ਯੈੱਸ ਪੰਜਾਬ
ਸੰਦੋੜ/ਮਾਲੇਰਕੋਟਲਾ, 18 ਮਾਰਚ, 2025
ਮੁੱਖ ਮੰਤਰੀ Bhagwant Singh Mann ਵੱਲੋਂ ਨਸ਼ਿਆਂ ਵਿਰੁੱਧ ਸ਼ੁਰੂ ਕੀਤੇ ਗਏ ”ਯੁੱਧ ਨਸ਼ਿਆਂ ਵਿਰੁੱਧ” ਨੂੰ ਉਸ ਵੇਲੇ ਵੱਡੀ ਤਾਕਤ ਮਿਲੀ ਜਦੋਂ ਜ਼ਿਲ੍ਹੇ ਦੇ ਪਿੰਡ ਕੁਠਾਲਾ ਵਿਖੇ ਜ਼ਿਲ੍ਹਾ ਸਿਵਲ ਅਤੇ ਪੁਲਿਸ ਪ੍ਰਸਾਸ਼ਨ ਵਲੋਂ ਬਹੁਪੜਾਵੀ ‘ਯੁੱਧ ਨਸ਼ਿਆਂ ਵਿਰੁੱਧ’ ਜਿੱਤਣ ਲਈ ਅਤੇ ਮਾਲੇਰਕੋਟਲਾ ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਉਣ ਲਈ ਆਪਣੇ ਕਿਸਮ ਦੀ “ ਸੰਪਰਕ ” ਪਹਿਲੀ ਪਬਲਿਕ ਮਿਲਣੀ ਆਯੋਜਿਤ ਕੀਤੀ ਗਈ।
ਇਸ “ ਸੰਪਰਕ ” ਮਿਲਣੀ ਦੌਰਾਨ ਜਿਲ੍ਹੇ ਦੀਆਂ ਕਰੀਬ 40 ਪੰਚਾਇਤਾਂ ਨੇ ਸਰਬਸੰਮਤੀ ਨਾਲ ਮਤੇ ਪਾ ਕੇ ‘ ਯੁੱਧ ਨਸ਼ਿਆਂ ਵਿਰੁੱਧ ‘ ਆਰੰਭੀ ਫੈਸਲਾਕੁੰਨ ਜੰਗ ਵਿੱਚ ਜ਼ਿਲ੍ਹਾ ਪ੍ਰਸਾਸ਼ਨ ਦਾ ਸਾਥ ਦੇਣ ਅਤੇ ਕਿਸੇ ਵੀ ਨਸ਼ਾ ਤਸਕਰ ਦੀ ਕੋਈ ਵੀ ਮਦਦ ਨਾ ਕਰਨ ਦੇ ਭਰੋਸਾ ਵਾਲੇ ਮਤੇ ਦਿੱਤੇ।
ਇਸ ਮੌਕੇ ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਨੇ Punjab ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੀ ਜ਼ੋਰਦਾਰ ਢੰਗ ਨਾਲ ਪ੍ਰੋੜ੍ਹਤਾ ਕੀਤੀ ਅਤੇ ਪ੍ਰਸ਼ਾਸਨਿਕ ਤੇ ਕਾਨੂੰਨੀ ਕਾਰਵਾਈ ਦੌਰਾਨ ਤਸਕਰਾਂ ਦੀ ਕੋਈ ਵੀ ਮਦਦ ਨਾ ਕਰਨ ਦੀ ਸਹੁੰ ਚੁੱਕੀ।
ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ ਰਹਿਮਾਨ ਨੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਬਹੁਪੜਾਵੀ’ਯੁੱਧ ਨਸ਼ਿਆਂ ਵਿਰੁੱਧ’ ਜਿੱਤਣ ਲਈ ਲੋਕਾਂ ਦਾ ਸਹਿਯੋਗ ਜਰੂਰੀ ਹੈ। ਉਨ੍ਹਾਂ ਆਮ ਲੋਕਾਂ ਅਤੇ ਪੰਚਾਇਤਾਂ ਦੇ ਨੁਮਾਇੰਦਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਹੁਣ ਇਕ ਲੋਕ ਲਹਿਰ ਬਣ ਗਈ ਹੈ।
ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਮੁਹਿੰਮ ਨੂੰ ਦਿੱਤੇ ਸਹਿਯੋਗ ਸਦਕਾ ਪਿਛਲੇ 17 ਦਿਨਾਂ ਅੰਦਰ ਸੂਬੇ ਭਰ ਵਿੱਚ ਵੱਡੀ ਗਿਣਤੀ ਵਿੱਚ ਨਸ਼ਾ ਤਸਕਰ ਜੇਲ੍ਹਾਂ ਵਿੱਚ ਪਹੁੰਚਾਏ ਗਏ ਹਨ ਤੇ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਕੀਤੀ ਗਈ ਹੈ।
ਉਨ੍ਹਾਂ ਇਸ ਮੌਕੇ ਪ੍ਰੇਰਿਤ ਕਰਦਿਆਂ ਕਿਹਾ ਕਿ ਨਸ਼ੇ ਦੇ ਆਦਿ ਅਤੇ ਤਸਕਰਾਂ ਨੂੰ ਮੌਤ ਤੇ ਜੇਲ੍ਹ ਦਾ ਰਸਤਾ ਛੱਡਕੇ ਜਿੰਦਗੀ ਵਾਲਾ ਰਾਹ ਚੁਣਕੇ ਹੋਰਨਾਂ ਲਈ ਪ੍ਰੇਰਣਾ ਸਰੋਤ ਬਣਨਾ ਚਾਹੀਦਾ ਹੈ । ਉਨ੍ਹਾਂ ਆਮ ਲੋਕਾਂ ਅਤੇ ਸਰਪੰਚਾਂ/ਪੰਚਾਂ/ ਨੌਜਵਾਨਾਂ ਨੂੰ ਨਸ਼ੇ ਦੀ ਲਤ ਲਗਾਉਣ ਲਈ ਮੁਫ਼ਤ ‘ਚ ਮਿਲਦੇ ਕਿਸੇ ਵੀ ਪ੍ਰਕਾਰ ਦੇ ਮਿੱਠੇ ਜਹਿਰ ਤੋਂ ਬਚਣ ਦਾ ਸੱਦਾ ਦਿੱਤਾ।
ਡੀ.ਆਈ.ਜੀ.ਪਟਿਆਲਾ ਰੇਂਜ ਮਨਦੀਪ ਸਿੰਘ ਸਿੱਧੂ ਨੇ ਸਮਾਜ ਵਿੱਚੋਂ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਲੋਕਾਂ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲ ਕਦਮੀ ਵਿੱਚ ਸਮੂਲੀਅਤ ਕਰਨ ਲਈ ਕਿਹਾ ਤਾਂ ਜੋ ਪੰਜਾਬ ਆਪਣੀ ਸਾਂਨ ਨੂੰ ਬਰਕਰਾਰ ਰੱਖ ਸਕੇ । ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ‘ਤੇ ਚਾਨਣਾ ਪਾਉਂਦਿਆਂ ਉਨ੍ਹਾਂ ਕਿਹਾ ਕਿ ਜਨ ਅੰਦੋਲਨ ਰਾਹੀਂ ਨਸ਼ਿਆਂ ਦੀ ਸਪਲਾਈ ਅਤੇ ਮੰਗ ਨੂੰ ਘਟਾਉਣ ਲਈ ਆਪਣੀ ਕਿਸਮ ਦੀ ਇਹ ਪਹਿਲੀ ਪਹਿਲ ਕਦਮੀ ਹੈ।
ਉਨ੍ਹਾਂ ਕਿਹਾ ਕਿ ਇਸ ਮਿਸਾਲੀ ਪਹਿਲ ਕਦਮੀ ਦਾ ਉਦੇਸ਼ ਨਸ਼ਿਆਂ ਨਾਲ ਨਜਿੱਠਣ ਲਈ ਵੱਧ ਤੋਂ ਵੱਧ ਜਨਤਕ ਭਾਗੀਦਾਰੀ ਨੂੰ ਯਕੀਨੀ ਬਣਾਉਣਾ ਹੈ।
ਉਨ੍ਹਾਂ ਨੇ ਲੋਕਾਂ ਨੂੰ ਨਸ਼ਿਆਂ ਨਾਲ ਸਬੰਧਤ ਗਤੀਵਿਧੀਆਂ ਬਾਰੇ ਖੁੱਲ੍ਹ ਕੇ ਸੂਚਨਾ ਦੇਣ ਲਈ ਕਿਹਾ ਤਾਂ ਜੋ ਨਸ਼ਿਆਂ ਦੀ ਸਪਲਾਈ ਚੇਨ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਤੋੜਿਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਸਮੂਹਿਕ ਸੰਵਾਦ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਜਾਲ ਵਿੱਚ ਫ਼ਸਨ ਤੋਂ ਬਚਾਇਆ ਜਾ ਸਕੇ।
ਨਸ਼ਿਆਂ ਦੇ ਖ਼ਾਤਮੇ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਉਹਨਾਂ ਨੇ ਸਮਾਜ ਵਿੱਚੋਂ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਲੋਕਾਂ ਨੂੰ ‘ਯੁੱਧ ਨਸ਼ਿਆਂ ਵਿਰੁੱਧ ਪਹਿਲ ਕਦਮੀ ਵਿੱਚ ਸ਼ਾਮਿਲ ਹੋਣ ਦਾ ਸੱਦਾ ਦਿੰਦਿਆ ਕਿਹਾ ਕਿ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ, ਭਾਵੇਂ ਉਹ ਕਿਸੇ ਵੀ ਅਹੁਦੇ ‘ਤੇ ਹੋਵੇ ਜਾਂ ਕਿਸੇ ਰਾਜਨੀਤਿਕ ਧਿਰ ਨਾਲ ਸਬੰਧ ਕਿਉਂ ਨਾ ਰੱਖਦਾ ਹੋਵੇ।
ਐਸ.ਐਸ.ਪੀ. ਗਗਨ ਅਜੀਤ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ਵਲੋਂ ਨਸ਼ਿਆਂ ਵਿਰੁੱਧ ਜੀਰੋ ਟਾਲੋਰੈਂਸ ਦੀ ਨੀਤੀ ਅਖਤਿਆਰ ਕੀਤੀ ਗਈ ਹੈ ਤਾਂ ਜੋ ਸਮਾਜ ਵਿੱਚੋਂ ਮੁਕੰਮਲ ਤੌਰ ਤੇ ਨਸ਼ੇ ਖਤਮ ਕੀਤੇ ਜਾ ਸਕਣ। ਉਨ੍ਹਾਂ ਨਸ਼ਾ ਤਸਕਰਾਂ ਨੂੰ ਜ਼ਿਲ੍ਹਾ ਛੱਡਣ ਜਾਂ ਫੇਰ ਆਪਣੀਆਂ ਗਤੀਵਿਧੀਆਂ ਬਦਲਣ ਦਾ ਸਾਫ਼ ਸੰਦੇਸ ਦਿੱਤਾ। ਉਨ੍ਹਾਂ ਕਿਹਾ ਕਿ ਨਸ਼ੇ ਦੇ ਤਸਕਰ ਜੇਲ੍ਹਾਂ ‘ਚ ਜਾਣਗੇ ਤੇ ਨਸ਼ੇ ਦੇ ਆਦੀਆਂ ਦਾ ਇਲਾਜ ਕਰਕੇ ਉਨ੍ਹਾਂ ਨੂੰ ਨੌਕਰੀਆਂ ਤੇ ਰੋਜ਼ਗਾਰ ਦੇ ਕਾਬਲ ਬਣਾਉਣ ਲਈ ਹਰ ਤਰ੍ਹਾਂ ਦੇ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਉਹ ਸਮਾਜ ਦਾ ਅੰਗ ਬਣ ਸਕਣ।
ਇਸ ਮੌਕੇ ਐਸ.ਡੀ.ਐਮ ਹਰਬੰਸ ਸਿੰਘ, ਡੀ.ਐਸ.ਪੀ ਕੁਲਦੀਪ ਸਿੰਘ, ਚੇਅਰਮੈਨ ਮਾਰਕਿਟ ਕਮੇਟੀ ਸੰਦੌੜ ਕਰਮਜੀਤ ਸਿੰਘ ਕੁਠਾਲਾ, ਸਰਪੰਚ ਮਨਜਿੰਦਰ ਕੌਰ ਕੁਠਾਲਾ,ਸਰਪੰਚ ਹਰਬੰਸ ਸਿੰਘ ਬਾਪਲਾਂ, ਰਾਮਿੰਦਰ ਮਾਨ ਸਿੰਘ ਆੜਤੀਆ, ਹਰਜਿੰਦਰ ਕੌਰ ਸਰਪੰਚ ਮਾਣਕੀ, ਜਸਵਿੰਦਰ ਸਿੰਘ ਬਿਲੈ ਸਰਪੰਚ ਝਨੇਰ, ਸਰਪੰਚ ਕੁਲਦੀਪ ਸਿੰਘ ਮਿੱਠੇਵਾਲ, ਦੀਪ ਇੰਦਰ ਸਿੰਘ ਰਾਣੂ ਯੂਥ ਆਗੂ, ਸਰਪੰਚ ਜਗਰਾਜ ਸਿੰਘ ਚੀਮਾਂ, ਗੁਰੀ ਚਹਿਲ ਕੁਠਾਲਾ, ਬਲਵੀਰ ਸਿੰਘ ਸਿੰਧੂ, ਸੈਂਟੀ ਚਹਿਲ, ਕੁਲਦੀਪ ਸਿੰਘ ਨੰਬਰਦਾਰ, ਤਲਵੀਰ ਸਿੰਘ ਕਾਲਾ, ਰਣਜੀਤ ਸਿੰਘ ਪੰਚ ਗੁਰਜੀਤ ਸਿੰਘ ਪੰਚ, ਜਸਵਿੰਦਰ ਕੁਠਾਲਾ, ਅਛਰਾ ਚਹਿਲ, ਸਰਪੰਚ ਸ਼ਿੰਗਾਰਾ ਸਿੰਘ ਰੁੜਕਾ ਤੋਂ ਇਲਾਵਾ ਵੱਖ- ਵੱਖ ਪਿੰਡਾਂ ਤੋਂ ਪਹੁੰਚੇ ਹੋਏ ਸਰਪੰਚਾਂ ਅਤੇ ਪੰਚਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਨੌਜਵਾਨ ਨੇ ਸਮੂਲੀਅਤ ਕੀਤੀ ।