਰਸ਼ਾਸਨ ਅਤੇ ਲੋਕਾਂ ਨੂੰ ਸੁਚਾਰੂ ਢੰਗ ਨਾਲ ਪ੍ਰਸ਼ਾਸਨਿਕ ਸੇਵਾਵਾਂ ਸਮੇਂ ਸਿਰ ਪ੍ਰਦਾਨ ਕਰਨਾ, ਉਨ੍ਹਾਂ ਦੀ ਮੁੱਢਲੀ ਤਰਜੀਹ ਹੋਵੇਗੀ। ਇਸ ਮੌਕੇ ਉਨ੍ਹਾਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨਾਲ ਗੱਲਬਾਤ ਕਰਦਿਆਂ ਜ਼ਿਲ੍ਹੇ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਸ਼ਨੀਵਾਰ ਨੂੰ ਨਗਰ ਕੌਂਸਲਰਾਂ ਦੇ ਸਹੁੰ ਚੁੱਕ ਸਮਾਗਮ ਸਬੰਧੀ ਤਿਆਰੀਆਂ ਅਤੇ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ।
ਉਪਰੰਤ ਡਵੀਜ਼ਨਲ ਕਮਿਸ਼ਨਰ ਨੇ 11 ਜਨਵਰੀ ਨੂੰ ਕੌਂਸਲਰਾਂ ਦੇ ਹੋਣ ਵਾਲੇ ਸਹੁੰ ਚੁੱਕ ਸਮਾਗਮ ਸਬੰਧੀ ਸਥਾਨਕ ਰੈੱਡ ਕਰਾਸ ਭਵਨ ਵਿਖੇ ਚੱਲ ਰਹੇ ਪ੍ਰਬੰਧਾਂ ਦਾ ਮੌਕੇ ’ਤੇ ਪਹੁੰਚ ਕੇ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਕਿਹਾ ਕਿ ਇੰਤਜ਼ਾਮ ਪੱਖੋਂ ਕੋਈ ਕਮੀ ਨਹੀਂ ਰਹਿਣੀ ਚਾਹੀਦੀ। ਉਨ੍ਹਾਂ ਸੁਰੱਖਿਆ ਪੱਖੋਂ ਵੀ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।
ਇਸ ਮੌਕੇ ਕਮਿਸ਼ਨਰ ਨਗਰ ਨਿਗਮ ਗੌਤਮ ਜੈਨ, ਸਹਾਇਕ ਕਮਿਸ਼ਨਰ ਸੁਨੀਲ ਫੋਗਟ, ਜੁਆਇੰਟ ਪੁਲਿਸ ਕਮਿਸ਼ਨਰ ਸੰਦੀਪ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਡਾ. ਅਮਿਤ ਮਹਾਜਨ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।